ਸਲੋਕ ਮਹਲਾ ੯

(ਅੰਗ: 3)


ਭੈ ਨਾਸਨ ਦੁਰਮਤਿ ਹਰਨ ਕਲਿ ਮੈ ਹਰਿ ਕੋ ਨਾਮੁ ॥

ਇਸ ਕਲੇਸ਼ਾਂ-ਭਰੇ ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ) ਸਾਰੇ ਡਰ ਨਾਸ ਕਰਨ ਵਾਲਾ ਹੈ, ਖੋਟੀ ਮੱਤ ਦੂਰ ਕਰਨ ਵਾਲਾ ਹੈ।

ਨਿਸਿ ਦਿਨੁ ਜੋ ਨਾਨਕ ਭਜੈ ਸਫਲ ਹੋਹਿ ਤਿਹ ਕਾਮ ॥੨੦॥

ਹੇ ਨਾਨਕ! ਜਿਹੜਾ ਮਨੁੱਖ ਪ੍ਰਭੂ ਦਾ ਨਾਮ ਰਾਤ ਦਿਨ ਜਪਦਾ ਰਹਿੰਦਾ ਹੈ ਉਸ ਦੇ ਸਾਰੇ ਕੰਮ ਨੇਪਰੇ ਚੜ੍ਹ ਜਾਂਦੇ ਹਨ ॥੨੦॥

ਜਿਹਬਾ ਗੁਨ ਗੋਬਿੰਦ ਭਜਹੁ ਕਰਨ ਸੁਨਹੁ ਹਰਿ ਨਾਮੁ ॥

(ਆਪਣੀ) ਜੀਭ ਨਾਲ ਪਰਮਾਤਮਾ ਦੇ ਗੁਣਾਂ ਦਾ ਜਾਪ ਕਰਿਆ ਕਰੋ, (ਆਪਣੇ) ਕੰਨਾਂ ਨਾਲ ਪਰਮਾਤਮਾ ਦਾ ਨਾਮ ਸੁਣਿਆ ਕਰੋ।

ਕਹੁ ਨਾਨਕ ਸੁਨਿ ਰੇ ਮਨਾ ਪਰਹਿ ਨ ਜਮ ਕੈ ਧਾਮ ॥੨੧॥

ਨਾਨਕ ਆਖਦਾ ਹੈ- ਹੇ ਮਨ! (ਜਿਹੜੇ ਮਨੁੱਖ ਨਾਮ ਜਪਦੇ ਹਨ, ਉਹ) ਜਮਾਂ ਦੇ ਵੱਸ ਨਹੀਂ ਪੈਂਦੇ ॥੨੧॥

ਜੋ ਪ੍ਰਾਨੀ ਮਮਤਾ ਤਜੈ ਲੋਭ ਮੋਹ ਅਹੰਕਾਰ ॥

ਜਿਹੜਾ ਮਨੁੱਖ (ਆਪਣੇ ਅੰਦਰੋਂ ਮਾਇਆ ਦੀ) ਮਮਤਾ ਤਿਆਗਦਾ ਹੈ, ਲੋਭ ਮੋਹ ਅਤੇ ਅਹੰਕਾਰ ਦੂਰ ਕਰਦਾ ਹੈ,

ਕਹੁ ਨਾਨਕ ਆਪਨ ਤਰੈ ਅਉਰਨ ਲੇਤ ਉਧਾਰ ॥੨੨॥

ਨਾਨਕ ਆਖਦਾ ਹੈ- ਉਹ ਆਪ (ਭੀ ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ਅਤੇ ਹੋਰਨਾਂ ਨੂੰ ਭੀ (ਵਿਕਾਰਾਂ ਤੋਂ) ਬਚਾ ਲੈਂਦਾ ਹੈ ॥੨੨॥

ਜਿਉ ਸੁਪਨਾ ਅਰੁ ਪੇਖਨਾ ਐਸੇ ਜਗ ਕਉ ਜਾਨਿ ॥

ਜਿਵੇਂ (ਸੁੱਤੇ ਪਿਆਂ) ਸੁਪਨਾ (ਆਉਂਦਾ ਹੈ) ਅਤੇ (ਉਸ ਸੁਪਨੇ ਵਿਚ ਕਈ ਪਦਾਰਥ) ਵੇਖੀਦੇ ਹਨ, ਤਿਵੇਂ ਇਸ ਜਗਤ ਨੂੰ ਸਮਝ ਲੈ।

ਇਨ ਮੈ ਕਛੁ ਸਾਚੋ ਨਹੀ ਨਾਨਕ ਬਿਨੁ ਭਗਵਾਨ ॥੨੩॥

ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ (ਜਗਤ ਵਿਚ ਦਿੱਸ ਰਹੇ) ਇਹਨਾਂ (ਪਦਾਰਥਾਂ) ਵਿਚ ਕੋਈ ਭੀ ਪਦਾਰਥ ਸਦਾ ਸਾਥ ਨਿਬਾਹੁਣ ਵਾਲਾ ਨਹੀਂ ਹੈ ॥੨੩॥

ਨਿਸਿ ਦਿਨੁ ਮਾਇਆ ਕਾਰਨੇ ਪ੍ਰਾਨੀ ਡੋਲਤ ਨੀਤ ॥

(ਹੇ ਭਾਈ!) ਮਾਇਆ (ਇਕੱਠੀ ਕਰਨ) ਦੀ ਖ਼ਾਤਰ ਮਨੁੱਖ ਸਦਾ ਰਾਤ ਦਿਨ ਭਟਕਦਾ ਫਿਰਦਾ ਹੈ।

ਕੋਟਨ ਮੈ ਨਾਨਕ ਕੋਊ ਨਾਰਾਇਨੁ ਜਿਹ ਚੀਤਿ ॥੨੪॥

ਹੇ ਨਾਨਕ! ਕ੍ਰੋੜਾਂ (ਬੰਦਿਆਂ) ਵਿਚ ਕੋਈ ਵਿਰਲਾ (ਅਜਿਹਾ ਹੁੰਦਾ) ਹੈ, ਜਿਸ ਦੇ ਮਨ ਵਿਚ ਪਰਮਾਤਮਾ ਦੀ ਯਾਦ ਟਿਕੀ ਹੁੰਦੀ ਹੈ ॥੨੪॥

ਜੈਸੇ ਜਲ ਤੇ ਬੁਦਬੁਦਾ ਉਪਜੈ ਬਿਨਸੈ ਨੀਤ ॥

ਜਿਵੇਂ ਪਾਣੀ ਤੋਂ ਬੁਲਬੁਲਾ ਸਦਾ ਪੈਦਾ ਹੁੰਦਾ ਅਤੇ ਨਾਸ ਹੁੰਦਾ ਰਹਿੰਦਾ ਹੈ,

ਜਗ ਰਚਨਾ ਤੈਸੇ ਰਚੀ ਕਹੁ ਨਾਨਕ ਸੁਨਿ ਮੀਤ ॥੨੫॥

ਨਾਨਕ ਆਖਦਾ ਹੈ- ਹੇ ਮਿੱਤਰ! ਸੁਣ, ਤਿਵੇਂ ਹੀ (ਪਰਮਾਤਮਾ ਨੇ) ਜਗਤ ਦੀ (ਇਹ) ਖੇਡ ਬਣਾਈ ਹੋਈ ਹੈ ॥੨੫॥

ਪ੍ਰਾਨੀ ਕਛੂ ਨ ਚੇਤਈ ਮਦਿ ਮਾਇਆ ਕੈ ਅੰਧੁ ॥

ਪਰ ਮਾਇਆ ਦੇ ਨਸ਼ੇ ਵਿਚ (ਆਤਮਕ ਜੀਵਨ ਵਲੋਂ) ਅੰਨ੍ਹਾ ਹੋਇਆ ਮਨੁੱਖ (ਆਤਮਕ ਜੀਵਨ ਬਾਰੇ) ਕੁਝ ਭੀ ਨਹੀਂ ਸੋਚਦਾ।

ਕਹੁ ਨਾਨਕ ਬਿਨੁ ਹਰਿ ਭਜਨ ਪਰਤ ਤਾਹਿ ਜਮ ਫੰਧ ॥੨੬॥

ਨਾਨਕ ਆਖਦਾ ਹੈ- ਪਰਮਾਤਮਾ ਦੇ ਭਜਨ ਤੋਂ ਬਿਨਾ (ਅਜਿਹੇ ਮਨੁੱਖ ਨੂੰ) ਜਮਾਂ ਦੀਆਂ ਫਾਹੀਆਂ ਪਈਆਂ ਰਹਿੰਦੀਆਂ ਹਨ ॥੨੬॥

ਜਉ ਸੁਖ ਕਉ ਚਾਹੈ ਸਦਾ ਸਰਨਿ ਰਾਮ ਕੀ ਲੇਹ ॥

ਜੇ (ਮਨੁੱਖ) ਆਤਮਕ ਆਨੰਦ (ਹਾਸਲ ਕਰਨਾ) ਚਾਹੁੰਦਾ ਹੈ, ਤਾਂ (ਉਸ ਨੂੰ ਚਾਹੀਦਾ ਹੈ ਕਿ) ਪਰਮਾਤਮਾ ਦੀ ਸਰਨ ਪਿਆ ਰਹੇ।

ਕਹੁ ਨਾਨਕ ਸੁਨਿ ਰੇ ਮਨਾ ਦੁਰਲਭ ਮਾਨੁਖ ਦੇਹ ॥੨੭॥

ਨਾਨਕ ਆਖਦਾ ਹੈ- ਹੇ ਮਨ! ਸੁਣ, ਇਹ ਮਨੁੱਖਾ ਸਰੀਰ ਬੜੀ ਮੁਸ਼ਕਿਲ ਨਾਲ ਮਿਲਦਾ ਹੈ (ਇਸ ਨੂੰ ਮਾਇਆ ਦੀ ਖ਼ਾਤਰ ਭਟਕਣਾ ਵਿਚ ਹੀ ਨਹੀਂ ਰੋਲ ਦੇਣਾ ਚਾਹੀਦਾ) ॥੨੭॥

ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ ॥

ਮੂਰਖ ਬੇ-ਸਮਝ ਬੰਦੇ (ਨਿਰੀ) ਮਾਇਆ (ਇਕੱਠੀ ਕਰਨ) ਵਾਸਤੇ ਭਟਕਦੇ ਰਹਿੰਦੇ ਹਨ,

ਕਹੁ ਨਾਨਕ ਬਿਨੁ ਹਰਿ ਭਜਨ ਬਿਰਥਾ ਜਨਮੁ ਸਿਰਾਨ ॥੨੮॥

ਨਾਨਕ ਆਖਦਾ ਹੈ- ਪਰਮਾਤਮਾ ਦੇ ਭਜਨ ਤੋਂ ਬਿਨਾ (ਉਹਨਾਂ ਦਾ ਇਹ ਮਨੁੱਖਾ) ਜਨਮ ਅਜਾਈਂ ਬੀਤ ਜਾਂਦਾ ਹੈ ॥੨੮॥

ਜੋ ਪ੍ਰਾਨੀ ਨਿਸਿ ਦਿਨੁ ਭਜੈ ਰੂਪ ਰਾਮ ਤਿਹ ਜਾਨੁ ॥

ਜਿਹੜਾ ਮਨੁੱਖ ਰਾਤ ਦਿਨ (ਹਰ ਵੇਲੇ ਪਰਮਾਤਮਾ ਦਾ ਨਾਮ) ਜਪਦਾ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦਾ ਰੂਪ ਸਮਝੋ।

ਹਰਿ ਜਨ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੨੯॥

ਹੇ ਨਾਨਕ! ਇਹ ਗੱਲ ਸੱਚੀ ਮੰਨੋ ਕਿ ਪਰਮਾਤਮਾ ਦੇ ਭਗਤ ਅਤੇ ਪਰਮਾਤਮਾ ਵਿਚ ਕੋਈ ਫ਼ਰਕ ਨਹੀਂ ਹੈ ॥੨੯॥