ਉਸ ਨੂੰ ਮਾਲਿਕ ਪ੍ਰਭੂ ਮਿਲ ਪੈਂਦਾ ਹੈ।
ਜਿਸ ਤੇ (ਪ੍ਰਭੂ ਆਪਣੀ ਮੇਹਰ ਕਰਦਾ ਹੈ,
ਹੇ ਨਾਨਕ! ਉਹ ਸੇਵਕ ਸਤਿਗੁਰੂ ਦੀ ਸਿੱਖਿਆ ਲੈਂਦਾ ਹੈ ॥੨॥
ਜੋ ਸੇਵਕ ਆਪਣੇ ਸਤਿਗੁਰੂ ਨੂੰ ਆਪਣੀ ਸਰਧਾ ਦਾ ਪੂਰੇ ਤੌਰ ਤੇ ਯਕੀਨ ਦਿਵਾ ਲੈਂਦਾ ਹੈ,
ਉਹ ਅਕਾਲ ਪੁਰਖ ਦੀ ਅਵਸਥਾ ਨੂੰ ਸਮਝ ਲੈਂਦਾ ਹੈ।
ਸਤਿਗੁਰੂ (ਭੀ) ਉਹ ਹੈ ਜਿਸ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸਦਾ ਹੈ,
(ਮੈਂ ਐਸੇ) ਗੁਰੂ ਤੋਂ ਕਈ ਵਾਰੀ ਸਦਕੇ ਜਾਂਦਾ ਹਾਂ।
(ਸਤਿਗੁਰੂ) ਸਾਰੇ ਖ਼ਜ਼ਾਨਿਆਂ ਦਾ ਤੇ ਆਤਮਕ ਜ਼ਿੰਦਗੀ ਦਾ ਦੇਣ ਵਾਲਾ ਹੈ,
(ਕਿਉਂਕਿ) ਉਹ ਅੱਠੇ ਪਹਰ ਅਕਾਲ ਪੁਰਖ ਦੇ ਪਿਆਰ ਵਿਚ ਰੰਗਿਆ ਰਹਿੰਦਾ ਹੈ।
(ਪ੍ਰਭੂ ਦਾ) ਸੇਵਕ-(ਸਤਿਗੁਰੂ) ਪ੍ਰਭੂ ਵਿਚ (ਜੁੜਿਆ ਰਹਿੰਦਾ ਹੈ) ਤੇ (ਪ੍ਰਭੂ ਦੇ) ਸੇਵਕ-ਸਤਿਗੁਰੂ ਵਿਚ ਪ੍ਰਭੂ (ਸਦਾ ਟਿਕਿਆ ਹੈ),
ਗੁਰੂ ਤੇ ਪ੍ਰਭੂ ਇਕ-ਰੂਪ ਹਨ, ਇਸ ਵਿਚ ਭੁਲੇਖੇ ਵਾਲੀ ਗੱਲ ਨਹੀਂ।
ਹਜ਼ਾਰਾਂ ਚਤੁਰਾਈਆਂ ਨਾਲ ਅਜੇਹਾ ਗੁਰੂ ਮਿਲਦਾ ਨਹੀਂ,
ਹੇ ਨਾਨਕ! ਵੱਡੇ ਭਾਗਾਂ ਨਾਲ ਮਿਲਦਾ ਹੈ ॥੩॥
ਗੁਰੂ ਦਾ ਦੀਦਾਰ (ਸਾਰੇ) ਫਲ ਦੇਣ ਵਾਲਾ ਹੈ, ਦੀਦਾਰ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ,
ਗੁਰੂ ਦੇ ਚਰਨ ਛੋਹਿਆਂ ਉਚੀ ਅਵਸਥਾ ਤੇ ਸੁੱਚੀ ਰਹੁ-ਰੀਤ ਹੋ ਜਾਂਦੀ ਹੈ।
ਗੁਰੂ ਦੀ ਸੰਗਤਿ ਵਿਚ ਰਿਹਾਂ ਪ੍ਰਭੂ ਦੇ ਗੁਣ ਗਾ ਸਕੀਦੇ ਹਨ,
ਤੇ ਅਕਾਲ ਪੁਰਖ ਦੀ ਦਰਗਾਹ ਵਿਚ ਪਹੁੰਚ ਹੋ ਜਾਂਦੀ ਹੈ।
ਗੁਰੂ ਦੇ ਬਚਨ ਸੁਣ ਕੇ ਕੰਨ ਰੱਜ ਜਾਂਦੇ ਹਨ,
ਮਨ ਵਿਚ ਸੰਤੋਖ ਆ ਜਾਂਦਾ ਹੈ ਤੇ ਆਤਮਾ ਪਤੀਜ ਜਾਂਦਾ ਹੈ।
ਸਤਿਗੁਰੂ ਪੂਰਨ ਪੁਰਖ ਹੈ, ਉਸ ਦਾ ਉਪਦੇਸ਼ ਭੀ ਸਦਾ ਲਈ ਅਟੱਲ ਹੈ,