ਜਪੁ ਜੀ ਸਾਹਿਬ

(ਅੰਗ: 3)


ਨਾਨਕ ਗਾਵੀਐ ਗੁਣੀ ਨਿਧਾਨੁ ॥

ਹੇ ਨਾਨਕ! (ਆਓ) ਅਸੀਂ ਭੀ ਉਸ ਗੁਣਾਂ ਦੇ ਖ਼ਜ਼ਾਨੇ ਹਰੀ ਦੀ ਸਿਫ਼ਤ-ਸਾਲਾਹ ਕਰੀਏ।

ਗਾਵੀਐ ਸੁਣੀਐ ਮਨਿ ਰਖੀਐ ਭਾਉ ॥

(ਆਓ, ਅਕਾਲ ਪੁਰਖ ਦੇ ਗੁਣ) ਗਾਵੀਏ ਤੇ ਸੁਣੀਏ ਅਤੇ ਆਪਣੇ ਮਨ ਵਿਚ ਉਸਦਾ ਪ੍ਰੇਮ ਟਿਕਾਈਏ।

ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥

(ਜੋ ਮਨੁੱਖ ਇਹ ਆਹਰ ਕਰਦਾ ਹੈ, ਉਹ) ਆਪਣਾ ਦੁੱਖ ਦੂਰ ਕਰਕੇ ਸੁੱਖ ਨੂੰ ਹਿਰਦੇ ਵਿਚ ਵਸਾ ਲੈਂਦਾ ਹੈ।

ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥

(ਪਰ ਉਸ ਰੱਬ ਦਾ) ਨਾਮ ਤੇ ਗਿਆਨ ਗੁਰੂ ਦੀ ਰਾਹੀਂ (ਪ੍ਰਾਪਤ ਹੁੰਦਾ ਹੈ)। ਗੁਰੂ ਦੀ ਰਾਹੀਂ ਹੀ (ਇਹ ਪਰਤੀਤ ਆਉਂਦੀ ਹੈ ਕਿ) ਉਹ ਹਰੀ ਸਭ ਥਾਈਂ ਵਿਆਪਕ ਹੈ।

ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥

ਗੁਰੂ ਹੀ (ਸਾਡੇ ਲਈ) ਸ਼ਿਵ ਹੈ, ਗੁਰੂ ਹੀ (ਸਾਡੇ ਲਈ) ਗੋਰਖ ਤੇ ਬ੍ਰਹਮਾ ਹੈ ਅਤੇ ਗੁਰੂ ਹੀ (ਸਾਡੇ ਲਈ) ਮਾਈ ਪਾਰਬਤੀ ਹੈ।

ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥

ਉਂਝ (ਇਸ ਅਕਾਲ ਪੁਰਖ ਦੇ ਹੁਕਮ ਨੂੰ) ਜੇ ਮੈਂ ਸਮਝ, (ਭੀ) ਲਵਾਂ, (ਤਾਂ ਭੀ) ਉਸ ਦਾ ਵਰਣਨ ਨਹੀਂ ਕਰ ਸਕਦਾ। (ਅਕਾਲ ਪੁਰਖ ਦੇ ਹੁਕਮ ਦਾ) ਕਥਨ ਨਹੀਂ ਕੀਤਾ ਜਾ ਸਕਦਾ।

ਗੁਰਾ ਇਕ ਦੇਹਿ ਬੁਝਾਈ ॥

(ਮੇਰੀ ਤਾਂ) ਹੇ ਸਤਿਗੁਰੂ! (ਤੇਰੇ ਅੱਗੇ ਅਰਦਾਸ ਹੈ ਕਿ) ਮੈਨੂੰ ਇਕ ਸਮਝ ਦੇਹ,

ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥

ਕਿ ਜਿਹੜਾ ਸਭਨਾਂ ਜੀਵਾਂ ਨੂੰ ਦਾਤਾਂ ਦੇਣ ਵਾਲਾ ਇਕ ਰੱਬ ਹੈ, ਮੈਂ ਉਸ ਨੂੰ ਭੁਲਾ ਨਾ ਦਿਆਂ ॥੫॥

ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥

ਮੈਂ ਤੀਰਥ ਉੱਤੇ ਜਾ ਕੇ ਤਦ ਇਸ਼ਨਾਨ ਕਰਾਂ ਜੇ ਇਉਂ ਕਰਨ ਨਾਲ ਉਸ ਪਰਮਾਤਮਾ ਨੂੰ ਖ਼ੁਸ਼ ਕਰ ਸਕਾਂ, ਪਰ ਜੇ ਇਸ ਤਰ੍ਹਾਂ ਪਰਮਾਤਮਾ ਖ਼ੁਸ਼ ਨਹੀਂ ਹੁੰਦਾ, ਤਾਂ ਮੈਂ (ਤੀਰਥ ਉੱਤੇ) ਇਸ਼ਨਾਨ ਕਰਕੇ ਕੀਹ ਖੱਟਾਂਗਾ?

ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥

ਅਕਾਲ ਪੁਰਖ ਦੀ ਪੈਦਾ ਕੀਤੀ ਹੋਈ ਜਿਤਨੀ ਭੀ ਦੁਨੀਆ ਮੈਂ ਵੇਖਦਾ ਹਾਂ, (ਇਸ ਵਿੱਚ) ਪਰਮਾਤਮਾ ਦੀ ਕਿਰਪਾ ਤੋਂ ਬਿਨਾ ਕਿਸੇ ਨੂੰ ਕੁਝ ਨਹੀਂ ਮਿਲਦਾ, ਕੋਈ ਕੁਝ ਨਹੀਂ ਲੈ ਸਕਦਾ।

ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥

ਜੇ ਸਤਿਗੁਰੂ ਦੀ ਇਕ ਸਿੱਖਿਆ ਸੁਣ ਲਈ ਜਾਏ, ਤਾਂ ਮਨੁੱਖ ਦੀ ਬੁੱਧ ਦੇ ਅੰਦਰ ਰਤਨ, ਜਵਾਹਰ ਤੇ ਮੌਤੀ (ਉਪਜ ਪੈਂਦੇ ਹਨ, ਭਾਵ, ਪਰਮਾਤਮਾ ਦੇ ਗੁਣ ਪੈਦਾ ਹੋ ਜਾਂਦੇ ਹਨ)।

ਗੁਰਾ ਇਕ ਦੇਹਿ ਬੁਝਾਈ ॥

(ਤਾਂ ਤੇ) ਹੇ ਸਤਿਗੁਰੂ! (ਮੇਰੀ ਤੇਰੇ ਅੱਗੇ ਇਹ ਅਰਦਾਸ ਹੈ ਕਿ) ਮੈਨੂੰ ਇਕ ਇਹ ਸਮਝ ਦੇਹ,

ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥

ਜਿਸ ਕਰਕੇ ਮੈਨੂੰ ਉਹ ਅਕਾਲ ਪੁਰਖ ਨਾ ਵਿਸਰ ਜਾਏ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ ॥੬॥

ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥

ਜੇ ਕਿਸੇ ਮਨੁੱਖ ਦੀ ਉਮਰ ਚਾਰ ਜੁਗਾਂ ਜਿਤਨੀ ਹੋ ਜਾਏ, (ਨਿਰੀ ਇਤਨੀ ਹੀ ਨਹੀਂ, ਸਗੋਂ ਜੇ) ਇਸ ਤੋਂ ਭੀ ਦਸ ਗੁਣੀ ਹੋਰ (ਉਮਰ) ਹੋ ਜਾਏ,

ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥

ਜੇ ਉਹ ਸਾਰੇ ਸੰਸਾਰ ਵਿਚ ਭੀ ਪਰਗਟ ਹੋ ਜਾਏ ਅਤੇ ਹਰੇਕ ਮਨੁੱਖ ਉਸ ਦੇ ਪਿੱਛੇ ਲੱਗ ਕੇ ਤੁਰੇ।

ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥

ਜੇ ਉਹ ਚੰਗੀ ਨਾਮਵਰੀ ਖੱਟ ਕੇ ਸਾਰੇ ਸੰਸਾਰ ਵਿਚ ਸ਼ੋਭਾ ਭੀ ਪ੍ਰਾਪਤ ਕਰ ਲਏ,

ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥

(ਪਰ) ਜੇਕਰ ਅਕਾਲ ਪੁਰਖ ਦੀ ਮਿਹਰ ਦੀ ਨਜ਼ਰ ਵਿਚ ਨਹੀਂ ਆ ਸਕਦਾ, ਤਾਂ ਉਹ ਉਸ ਬੰਦੇ ਵਰਗਾ ਹੈ ਜਿਸ ਦੀ ਕੋਈ ਖ਼ਬਰ ਭੀ ਨਹੀਂ ਪੁੱਛਦਾ (ਭਾਵ, ਇਤਨੀ ਮਾਣ ਵਡਿਆਈ ਵਾਲਾ ਹੁੰਦਿਆਂ ਭੀ ਅਸਲ ਵਿਚ ਨਿਆਸਰਾ ਹੀ ਹੈ)।

ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥

(ਸਗੋਂ ਅਜਿਹਾ ਮਨੁੱਖ ਅਕਾਲ ਪੁਰਖ ਦੇ ਸਾਹਮਣੇ) ਇਕ ਮਮੂਲੀ ਜਿਹਾ ਕੀੜਾ ਹੈ ("ਖਸਮੈ ਨਦਰੀ ਕੀੜਾ ਆਵੈ" ਆਸਾ ਮ: ੧) ਅਕਾਲ ਪੁਰਖ ਉਸ ਨੂੰ ਦੋਸੀ ਥਾਪ ਕੇ (ਉਸ ਉੱਤੇ ਨਾਮ ਨੂੰ ਭੁੱਲਣ ਦਾ) ਦੋਸ਼ ਲਾਉਂਦਾ ਹੈ।

ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥

ਹੇ ਨਾਨਕ! ਉਹ ਅਕਾਲ ਪੁਰਖ ਗੁਣ-ਹੀਨ ਮਨੁੱਖ ਵਿੱਚ ਗੁਣ ਪੈਦਾ ਕਰ ਦੇਂਦਾ ਹੈ ਤੇ ਗੁਣੀ ਮਨੁੱਖਾਂ ਨੂੰ ਭੀ ਗੁਣ ਉਹੀ ਬਖ਼ਸ਼ਦਾ ਹੈ।

ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥

ਇਹੋ ਜਿਹਾ ਕੋਈ ਹੋਰ ਨਹੀਂ ਦਿੱਸਦਾ, ਜੋ ਨਿਰਗੁਣ ਜੀਵ ਨੂੰ ਕੋਈ ਗੁਣ ਦੇ ਸਕਦਾ ਹੋਵੇ। (ਭਾਵ ਪ੍ਰਭੂ ਦੀ ਮਿਹਰ ਦੀ ਨਜ਼ਰ ਹੀ ਉਸ ਨੂੰ ਉੱਚਾ ਕਰ ਸਕਦੀ ਹੈ, ਲੰਮੀ ਉਮਰ ਤੇ ਜਗਤ ਦੀ ਸ਼ੋਭਾ ਸਹਾਇਤਾ ਨਹੀਂ ਕਰਦੀ) ॥੭॥