ਆਸਾ ਕੀ ਵਾਰ

(ਅੰਗ: 1)


ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਆਸਾ ਮਹਲਾ ੪ ਛੰਤ ਘਰੁ ੪ ॥

ਰਾਗ ਆਸਾ, ਘਰ ੪ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ'।

ਹਰਿ ਅੰਮ੍ਰਿਤ ਭਿੰਨੇ ਲੋਇਣਾ ਮਨੁ ਪ੍ਰੇਮਿ ਰਤੰਨਾ ਰਾਮ ਰਾਜੇ ॥

ਮੇਰੀਆਂ ਅੱਖਾਂ ਆਤਮਕ ਜੀਵਨ ਦੇਣ ਵਾਲੇ ਹਰਿ-ਨਾਮ-ਜਲ ਨਾਲ ਸਰੂਰ ਵਿਚ ਆ ਗਈਆਂ ਹਨ, ਮੇਰਾ ਮਨ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਗਿਆ ਹੈ।

ਮਨੁ ਰਾਮਿ ਕਸਵਟੀ ਲਾਇਆ ਕੰਚਨੁ ਸੋਵਿੰਨਾ ॥

ਪਰਮਾਤਮਾ ਨੇ ਮੇਰੇ ਮਨ ਨੂੰ (ਆਪਣੇ ਨਾਮ ਦੀ) ਕਸਵੱਟੀ ਉਤੇ ਘਸਾਇਆ ਹੈ, ਤੇ ਇਹ ਸੁੱਧ ਸੋਨਾ ਬਣ ਗਿਆ ਹੈ।

ਗੁਰਮੁਖਿ ਰੰਗਿ ਚਲੂਲਿਆ ਮੇਰਾ ਮਨੁ ਤਨੋ ਭਿੰਨਾ ॥

ਗੁਰੂ ਦੀ ਸਰਨ ਪਿਆਂ ਮੇਰਾ ਮਨ ਪ੍ਰਭੂ ਦੇ ਪ੍ਰੇਮ-ਰੰਗ ਵਿਚ ਗੂੜ੍ਹਾ ਲਾਲ ਹੋ ਗਿਆ ਹੈ, ਮੇਰਾ ਮਨ ਤਰੋ-ਤਰ ਹੋ ਗਿਆ ਹੈ, ਮੇਰਾ ਹਿਰਦਾ ਤਰੋ-ਤਰ ਹੋ ਗਿਆ ਹੈ।

ਜਨੁ ਨਾਨਕੁ ਮੁਸਕਿ ਝਕੋਲਿਆ ਸਭੁ ਜਨਮੁ ਧਨੁ ਧੰਨਾ ॥੧॥

(ਗੁਰੂ ਦੀ ਕਿਰਪਾ ਨਾਲ) ਦਾਸ ਨਾਨਕ (ਪ੍ਰਭੂ ਦੇ ਨਾਮ ਦੀ) ਕਸਤੂਰੀ ਨਾਲ ਚੰਗੀ ਤਰ੍ਹਾਂ ਸੁਗੰਧਿਤ ਹੋ ਗਿਆ ਹੈ, (ਦਾਸ ਨਾਨਕ ਦਾ) ਸਾਰਾ ਜੀਵਨ ਹੀ ਭਾਗਾਂ ਵਾਲਾ ਬਣ ਗਿਆ ਹੈ ॥੧॥

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ; ਜਿਸ ਦਾ ਨਾਮ 'ਹੋਂਦ ਵਾਲਾ' ਹੈ, ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ) ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਆਸਾ ਮਹਲਾ ੧ ॥

ਰਾਗ ਆਸਾ ਵਿੱਚ ਗੁਰੂ ਨਾਨਕ ਜੀ ਦੀ ਬਾਣੀ। 'ਵਾਰ' ਸਲੋਕਾਂ ਸਮੇਤ, ਵਾਰ ਤੇ ਸਲੋਕ ਵੀ ਗੁਰੂ ਨਾਨਕ ਦੇ ਹਨ।

ਵਾਰ ਸਲੋਕਾ ਨਾਲਿ ਸਲੋਕ ਭੀ ਮਹਲੇ ਪਹਿਲੇ ਕੇ ਲਿਖੇ ਟੁੰਡੇ ਅਸ ਰਾਜੈ ਕੀ ਧੁਨੀ ॥

(ਇਹ ਵਾਰ) ਟੁੰਡੇ (ਰਾਜਾ) ਅਸਰਾਜ ਦੀ (ਵਾਰ ਦੀ) ਸੁਰ ਉਤੇ (ਗਾਉਣੀ ਹੈ)।

ਸਲੋਕੁ ਮਃ ੧ ॥

ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥

ਮੈਂ ਆਪਣੇ ਗੁਰੂ ਤੋਂ (ਇਕ) ਦਿਨ ਵਿਚ ਸੌ ਵਾਰੀ ਸਦਕੇ ਹੁੰਦਾ ਹਾਂ,

ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ ਵਾਰ ॥੧॥

ਜਿਸ (ਗੁਰੂ) ਨੇ ਮਨੁੱਖਾਂ ਤੋਂ ਦੇਵਤੇ ਬਣਾ ਦਿੱਤੇ ਤੇ ਬਣਾਉਂਦਿਆਂ (ਰਤਾ) ਚਿਰ ਨਾਹ ਲੱਗਾ ॥੧॥

ਮਹਲਾ ੨ ॥

ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥

ਜੇ (ਇਕ) ਸੌ ਚੰਦ੍ਰਮਾ ਚੜ੍ਹਨ ਅਤੇ ਹਜ਼ਾਰ ਸੂਰਜ ਚੜ੍ਹਨ,

ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ ॥੨॥

ਜੇ ਇਤਨੇ ਭੀ ਚਾਨਣ ਹੋ ਜਾਣ (ਭਾਵ, ਚਾਨਣ ਕਰਨ ਵਾਲੇ ਜੇ ਇਤਨੇ ਭੀ ਚੰਦ੍ਰਮਾ ਸੂਰਜ ਆਦਿਕ ਗ੍ਰਹਿ ਅਕਾਸ਼ ਵਿਚ ਚੜ੍ਹ ਪੈਣ), ਗੁਰੂ ਤੋਂ ਬਿਨਾ (ਫੇਰ ਭੀ) ਘੁੱਪ ਹਨੇਰਾ ਹੈ ॥੨॥

ਮਃ ੧ ॥

ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤ ॥

ਹੇ ਨਾਨਕ! (ਜੋ ਮਨੁੱਖ) ਗੁਰੂ ਨੂੰ ਚੇਤੇ ਨਹੀਂ ਕਰਦੇ ਆਪਣੇ ਆਪ ਵਿਚ ਚਤਰ (ਬਣੇ ਹੋਏ) ਹਨ,

ਛੁਟੇ ਤਿਲ ਬੂਆੜ ਜਿਉ ਸੁੰਞੇ ਅੰਦਰਿ ਖੇਤ ॥

ਉਹ ਇਉਂ ਹਨ ਜਿਵੇਂ ਕਿਸੇ ਸੁੰਞੀ ਪੈਲੀ ਵਿਚ ਅੰਦਰੋਂ ਸੜੇ ਤਿਲ ਨਿਖਸਮੇ ਪਏ ਹੋਏ ਹਨ।

ਖੇਤੈ ਅੰਦਰਿ ਛੁਟਿਆ ਕਹੁ ਨਾਨਕ ਸਉ ਨਾਹ ॥

ਹੇ ਨਾਨਕ! (ਬੇਸ਼ਕ) ਆਖ ਕਿ ਪੈਲੀ ਵਿਚ ਨਿਖਸਮੇ ਪਏ ਹੋਏ ਉਹਨਾਂ ਬੂਆੜ ਤਿਲਾਂ ਦੇ ਸੌ ਖਸਮ ਹਨ,

ਫਲੀਅਹਿ ਫੁਲੀਅਹਿ ਬਪੁੜੇ ਭੀ ਤਨ ਵਿਚਿ ਸੁਆਹ ॥੩॥

ਉਹ ਵਿਚਾਰੇ ਫੁੱਲਦੇ ਭੀ ਹਨ (ਭਾਵ, ਉਹਨਾਂ ਨੂੰ ਫੁੱਲ ਭੀ ਲੱਗਦੇ ਹਨ), ਫਲਦੇ ਭੀ ਹਨ, ਫੇਰ ਭੀ ਉਹਨਾਂ ਦੇ ਤਨ ਵਿਚ (ਭਾਵ, ਉਹਨਾਂ ਦੀ ਫਲੀ ਵਿਚ ਤਿਲਾਂ ਦੀ ਥਾਂ) ਸੁਆਹ ਹੀ ਹੁੰਦੀ ਹੈ ॥੩॥