ਜਪੁ ਜੀ ਸਾਹਿਬ

(ਅੰਗ: 20)


ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥

ਦਿਨ ਅਤੇ ਰਾਤ ਦੋਵੇਂ ਖਿਡਾਵਾ ਤੇ ਖਿਡਾਵੀ ਹਨ, ਸਾਰਾ ਸੰਸਾਰ ਖੇਡ ਰਿਹਾ ਹੈ, (ਭਾਵ, ਸੰਸਾਰ ਦੇ ਸਾਰੇ ਜੀਵ ਰਾਤ ਨੂੰ ਸੌਣ ਵਿਚ ਅਤੇ ਦਿਨੇ ਕਾਰ-ਵਿਹਾਰ ਵਿਚ ਪਰਚੇ ਪਏ ਹਨ)।

ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥

ਧਰਮਰਾਜ ਅਕਾਲ ਪੁਰਖ ਦੀ ਹਜ਼ੂਰੀ ਵਿਚ (ਜੀਵਾਂ ਦੇ ਕੀਤੇ ਹੋਏ) ਚੰਗੇ ਤੇ ਮੰਦੇ ਕੰਮ ਵਿਚਾਰਦਾ ਹੈ।

ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥

ਆਪੋ ਆਪਣੇ (ਇਹਨਾਂ ਕੀਤੇ ਹੋਏ) ਕਰਮਾਂ ਦੇ ਅਨੁਸਾਰ ਕਈ ਜੀਵ ਅਕਾਲ ਪੁਰਖ ਦੇ ਨੇੜੇ ਹੋ ਜਾਂਦੇ ਹਨ ਅਤੇ ਅਕਾਲ ਪੁਰਖ ਤੋਂ ਦੂਰ ਹੋ ਜਾਂਦੇ ਹਨ।

ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥

ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਅਕਾਲ ਪੁਰਖ ਦਾ ਨਾਮ ਸਿਮਰਿਆ ਹੈ, ਉਹ ਆਪਣੀ ਮਿਹਨਤ ਸਫਲੀ ਕਰ ਗਏ ਹਨ।

ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥

(ਅਕਾਲ ਪੁਰਖ ਦੇ ਦਰ 'ਤੇ) ਉਹ ਉੱਜਲ ਮੁਖ ਵਾਲੇ ਹਨ ਅਤੇ (ਹੋਰ ਭੀ) ਕਈ ਜੀਵ ਉਹਨਾਂ ਦੀ ਸੰਗਤਿ ਵਿਚ (ਰਹਿ ਕੇ) ("ਕੂੜ ਦੀ ਪਾਲਿ" ਢਾਹ ਕੇ ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਗਏ ਹਨ ॥੧॥