ਜੀਵ ਪੈਦਾ ਕਰ ਕੇ ਉਹਨਾਂ ਦੀ ਸੰਭਾਲ ਭੀ ਤੂੰ ਆਪ ਹੀ ਕਰਦਾ ਹੈਂ, ਤੇ, ਹਰੇਕ (ਦੇ ਦਿਲ) ਦੀ ਸਾਰ ਜਾਣਦਾ ਹੈਂ।
ਹੇ ਦਾਸ ਨਾਨਕ! ਜੋ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ ਅੰਦਰ ਪਰਮਾਤਮਾ ਪਰਗਟ ਹੋ ਜਾਂਦਾ ਹੈ ॥੪॥੨॥{11-12}
(ਹੇ ਭਾਈ! ਸਾਡੀ ਜੀਵਾਂ ਦੀ) ਉਸ ਭਿਆਨਕ (ਸੰਸਾਰ-) ਸਰੋਵਰ ਵਿਚ ਵੱਸੋਂ ਹੈ (ਜਿਸ ਵਿਚ) ਉਸ ਪ੍ਰਭੂ ਨੇ ਆਪ ਹੀ ਪਾਣੀ (ਦੇ ਥਾਂ ਤ੍ਰਿਸ਼ਨਾ ਦੀ) ਅੱਗ ਪੈਦਾ ਕੀਤੀ ਹੋਈ ਹੈ।
(ਅਤੇ ਉਸ ਭਿਆਨਕ ਸਰੀਰ ਵਿਚ) ਜੋ ਮੋਹ ਦਾ ਚਿੱਕੜ ਹੈ (ਉਸ ਵਿਚ ਜੀਵਾਂ ਦਾ) ਪੈਰ ਚੱਲ ਨਹੀਂ ਸਕਦਾ (ਜੀਵ ਮੋਹ ਦੇ ਚਿੱਕੜ ਵਿਚ ਫਸੇ ਪਏ ਹਨ)। ਸਾਡੇ ਸਾਹਮਣੇ ਹੀ (ਅਨੇਕਾਂ ਜੀਵ ਮੋਹ ਦੇ ਚਿੱਕੜ ਵਿਚ ਫਸ ਕੇ) ਉਸ (ਤ੍ਰਿਸ਼ਨਾ-ਅੱਗ ਦੇ ਅਸਗਾਹ ਸਮੁੰਦਰ) ਵਿਚ ਡੁੱਬਦੇ ਜਾ ਰਹੇ ਹਨ ॥੧॥
ਹੇ ਮਨ! ਹੇ ਮੂਰਖ ਮਨ! ਤੂੰ ਇੱਕ ਪਰਮਾਤਮਾ ਨੂੰ ਯਾਦ ਨਹੀਂ ਕਰਦਾ।
ਤੂੰ ਜਿਉਂ ਜਿਉਂ ਪਰਮਾਤਮਾ ਨੂੰ ਵਿਸਾਰਦਾ ਜਾ ਰਿਹਾ ਹੈਂ, ਤੇਰੇ (ਅੰਦਰੋਂ) ਗੁਣ ਘਟਦੇ ਜਾ ਰਹੇ ਹਨ ॥੧॥ ਰਹਾਉ ॥
(ਹੇ ਪ੍ਰਭੂ!) ਨਾਹ ਮੈਂ ਜਤੀ ਹਾਂ, ਨਾਹ ਮੈਂ ਸਤੀ ਹਾਂ, ਨਾਹ ਹੀ ਮੈਂ ਪੜ੍ਹਿਆ ਹੋਇਆ ਹਾਂ, ਮੇਰਾ ਜੀਵਨ ਤਾਂ ਮੂਰਖ ਬੇਸਮਝਾਂ ਵਾਲਾ ਬਣਿਆ ਹੋਇਆ ਹੈ (ਭਾਵ, ਜਤ, ਸਤ ਅਤੇ ਵਿੱਦਿਆ ਇਸ ਤ੍ਰਿਸ਼ਨਾ ਦੀ ਅੱਗ ਅਤੇ ਮੋਹ ਦੇ ਚਿੱਕੜ ਵਿਚ ਡਿਗਣੋਂ ਬਚਾ ਨਹੀਂ ਸਕਦੇ। ਜੇ ਮਨੁੱਖ ਪ੍ਰਭੂ ਨੂੰ ਭੁਲਾ ਦੇਵੇ, ਤਾਂ ਜਤ ਸਤ ਵਿੱਦਿਆ ਦੇ ਹੁੰਦਿਆਂ ਭੀ ਮਨੁੱਖ ਦੀ ਜ਼ਿੰਦਗੀ ਮਹਾਂ ਮੂਰਖਾਂ ਵਾਲੀ ਹੁੰਦੀ ਹੈ)।
ਸੋ, ਨਾਨਕ ਬੇਨਤੀ ਕਰਦਾ ਹੈ (ਹੇ ਪ੍ਰਭੂ! ਮੈਨੂੰ) ਉਹਨਾਂ (ਗੁਰਮੁਖਾਂ) ਦੀ ਸਰਨ ਵਿਚ (ਰੱਖ), ਜਿਨ੍ਹਾਂ ਨੂੰ ਤੂੰ ਨਹੀਂ ਭੁੱਲਿਆ (ਜਿਨ੍ਹਾਂ ਨੂੰ ਤੇਰੀ ਯਾਦ ਨਹੀਂ ਭੁੱਲੀ) ॥੨॥੩॥
(ਹੇ ਭਾਈ!) ਤੈਨੂੰ ਸੋਹਣਾ ਮਨੁੱਖਾ ਸਰੀਰ ਮਿਲਿਆ ਹੈ।
ਪਰਮਾਤਮਾ ਨੂੰ ਮਿਲਣ ਦਾ ਤੇਰੇ ਲਈ ਇਹੀ ਮੌਕਾ ਹੈ।
(ਜੇ ਪ੍ਰਭੂ ਨੂੰ ਮਿਲਣ ਲਈ ਕੋਈ ਉੱਦਮ ਨਾਹ ਕੀਤਾ, ਤਾਂ) ਹੋਰ ਸਾਰੇ ਕੰਮ ਤੇਰੇ ਆਪਣੇ ਕਿਸੇ ਭੀ ਅਰਥ ਨਹੀਂ (ਤੇਰੀ ਜਿੰਦ ਨੂੰ ਕੋਈ ਲਾਭ ਨਹੀਂ ਅਪੜਾਣਗੇ)।
(ਇਸ ਵਾਸਤੇ) ਸਾਧ ਸੰਗਤਿ ਵਿਚ (ਭੀ) ਮਿਲ ਬੈਠਿਆ ਕਰ (ਸਾਧ ਸੰਗਤਿ ਵਿਚ ਬੈਠ ਕੇ ਭੀ) ਸਿਰਫ਼ ਪਰਮਾਤਮਾ ਦਾ ਨਾਮ ਸਿਮਰਿਆ ਕਰ (ਸਾਧ ਸੰਗਤਿ ਵਿਚ ਬੈਠਣ ਦਾ ਭੀ ਤਦੋਂ ਹੀ ਲਾਭ ਹੈ, ਜੇ ਉਥੇ ਤੂੰ ਪਰਮਾਤਮਾ ਦੀ ਸਿਫ਼ਤਿ-ਸਲਾਹ ਵਿਚ ਜੁੜੇਂ) ॥੧॥
(ਹੇ ਭਾਈ!) ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਦੇ (ਭੀ) ਆਹਰੇ ਲੱਗ।
(ਨਹੀਂ ਤਾਂ ਨਿਰੇ) ਮਾਇਆ ਦੇ ਪਿਆਰ ਵਿਚ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ ॥੧॥ ਰਹਾਉ ॥
(ਹੇ ਭਾਈ!) ਤੂੰ ਪ੍ਰਭੂ ਦਾ ਸਿਮਰਨ ਨਹੀਂ ਕਰਦਾ, (ਪ੍ਰਭੂ ਨੂੰ ਮਿਲਣ ਲਈ ਸੇਵਾ ਆਦਿਕ ਦਾ ਕੋਈ) ਉੱਦਮ ਨਹੀਂ ਕਰਦਾ, ਮਨ ਨੂੰ ਵਿਕਾਰਾਂ ਵਲੋਂ ਰੋਕਣ ਦਾ ਤੂੰ ਜਤਨ ਨਹੀਂ ਕਰਦਾ-ਤੂੰ (ਅਜੇਹਾ ਕੋਈ) ਧਰਮ ਨਹੀਂ ਕਮਾਂਦਾ।
ਨਾਹ ਤੂੰ ਗੁਰੂ ਦੀ ਸੇਵਾ ਕੀਤੀ, ਨਾਹ ਤੂੰ ਮਾਲਕ ਪ੍ਰਭੂ ਦਾ ਨਾਮ ਸਿਮਰਨ ਕੀਤਾ।
(ਪ੍ਰਭੂ ਦੇ ਦਰ ਤੇ ਅਰਦਾਸ ਕਰਦਾ ਹੋਇਆ) ਨਾਨਕ ਆਖਦਾ ਹੈ (ਹੇ ਪ੍ਰਭੂ!) ਅਸੀਂ ਜੀਵ ਮੰਦ-ਕਰਮੀ ਹਾਂ (ਤੇਰੀ ਸਰਨ ਪਏ ਹਾਂ),
ਸਰਨ ਪਿਆਂ ਦੀ ਲਾਜ ਰੱਖ ॥੨॥੪॥