ਜਮਦੂਤ (ਜਿੰਦ ਨੂੰ) ਫੜ ਕੇ ਅੱਗੇ ਲਾ ਲੈਂਦੇ ਹਨ, ਕਿਸੇ ਨੂੰ (ਇਹ) ਭੇਤ ਨਹੀਂ ਦੱਸਦੇ (ਕਿ ਕਿੱਥੇ ਲੈ ਚੱਲੇ ਹਾਂ)।
(ਜਿਨ੍ਹਾਂ ਸੰਬੰਧੀਆਂ ਨਾਲ (ਸਾਰੀ ਉਮਰ ਬੜਾ) ਪਿਆਰ ਬਣਿਆ ਰਹਿੰਦਾ ਹੈ ਉਹ ਪਲ ਵਿਚ ਹੀ ਸਾਥ ਛੱਡ ਬੈਠਦੇ ਹਨ।
(ਮੌਤ ਆਈ ਵੇਖ ਕੇ ਮਨੁੱਖ) ਬੜਾ ਪਛੁਤਾਂਦਾ ਹੈ, ਉਸ ਦਾ ਸਰੀਰ ਔਖਾ ਹੁੰਦਾ ਹੈ, ਉਹ ਕਾਲੇ ਤੋਂ ਚਿੱਟਾ ਪਿਆ ਹੁੰਦਾ ਹੈ (ਘਬਰਾਹਟ ਨਾਲ ਇਕ ਰੰਗ ਆਉਂਦਾ ਹੈ ਇਕ ਜਾਂਦਾ ਹੈ)।
ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ)।
ਹੇ ਨਾਨਕ! ਜਿਨ੍ਹਾਂ ਦਾ ਰਾਖਾ ਤੇ ਹਿਤੂ ਗੁਰੂ ਬਣਦਾ ਹੈ, ਗੁਰੂ ਉਹਨਾਂ ਨੂੰ ਪ੍ਰਭੂ ਦੇ ਚਰਨ-ਰੂਪ ਜਹਾਜ਼ (ਵਿਚ ਚੜ੍ਹਾ) ਦੇਂਦਾ ਹੈ
ਉਹ ਨਰਕ ਵਿਚ ਨਹੀਂ ਪਾਏ ਜਾਂਦੇ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹ ਪ੍ਰਭੂ ਦੀ ਸਰਨ ਵਿਚ ਆ ਜਾਂਦੇ ਹਨ ॥੭॥
ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ।
ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ।
(ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ।
(ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ।
ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ,
ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ-ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ।
ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ,
(ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ।
ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ। ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ ॥੮॥
ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ।
ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ।
ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ।
ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ,
(ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ।