ਕੋਈ ਭੀ ਮਨੁੱਖ ਪਰਖ ਕੇ ਵੇਖ ਲਏ, ਕਿਸੇ ਅੰਞਾਣ ਨਾਲ ਲਾਈ ਹੋਈ ਮਿੱਤਰਤਾ ਕਦੇ ਸਿਰੇ ਨਹੀਂ ਚੜ੍ਹਦੀ,
ਕਿਉਂਕਿ ਉਸ ਅੰਞਾਣ ਦਾ ਰਵੱਈਆ ਉਹੋ ਜਿਹਾ ਹੀ ਰਹਿੰਦਾ ਹੈ ਜਿਹੋ ਜਹੀ ਉਸ ਦੀ ਸਮਝ ਹੁੰਦੀ ਹੈ; (ਇਸੇ ਤਰ੍ਹਾਂ ਇਸ ਮੂਰਖ ਮਨ ਦੇ ਆਖੇ ਲੱਗਿਆਂ ਕਦੇ ਲਾਭ ਨਹੀਂ ਹੁੰਦਾ, ਇਹ ਮਨ ਆਪਣੀ ਸਮਝ ਅਨੁਸਾਰ ਵਿਕਾਰਾਂ ਵਲ ਹੀ ਲਈ ਫਿਰਦਾ ਹੈ)।
ਕਿਸੇ ਇਕ ਚੀਜ਼ ਵਿਚ ਕੋਈ ਹੋਰ ਚੀਜ਼ ਤਾਂ ਹੀ ਪੈ ਸਕਦੀ ਹੈ, ਜੇ ਉਸ ਵਿਚੋਂ ਪਹਿਲੀ ਪਈ ਹੋਈ ਚੀਜ਼ ਕੱਢ ਲਈ ਜਾਏ; (ਇਸੇ ਤਰ੍ਹਾਂ ਇਸ ਮਨ ਨੂੰ ਪ੍ਰਭੂ ਵਲ ਜੋੜਨ ਲਈ ਇਹ ਜ਼ਰੂਰੀ ਹੈ ਕਿ ਇਸ ਦਾ ਪਹਿਲਾ ਸੁਭਾਉ ਤਬਦੀਲ ਕੀਤਾ ਜਾਏ)।
ਖਸਮ ਨਾਲ ਹੁਕਮ ਕੀਤਾ ਹੋਇਆ ਕਾਮਯਾਬ ਨਹੀਂ ਹੋ ਸਕਦਾ, ਉਸ ਦੇ ਅੱਗੇ ਤਾਂ ਨਿਮ੍ਰਤਾ ਹੀ ਫਬਦੀ ਹੈ।
ਹੇ ਨਾਨਕ! ਧੋਖੇ ਦਾ ਕੰਮ ਕੀਤਿਆਂ ਧੋਖਾ ਹੀ ਹੁੰਦਾ ਹੈ, (ਭਾਵ, ਜਿਤਨਾ ਚਿਰ ਮਨੁੱਖ ਦੁਨੀਆ ਦੇ ਧੰਦਿਆਂ ਵਿਚ ਲੱਗਾ ਰਹਿੰਦਾ ਹੈ, ਉਤਨਾ ਚਿਰ ਚਿੰਤਾ ਵਿਚ ਹੀ ਫਸਿਆ ਰਹਿੰਦਾ ਹੈ, ਮਨ) ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਹੀ ਖਿੜਾਉ ਵਿਚ ਆਉਂਦਾ ਹੈ ॥੩॥
ਅੰਞਾਣ ਨਾਲ ਮਿੱਤਰਤਾ, ਜਾਂ ਆਪਣੇ ਨਾਲੋਂ ਵੱਡੇ ਨਾਲ ਪਿਆਰ-
ਇਹ ਇਉਂ ਹਨ ਜਿਵੇਂ ਪਾਣੀ ਵਿਚ ਲੀਕ ਹੈ, ਉਸ ਲੀਕ ਦਾ ਕੋਈ ਨਿਸ਼ਾਨ ਨਹੀਂ ਰਹਿੰਦਾ ॥੪॥
ਜੇ ਕੋਈ ਅੰਞਾਣ ਹੋਵੇ ਤੇ ਉਹ ਕੋਈ ਕੰਮ ਕਰੇ, ਉਹ ਕੰਮ ਨੂੰ ਸਿਰੇ ਨਹੀਂ ਚਾੜ੍ਹ ਸਕਦਾ;
ਜੇ ਭਲਾ ਉਹ ਕਦੇ ਕੋਈ ਮਾੜਾ-ਮੋਟਾ ਇਕ ਕੰਮ ਕਰ ਭੀ ਲਵੇ, ਤਾਂ ਭੀ ਦੂਜੇ ਕੰਮ ਨੂੰ ਵਿਗਾੜ ਦਏਗਾ ॥੫॥
ਜੋ ਨੌਕਰ ਆਪਣੇ ਮਾਲਕ ਦੀ ਮਰਜ਼ੀ ਅਨੁਸਾਰ ਤੁਰੇ (ਤਾਂ ਹੀ ਸਮਝੋ, ਕਿ) ਉਹ ਮਾਲਕ ਦੀ ਨੌਕਰੀ ਕਰ ਰਿਹਾ ਹੈ,
ਉਸ ਨੂੰ ਇਕ ਤਾਂ ਬੜੀ ਇੱਜ਼ਤ ਮਿਲਦੀ ਹੈ, ਦੂਜੇ ਤਨਖ਼ਾਹ ਭੀ ਮਾਲਕ ਪਾਸੋਂ ਦੂਣੀ ਲੈਂਦਾ ਹੈ।
ਪਰ ਜੇ ਸੇਵਕ ਆਪਣੇ ਮਾਲਕ ਦੀ ਬਰਾਬਰੀ ਕਰਦਾ ਹੈ (ਭਾਵ, ਮਾਲਕ ਨਾਲ ਸਾਵਾਂ ਹੋਣ ਦਾ ਜਤਨ ਕਰਦਾ ਹੈ), ਉਹ ਮਨ ਵਿਚ ਸ਼ਰਮਿੰਦਗੀ ਹੀ ਉਠਾਂਦਾ ਹੈ,
ਆਪਣੀ ਪਹਿਲੀ ਤਨਖ਼ਾਹ ਭੀ ਗਵਾ ਬੈਠਦਾ ਹੈ ਤੇ ਸਦਾ ਮੂੰਹ ਤੇ ਜੁੱਤੀਆਂ ਖਾਂਦਾ ਹੈ।
ਜਿਸ ਮਾਲਕ ਦਾ ਦਿੱਤਾ ਖਾਈਏ, ਉਸ ਦੀ ਸਦਾ ਵਡਿਆਈ ਕਰਨੀ ਚਾਹੀਦੀ ਹੈ;
ਹੇ ਨਾਨਕ! ਮਾਲਕ ਉੱਤੇ ਹੁਕਮ ਨਹੀਂ ਕੀਤਾ ਜਾ ਸਕਦਾ, ਉਸ ਦੇ ਅੱਗੇ ਅਰਜ਼ ਕਰਨੀ ਹੀ ਫਬਦੀ ਹੈ ॥੨੨॥
ਗੁਰੂ ਦੇ ਦੱਸੇ ਰਸਤੇ ਤੁਰ ਕੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦੀ ਪ੍ਰੀਤਿ ਪੈਦਾ ਹੋ ਜਾਂਦੀ ਹੈ, ਬਚਾਣ ਦੀ ਸਮਰਥਾ ਵਾਲਾ ਪਰਮਾਤਮਾ (ਉਹਨਾਂ ਨੂੰ ਵਿਕਾਰਾਂ ਤੋਂ ਬਚਾ ਲੈਂਦਾ ਹੈ।)