ਬਾਰਹ ਮਾਹਾ

(ਅੰਗ: 1)


ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ॥

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥

ਹੇ ਪ੍ਰਭੂ! ਅਸੀਂ ਆਪਣੇ ਕਰਮਾਂ ਦੀ ਕਮਾਈ ਅਨੁਸਾਰ (ਤੈਥੋਂ) ਵਿੱਛੁੜੇ ਹੋਏ ਹਾਂ (ਤੈਨੂੰ ਵਿਸਾਰੀ ਬੈਠੇ ਹਾਂ), ਮਿਹਰ ਕਰ ਕੇ ਸਾਨੂੰ ਆਪਣੇ ਨਾਲ ਮਿਲਾਵੋ।

ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥

(ਮਾਇਆ ਦੇ ਮੋਹ ਵਿਚ ਫਸ ਕੇ) ਚੁਫੇਰੇ ਹਰ ਪਾਸੇ (ਸੁਖਾਂ ਦੀ ਖ਼ਾਤਰ) ਭਟਕਦੇ ਰਹੇ ਹਾਂ, ਹੁਣ, ਹੇ ਪ੍ਰਭੂ! ਥੱਕ ਕੇ ਤੇਰੀ ਸਰਨ ਆਏ ਹਾਂ।

ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥

(ਜਿਵੇਂ) ਦੁੱਧ ਤੋਂ ਸੱਖਣੀ ਗਾਂ ਕਿਸੇ ਕੰਮ ਨਹੀਂ ਆਉਂਦੀ,

ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥

(ਜਿਵੇਂ) ਪਾਣੀ ਤੋਂ ਬਿਨਾ ਖੇਤੀ ਸੁੱਕ ਜਾਂਦੀ ਹੈ (ਫ਼ਸਲ ਨਹੀਂ ਪੱਕਦੀ, ਤੇ ਉਸ ਖੇਤੀ ਵਿਚੋਂ) ਧਨ ਦੀ ਕਮਾਈ ਨਹੀਂ ਹੋ ਸਕਦੀ, (ਤਿਵੇਂ ਪ੍ਰਭੂ ਦੇ ਨਾਮ ਤੋਂ ਬਿਨਾ ਸਾਡਾ ਜੀਵਨ ਵਿਅਰਥ ਚਲਾ ਜਾਂਦਾ ਹੈ)।

ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥

ਸੱਜਣ ਖਸਮ-ਪ੍ਰਭੂ ਨੂੰ ਮਿਲਣ ਤੋਂ ਬਿਨਾ ਕਿਸੇ ਹੋਰ ਥਾਂ ਸੁਖ ਭੀ ਨਹੀਂ ਮਿਲਦਾ।

ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥

(ਸੁਖ ਮਿਲੇ ਭੀ ਕਿਵੇਂ?) ਜਿਸ ਹਿਰਦੇ-ਘਰ ਵਿਚ ਪਤੀ ਪ੍ਰਭੂ ਨਾ ਆ ਵੱਸੇ, ਉਸ ਦੇ ਭਾ ਦੇ (ਵੱਸਦੇ) ਪਿੰਡ ਤੇ ਸ਼ਹਰ ਤੱਪਦੀ ਭੱਠੀ ਵਰਗੇ ਹੁੰਦੇ ਹਨ।

ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥

(ਇਸਤ੍ਰੀ ਨੂੰ ਪਤੀ ਤੋਂ ਬਿਨਾ) ਸਰੀਰ ਦੇ ਸਾਰੇ ਸ਼ਿੰਗਾਰ ਪਾਨਾਂ ਦੇ ਬੀੜੇ ਤੇ ਹੋਰ ਰਸ (ਆਪਣੇ) ਸਰੀਰ ਸਮੇਤ ਹੀ ਵਿਅਰਥ ਦਿੱਸਦੇ ਹਨ,

ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥

(ਤਿਵੇਂ) ਮਾਲਕ ਖਸਮ-ਪ੍ਰਭੂ (ਦੀ ਯਾਦ) ਤੋਂ ਬਿਨਾ ਸਾਰੇ ਸੱਜਣ ਮਿਤ੍ਰ ਜਿੰਦ ਦੇ ਵੈਰੀ ਹੋ ਢੁਕਦੇ ਹਨ।

ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥

(ਤਾਹੀਏਂ) ਨਾਨਕ ਦੀ ਬੇਨਤੀ ਹੈ ਕਿ (ਹੇ ਪ੍ਰਭੂ!) ਕਿਰਪਾ ਕਰ ਕੇ ਆਪਣੇ ਨਾਮ ਦੀ ਦਾਤ ਬਖ਼ਸ਼।

ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥

ਹੇ ਹਰੀ! ਆਪਣੇ ਚਰਨਾਂ ਵਿਚ (ਮੈਨੂੰ) ਜੋੜੀ ਰੱਖ, (ਹੋਰ ਸਾਰੇ ਆਸਰੇ-ਪਰਨੇ ਨਾਸਵੰਤ ਹਨ) ਇਕ ਤੇਰਾ ਘਰ ਸਦਾ ਅਟੱਲ ਰਹਿਣ ਵਾਲਾ ਹੈ ॥੧॥

ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥

ਚੇਤ ਵਿਚ (ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਆਨੰਦ ਦੇਂਦੀ ਹੈ, ਜੇ) ਪਰਮਾਤਮਾ ਨੂੰ ਸਿਮਰੀਏ (ਤਾਂ ਸਿਮਰਨ ਦੀ ਬਰਕਤਿ ਨਾਲ) ਬਹੁਤ ਆਤਮਕ ਆਨੰਦ ਹੋ ਸਕਦਾ ਹੈ।

ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥

ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ।

ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥

ਉਸੇ ਬੰਦੇ ਨੂੰ ਜਗਤ ਵਿਚ ਜੰਮਿਆ ਜਾਣੋ (ਉਸੇ ਦਾ ਜਨਮ ਸਫਲਾ ਸਮਝੋ) ਜਿਸ ਨੇ (ਸਿਮਰਨ ਦੀ ਸਹਾਇਤਾ ਨਾਲ) ਆਪਣੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ।

ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥

(ਕਿਉਂਕਿ) ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਖਿਨ ਮਾਤ੍ਰ ਸਮਾ ਗੁਜ਼ਾਰਿਆਂ ਭੀ ਜ਼ਿੰਦਗੀ ਵਿਅਰਥ ਬੀਤਦੀ ਜਾਣੋ।

ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥

ਜੇਹੜਾ ਪ੍ਰਭੂ ਪਾਣੀ ਵਿਚ ਧਰਤੀ ਵਿਚ ਅਕਾਸ਼ ਵਿਚ ਜੰਗਲਾਂ ਵਿਚ ਹਰ ਥਾਂ ਵਿਅਪਕ ਹੈ,

ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥

ਜੇ ਐਸਾ ਪ੍ਰਭੂ ਕਿਸੇ ਮਨੁੱਖ ਦੇ ਹਿਰਦੇ ਵਿਚ ਨਾਹ ਵੱਸੇ, ਤਾਂ ਉਸ ਮਨੁੱਖ ਦਾ (ਮਾਨਸਕ) ਦੁੱਖ ਬਿਆਨ ਨਹੀਂ ਹੋ ਸਕਦਾ।

ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥

(ਪਰ) ਜਿਨ੍ਹਾਂ ਬੰਦਿਆਂ ਨੇ ਉਸ (ਸਰਬ ਵਿਆਪਕ) ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਉਹਨਾਂ ਦਾ ਬੜਾ ਭਾਗ ਜਾਗ ਪੈਂਦਾ ਹੈ।

ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥

ਨਾਨਕ ਦਾ ਮਨ (ਭੀ ਹਰੀ ਦੇ ਦੀਦਾਰ ਨੂੰ ਤਾਂਘਦਾ ਹੈ, ਨਾਨਕ ਦੇ ਮਨ ਵਿਚ ਹਰੀ-ਦਰਸਨ ਦੀ ਪਿਆਸ ਹੈ।