ਨਾਨਕ ਆਖਦਾ ਹੈ ਕਿ ਜਿਨ੍ਹਾਂ ਨੇ ਪਰਮਾਤਮਾ ਦਾ ਨਾਮ (-ਸਿਮਰਨ) ਛੱਡਿਆ ਹੋਇਆ ਹੈ, ਤੇ ਜੋ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ, ਉਹਨਾਂ ਆਪਣੀ ਜੀਵਨ-ਖੇਡ ਜੂਏ ਵਿਚ ਹਾਰ ਲਈ ਸਮਝੋ ॥੧੯॥
ਉਹ ਬੰਦੇ ਮਨੋਂ ਭੀ ਪਵਿਤ੍ਰ ਹੁੰਦੇ ਹਨ, ਤੇ ਬਾਹਰੋਂ ਭੀ ਪਵਿਤ੍ਰ ਹੁੰਦੇ ਹਨ,
ਜੋ ਬੰਦੇ (ਆਚਰਨ-ਉਸਾਰੀ ਦੀ) ਉਹ ਕਮਾਈ ਕਰਦੇ ਹਨ ਜਿਸ ਦੀ ਹਿਦਾਇਤ ਗੁਰੂ ਤੋਂ ਮਿਲਦੀ ਹੈ, ਉਹ ਮਨੋਂ ਭੀ ਪਵਿਤ੍ਰ ਹੁੰਦੇ ਹਨ, ਤੇ ਬਾਹਰੋਂ ਭੀ ਪਵਿਤ੍ਰ ਹੁੰਦੇ ਹਨ (ਭਾਵ, ਉਹਨਾਂ ਦਾ ਜਗਤ ਨਾਲ ਵਰਤਾਰਾ ਭੀ ਸੁਚੱਜਾ ਹੁੰਦਾ ਹੈ), ਉਹ ਬਾਹਰੋਂ ਭੀ ਪਵਿਤ੍ਰ ਤੇ ਅੰਦਰੋਂ ਭੀ ਸੁੱਚੇ ਰਹਿੰਦੇ ਹਨ।
ਉਹਨਾਂ ਦੇ ਮਨ ਦਾ ਮਾਇਕ ਫੁਰਨਾ ਸਿਮਰਨ ਵਿਚ ਹੀ ਮੁੱਕ ਜਾਂਦਾ ਹੈ, (ਉਹਨਾਂ ਦੇ ਅੰਦਰ ਇਤਨਾ ਆਤਮਕ ਆਨੰਦ ਬਣਦਾ ਹੈ ਕਿ) ਮਾਇਆ ਦੇ ਮੋਹ ਦੀ ਖ਼ਬਰ ਤਕ ਉਹਨਾਂ ਦੇ ਮਨ ਤਕ ਨਹੀਂ ਪਹੁੰਚਦੀ।
(ਜੀਵ ਜਗਤ ਵਿਚ ਆਤਮਕ ਆਨੰਦ ਦਾ ਵੱਖਰ ਵਿਹਾਝਣ ਆਏ ਹਨ) ਉਹੀ ਜੀਵ-ਵਪਾਰੀ ਚੰਗੇ ਕਹੇ ਜਾਂਦੇ ਹਨ ਜਿਨ੍ਹਾਂ ਨੇ (ਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ ਨਾਮ-ਕਮਾਈ ਕਰ ਕੇ) ਸ੍ਰੇਸ਼ਟ ਮਨੁੱਖਾ ਜਨਮ ਸਫਲਾ ਕਰ ਲਿਆ।
ਨਾਨਕ ਆਖਦਾ ਹੈ ਕਿ ਜਿਨ੍ਹਾਂ ਬੰਦਿਆਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਜਿਨ੍ਹਾਂ ਦੇ ਅੰਦਰ ਆਤਮਕ ਆਨੰਦ ਬਣ ਜਾਂਦਾ ਹੈ) ਉਹ (ਅੰਤਰ ਆਤਮੇ) ਸਦਾ ਗੁਰੂ ਦੇ ਚਰਨਾਂ ਵਿਚ ਰਹਿੰਦੇ ਹਨ ॥੨੦॥
ਜੇ ਕੋਈ ਸਿੱਖ ਗੁਰੂ ਦੇ ਸਾਹਮਣੇ ਸੁਰਖ਼ਰੂ ਹੋਣਾ ਚਾਹੁੰਦਾ ਹੈ,
ਜੋ ਸਿੱਖ ਇਹ ਚਾਹੁੰਦਾ ਹੈ ਕਿ ਕਿਸੇ ਲੁਕਵੇਂ ਖੋਟ ਦੇ ਕਾਰਨ ਉਸ ਨੂੰ ਗੁਰੂ ਦੇ ਸਾਹਮਣੇ ਅੱਖਾਂ ਨੀਵੀਆਂ ਨ ਕਰਨੀਆਂ ਪੈਣ, (ਤਾਂ ਰਸਤਾ ਇਕੋ ਹੀ ਹੈ ਕਿ) ਉਹ ਸੱਚੇ ਦਿਲੋਂ ਗੁਰੂ ਦੇ ਚਰਨਾਂ ਵਿਚ ਟਿਕੇ।
ਸਿੱਖ ਗੁਰੂ ਦੇ ਚਰਨਾਂ ਨੂੰ ਆਪਣੇ ਹਿਰਦੇ ਵਿਚ ਥਾਂ ਦੇਵੇ, ਆਪਣੇ ਆਤਮਾ ਦੇ ਅੰਦਰ ਸੰਭਾਲ ਰੱਖੇ।
ਆਪਾ-ਭਾਵ ਛੱਡ ਕੇ ਸਦਾ ਗੁਰੂ ਦੇ ਆਸਰੇ, ਗੁਰੂ ਤੋਂ ਬਿਨਾ ਕਿਸੇ ਹੋਰ ਨੂੰ (ਆਪਣੇ ਆਤਮਕ ਜੀਵਨ ਦਾ, ਆਤਮਕ ਆਨੰਦ ਦਾ ਵਸੀਲਾ) ਨਾ ਸਮਝੇ।
ਨਾਨਕ ਆਖਦਾ ਹੈ ਕਿ ਹੇ ਸੰਤ ਜਨੋ! ਸੁਣੋ ਉਹ ਸਿੱਖ (ਹੀ) ਖਿੜੇ-ਮੱਥੇ ਰਹਿ ਸਕਦਾ ਹੈ (ਉਸ ਦੇ ਹੀ ਅੰਦਰ ਆਤਮਕ ਖੇੜਾ ਹੋ ਸਕਦਾ ਹੈ, ਉਹੀ ਆਤਮਕ ਆਨੰਦ ਮਾਣ ਸਕਦਾ ਹੈ) ॥੨੧॥
(ਜਿਥੇ ਮਾਇਆ ਦੇ ਮੋਹ ਦੇ ਕਾਰਨ ਸਹਿਮ ਹੈ ਉਥੇ ਆਤਮਕ ਆਨੰਦ ਨਹੀਂ ਪਲ੍ਹਰ ਸਕਦਾ, ਪਰ) ਜੇ ਕੋਈ ਮਨੁੱਖ ਗੁਰੂ ਵਲੋਂ ਮੂੰਹ ਮੋੜ ਲਏ (ਉਸ ਨੂੰ ਆਤਮਕ ਆਨੰਦ ਨਸੀਬ ਨਹੀਂ ਹੋ ਸਕਦਾ ਕਿਉਂਕਿ) ਗੁਰੂ ਤੋਂ ਬਿਨਾ ਮਾਇਆ ਦੇ ਪ੍ਰਭਾਵ ਤੋਂ ਖ਼ਲਾਸੀ ਨਹੀਂ ਮਿਲਦੀ।
ਬੇਸ਼ੱਕ ਕਿਸੇ ਵਿਚਾਰਵਾਨਾਂ ਤੋਂ ਜਾ ਕੇ ਪੁੱਛ ਲਵੋ (ਤੇ ਤਸੱਲੀ ਕਰ ਲਵੋ, ਇਹ ਪੱਕੀ ਗੱਲ ਹੈ ਕਿ ਗੁਰੂ ਤੋਂ ਬਿਨਾ) ਕਿਸੇ ਭੀ ਹੋਰ ਥਾਂ ਤੋਂ ਮਾਇਕ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲਦੀ।
(ਮਾਇਆ ਦੇ ਮੋਹ ਵਿਚ ਫਸਿਆ ਮਨੁੱਖ) ਅਨੇਕਾਂ ਜੂਨੀਆਂ ਵਿਚ ਭਟਕਦਾ ਆਉਂਦਾ ਹੈ, ਗੁਰੂ ਦੀ ਸਰਨ ਤੋਂ ਬਿਨਾ ਇਸ ਮੋਹ ਤੋਂ ਖ਼ਲਾਸੀ ਨਹੀਂ ਮਿਲਦੀ।
ਆਖ਼ਰ ਗੁਰੂ ਦੀ ਚਰਨੀਂ ਲੱਗ ਕੇ ਹੀ ਮਾਇਆ ਦੇ ਮੋਹ ਤੋਂ ਛੁਟਕਾਰਾ ਮਿਲਦਾ ਹੈ ਕਿਉਂਕਿ ਗੁਰੂ (ਸਹੀ ਜੀਵਨ-ਮਾਰਗ ਦਾ) ਉਪਦੇਸ਼ ਸੁਣਾਂਦਾ ਹੈ।
ਨਾਨਕ ਆਖਦਾ ਹੈ ਕਿ ਵਿਚਾਰ ਕੇ ਵੇਖ ਲਵੋ, ਗੁਰੂ ਤੋਂ ਬਿਨਾ ਮਾਇਆ ਦੇ ਬੰਧਨ ਤੋਂ ਆਜ਼ਾਦੀ ਨਹੀਂ ਮਿਲਦੀ, (ਤੇ ਇਸ ਮੁਕਤੀ ਤੋਂ ਬਿਨਾ ਆਤਮਕ ਆਨੰਦ ਦੀ ਪ੍ਰਾਪਤੀ ਨਹੀਂ ਹੋ ਸਕਦੀ) ॥੨੨॥
ਹੇ ਸਤਿਗੁਰੂ ਦੇ ਪਿਆਰੇ ਸਿੱਖੋ! ਆਵੋ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਜੋੜਨ ਵਾਲੀ ਬਾਣੀ (ਰਲ ਕੇ) ਗਾਵੋ।
ਆਪਣੇ ਗੁਰੂ ਦੀ ਬਾਣੀ ਗਾਵੋ, ਇਹ ਬਾਣੀ ਹੋਰ ਸਭ ਬਾਣੀਆਂ ਨਾਲੋਂ ਸ਼ਿਰੋਮਣੀ ਹੈ।
ਇਹ ਬਾਣੀ ਉਹਨਾਂ ਬੰਦਿਆਂ ਦੇ ਹਿਰਦੇ ਵਿਚ ਹੀ ਟਿਕਦੀ ਹੈ ਜਿਨ੍ਹਾਂ ਉਤੇ ਪਰਮਾਤਮਾ ਦੀ ਮੇਹਰ ਦੀ ਨਜ਼ਰ ਹੋਵੇ, ਬਖ਼ਸ਼ਸ਼ ਹੋਵੇ।
(ਹੇ ਪਿਆਰੇ ਗੁਰਸਿੱਖੋ!) ਪਰਮਾਤਮਾ ਦਾ ਨਾਮ ਸਿਮਰੋ, ਪਰਮਾਤਮਾ ਦੇ ਪਿਆਰ ਵਿਚ ਸਦਾ ਜੁੜੇ ਰਹੋ, ਇਹ (ਆਨੰਦ ਦੇਣ ਵਾਲਾ, ਆਤਮਕ ਹੁਲਾਰਾ ਪੈਦਾ ਕਰਨ ਵਾਲਾ) ਨਾਮ-ਜਲ ਪੀਓ।