ਅਕਾਲ ਪੁਰਖ ਦਾ ਗਿਆਨ ਭੀ ਅੱਖਰਾਂ ਦੀ ਰਾਹੀਂ ਹੀ (ਵਿਚਾਰਿਆ ਜਾ ਸਕਦਾ ਹੈ)। ਅੱਖਰਾਂ ਦੀ ਰਾਹੀਂ ਹੀ ਉਸਦੇ ਗੀਤ ਅਤੇ ਗੁਣਾਂ ਦਾ ਵਾਕਫ਼ ਹੋ ਸਕੀਦਾ ਹੈ।
ਬੋਲੀ ਦਾ ਲਿਖਣਾ ਤੇ ਬੋਲਣਾ ਭੀ ਅੱਖਰਾਂ ਦੀ ਰਾਹੀਂ ਹੀ ਦੱਸਿਆ ਜਾ ਸਕਦਾ ਹੈ। (ਇਸ ਕਰਕੇ ਸ਼ਬਦ 'ਅਸੰਖ' ਵਰਤਿਆ ਗਿਆ ਹੈ।)
(ਅੱਖਰਾਂ ਰਾਹੀਂ ਹੀ ਭਾਗਾਂ ਦਾ ਸੰਜੋਗ ਵਖਿਆਨ ਕੀਤਾ ਜਾ ਸਕਦਾ ਹੈ)
(ਉਂਝ) ਜਿਸ ਅਕਾਲ ਪੁਰਖ ਨੇ (ਜੀਵਾਂ ਦੇ ਸੰਜੋਗ ਦੇ) ਇਹ ਅੱਖਰ ਲਿਖੇ ਹਨ, ਉਸ ਦੇ ਸਿਰ ਉੱਤੇ ਕੋਈ ਲੇਖ ਕਹੀਂ ਹੈ (ਭਾਵ, ਕੋਈ ਮਨੁੱਖ ਉਸ ਅਕਾਲ ਪੁਰਖ ਦਾ ਲੇਖਾ ਨਹੀਂ ਕਰ ਸਕਦਾ)।
ਜਿਸ ਜਿਸ ਤਰ੍ਹਾਂ ਉਹ ਅਕਾਲ ਪੁਰਖ ਹੁਕਮ ਕਰਦਾ ਹੈ ਉਸੇ ਤਰ੍ਹਾਂ (ਜੀਵ ਆਪਣੇ ਸੰਜੋਗ) ਭੋਗਦੇ ਹਨ।
ਇਹ ਸਾਰਾ ਸੰਸਾਰ, ਜੋ ਅਕਾਲ ਪੁਰਖ ਨੇ ਬਣਾਇਆ ਹੈ, ਇਹ ਉਸ ਦਾ ਸਰੂਪ ਹੈ ('ਇਹੁ ਵਿਸੁ ਸੰਸਾਰੁ ਤੁਮ ਦੇਖਦੇ, ਇਹੁ ਹਰਿ ਕਾ ਰੂਪੁ ਹੈ, ਹਰਿ ਰੂਪੁ ਨਦਰੀ ਆਇਆ')।
ਕੋਈ ਥਾਂ ਅਕਾਲ ਪੁਰਖ ਦੇ ਸਰੂਪ ਤੋਂ ਖ਼ਾਲੀ ਨਹੀਂ ਹੈ, (ਭਾਵ, ਜਿਹੜੀ ਥਾਂ ਜਾਂ ਪਦਾਰਥ ਵੇਖੀਏ ਉਹੀ ਅਕਾਲ ਪੁਰਖ ਦਾ ਸਰੂਪ ਦਿੱਸਦਾ ਹੈ, ਸ੍ਰਿਸ਼ਟੀ ਦਾ ਜ਼ੱਰਾ ਜ਼ੱਰਾ ਅਕਾਲ ਪੁਰਖ ਦਾ ਸਰੂਪ ਹੈ)।
ਮੇਰੀ ਕੀਹ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵੀਚਾਰ ਕਰ ਸਕਾਂ?
(ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੇਰੀ ਹਸਤੀ ਬਹੁਤ ਹੀ ਤੁੱਛ ਹੈ)।
ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਕੰਮ ਭਲਾ ਹੈ, (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਅਸਾਂ ਜੀਵਾਂ ਲਈ ਭਲੀ ਗੱਲ ਹੈ)।
ਹੇ ਨਿਰੰਕਾਰ! ਤੂੰ ਸਦਾ ਥਿਰ ਰਹਿਣ ਵਾਲਾ ਹੈਂ ॥੧੯॥
ਜੇ ਹੱਥ ਜਾਂ ਪੈਰ ਜਾਂ ਸਰੀਰ ਲਿੱਬੜ ਜਾਏ,
ਤਾਂ ਪਾਣੀ ਨਾਲ ਧੋਤਿਆਂ ਉਹ ਮੈਲ ਉਤਰ ਜਾਂਦੀ ਹੈ।
ਜੇ (ਕੋਈ) ਕੱਪੜਾ ਮੂਤਰ ਨਾਲ ਗੰਦਾ ਹੋ ਜਾਏ,
ਤਾਂ ਸਾਬੁਣ ਲਾ ਕੇ ਉਸ ਨੂੰ ਧੋ ਲਈਦਾ ਹੈ।
(ਪਰ) ਜੇ (ਮਨੁੱਖ ਦੀ) ਬੁੱਧੀ ਪਾਪਾਂ ਨਾਲ ਮਲੀਨ ਹੋ ਜਾਏ,
ਤਾਂ ਉਹ ਪਾਪ ਅਕਾਲ ਪੁਰਖ ਦੇ ਨਾਮ ਵਿਚ ਪਿਆਰ ਕਰਨ ਨਾਲ ਹੀ ਧੋਇਆ ਜਾ ਸਕਦਾ ਹੈ।
ਹੇ ਨਾਨਕ! 'ਪੁੰਨੀ' ਜਾਂ 'ਪਾਪ' ਨਿਰਾ ਨਾਮ ਹੀ ਨਹੀਂ ਹੈ (ਭਾਵ, ਨਿਰਾ ਕਹਿਣ-ਮਾਤਰ ਨਹੀਂ ਹੈ, ਸੱਚ-ਮੁੱਚ ਹੀ)
ਤੂੰ ਜਿਹੋ ਜਿਹੇ ਕਰਮ ਕਰੇਂਗਾ ਤਿਹੋ ਜਿਹੇ ਸੰਸਕਾਰ ਆਪਣੇ ਅੰਦਰ ਉੱਕਰ ਕੇ ਨਾਲ ਲੈ ਜਾਹਿਂਗਾ।
ਜੋ ਕੁਝ ਤੂੰ ਬੀਜੇਂਗਾ, ਉਸ ਦਾ ਫਲ ਆਪ ਹੀ ਖਾਹਿਂਗਾ।