ਜਪੁ ਜੀ ਸਾਹਿਬ

(ਅੰਗ: 2)


ਗਾਵੈ ਕੋ ਸਾਜਿ ਕਰੇ ਤਨੁ ਖੇਹ ॥

ਕੋਈ ਮਨੁੱਖ ਇਉਂ ਗਾਉਂਦਾ ਹੈ, 'ਅਕਾਲ ਪੁਰਖ ਸਰੀਰ ਨੂੰ ਬਣਾ ਕੇ (ਫਿਰ) ਸੁਆਹ ਕਰ ਦੇਂਦਾ ਹੈ'।

ਗਾਵੈ ਕੋ ਜੀਅ ਲੈ ਫਿਰਿ ਦੇਹ ॥

ਕੋਈ ਇਉਂ ਗਾਉਂਦਾ ਹੈ, 'ਹਰੀ (ਸਰੀਰਾਂ ਵਿਚੋਂ) ਜਿੰਦਾਂ ਕੱਢ ਕੇ ਫਿਰ (ਦੂਜੇ ਸਰੀਰਾਂ ਵਿਚ) ਪਾ ਦੇਂਦਾ ਹੈ'।

ਗਾਵੈ ਕੋ ਜਾਪੈ ਦਿਸੈ ਦੂਰਿ ॥

ਕੋਈ ਮਨੁੱਖ ਆਖਦਾ ਹੈ, 'ਅਕਾਲ ਪੁਰਖ ਦੂਰ ਜਾਪਦਾ ਹੈ, ਦੂਰ ਦਿੱਸਦਾ ਹੈ';

ਗਾਵੈ ਕੋ ਵੇਖੈ ਹਾਦਰਾ ਹਦੂਰਿ ॥

ਪਰ ਕੋਈ ਆਖਦਾ ਹੈ, '(ਨਹੀਂ, ਨੇੜੇ ਹੈ), ਸਭ ਥਾਈਂ ਹਾਜ਼ਰ ਹੈ, ਸਭ ਨੂੰ ਵੇਖ ਰਿਹਾ ਹੈ'।

ਕਥਨਾ ਕਥੀ ਨ ਆਵੈ ਤੋਟਿ ॥

ਹੁਕਮ ਦੇ ਵਰਣਨ ਕਰਨ ਦੀ ਤੋਟ ਨਹੀਂ ਆ ਸਕੀ (ਭਾਵ, ਵਰਣਨ ਕਰ ਕਰ ਕੇ ਹੁਕਮ ਦਾ ਅੰਤ ਨਹੀਂ ਪੈ ਸਕਿਆ, ਹੁਕਮ ਦਾ ਸਹੀ ਸਰੂਪ ਨਹੀਂ ਲੱਭ ਸਕਿਆ);

ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥

ਭਾਵੇਂ ਕ੍ਰੋੜਾਂ ਹੀ ਜੀਵਾਂ ਨੇ ਬੇਅੰਤ ਵਾਰੀ (ਅਕਾਲ ਪੁਰਖ ਦੇ ਹੁਕਮ ਦਾ) ਵਰਣਨ ਕੀਤਾ ਹੈ।

ਦੇਦਾ ਦੇ ਲੈਦੇ ਥਕਿ ਪਾਹਿ ॥

ਦਾਤਾਰ ਅਕਾਲ ਪੁਰਖ (ਸਭ ਜੀਆਂ ਨੂੰ ਰਿਜ਼ਕ) ਦੇ ਰਿਹਾ ਹੈ, ਪਰ ਜੀਵ ਲੈ ਲੈ ਕੇ ਥੱਕ ਪੈਂਦੇ ਹਨ।

ਜੁਗਾ ਜੁਗੰਤਰਿ ਖਾਹੀ ਖਾਹਿ ॥

(ਸਭ ਜੀਵ) ਸਦਾ ਤੋਂ ਹੀ (ਰੱਬ ਦੇ ਦਿੱਤੇ ਪਦਾਰਥ) ਖਾਂਦੇ ਚਲੇ ਆ ਰਹੇ ਹਨ। ***

ਹੁਕਮੀ ਹੁਕਮੁ ਚਲਾਏ ਰਾਹੁ ॥

ਹੁਕਮ ਵਾਲੇ ਰੱਬ ਦਾ ਹੁਕਮ ਹੀ (ਸੰਸਾਰ ਦੀ ਕਾਰ ਵਾਲਾ) ਰਸਤਾ ਚਲਾ ਰਿਹਾ ਹੈ।

ਨਾਨਕ ਵਿਗਸੈ ਵੇਪਰਵਾਹੁ ॥੩॥

ਹੇ ਨਾਨਕ! ਉਹ ਨਿਰੰਕਾਰ ਸਦਾ ਵੇਪਰਵਾਹ ਹੈ ਤੇ ਪਰਸੰਨ ਹੈ ॥੩॥

ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥

ਅਕਾਲ ਪੁਰਖ ਸਦਾ-ਥਿਰ ਰਹਿਣ ਵਾਲਾ ਹੀ ਹੈ, ਉਸ ਦਾ ਨਿਯਮ ਭੀ ਸਦਾ ਅਟੱਲ ਹੈ। ਉਸ ਦੀ ਬੋਲੀ ਪ੍ਰੇਮ ਹੈ ਅਤੇ ਉਹ ਆਪ ਅਕਾਲ ਪੁਰਖ ਬੇਅੰਤ ਹੈ।

ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥

ਅਸੀਂ ਜੀਵ ਉਸ ਪਾਸੋਂ ਦਾਤਾਂ ਮੰਗਦੇ ਹਾਂ ਤੇ ਆਖਦੇ ਹਾਂ,'(ਹੇ ਹਰੀ! ਸਾਨੂੰ ਦਾਤਾਂ) ਦੇਹ'। ਉਹ ਦਾਤਾਰ ਬਖ਼ਸ਼ਸ਼ਾਂ ਕਰਦਾ ਹੈ।

ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥

(ਜੇ ਸਾਰੀਆਂ ਦਾਤਾਂ ਉਹ ਆਪ ਹੀ ਬਖਸ਼ ਰਿਹਾ ਹੈ ਤਾਂ) ਫਿਰ ਅਸੀਂ ਕਿਹੜੀ ਭੇਟਾ ਉਸ ਅਕਾਲ ਪੁਰਖ ਦੇ ਅੱਗੇ ਰੱਖੀਏ, ਜਿਸ ਦੇ ਸਦਕੇ ਸਾਨੂੰ ਉਸ ਦਾ ਦਰਬਾਰ ਦਿੱਸ ਪਏ?

ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥

ਅਸੀਂ ਮੂੰਹੋਂ ਕਿਹੜਾ ਬਚਨ ਬੋਲੀਏ (ਭਾਵ, ਕਿਹੋ ਜਿਹੀ ਅਰਦਾਸ ਕਰੀਏ) ਜਿਸ ਨੂੰ ਸੁਣ ਕੇ ਉਹ ਹਰੀ (ਸਾਨੂੰ) ਪਿਆਰ ਕਰੇ।

ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥

ਪੂਰਨ ਖਿੜਾਉ ਦਾ ਸਮਾਂ ਹੋਵੇ (ਭਾਵ, ਪ੍ਰਭਾਤ ਵੇਲਾ ਹੋਵੇ), ਨਾਮ (ਸਿਮਰੀਏ) ਤੇ ਉਸ ਦੀਆਂ ਵਡਿਆਈਆਂ ਦੀ ਵਿਚਾਰ ਕਰੀਏ।

ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥

(ਇਸ ਤਰ੍ਹਾਂ) ਪ੍ਰਭੂ ਦੀ ਮਿਹਰ ਨਾਲ 'ਸਿਫਤਿ' ਰੂਪ ਪਟੋਲਾ ਮਿਲਦਾ ਹੈ, ਉਸ ਦੀ ਕ੍ਰਿਪਾ-ਦ੍ਰਿਸ਼ਟੀ ਨਾਲ 'ਕੂੜ ਦੀ ਪਾਲਿ' ਤੋਂ ਖ਼ਲਾਸੀ ਹੁੰਦੀ ਹੈ ਤੇ ਰੱਬ ਦਾ ਦਰ ਪ੍ਰਾਪਤ ਹੋ ਜਾਂਦਾ ਹੈ।

ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥

ਹੇ ਨਾਨਕ! ਇਸ ਤਰ੍ਹਾਂ ਇਹ ਸਮਝ ਆ ਜਾਂਦੀ ਹੈ ਕਿ ਉਹ ਹੋਂਦ ਦਾ ਮਾਲਕ ਅਕਾਲ ਪੁਰਖ ਸਭ ਥਾਈਂ ਭਰਪੂਰ ਹੈ ॥੪॥

ਥਾਪਿਆ ਨ ਜਾਇ ਕੀਤਾ ਨ ਹੋਇ ॥

ਨਾ ਉਹ ਪੈਦਾ ਕੀਤਾ ਜਾ ਸਕਦਾ ਹੈ ਅਤੇ ਨਾ ਹੀ ਸਾਡਾ ਬਣਾਇਆ ਬਣਦਾ ਹੈ।

ਆਪੇ ਆਪਿ ਨਿਰੰਜਨੁ ਸੋਇ ॥

ਉਹ ਨਿਰੋਲ ਆਪ ਹੀ ਆਪ ਹੈ। ਉਹ ਅਕਾਲ ਪੁਰਖ ਮਾਇਆ ਦੇ ਪਰਭਾਵ ਤੋਂ ਪਰੇ ਹੈ।

ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥

ਜਿਸ ਮਨੁੱਖ ਨੇ ਉਸ ਅਕਾਲ ਪੁਰਖ ਨੂੰ ਸਿਮਰਿਆ ਹੈ, ਉਸ ਨੇ ਹੀ ਵਡਿਆਈ ਪਾ ਲਈ ਹੈ।