ਲਾਵਾਂ (ਅਨੰਦ ਕਾਰਜ)

(ਅੰਗ: 1)


ਸੂਹੀ ਮਹਲਾ ੪ ॥

ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥

ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮਿਹਰ ਨਾਲ ਗੁਰੂ ਨੇ ਸਿੱਖ ਨੂੰ) ਹਰਿ-ਨਾਮ ਜਪਣ ਦੇ ਆਹਰ ਵਿਚ ਰੁੱਝਣ ਦਾ ਕੰਮ ਨਿਸ਼ਚੇ ਕਰਾਇਆ ਹੈ (ਤਾਕੀਦ ਕੀਤੀ ਹੈ)। ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਪਹਿਲੀ ਸੋਹਣੀ ਲਾਂਵ।

ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥

ਹੇ ਭਾਈ! ਗੁਰੂ ਦੀ ਬਾਣੀ ਹੀ (ਸਿੱਖ ਵਾਸਤੇ) ਬ੍ਰਹਮਾ ਦਾ ਵੇਦ ਹੈ। ਇਸ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਨ ਦਾ) ਧਰਮ (ਆਪਣੇ ਹਿਰਦੇ ਵਿਚ) ਪੱਕਾ ਕਰੋ (ਨਾਮ ਸਿਮਰਿਆਂ ਸਾਰੇ) ਪਾਪ ਦੂਰ ਹੋ ਜਾਂਦੇ ਹਨ।

ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦੇ ਰਹੋ, (ਮਨੁੱਖਾ ਜੀਵਨ ਦਾ ਇਹ) ਧਰਮ (ਆਪਣੇ ਅੰਦਰ) ਪੱਕਾ ਕਰ ਲਵੋ। ਗੁਰੂ ਨੇ ਜੋ ਨਾਮ ਸਿਮਰਨ ਦੀ ਤਾਕੀਦ ਕੀਤੀ ਹੈ, ਇਹੀ ਸਿੱਖ ਵਾਸਤੇ ਸਿਮ੍ਰਿਤਿ (ਦਾ ਉਪਦੇਸ਼) ਹੈ।

ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥

ਹੇ ਭਾਈ! ਪੂਰੇ ਗੁਰੂ (ਦੇ ਇਸ ਉਪਦੇਸ਼ ਨੂੰ) ਹਰ ਵੇਲੇ ਚੇਤੇ ਰੱਖੋ, ਸਾਰੇ ਪਾਪ ਵਿਕਾਰ (ਇਸ ਦੀ ਬਰਕਤਿ ਨਾਲ) ਦੂਰ ਹੋ ਜਾਂਦੇ ਹਨ।

ਸਹਜ ਅਨੰਦੁ ਹੋਆ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ ॥

ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਵੱਡੇ ਭਾਗਾਂ ਵਾਲੇ ਨੂੰ ਆਤਮਕ ਅਡੋਲਤਾ ਦਾ ਸੁਖ ਮਿਲਿਆ ਰਹਿੰਦਾ ਹੈ।

ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥੧॥

ਦਾਸ ਨਾਨਕ ਆਖਦਾ ਹੈ-ਪਰਮਾਤਮਾ ਦਾ ਨਾਮ ਜਪਣਾ ਹੀ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਪਹਿਲੀ ਲਾਂਵ ਹੈ। ਹਰਿ-ਨਾਮ ਸਿਮਰਨ ਤੋਂ ਹੀ (ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ) ਵਿਆਹ (ਦਾ) ਮੁੱਢ ਬੱਝਦਾ ਹੈ ॥੧॥

ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ ਮਿਲਾਇਆ ਬਲਿ ਰਾਮ ਜੀਉ ॥

ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਦੂਜੀ ਸੋਹਣੀ ਲਾਂਵ- (ਜੋ ਤੂੰ ਮਿਹਰ ਕਰ ਕੇ ਜਿਸ ਜੀਵ-ਇਸਤ੍ਰੀ ਨੂੰ) ਗੁਰੂ ਮਹਾ ਪੁਰਖ ਮਿਲਾ ਦੇਂਦਾ ਹੈਂ,

ਨਿਰਭਉ ਭੈ ਮਨੁ ਹੋਇ ਹਉਮੈ ਮੈਲੁ ਗਵਾਇਆ ਬਲਿ ਰਾਮ ਜੀਉ ॥

(ਉਸ ਦਾ) ਮਨ (ਦੁਨੀਆ ਦੇ) ਸਾਰੇ ਡਰਾਂ ਵਲੋਂ ਨਿਡਰ ਹੋ ਜਾਂਦਾ ਹੈ, (ਗੁਰੂ ਉਸ ਦੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਦੇਂਦਾ ਹੈ।

ਨਿਰਮਲੁ ਭਉ ਪਾਇਆ ਹਰਿ ਗੁਣ ਗਾਇਆ ਹਰਿ ਵੇਖੈ ਰਾਮੁ ਹਦੂਰੇ ॥

ਹੇ ਭਾਈ! (ਜੇਹੜੀ ਜੀਵ-ਇਸਤ੍ਰੀ ਹਉਮੈ ਦੂਰ ਕਰ ਕੇ) ਪਰਮਾਤਮਾ ਦੇ ਗੁਣ ਗਾਂਦੀ ਹੈ, ਉਸ ਦੇ ਅੰਦਰ (ਪ੍ਰਭੂ-ਪਤੀ ਵਾਸਤੇ) ਆਦਰ-ਸਤਕਾਰ ਪੈਦਾ ਹੋ ਜਾਂਦਾ ਹੈ, ਉਹ ਪਰਮਾਤਮਾ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਦੀ ਹੈ।

ਹਰਿ ਆਤਮ ਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੇ ॥

(ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ ਇਹ ਜਗਤ-ਖਿਲਾਰਾ) ਪ੍ਰਭੂ ਆਪਣੇ ਆਪੇ ਦਾ ਪਸਾਰਾ ਪਸਾਰ ਰਿਹਾ ਹੈ, ਅਤੇ ਉਹ ਮਾਲਕ-ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੋ ਰਿਹਾ ਹੈ।

ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਮਿਲਿ ਹਰਿ ਜਨ ਮੰਗਲ ਗਾਏ ॥

(ਉਸ ਜੀਵ-ਇਸਤ੍ਰੀ ਨੂੰ ਆਪਣੇ) ਅੰਦਰ ਅਤੇ ਬਾਹਰ (ਸਾਰੇ ਜਗਤ ਵਿਚ) ਸਿਰਫ਼ ਪਰਮਾਤਮਾ ਹੀ (ਵੱਸਦਾ ਦਿੱਸਦਾ ਹੈ), ਸਾਧ ਸੰਗਤਿ ਵਿਚ ਮਿਲ ਕੇ ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੀ ਰਹਿੰਦੀ ਹੈ।

ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ ॥੨॥

ਹੇ ਦਾਸ ਨਾਨਕ! (ਆਖ-ਗੁਰੂ ਦੀ ਸਰਨ ਪੈ ਕੇ, ਹਉਮੈ ਦੂਰ ਕਰਕੇ ਪ੍ਰਭੂ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਅਤੇ ਉਸ ਨੂੰ ਸਰਬ-ਵਿਆਪਕ ਵੇਖਣਾ-ਪ੍ਰਭੂ ਨੇ ਇਹ) ਦੂਜੀ ਲਾਂਵ (ਜੀਵ-ਇਸਤ੍ਰੀ ਦੇ ਵਿਆਹ ਦੀ) ਤੋਰ ਦਿੱਤੀ ਹੈ, (ਇਸ ਆਤਮਕ ਅਵਸਥਾ ਤੇ ਪਹੁੰਚੀ ਜੀਵ-ਇਸਤ੍ਰੀ ਦੇ ਅੰਦਰ ਪ੍ਰਭੂ) ਸਿਫ਼ਤਿ-ਸਾਲਾਹ ਦੀ ਬਾਣੀ ਦੇ, ਮਾਨੋ, ਇਕ-ਰਸ ਵਾਜੇ ਵਜਾ ਦੇਂਦਾ ਹੈ ॥੨॥

ਹਰਿ ਤੀਜੜੀ ਲਾਵ ਮਨਿ ਚਾਉ ਭਇਆ ਬੈਰਾਗੀਆ ਬਲਿ ਰਾਮ ਜੀਉ ॥

ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮਿਹਰ ਨਾਲ) ਵੈਰਾਗਵਾਨਾਂ ਦੇ ਮਨ ਵਿਚ (ਤੇਰੇ ਮਿਲਾਪ ਲਈ) ਤਾਂਘ ਪੈਦਾ ਹੁੰਦੀ ਹੈ, (ਇਹ ਆਤਮਕ ਅਵਸਥਾ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ) ਤੀਜੀ ਸੋਹਣੀ ਲਾਂਵ ਹੈ।

ਸੰਤ ਜਨਾ ਹਰਿ ਮੇਲੁ ਹਰਿ ਪਾਇਆ ਵਡਭਾਗੀਆ ਬਲਿ ਰਾਮ ਜੀਉ ॥

ਹੇ ਭਾਈ! ਜਿਨ੍ਹਾਂ ਵੱਡੇ ਭਾਗਾਂ ਵਾਲੇ ਮਨੁੱਖਾਂ ਨੂੰ ਸੰਤ ਜਨਾਂ ਦਾ ਮਿਲਾਪ ਹਾਸਲ ਹੁੰਦਾ ਹੈ, ਉਹਨਾਂ ਨੂੰ ਪਰਮਾਤਮਾ ਦਾ ਮੇਲ ਪ੍ਰਾਪਤ ਹੁੰਦਾ ਹੈ।

ਨਿਰਮਲੁ ਹਰਿ ਪਾਇਆ ਹਰਿ ਗੁਣ ਗਾਇਆ ਮੁਖਿ ਬੋਲੀ ਹਰਿ ਬਾਣੀ ॥

(ਉਹ ਮਨੁੱਖ ਜੀਵਨ ਨੂੰ) ਪਵਿੱਤਰ ਕਰਨ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰਦੇ ਹਨ, ਸਦਾ ਪ੍ਰਭੂ ਦੇ ਗੁਣ ਗਾਂਦੇ ਹਨ, ਅਤੇ ਮੂੰਹ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਹਨ।

ਸੰਤ ਜਨਾ ਵਡਭਾਗੀ ਪਾਇਆ ਹਰਿ ਕਥੀਐ ਅਕਥ ਕਹਾਣੀ ॥

ਉਹ ਵਡ-ਭਾਗੀ ਮਨੁੱਖ ਸੰਤ ਜਨਾਂ ਦੀ ਸੰਗਤਿ ਵਿਚ ਪ੍ਰਭੂ-ਮਿਲਾਪ ਪ੍ਰਾਪਤ ਕਰਦੇ ਹਨ। ਹੇ ਭਾਈ! ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਹਿਣਾ ਚਾਹੀਦਾ ਹੈ।

ਹਿਰਦੈ ਹਰਿ ਹਰਿ ਹਰਿ ਧੁਨਿ ਉਪਜੀ ਹਰਿ ਜਪੀਐ ਮਸਤਕਿ ਭਾਗੁ ਜੀਉ ॥

(ਜਿਹੜਾ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ, ਉਸ ਦੇ) ਹਿਰਦੇ ਵਿਚ ਸਦਾ ਟਿਕੀ ਰਹਿਣ ਵਾਲੀ ਪ੍ਰਭੂ-ਪ੍ਰੇਮ ਦੀ ਰੌ ਚੱਲ ਪੈਂਦੀ ਹੈ। ਪਰ, ਹੇ ਭਾਈ! ਪਰਮਾਤਮਾ ਦਾ ਨਾਮ (ਤਦੋਂ ਹੀ) ਜਪਿਆ ਜਾ ਸਕਦਾ ਹੈ, ਜੇ ਮੱਥੇ ਉੱਤੇ ਚੰਗਾ ਭਾਗ ਜਾਗ ਪਏ।

ਜਨੁ ਨਾਨਕੁ ਬੋਲੇ ਤੀਜੀ ਲਾਵੈ ਹਰਿ ਉਪਜੈ ਮਨਿ ਬੈਰਾਗੁ ਜੀਉ ॥੩॥

ਹੇ ਭਾਈ! ਦਾਸ ਨਾਨਕ ਆਖਦਾ ਹੈ (ਕਿ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ) ਤੀਜੀ ਲਾਂਵ ਸਮੇ (ਜੀਵ-ਇਸਤ੍ਰੀ ਦੇ) ਮਨ ਵਿਚ ਪ੍ਰਭੂ (-ਮਿਲਾਪ ਦੀ) ਤੀਬਰ ਤਾਂਘ ਪੈਦਾ ਹੋ ਜਾਂਦੀ ਹੈ ॥੩॥

ਹਰਿ ਚਉਥੜੀ ਲਾਵ ਮਨਿ ਸਹਜੁ ਭਇਆ ਹਰਿ ਪਾਇਆ ਬਲਿ ਰਾਮ ਜੀਉ ॥

ਹੇ ਸੋਹਣੇ ਰਾਮ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮੇਹਰ ਨਾਲ ਜਿਸ ਜੀਵ-ਇਸਤ੍ਰੀ ਦੇ) ਮਨ ਵਿਚ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ ਨੂੰ ਤੇਰਾ ਮਿਲਾਪ ਹੋ ਜਾਂਦਾ ਹੈ। (ਇਹ ਆਤਮਕ ਅਵਸਥਾ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਮਿਲਾਪ ਦੀ) ਚੌਥੀ ਸੋਹਣੀ ਲਾਂਵ ਹੈ।