ਸ਼ਬਦ ਹਜ਼ਾਰੇ

(ਅੰਗ: 4)


ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥

ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ,

ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥

ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ।

ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥

ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ ॥੩॥

ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥

ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ।

ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥

(ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ।

ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥

ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ।

ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥

ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ,

ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥

ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ ॥੪॥੨॥੪॥

ਸੂਹੀ ਮਹਲਾ ੧ ॥

ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥

ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ), ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ।

ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥

ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ॥੧॥

ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥

ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ)।

ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥

ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ, ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ॥੧॥ ਰਹਾਉ ॥

ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥

ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ,

ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥

(ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ, ਪਰ) ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ। (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ ॥੨॥

ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥

(ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ, ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ।

ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥

ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ ॥੩॥

ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥

ਜੋ (ਮਨ ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ, ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ

ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥

ਨਾਨਕ ਦੀ ਸੰਗਤਿ ਸਦਾ ਉਸ ਮਨ ਨਾਲ ਹੈ, ਜਿਸ ਕਰ ਕੇ ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ ॥੪॥੨॥੯॥

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।