ਜਪੁ ਜੀ ਸਾਹਿਬ

(ਅੰਗ: 16)


ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥

ਉਹਨਾਂ ਵਿਚੋਂ ਇਕ (ਬ੍ਰਹਮਾ) ਘਰਬਾਰੀ ਬਣ ਗਿਆ (ਭਾਵ, ਜੀਵ-ਜੰਤਾਂ ਨੂੰ ਪੈਦਾ ਕਰਨ ਲੱਗ ਪਿਆ), ਇਕ (ਵਿਸ਼ਨੂੰ) ਭੰਡਾਰੇ ਦਾ ਮਾਲਕ ਬਣ ਗਿਆ (ਭਾਵ, ਜੀਵਾਂ ਨੂੰ ਰਿਜ਼ਕ ਅਪੜਾਣ ਦਾ ਕੰਮ ਕਰਨ ਲੱਗਾ), ਅਤੇ ਇੱਕ (ਸ਼ਿਵ) ਕਚਹਿਰੀ ਲਾਉਂਦਾ ਹੈ (ਭਾਵ, ਜੀਵਾਂ ਨੂੰ ਸੰਘਾਰਦਾ ਹੈ)।

ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥

(ਪਰ ਅਸਲ ਗੱਲ ਇਹ ਹੈ ਕਿ) ਜਿਵੇਂ ਉਸ ਅਕਾਲ ਪੁਰਖ ਨੂੰ ਭਾਉਂਦਾ ਹੈ ਅਤੇ ਜਿਵੇਂ ਉਸ ਦਾ ਹੁਕਮ ਹੁੰਦਾ ਹੈ, ਤਿਵੇਂ ਹੀ ਉਹ ਆਪ ਸੰਸਾਰ ਦੀ ਕਾਰ ਚਲਾ ਰਿਹਾ ਹੈ, (ਇਹਨਾਂ ਬ੍ਰਹਮਾ, ਵਿਸ਼ਨੂੰ ਅਤੇ ਸ਼ਿਵ ਦੇ ਕੁਝ ਹੱਥ ਨਹੀਂ)।

ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥

ਇਹ ਬੜਾ ਅਸਚਰਜ ਕੌਤਕ ਹੈ ਕਿ ਉਹ ਅਕਾਲ ਪੁਰਖ (ਸਭ ਜੀਵਾਂ ਨੂੰ) ਵੇਖ ਰਿਹਾ ਹੈ ਪਰ ਜੀਵਾਂ ਨੂੰ ਅਕਾਲ ਪੁਰਖ ਨਹੀਂ ਦਿੱਸਦਾ।

ਆਦੇਸੁ ਤਿਸੈ ਆਦੇਸੁ ॥

(ਸੋ ਬ੍ਰਹਮਾ, ਵਿਸ਼ਨੂੰ, ਸ਼ਿਵ ਆਦਿਕ ਦੇ ਥਾਂ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ,

ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੦॥

ਜੋ (ਸਭ ਦਾ) ਮੁੱਢ ਹੈ, ਜੋ ਸ਼ੁੱਧ ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ), ਜੋ ਨਾਸ ਰਹਿਤ ਹੈ ਅਤੇ ਜੋ ਸਦਾ ਹੀ ਇਕੋ ਜਿਹਾ ਰਹਿੰਦਾ ਹੈ। (ਇਹੀ ਹੈ ਵਸੀਲਾ ਉਸ ਪ੍ਰਭੂ ਨਾਲੋਂ ਵਿੱਥ ਦੂਰ ਕਰਨ ਦਾ) ॥੩੦॥

ਆਸਣੁ ਲੋਇ ਲੋਇ ਭੰਡਾਰ ॥

ਅਕਾਲ ਪੁਰਖ ਦੇ ਭੰਡਾਰਿਆਂ ਦਾ ਟਿਕਾਣਾ ਹਰੇਕ ਭਵਨ ਵਿਚ ਹੈ (ਭਾਵ, ਹਰੇਕ ਭਵਨ ਵਿਚ ਅਕਾਲ ਪੁਰਖ ਦੇ ਭੰਡਾਰੇ ਚੱਲ ਰਹੇ ਹਨ)।

ਜੋ ਕਿਛੁ ਪਾਇਆ ਸੁ ਏਕਾ ਵਾਰ ॥

ਜੋ ਕੁਝ (ਅਕਾਲ ਪੁਰਖ ਨੇ ਉਹਨਾਂ ਭੰਡਾਰਿਆਂ ਵਿਚ) ਪਾਇਆ ਹੈ ਇਕੋ ਵਾਰੀ ਪਾ ਦਿੱਤਾ ਹੈ, (ਭਾਵ, ਉਸ ਦੇ ਭੰਡਾਰੇ ਸਦਾ ਅਖੁੱਟ ਹਨ)।

ਕਰਿ ਕਰਿ ਵੇਖੈ ਸਿਰਜਣਹਾਰੁ ॥

ਸ੍ਰਿਸ਼ਟੀ ਨੂੰ ਪੈਦਾ ਕਰਨ ਵਾਲਾ ਅਕਾਲ ਪੁਰਖ (ਜੀਵਾਂ ਨੂੰ) ਪੈਦਾ ਕਰ ਕੇ (ਉਹਨਾਂ ਦੀ) ਸੰਭਾਲ ਕਰ ਰਿਹਾ ਹੈ।

ਨਾਨਕ ਸਚੇ ਕੀ ਸਾਚੀ ਕਾਰ ॥

ਹੇ ਨਾਨਕ! ਸਦਾ-ਥਿਰ ਰਹਿਣ ਵਾਲੇ (ਅਕਾਲ ਪੁਰਖ) ਦੀ (ਸ੍ਰਿਸ਼ਟੀ ਦੀ ਸੰਭਾਂਲ ਵਾਲੀ) ਇਹ ਕਾਰ ਸਦਾ ਅਟੱਲ ਹੈ (ਉਕਾਈ ਤੋਂ ਖ਼ਾਲੀ ਹੈ)।

ਆਦੇਸੁ ਤਿਸੈ ਆਦੇਸੁ ॥

(ਸੋ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ,

ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੧॥

ਜੋ (ਸਭ ਦਾ) ਮੁੱਢ ਹੈ, ਜੋ ਸੁੱਧ-ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ), ਜੋ ਨਾਸ-ਰਹਿਤ ਹੈ ਅਤੇ ਜੋ ਸਦਾ ਹੀ ਇਕੋ ਜਿਹਾ ਰਹਿੰਦਾ ਹੈ (ਇਹੀ ਹੈ ਤਰੀਕਾ, ਜਿਸ ਨਾਲ ਉਸ ਪ੍ਰਭੂ ਨਾਲੋਂ ਵਿੱਥ ਮਿਟ ਸਕਦੀ ਹੈ) ॥੩੧॥

ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥

ਜੇ ਇੱਕ ਜੀਭ ਤੋਂ ਲੱਖ ਜੀਭਾਂ ਹੋ ਜਾਣ, ਅਤੇ ਲੱਖ ਜੀਭਾਂ ਤੋਂ ਵੀਹ ਲੱਖ ਬਣ ਜਾਣ,

ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥

(ਇਹਨਾਂ ਵੀਹ ਲੱਖ ਜੀਭਾਂ ਨਾਲ ਜੇ) ਅਕਾਲ ਪੁਰਖ ਦੇ ਇਕ ਨਾਮ ਨੂੰ ਇਕ ਇਕ ਲੱਖ ਵਾਰੀ ਆਖੀਏ (ਤਾਂ ਭੀ ਕੂੜੇ ਮਨੁੱਖ ਦੀ ਇਹ ਕੂੜੀ ਹੀ ਠੀਸ ਹੈ, ਭਾਵ, ਜੇ ਮਨੁੱਖ ਇਹ ਖ਼ਿਆਲ ਕਰੇ ਕਿ ਮੈਂ ਆਪਣੇ ਉੱਦਮ ਦੇ ਆਸਰੇ ਇਸ ਤਰ੍ਹਾਂ ਨਾਮ ਸਿਮਰ ਕੇ ਅਕਾਲ ਪੁਰਖ ਨੂੰ ਪਾ ਸਕਦਾ ਹਾਂ, ਤਾਂ ਇਹ ਝੂਠਾ ਅਹੰਕਾਰ ਹੈ)।

ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥

ਇਸ ਰਸਤੇ ਵਿਚ (ਪਰਮਾਤਮਾ ਨਾਲੋਂ ਵਿੱਥ ਦੂਰ ਕਰਨ ਵਾਲੇ ਰਾਹ ਵਿਚ) ਅਕਾਲ ਪੁਰਖ ਨੂੰ ਮਿਲਣ ਵਾਸਤੇ ਜੋ ਪਉੜੀਆਂ ਹਨ, ਉਹਨਾਂ ਉੱਤੇ ਆਪਾ-ਭਾਵ ਗਵਾ ਕੇ ਹੀ ਚੜ੍ਹ ਸਕੀਦਾ ਹੈ। (ਲੱਖਾਂ ਜੀਭਾਂ ਨਾਲ ਭੀ ਗਿਣਤੀ ਦੇ ਸਿਮਰਨ ਨਾਲ ਕੁਝ ਨਹੀਂ ਬਣਦਾ।

ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥

ਆਪਾ-ਭਾਵ ਦੂਰ ਕਰਨ ਤੋਂ ਬਿਨਾ ਇਹ ਗਿਣਤੀ ਦੇ ਪਾਠਾਂ ਵਾਲਾ ਉੱਦਮ ਇਉਂ ਹੈ, ਮਾਨੋ) ਆਕਾਸ਼ ਦੀਆਂ ਗੱਲਾਂ ਸੁਣ ਕੇ ਕੀੜਿਆਂ ਨੂੰ ਭੀ ਇਹ ਰੀਸ ਆ ਗਈ ਹੈ (ਕਿ ਅਸੀਂ ਭੀ ਆਕਾਸ਼ ਤੇ ਅੱਪੜ ਜਾਈਏ)।

ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥

ਹੇ ਨਾਨਕ! ਜੇ ਅਕਾਲ ਪੁਰਖ ਮਿਹਰ ਦੀ ਨਜ਼ਰ ਕਰੇ, ਤਾਂ ਹੀ ਉਸ ਨੂੰ ਮਿਲੀਦਾ ਹੈ, (ਨਹੀਂ ਤਾਂ) ਕੂੜੇ ਮਨੁੱਖ ਦੀ ਆਪਣੇ ਆਪ ਦੀ ਨਿਰੀ ਕੂੜੀ ਹੀ ਵਡਿਆਈ ਹੈ (ਕਿ ਮੈਂ ਸਿਮਰਨ ਕਰ ਰਿਹਾ ਹਾਂ) ॥੩੨॥

ਆਖਣਿ ਜੋਰੁ ਚੁਪੈ ਨਹ ਜੋਰੁ ॥

ਬੋਲਣ ਵਿਚ ਤੇ ਚੁੱਪ ਰਹਿਣ ਵਿਚ ਭੀ ਸਾਡਾ ਕੋਈ ਆਪਣਾ ਇਖ਼ਤਿਆਰ ਨਹੀਂ ਹੈ।

ਜੋਰੁ ਨ ਮੰਗਣਿ ਦੇਣਿ ਨ ਜੋਰੁ ॥

ਨਾ ਹੀ ਮੰਗਣ ਵਿਚ ਸਾਡੀ ਮਨ-ਮਰਜ਼ੀ ਚੱਲਦੀ ਹੈ ਅਤੇ ਨਾ ਹੀ ਦੇਣ ਵਿਚ।

ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥

ਜੀਵਨ ਵਿਚ ਤੇ ਮਰਨ ਵਿਚ ਭੀ ਸਾਡੀ ਕੋਈ ਸਮਰਥਾ (ਕੰਮ ਨਹੀਂ ਦੇਂਦੀ)।

ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥

ਇਸ ਰਾਜ ਤੇ ਮਾਲ ਦੇ ਪ੍ਰਾਪਤ ਕਰਨ ਵਿਚ ਭੀ ਸਾਡਾ ਕੋਈ ਜ਼ੋਰ ਨਹੀਂ ਚੱਲਦਾ (ਜਿਸ ਰਾਜ ਤੇ ਮਾਲ ਦੇ ਕਾਰਨ ਸਾਡੇ) ਮਨ ਵਿਚ ਫੂੰ-ਫਾਂ ਹੁੰਦੀ ਹੈ।