ਮੇਰੀ ਕੀਹ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵਿਚਾਰ ਕਰ ਸਕਾਂ।
(ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੇਰੀ ਹਸਤੀ ਬਹੁਤ ਹੀ ਤੁੱਛ ਹੈ।)
ਜੋ ਤੈਨੂੰ ਚੰਗਾ ਲਗਦਾ ਹੈ ਉਹੀ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਠੀਕ ਹੈ)।
ਹੇ ਨਿਰੰਕਾਰ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ ॥੧੭॥
(ਨਿਰੰਕਾਰ ਦੀ ਰਚੀ ਹੋਈ ਸ੍ਰਿਸ਼ਟੀ ਵਿਚ) ਅਨੇਕਾਂ ਹੀ ਮਹਾਂ ਮੂਰਖ ਹਨ,
ਅਨੇਕਾਂ ਹੀ ਚੋਰ ਹਨ, ਜੋ ਪਰਾਇਆ ਮਾਲ (ਚੁਰਾ ਚੁਰਾ ਕੇ) ਵਰਤ ਰਹੇ ਹਨ
ਅਤੇ ਅਨੇਕਾਂ ਹੀ ਇਹੋ ਜਿਹੇ ਮਨੁੱਖ ਹਨ, ਜੋ (ਦੂਜਿਆਂ ਉੱਤੇ) ਹੁਕਮ ਤੇ ਵਧੀਕੀਆਂ ਕਰ ਕਰ ਕੇ (ਅੰਤ ਨੂੰ ਇਸ ਸੰਸਾਰ ਤੋਂ) ਚਲੇ ਜਾਂਦੇ ਹਨ।
ਅਨੇਕਾਂ ਹੀ ਖ਼ੂਨੀ ਮਨੁੱਖ ਲੋਕਾਂ ਦੇ ਗਲ ਵੱਢ ਰਹੇ ਹਨ
ਅਤੇ ਅਨੇਕਾਂ ਹੀ ਪਾਪੀ ਮਨੁੱਖ ਪਾਪ ਕਮਾ ਕੇ (ਆਖ਼ਰ) ਇਸ ਦੁਨੀਆ ਤੋਂ ਤੁਰ ਜਾਂਦੇ ਹਨ।
ਅਨੇਕਾਂ ਹੀ ਝੂਠ ਬੋਲਣ ਦੇ ਸੁਭਾਉ ਵਾਲੇ ਮਨੁੱਖ ਝੂਠ ਵਿਚ ਹੀ ਰੁੱਝੇ ਪਏ ਹਨ
ਅਤੇ ਅਨੇਕਾਂ ਹੀ ਖੋਟੀ ਬੁੱਧੀ ਵਾਲੇ ਮਨੁੱਖ ਮਲ (ਭਾਵ, ਅਖਾਜ) ਹੀ ਖਾਈ ਜਾ ਰਹੇ ਹਨ।
ਅਨੇਕਾਂ ਹੀ ਨਿਦੰਕ (ਨਿੰਦਾ ਕਰ ਕੇ) ਆਪਣੇ ਸਿਰ ਉੱਤੇ (ਨਿੰਦਿਆ ਦਾ) ਭਾਰ ਚੁੱਕ ਰਹੇ ਹਨ।
(ਹੇ ਨਿਰੰਕਾਰ! ਅਨੇਕਾਂ ਹੋਰ ਜੀਵ ਕਈ ਹੋਰ ਕੁਕਰਮਾਂ ਵਿਚ ਫਸੇ ਹੋਣਗੇ, ਮੇਰੀ ਕੀਹ ਤਾਕਤ ਹੈ ਕਿ ਤੇਰੀ ਕੁਦਰਤਿ ਦੀ ਪੂਰਨ ਵਿਚਾਰ ਕਰ ਸਕਾਂ?ਨਾਨਕ ਵਿਚਾਰਾ (ਤਾਂ) ਇਹ (ਉਪਰਲੀ ਤੁੱਛ ਜਿਹੀ) ਵਿਚਾਰ ਪੇਸ਼ ਕਰਦਾ ਹੈ।
(ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੇਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੈਂ ਤੇਰੀ ਬੇਅੰਤ ਕੁਦਰਤਿ ਦੀ ਪੂਰਨ ਵਿਚਾਰ ਕਰਨ ਜੋਗਾ ਨਹੀਂ ਹਾਂ)।
ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਹੀ ਰਹਿਣਾ ਠੀਕ ਹੈ। ਤੇਰੀ ਸਿਫ਼ਤ-ਸਾਲਾਹ ਕਰ ਕੇ ਅਸਾਂ ਜੀਵਾਂ ਲਈ ਇਹੀ ਭਲੀ ਗੱਲ ਹੈ ਕਿ ਤੇਰੀ ਰਜ਼ਾ ਵਿਚ ਰਹੀਏ)।
ਹੇ ਨਿਰੰਕਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ॥੧੮॥
(ਕੁਦਰਤਿ ਦੇ ਅਨੇਕ ਜੀਵਾਂ ਤੇ ਹੋਰ ਬੇਅੰਤ ਪਦਾਰਥਾਂ ਦੇ) ਅਸੰਖਾਂ ਹੀ ਨਾਮ ਹਨ ਤੇ ਅਸੰਖਾਂ ਹੀ (ਉਹਨਾਂ ਦੇ) ਥਾਂ ਟਿਕਾਣੇ ਹਨ।
(ਕੁਦਰਤਿ ਵਿਚ) ਅਸੰਖਾਂ ਹੀ ਭਵਣ ਹਨ ਜਿਨ੍ਹਾਂ ਤਕ ਮਨੁੱਖ ਦੀ ਪਹੁੰਚ ਹੀ ਨਹੀਂ ਹੋ ਸਕਦੀ।
(ਪਰ ਜੋ ਮਨੁੱਖ ਕੁਦਰਤਿ ਦਾ ਲੇਖਾ ਕਰਨ ਵਾਸਤੇ ਸ਼ਬਦ) 'ਅਸੰਖ' (ਭੀ) ਆਖਦੇ ਹਨ, (ਉਹਨਾਂ ਦੇ) ਸਿਰ ਉੱਤੇ ਭੀ ਭਾਰ ਹੁੰਦਾ ਹੈ (ਭਾਵ, ਉਹ ਭੀ ਭੁੱਲ ਕਰਦੇ ਹਨ, 'ਅਸੰਖ' ਸ਼ਬਦ ਭੀ ਕਾਫੀ ਨਹੀਂ ਹੈ)।
(ਭਾਵੇਂ ਅਕਾਲ ਪੁਰਖ ਦੀ ਕੁਦਰਤਿ ਦਾ ਲੇਖਾ ਲਫ਼ਜ਼ 'ਅਸੰਖ' ਤਾਂ ਕਿਤੇ ਰਿਹਾ, ਕੋਈ ਭੀ ਸ਼ਬਦ ਕਾਫ਼ੀ ਨਹੀਂ ਹੈ, ਪਰ) ਅਕਾਲ ਪੁਰਖ ਦਾ ਨਾਮ ਭੀ ਅੱਖਰਾਂ ਦੀ ਰਾਹੀਂ ਹੀ (ਲਿਆ ਜਾ ਸਕਦਾ ਹੈ), ਉਸ ਦੀ ਸਿਫ਼ਿਤ-ਸਾਲਾਹ ਭੀ ਅੱਖਰਾਂ ਦੀ ਰਾਹੀਂ ਹੀ ਕੀਤੀ ਜਾ ਸਕਦੀ ਹੈ।