ਆਸਾ ਕੀ ਵਾਰ

(ਅੰਗ: 27)


ਛੁਰੀ ਵਗਾਇਨਿ ਤਿਨ ਗਲਿ ਤਾਗ ॥

(ਇਹਨਾਂ ਹਾਕਮਾਂ ਦੇ ਅੱਗੇ ਮੁਨਸ਼ੀ ਉਹ ਖੱਤ੍ਰੀ ਹਨ ਜੋ) ਛੁਰੀ ਚਲਾਂਦੇ ਹਨ (ਭਾਵ, ਗ਼ਰੀਬਾਂ ਉੱਤੇ ਜ਼ੁਲਮ ਕਰਦੇ ਹਨ), ਪਰ ਉਹਨਾਂ ਦੇ ਗਲ ਵਿਚ ਜਨੇਊ ਹਨ।

ਤਿਨ ਘਰਿ ਬ੍ਰਹਮਣ ਪੂਰਹਿ ਨਾਦ ॥

ਇਹਨਾਂ (ਜ਼ਾਲਮ ਖੱਤ੍ਰੀਆਂ) ਦੇ ਘਰ ਵਿਚ ਬ੍ਰਾਹਮਣ ਜਾ ਕੇ ਸੰਖ ਵਜਾਂਦੇ ਹਨ;

ਉਨੑਾ ਭਿ ਆਵਹਿ ਓਈ ਸਾਦ ॥

ਤਾਂ ਤੇ ਉਨ੍ਹਾਂ ਬ੍ਰਾਹਮਣਾਂ ਨੂੰ ਭੀ ਉਹਨਾਂ ਹੀ ਪਦਾਰਥਾਂ ਦੇ ਸੁਆਦ ਆਉਂਦੇ ਹਨ (ਭਾਵ, ਉਹ ਬ੍ਰਾਹਮਣ ਭੀ ਜ਼ੁਲਮ ਦੇ ਕਮਾਏ ਹੋਏ ਪਦਾਰਥ ਖਾਂਦੇ ਹਨ)।

ਕੂੜੀ ਰਾਸਿ ਕੂੜਾ ਵਾਪਾਰੁ ॥

(ਇਹਨਾਂ ਲੋਕਾਂ ਦੀ) ਇਹ ਝੂਠੀ ਪੂੰਜੀ ਹੈ ਤੇ ਝੂਠਾ ਹੀ ਇਹਨਾਂ ਦਾ (ਇਹ) ਵਪਾਰ ਹੈ।

ਕੂੜੁ ਬੋਲਿ ਕਰਹਿ ਆਹਾਰੁ ॥

ਝੂਠ ਬੋਲ ਬੋਲ ਕੇ (ਹੀ) ਇਹ ਰੋਜ਼ੀ ਕਮਾਂਦੇ ਹਨ।

ਸਰਮ ਧਰਮ ਕਾ ਡੇਰਾ ਦੂਰਿ ॥

ਹੁਣ ਸ਼ਰਮ ਤੇ ਧਰਮ ਦੀ ਸਭਾ ਉਠ ਗਈ ਹੈ (ਭਾਵ, ਇਹ ਲੋਕ ਨਾ ਆਪਣੀ ਸ਼ਰਮ ਹਯਾ ਦਾ ਖ਼ਿਆਲ ਕਰਦੇ ਹਨ ਅਤੇ ਨਾ ਹੀ ਧਰਮ ਦੇ ਕੰਮ ਕਰਦੇ ਹਨ)।

ਨਾਨਕ ਕੂੜੁ ਰਹਿਆ ਭਰਪੂਰਿ ॥

ਹੇ ਨਾਨਕ! ਸਭ ਥਾਈਂ ਝੂਠ ਹੀ ਪਰਧਾਨ ਹੋ ਰਿਹਾ ਹੈ।

ਮਥੈ ਟਿਕਾ ਤੇੜਿ ਧੋਤੀ ਕਖਾਈ ॥

(ਇਹ ਖੱਤ੍ਰੀ) ਮੱਥੇ ਉੱਤੇ ਟਿੱਕਾ ਲਾਂਦੇ ਹਨ, ਲੱਕ ਦੁਆਲੇ ਗੇਰੂਏ ਰੰਗ ਦੀ ਧੋਤੀ (ਬੰਨ੍ਹਦੇ ਹਨ)

ਹਥਿ ਛੁਰੀ ਜਗਤ ਕਾਸਾਈ ॥

ਪਰ ਹੱਥ ਵਿਚ, (ਮਾਨੋ) ਛੁਰੀ ਫੜੀ ਹੋਈ ਹੈ ਤੇ (ਵੱਸ ਲਗਦਿਆਂ) ਹਰੇਕ ਜੀਵ ਉੱਤੇ ਜ਼ੁਲਮ ਕਰਦੇ ਹਨ।

ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ ॥

ਨੀਲੇ ਰੰਗ ਦੇ ਕੱਪੜੇ ਪਾ ਕੇ (ਤੁਰਕ ਹਾਕਮਾਂ ਦੇ ਪਾਸ ਜਾਂਦੇ ਹਨ, ਤਾਂ ਹੀ) ਉਹਨਾਂ ਪਾਸ ਜਾਣ ਦੀ ਆਗਿਆ ਮਿਲਦੀ ਹੈ।

ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥

(ਜਿਨ੍ਹਾਂ ਨੂੰ) ਮਲੇਛ (ਆਖਦੇ ਹਨ, ਉਹਨਾਂ ਹੀ) ਪਾਸੋਂ ਰੋਜ਼ੀ ਲੈਂਦੇ ਹਨ, ਤੇ (ਫੇਰ ਭੀ) ਪੁਰਾਣ ਨੂੰ ਪੂਜਦੇ ਹਨ (ਭਾਵ, ਫੇਰ ਭੀ ਇਹੀ ਸਮਝਦੇ ਹਨ ਕਿ ਅਸੀਂ ਪੁਰਾਣ ਦੇ ਅਨੁਸਾਰ ਤੁਰ ਰਹੇ ਹਾਂ)।

ਅਭਾਖਿਆ ਕਾ ਕੁਠਾ ਬਕਰਾ ਖਾਣਾ ॥

(ਇੱਥੇ ਹੀ ਬੱਸ ਨਹੀਂ) ਖ਼ੁਰਾਕ ਇਹਨਾਂ ਦੀ ਉਹ ਬੱਕਰਾ ਹੈ ਜੋ ਕਲਮਾ ਪੜ੍ਹ ਕੇ ਹਲਾਲ ਕੀਤਾ ਹੋਇਆ ਹੈ (ਭਾਵ, ਜੋ ਮੁਸਲਮਾਨ ਦੇ ਹੱਥਾਂ ਦਾ ਤਿਆਰ ਕੀਤਾ ਹੋਇਆ ਹੈ)

ਚਉਕੇ ਉਪਰਿ ਕਿਸੈ ਨ ਜਾਣਾ ॥

(ਪਰ ਆਖਦੇ ਹਨ ਕਿ) ਸਾਡੇ ਚੌਕੇ ਉੱਤੇ ਕੋਈ ਹੋਰ ਮਨੁੱਖ ਨਾ ਆ ਚੜ੍ਹੇ।

ਦੇ ਕੈ ਚਉਕਾ ਕਢੀ ਕਾਰ ॥

ਚੌਕਾ ਬਣਾ ਕੇ (ਦੁਆਲੇ) ਲਕੀਰਾਂ ਕੱਢਦੇ ਹਨ,

ਉਪਰਿ ਆਇ ਬੈਠੇ ਕੂੜਿਆਰ ॥

(ਪਰ ਇਸ) ਚੌਕੇ ਵਿਚ ਉਹ ਮਨੁੱਖ ਆ ਬੈਠਦੇ ਹਨ ਜੋ ਆਪ ਝੂਠੇ ਹਨ।

ਮਤੁ ਭਿਟੈ ਵੇ ਮਤੁ ਭਿਟੈ ॥

(ਹੋਰਨਾਂ ਨੂੰ ਆਖਦੇ ਹਨ-ਸਾਡੇ ਚੌਕੇ ਦੇ ਨੇੜੇ ਨਾ ਆਉਣਾ) ਕਿਤੇ ਚੌਕਾ ਭਿੱਟਿਆ ਨਾਹ ਜਾਏ,

ਇਹੁ ਅੰਨੁ ਅਸਾਡਾ ਫਿਟੈ ॥

ਅਤੇ ਸਾਡਾ ਅੰਨ ਖ਼ਰਾਬ ਨਾਹ ਹੋ ਜਾਏ;

ਤਨਿ ਫਿਟੈ ਫੇੜ ਕਰੇਨਿ ॥

(ਪਰ ਆਪ ਇਹ ਲੋਕ) ਅਪਵਿੱਤਰ ਸਰੀਰ ਨਾਲ ਮੰਦੇ ਕੰਮ ਕਰਦੇ ਹਨ,

ਮਨਿ ਜੂਠੈ ਚੁਲੀ ਭਰੇਨਿ ॥

ਅਤੇ ਜੂਠੇ ਮਨ ਨਾਲ ਹੀ (ਭਾਵ, ਮਨ ਤਾਂ ਅੰਦਰੋਂ ਮਲੀਨ ਹੈ) ਚੁਲੀਆਂ ਕਰਦੇ ਹਨ।

ਕਹੁ ਨਾਨਕ ਸਚੁ ਧਿਆਈਐ ॥

ਨਾਨਕ ਆਖਦਾ ਹੈ, ਪ੍ਰਭੂ ਨੂੰ ਧਿਆਉਣਾ ਚਾਹੀਦਾ ਹੈ।