ਬਾਰਹ ਮਾਹਾ

(ਅੰਗ: 5)


ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥

(ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ।

ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥

(ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ।

ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥

(ਨਾਨਕ ਦੀ ਤਾਂ ਇਹੀ ਬੇਨਤੀ ਹੈ-) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ।

ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥

ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤਿ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ ॥੯॥

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥

ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ।

ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥

ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ।

ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥

ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ।

ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥

ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ।

ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥

ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ।

ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥

ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ (ਵਿਕਾਰਾਂ ਦੇ ਹੱਲੇ ਵਲੋਂ) ਸਦਾ ਸੁਚੇਤ ਦਿੱਸਦੀਆਂ ਹਨ (ਵਿਕਾਰ ਉਹਨਾਂ ਉਤੇ ਚੋਟ ਨਹੀਂ ਕਰ ਸਕਦੇ, ਕਿਉਂਕਿ)

ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥

ਪਰਮਾਤਮਾ ਦੇ ਗੁਣਾਨੁਵਾਦ ਉਹਨਾਂ ਦੇ ਹਿਰਦੇ ਵਿਚ ਪ੍ਰੋਤੇ ਰਹਿੰਦੇ ਹਨ, ਜਿਵੇਂ ਹੀਰੇ ਜਵਾਹਰ ਤੇ ਲਾਲਾਂ ਦਾ ਗਲ ਵਿਚ ਪਾਇਆ ਹੁੰਦਾ ਹੈ।

ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥

ਨਾਨਕ ਉਹਨਾਂ ਸਤਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜੋ ਪ੍ਰਭੂ ਦੇ ਦਰ ਤੇ ਪਏ ਰਹਿੰਦੇ ਹਨ ਜੋ ਪ੍ਰਭੂ ਦੀ ਸਰਨ ਵਿਚ ਰਹਿੰਦੇ ਹਨ।

ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥

ਮੱਘਰ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮੁੜ ਜਨਮ ਮਰਨ ਦਾ ਗੇੜ ਨਹੀਂ ਵਾਪਰਦਾ ॥੧੦॥

ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥

ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ,

ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥

(ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ।

ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥

ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ,

ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥

ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ ਚੁੱਭੀ ਲਾਈ ਹੈ।

ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥

ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ।

ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥

ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿੱਛੁੜਦੀ ਨਹੀਂ।

ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥

(ਪਰ) ਉਹ ਸੱਜਣ ਪ੍ਰਭੂ ਬੜਾ ਅਪਹੁੰਚ ਹੈ, ਬੜਾ ਡੂੰਘਾ ਹੈ, ਮੈਂ ਉਸ ਤੋਂ ਲਖ ਵਾਰੀ ਕੁਰਬਾਨ ਹਾਂ।