ਆਤਮਾਕ ਜਾਗ ਵਿਚ, ਗਿਆਨ ਵਿਚ ਅਤੇ ਵਿਚਾਰ ਵਿਚ ਰਹਿਣ ਦੀ ਭੀ ਸਾਡੀ ਸਮਰਥਾ ਨਹੀਂ ਹੈ।
ਉਸ ਜੁਗਤੀ ਵਿਚ ਰਹਿਣ ਲਈ ਭੀ ਸਾਡਾ ਇਖ਼ਤਿਆਰ ਨਹੀਂ ਹੈ, ਜਿਸ ਕਰ ਕੇ ਜਨਮ ਮਰਨ ਮੁੱਕ ਜਾਂਦਾ ਹੈ।
ਉਹੀ ਅਕਾਲ-ਪੁਰਖ ਰਚਨਾ ਰਚ ਕੇ (ਉਸ ਦੀ ਹਰ ਪਰਕਾਰ) ਸੰਭਾਲ ਕਰਦਾ ਹੈ, ਜਿਸ ਦੇ ਹੱਥ ਵਿਚ ਸਮਰੱਥਾ ਹੈ।
ਹੇ ਨਾਨਕ! ਆਪਣੇ ਆਪ ਵਿਚ ਨਾਹ ਕੋਈ ਮਨੁੱਖ ਉੱਤਮ ਹੈ ਅਤੇ ਨਾਹ ਹੀ ਨੀਚ (ਭਾਵ, ਜੀਵਾਂ ਨੂੰ ਸਦਾਚਾਰੀ ਜਾਂ ਦੁਰਾਚਾਰੀ ਬਣਾਣ ਵਾਲਾ ਉਹ ਪ੍ਰਭੂ ਆਪ ਹੀ ਹੈ। ਜੇ ਸਿਮਰਨ ਦੀ ਬਰਕਤਿ ਨਾਲ ਇਹ ਨਿਸਚਾ ਬਣ ਜਾਏ ਤਾਂ ਹੀ ਪਰਮਾਤਮਾਂ ਨਾਲੋਂ ਜੀਵ ਦੀ ਵਿੱਥ ਦੂਰ ਹੁੰਦੀ ਹੈ) ॥੩੩॥
ਰਾਤਾਂ, ਰੁੱਤਾਂ, ਥਿਤਾਂ ਅਤੇ ਵਾਰ,
ਹਵਾ, ਪਾਣੀ, ਅੱਗ ਅਤੇ ਪਾਤਾਲ- ਇਹਨਾਂ ਸਾਰਿਆਂ ਦੇ ਇਕੱਠ ਵਿਚ (ਅਕਾਲ ਪੁਰਖ ਨੇ)
ਧਰਤੀ ਨੂੰ ਧਰਮ ਕਮਾਣ ਦਾ ਅਸਥਾਨ ਬਣਾ ਕੇ ਟਿਕਾ ਦਿੱਤਾ ਹੈ।
ਇਸ ਧਰਤੀ ਉੱਤੇ ਕਈ ਜੁਗਤੀਆਂ ਅਤੇ ਰੰਗਾਂ ਦੇ ਜੀਵ (ਵੱਸਦੇ ਹਨ),
ਜਿਨ੍ਹਾਂ ਦੇ ਅਨੇਕਾਂ ਤੇ ਅਨਗਿਣਤ ਹੀ ਨਾਮ ਹਨ।
(ਇਹਨਾਂ ਅਨੇਕਾਂ ਨਾਵਾਂ ਤੇ ਰੰਗਾਂ ਵਾਲੇ ਜੀਵਾਂ ਦੇ) ਆਪੋ-ਆਪਣੇ ਕੀਤੇ ਹੋਏ ਕਰਮਾਂ ਅਨੁਸਾਰ (ਅਕਾਲ ਪੁਰਖ ਦੇ ਦਰ ਤੇ) ਨਿਬੇੜਾ ਹੁੰਦਾ ਹੈ
(ਜਿਸ ਵਿਚ ਕੋਈ ਉਕਾਈ ਨਹੀਂ ਹੁੰਦੀ, ਕਿਉਂਕਿ ਨਿਆਂ ਕਰਨ ਵਾਲਾ) ਅਕਾਲ ਪੁਰਖ ਆਪ ਸੱਚਾ ਹੈ, ਉਸਦਾ ਦਰਬਾਰ ਭੀ ਸੱਚਾ ਹੈ।
ਉਸ ਦਰਬਾਰ ਵਿਚ ਸੰਤ ਜਨ ਪਰਤੱਖ ਤੌਰ 'ਤੇ ਸੋਭਦੇ ਹਨ,
ਅਤੇ ਮਿਹਰ ਦੀ ਨਜ਼ਰ ਕਰਨ ਵਾਲੇ ਅਕਾਲ ਪੁਰਖ ਦੀ ਬਖਸ਼ਸ਼ ਨਾਲ (ਉਹਨਾਂ ਸੰਤ ਜਨਾਂ ਦੇ ਮੱਥੇ ਉਤੇ) ਵਡਿਆਈ ਦਾ ਨਿਸ਼ਾਨ ਚਮਕ ਪੈਂਦਾ ਹੈ।
(ਇੱਥੇ ਸੰਸਾਰ ਵਿਚ ਕਿਸੇ ਦਾ ਵੱਡਾ ਛੋਟਾ ਅਖਵਾਣਾ ਕਿਸੇ ਅਰਥ ਨਹੀਂ, ਇਹਨਾਂ ਦੀ) ਕਚਿਆਈ ਪਕਿਆਈ ਅਕਾਲ ਪੁਰਖ ਦੇ ਦਰ ਤੇ ਜਾ ਕੇ ਮਲੂਮ ਹੁੰਦੀ ਹੈ।
ਹੇ ਨਾਨਕ! ਅਕਾਲ ਪੁਰਖ ਦੇ ਦਰ 'ਤੇ ਗਿਆਂ ਹੀ ਸਮਝ ਅਉਂਦੀ ਹੈ (ਕਿ ਅਸਲ ਵਿਚ ਕੌਣ ਪੱਕਾ ਹੈ ਤੇ ਕੌਣ ਕੱਚਾ) ॥੩੪॥
ਧਰਮ ਖੰਡ ਦਾ ਨਿਰਾ ਇਹੀ ਕਰਤੱਬ ਹੈ, (ਜੋ ਉੱਪਰ ਦੱਸਿਆ ਗਿਆ ਹੈ)।
ਹੁਣ ਗਿਆਨ ਖੰਡ ਦਾ ਕਰਤੱਬ (ਭੀ) ਸਮਝ ਲਵੋ (ਜੋ ਅਗਲੀਆਂ ਤੁਕਾਂ ਵਿਚ ਹੈ)।
(ਅਕਾਲ ਪੁਰਖ ਦੀ ਰਚਨਾ ਵਿਚ) ਕਈ ਪ੍ਰਕਾਰ ਦੇ ਪਉਣ, ਪਾਣੀ ਤੇ ਅਗਨੀਆਂ ਹਨ, ਕਈ ਕ੍ਰਿਸ਼ਨ ਹਨ ਤੇ ਕਈ ਸ਼ਿਵ ਹਨ।
ਕਈ ਬ੍ਰਹਮੇ ਪੈਦਾ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਕਈ ਰੂਪ, ਕਈ ਰੰਗ ਤੇ ਕਈ ਵੇਸ ਹਨ।
(ਅਕਾਲ ਪੁਰਖ ਦੀ ਕੁਦਰਤਿ ਵਿਚ) ਬੇਅੰਤ ਧਰਤੀਆਂ ਹਨ, ਬੇਅੰਤ ਮੇਰੂ ਪਰਬਤ, ਬੇਅੰਤ ਧ੍ਰੂਅ ਭਗਤ ਤੇ ਉਹਨਾਂ ਦੇ ਉਪਦੇਸ਼ ਹਨ।