ਜਪੁ ਜੀ ਸਾਹਿਬ

(ਅੰਗ: 5)


ਸੁਣਿਐ ਅੰਧੇ ਪਾਵਹਿ ਰਾਹੁ ॥

ਇਹ ਨਾਮ ਸੁਣਨ ਦੀ ਹੀ ਬਰਕਤਿ ਹੈ ਕਿ ਅੰਨ੍ਹੇ ਗਿਆਨ-ਹੀਣ ਮਨੁੱਖ ਭੀ (ਅਕਾਲ ਪੁਰਖ ਨੂੰ ਮਿਲਣ ਦਾ) ਰਾਹ ਲੱਭ ਲੈਂਦੇ ਹਨ।

ਸੁਣਿਐ ਹਾਥ ਹੋਵੈ ਅਸਗਾਹੁ ॥

ਅਕਾਲ ਪੁਰਖ ਦੇ ਨਾਮ ਵਿਚ ਜੁੜਨ ਦਾ ਸਦਕਾ ਇਸ ਡੂੰਘੇ ਸੰਸਾਰ-ਸਮੁੰਦਰ ਦੀ ਅਸਲੀਅਤ ਸਮਝ ਵਿਚ ਆ ਜਾਂਦੀ ਹੈ।

ਨਾਨਕ ਭਗਤਾ ਸਦਾ ਵਿਗਾਸੁ ॥

ਹੇ ਨਾਨਕ! (ਅਕਾਲ ਪੁਰਖ ਦੇ ਨਾਮ ਵਿਚ ਸੁਰਤ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ,

ਸੁਣਿਐ ਦੂਖ ਪਾਪ ਕਾ ਨਾਸੁ ॥੧੧॥

(ਕਿਉਂਕਿ) ਅਕਾਲ ਪੁਰਖ ਦਾ ਨਾਮ ਸੁਣਨ ਨਾਲ (ਮਨੁੱਖ ਦੇ) ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ ॥੧੧॥

ਮੰਨੇ ਕੀ ਗਤਿ ਕਹੀ ਨ ਜਾਇ ॥

ਉਸ ਮਨੁੱਖ ਦੀ (ਉੱਚੀ) ਆਤਮਕ ਅਵਸਥਾ ਦੱਸੀ ਨਹੀਂ ਜਾ ਸਕਦੀ, ਜਿਸ ਨੇ (ਅਕਾਲ ਪੁਰਖ ਦੇ ਨਾਮ ਨੂੰ) ਮੰਨ ਲਿਆ ਹੈ, (ਭਾਵ, ਜਿਸ ਦੀ ਲਗਨ ਨਾਮ ਵਿਚ ਲੱਗ ਗਈ ਹੈ)।

ਜੇ ਕੋ ਕਹੈ ਪਿਛੈ ਪਛੁਤਾਇ ॥

ਜੇ ਕੋਈ ਮਨੁੱਖ ਬਿਆਨ ਕਰੇ ਭੀ, ਤਾਂ ਉਹ ਪਿਛੋਂ ਪਛਤਾਉਂਦਾ ਹੈ (ਕਿ ਮੈਂ ਹੋਛਾ ਜਤਨ ਕੀਤਾ ਹੈ)।

ਕਾਗਦਿ ਕਲਮ ਨ ਲਿਖਣਹਾਰੁ ॥

(ਨਾਮ ਵਿਚ) ਪਤੀਜੇ ਹੋਏ ਦੀ ਆਤਮਕ ਅਵਸਥਾ ਕਾਗਜ਼ ਉੱਤੇ ਕਲਮ ਨਾਲ ਕੋਈ ਮਨੁੱਖ ਲਿਖਣ ਦੇ ਸਮਰੱਥ ਨਹੀਂ ਹੈ,

ਮੰਨੇ ਕਾ ਬਹਿ ਕਰਨਿ ਵੀਚਾਰੁ ॥

(ਭਾਵੇਂ ਕਿ ਮਨੁੱਖ) ਰਲ ਕੇ ਉਸ ਦਾ ਅੰਦਾਜ਼ਾ ਲਾਂਦੇ ਲਾਉਣ ਬਾਬਤ ਵੀਚਾਰ (ਜ਼ਰੂਰ) ਕਰਦੇ ਹਨ।

ਐਸਾ ਨਾਮੁ ਨਿਰੰਜਨੁ ਹੋਇ ॥

ਅਕਾਲ ਪੁਰਖ ਦਾ ਨਾਮ ਬਹੁਤ (ਉੱਚਾ) ਹੈ ਤੇ ਮਾਇਆ ਦੇ ਪਰਭਾਵ ਤੋਂ ਪਰੇ ਹੈ, (ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿੱਚ ਆਉਂਦੀ ਹੈ)

ਜੇ ਕੋ ਮੰਨਿ ਜਾਣੈ ਮਨਿ ਕੋਇ ॥੧੨॥

ਜੇ ਕੋਈ ਮਨੁੱਖ ਆਪਣੇ ਅੰਦਰ ਲਗਨ ਲਾ ਕੇ ਵੇਖੇ ॥੧੨॥

ਮੰਨੈ ਸੁਰਤਿ ਹੋਵੈ ਮਨਿ ਬੁਧਿ ॥

ਜੇ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਲਗਨ ਲੱਗ ਜਾਏ, ਤਾਂ ਉਸ ਦੀ ਸੁਰਤ ਉੱਚੀ ਹੋ ਜਾਂਦੀ ਹੈ, ਉਸ ਦੇ ਮਨ ਵਿਚ ਜਾਗ੍ਰਤ ਆ ਜਾਂਦੀ ਹੈ, (ਭਾਵ, ਮਾਇਆ ਵਿਚ ਸੁੱਤਾ ਮਨ ਜਾਗ ਪੈਂਦਾ ਹੈ)

ਮੰਨੈ ਸਗਲ ਭਵਣ ਕੀ ਸੁਧਿ ॥

ਸਾਰੇ ਭਵਨਾਂ ਦੀ ਉਸ ਨੂੰ ਸੋਝੀ ਹੋ ਜਾਂਦੀ ਹੈ (ਕਿ ਹਰ ਥਾਂ ਪ੍ਰਭੂ ਵਿਆਪਕ ਹੈ।)

ਮੰਨੈ ਮੁਹਿ ਚੋਟਾ ਨਾ ਖਾਇ ॥

ਉਹ ਮਨੁੱਖ (ਸੰਸਾਰ ਦੇ ਵਿਕਾਰਾਂ ਦੀਆਂ) ਸੱਟਾਂ ਮੂੰਹ ਉੱਤੇ ਨਹੀਂ ਖਾਦਾ (ਭਾਵ, ਸੰਸਾਰਕ ਵਿਕਾਰ ਉਸ ਉੱਤੇ ਦਬਾ ਨਹੀਂ ਪਾ ਸਕਦੇ),

ਮੰਨੈ ਜਮ ਕੈ ਸਾਥਿ ਨ ਜਾਇ ॥

ਅਤੇ ਜਮਾਂ ਨਾਲ ਉਸ ਨੂੰ ਵਾਹ ਨਹੀਂ ਪੈਂਦਾ (ਭਾਵ, ਉਹ ਜਨਮ ਮਰਨ ਦੇ ਗੇੜ ਵਿਚੋਂ ਬਚ ਜਾਂਦਾ ਹੈ)।

ਐਸਾ ਨਾਮੁ ਨਿਰੰਜਨੁ ਹੋਇ ॥

ਅਕਾਲ ਪੁਰਖ ਦਾ ਨਾਮ, ਜੋ ਮਾਇਆ ਦੇ ਪਰਭਾਵ ਤੋਂ ਪਰੇ ਹੈ, ਇੱਡਾ (ਉੱਚਾ) ਹੈ (ਕਿ ਇਸ ਵਿਚ ਜੁੜਨ ਵਾਲਾ ਭੀ ਉੱਚੀ ਆਤਮਕ ਅਵਸਥਾ ਵਾਲਾ ਹੋ ਜਾਂਦਾ ਹੈ, ਪਰ ਇਹ ਗੱਲ ਤਾਂ ਹੀ ਸਮਝ ਵਿਚ ਆਉਂਦੀ ਹੈ),

ਜੇ ਕੋ ਮੰਨਿ ਜਾਣੈ ਮਨਿ ਕੋਇ ॥੧੩॥

ਜੇ ਕੋਈ ਮਨੁੱਖ ਆਪਣੇ ਮਨ ਵਿਚ ਹਰਿ-ਨਾਮ ਦੀ ਲਗਨ ਪੈਦਾ ਕਰ ਲਏ ॥੧੩॥

ਮੰਨੈ ਮਾਰਗਿ ਠਾਕ ਨ ਪਾਇ ॥

ਜੇ ਮਨੁੱਖ ਦਾ ਮਨ ਨਾਮ ਵਿਚ ਪਤੀਜ ਜਾਏ ਤਾਂ ਜ਼ਿਦੰਗੀ ਦੇ ਸਫ਼ਰ ਵਿਚ ਵਿਚਾਰ ਆਦਿਕ ਦੀ ਕੋਈ ਰੋਕ ਨਹੀਂ ਪੈਂਦੀ।

ਮੰਨੈ ਪਤਿ ਸਿਉ ਪਰਗਟੁ ਜਾਇ ॥

ਉਹ (ਸੰਸਾਰ ਵਿਚ) ਸ਼ੋਭਾ ਖੱਟ ਕੇ ਇੱਜ਼ਤ ਨਾਲ ਜਾਂਦਾ ਹੈ।

ਮੰਨੈ ਮਗੁ ਨ ਚਲੈ ਪੰਥੁ ॥

ਉਹ ਫਿਰ (ਦੁਨੀਆਂ ਦੇ ਵੱਖੋ-ਵੱਖਰੇ ਮਜ਼ਹਬਾਂ ਦੇ ਦੱਸੇ) ਰਸਤਿਆਂ 'ਤੇ ਨਹੀਂ ਤੁਰਦਾ (ਭਾਵ, ਉਸ ਦੇ ਅੰਦਰ ਇਹ ਵਿਖੇਪਤਾ ਨਹੀਂ ਰਹਿੰਦੀ ਕਿ ਇਹ ਰਸਤਾ ਚੰਗਾ ਹੈ ਤੇ ਇਹ ਮੰਦਾ ਹੈ)।

ਮੰਨੈ ਧਰਮ ਸੇਤੀ ਸਨਬੰਧੁ ॥

ਉਸ ਮਨੁੱਖ ਦਾ ਧਰਮ ਨਾਲ (ਸਿੱਧਾ) ਜੋੜ ਬਣ ਜਾਂਦਾ ਹੈ।