ਆਸਾ ਕੀ ਵਾਰ

(ਅੰਗ: 17)


ਕੂੜਿ ਕੂੜੈ ਨੇਹੁ ਲਗਾ ਵਿਸਰਿਆ ਕਰਤਾਰੁ ॥

(ਇਸ ਦ੍ਰਿਸ਼ਟਮਾਨ) ਛਲ ਵਿਚ ਫਸੇ ਹੋਏ ਜੀਵ ਦਾ ਛਲ ਵਿਚ ਮੋਹ ਪੈ ਗਿਆ ਹੈ, ਇਸ ਕਰਕੇ ਇਸ ਨੂੰ ਆਪਣਾ ਪੈਦਾ ਕਰਨ ਵਾਲਾ ਭੁੱਲ ਗਿਆ ਹੈ।

ਕਿਸੁ ਨਾਲਿ ਕੀਚੈ ਦੋਸਤੀ ਸਭੁ ਜਗੁ ਚਲਣਹਾਰੁ ॥

(ਇਸ ਨੂੰ ਯਾਦ ਨਹੀਂ ਰਹਿ ਗਿਆ ਕਿ) ਸਾਰਾ ਜਗਤ ਨਾਸਵੰਤ ਹੈ, ਕਿਸੇ ਨਾਲ ਭੀ ਮੋਹ ਨਹੀਂ ਪਾਣਾ ਚਾਹੀਦਾ।

ਕੂੜੁ ਮਿਠਾ ਕੂੜੁ ਮਾਖਿਉ ਕੂੜੁ ਡੋਬੇ ਪੂਰੁ ॥

(ਇਹ ਸਾਰਾ ਜਗਤ ਹੈ ਤਾਂ ਛਲ, ਪਰ ਇਹ) ਛਲ (ਸਾਰੇ ਜੀਵਾਂ ਨੂੰ) ਪਿਆਰਾ ਲੱਗ ਰਿਹਾ ਹੈ, ਸ਼ਹਿਦ (ਵਾਂਗ) ਮਿੱਠਾ ਲੱਗਦਾ ਹੈ, ਇਸ ਤਰ੍ਹਾਂ ਇਹ ਛਲ ਸਾਰੇ ਜੀਵਾਂ ਨੂੰ ਡੋਬ ਰਿਹਾ ਹੈ।

ਨਾਨਕੁ ਵਖਾਣੈ ਬੇਨਤੀ ਤੁਧੁ ਬਾਝੁ ਕੂੜੋ ਕੂੜੁ ॥੧॥

(ਹੇ ਪ੍ਰਭੂ!) ਨਾਨਕ (ਤੇਰੇ ਅੱਗੇ) ਅਰਜ਼ ਕਰਦਾ ਹੈ ਕਿ ਤੈਥੋਂ ਬਿਨਾ (ਇਹ ਜਗਤ) ਛਲ ਹੈ ॥੧॥

ਮਃ ੧ ॥

ਸਚੁ ਤਾ ਪਰੁ ਜਾਣੀਐ ਜਾ ਰਿਦੈ ਸਚਾ ਹੋਇ ॥

(ਜਗਤ ਰੂਪ ਛਲ ਵਲੋਂ ਵਾਸ਼ਨਾ ਪਰਤ ਕੇ, ਜਗਤ ਦੇ) ਅਸਲੇ ਦੀ ਸਮਝ ਤਦੋਂ ਹੀ ਆਉਂਦੀ ਹੈ ਜਦੋਂ ਉਹ ਅਸਲੀਅਤ ਦਾ ਮਾਲਕ (ਰੱਬ) ਮਨੁੱਖ ਦੇ ਹਿਰਦੇ ਵਿਚ ਟਿਕ ਜਾਏ।

ਕੂੜ ਕੀ ਮਲੁ ਉਤਰੈ ਤਨੁ ਕਰੇ ਹਛਾ ਧੋਇ ॥

ਤਦੋਂ ਮਾਇਆ ਛਲ ਦਾ ਅਸਰ ਮਨ ਤੋਂ ਦੂਰ ਹੋ ਜਾਂਦਾ ਹੈ (ਫੇਰ ਮਨ ਦੇ ਨਾਲ ਸਰੀਰ ਭੀ ਸੁੰਦਰ ਹੋ ਜਾਂਦਾ ਹੈ, ਸਰੀਰਕ ਇੰਦਰੇ ਭੀ ਗੰਦੇ ਪਾਸੇ ਵਲੋਂ ਹਟ ਜਾਂਦੇ ਹਨ, ਮਾਨੋ) ਸਰੀਰ ਧੁਪ ਕੇ ਸਾਫ਼ ਹੋ ਜਾਂਦਾ ਹੈ।

ਸਚੁ ਤਾ ਪਰੁ ਜਾਣੀਐ ਜਾ ਸਚਿ ਧਰੇ ਪਿਆਰੁ ॥

(ਮਾਇਆ ਛਲ ਵਲੋਂ ਮਨ ਦੇ ਫੁਰਨੇ ਹਟ ਕੇ, ਕੁਦਰਤ ਦੇ) ਅਸਲੇ ਦੀ ਸਮਝ ਤਦੋਂ ਹੀ ਆਉਂਦੀ ਹੈ, ਜਦ ਮਨੁੱਖ ਉਸ ਅਸਲੇ ਵਿਚ ਮਨ ਜੋੜਦਾ ਹੈ,

ਨਾਉ ਸੁਣਿ ਮਨੁ ਰਹਸੀਐ ਤਾ ਪਾਏ ਮੋਖ ਦੁਆਰੁ ॥

(ਤਦੋਂ ਉਸ ਅਸਲੀਅਤ ਵਾਲੇ ਦਾ) ਨਾਮ ਸੁਣ ਕੇ ਮਨੁੱਖ ਦਾ ਮਨ ਖਿੜਦਾ ਹੈ ਤੇ ਉਸ ਨੂੰ (ਮਾਇਆ ਦੇ ਬੰਧਨਾਂ ਤੋਂ) ਸੁਤੰਤਰ ਹੋਣ ਦਾ ਰਾਹ ਮਿਲ ਜਾਂਦਾ ਹੈ।

ਸਚੁ ਤਾ ਪਰੁ ਜਾਣੀਐ ਜਾ ਜੁਗਤਿ ਜਾਣੈ ਜੀਉ ॥

ਜਗਤ ਦੇ ਅਸਲੇ ਪ੍ਰਭੂ ਦੀ ਸਮਝ ਤਦੋਂ ਪੈਂਦੀ ਹੈ, ਜਦੋਂ ਮਨੁੱਖ ਰੱਬੀ ਜੀਵਨ (ਗੁਜ਼ਾਰਨ ਦੀ) ਜੁਗਤੀ ਜਾਣਦਾ ਹੋਵੇ,

ਧਰਤਿ ਕਾਇਆ ਸਾਧਿ ਕੈ ਵਿਚਿ ਦੇਇ ਕਰਤਾ ਬੀਉ ॥

ਭਾਵ, ਸਰੀਰ ਰੂਪ ਧਰਤੀ ਨੂੰ ਤਿਆਰ ਕਰਕੇ ਇਸ ਵਿਚ ਪ੍ਰਭੂ ਦਾ ਨਾਮ ਬੀਜ ਦੇਵੇ।

ਸਚੁ ਤਾ ਪਰੁ ਜਾਣੀਐ ਜਾ ਸਿਖ ਸਚੀ ਲੇਇ ॥

ਸੱਚ ਦੀ ਪਰਖ ਤਦੋਂ ਹੁੰਦੀ ਹੈ, ਜਦੋਂ ਸੱਚੀ ਸਿੱਖਿਆ (ਗੁਰੂ ਪਾਸੋਂ) ਲਏ,

ਦਇਆ ਜਾਣੈ ਜੀਅ ਕੀ ਕਿਛੁ ਪੁੰਨੁ ਦਾਨੁ ਕਰੇਇ ॥

ਅਤੇ (ਉਸ ਸਿੱਖਿਆ ਉੱਤੇ ਚੱਲ ਕੇ) ਸਭ ਜੀਵਾਂ ਉੱਤੇ ਤਰਸ ਕਰਨ ਦੀ ਜਾਚ ਸਿੱਖੇ ਤੇ (ਲੋੜਵੰਦਾਂ ਨੂੰ) ਕੁਝ ਦਾਨ ਪੁੰਨ ਕਰੇ।

ਸਚੁ ਤਾਂ ਪਰੁ ਜਾਣੀਐ ਜਾ ਆਤਮ ਤੀਰਥਿ ਕਰੇ ਨਿਵਾਸੁ ॥

ਉਸ ਧੁਰ-ਅੰਦਰਲੀ ਅਸਲੀਅਤ ਨਾਲ ਤਦੋਂ ਹੀ ਜਾਣ-ਪਛਾਣ ਹੁੰਦੀ ਹੈ ਜਦੋਂ ਮਨੁੱਖ ਧੁਰ ਅੰਦਰਲੇ ਤੀਰਥ ਉੱਤੇ ਟਿਕੇ,

ਸਤਿਗੁਰੂ ਨੋ ਪੁਛਿ ਕੈ ਬਹਿ ਰਹੈ ਕਰੇ ਨਿਵਾਸੁ ॥

ਆਪਣੇ ਗੁਰੂ ਪਾਸੋਂ ਉਪਦੇਸ਼ ਲੈ ਕੇ ਉਸ ਅੰਦਰਲੇ ਤੀਰਥ ਉੱਤੇ ਬੈਠਾ ਰਹੇ, ਉੱਥੇ ਹੀ ਸਦਾ ਨਿਵਾਸ ਰੱਖੇ।

ਸਚੁ ਸਭਨਾ ਹੋਇ ਦਾਰੂ ਪਾਪ ਕਢੈ ਧੋਇ ॥

ਉਨ੍ਹਾਂ ਮਨੁੱਖਾਂ ਦੇ ਸਾਰੇ ਦੁੱਖਾਂ ਦਾ ਇਲਾਜ ਉਹ ਆਪ ਬਣ ਜਾਂਦਾ ਹੈ, (ਕਿਉਂਕਿ ਉਹ) ਸਾਰੇ ਵਿਕਾਰਾਂ ਨੂੰ (ਉਸ ਹਿਰਦੇ ਵਿਚੋਂ) ਧੋ ਕੇ ਕੱਢ ਦੇਂਦਾ ਹੈ (ਜਿੱਥੇ ਉਹ ਵੱਸ ਰਿਹਾ ਹੈ),

ਨਾਨਕੁ ਵਖਾਣੈ ਬੇਨਤੀ ਜਿਨ ਸਚੁ ਪਲੈ ਹੋਇ ॥੨॥

ਨਾਨਕ ਅਰਜ਼ ਕਰਦਾ ਹੈ- ਜਿਨ੍ਹਾਂ ਦੇ ਹਿਰਦੇ ਵਿਚ ਅਸਲੀਅਤ ਦਾ ਮਾਲਕ ਪ੍ਰਭੂ ਟਿਕਿਆ ਹੋਇਆ ਹੈ ॥੨॥

ਪਉੜੀ ॥

ਦਾਨੁ ਮਹਿੰਡਾ ਤਲੀ ਖਾਕੁ ਜੇ ਮਿਲੈ ਤ ਮਸਤਕਿ ਲਾਈਐ ॥

(ਮੇਰਾ ਇਹ ਚਿੱਤ ਕਰਦਾ ਹੈ ਕਿ ਮੈਨੂੰ ਸੰਤਾਂ ਦੇ) ਪੈਰਾਂ ਦੀ ਖ਼ਾਕ ਦਾ ਦਾਨ ਮਿਲੇ। ਜੇ ਇਹ ਦਾਨ ਮਿਲ ਜਾਏ, ਤਾਂ ਮੱਥੇ ਉੱਤੇ ਲਾਣੀ ਚਾਹੀਦੀ ਹੈ।

ਕੂੜਾ ਲਾਲਚੁ ਛਡੀਐ ਹੋਇ ਇਕ ਮਨਿ ਅਲਖੁ ਧਿਆਈਐ ॥

(ਹੋਰ) ਲਾਲਚ, ਜੋ ਮਾਇਆ ਦੇ ਜਾਲ ਵਿਚ ਹੀ ਫਸਾਂਦਾ ਹੈ, ਛੱਡ ਦੇਣਾ ਚਾਹੀਦਾ ਹੈ, ਅਤੇ ਮਨ ਨੂੰ ਕੇਵਲ ਪ੍ਰਭੂ ਵਿਚ ਜੋੜ ਕੇ ਉਸ ਦੀ ਭਗਤੀ ਕਰਨੀ ਚਾਹੀਦੀ ਹੈ,