ਰਾਗ ਧਨਾਸਰੀ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਆਰਤੀ'।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸਾਰਾ ਆਕਾਸ਼ (ਮਾਨੋ) ਥਾਲ ਹੈ, ਸੂਰਜ ਤੇ ਚੰਦ (ਇਸ ਥਾਲ ਵਿਚ) ਦੀਵੇ ਬਣੇ ਹੋਏ ਹਨ, ਤਾਰਿਆਂ ਦੇ ਸਮੂਹ, (ਥਾਲ ਵਿਚ) ਮੋਤੀ ਰੱਖੇ ਹੋਏ ਹਨ।
ਮਲਯ ਪਰਬਤ ਵਲੋਂ ਆਉਣ ਵਾਲੀ ਹਵਾ, ਮਾਨੋ, ਧੂਪ (ਧੁਖ ਰਿਹਾ) ਹੈ, ਹਵਾ ਚੌਰ ਕਰ ਰਹੀ ਹੈ, ਸਾਰੀ ਬਨਸਪਤੀ ਜੋਤਿ-ਰੂਪ (ਪ੍ਰਭੂ ਦੀ ਆਰਤੀ) ਲਈ ਫੁੱਲ ਦੇ ਰਹੀ ਹੈ ॥੧॥
ਹੇ ਜੀਵਾਂ ਦੇ ਜਨਮ ਮਰਨ ਨਾਸ ਕਰਨ ਵਾਲੇ! (ਕੁਦਰਤਿ ਵਿਚ) ਤੇਰੀ ਕੈਸੀ ਸੁੰਦਰ ਆਰਤੀ ਹੋ ਰਹੀ ਹੈ!
(ਸਭ ਜੀਵਾਂ ਵਿਚ ਰੁਮਕ ਰਹੀ) ਇੱਕ-ਰਸ ਜੀਵਨ-ਰੌ, ਮਾਨੋ, ਤੇਰੀ ਆਰਤੀ ਵਾਸਤੇ ਨਗਾਰੇ ਵੱਜ ਰਹੇ ਹਨ ॥੧॥ ਰਹਾਉ ॥
(ਸਭ ਜੀਵਾਂ ਵਿਚ ਵਿਆਪਕ ਹੋਣ ਕਰ ਕੇ) ਹਜ਼ਾਰਾਂ ਤੇਰੀਆਂ ਅੱਖਾਂ ਹਨ (ਪਰ, ਨਿਰਾਕਾਰ ਹੋਣ ਕਰ ਕੇ, ਹੇ ਪ੍ਰਭੂ!) ਤੇਰੀਆਂ ਕੋਈ ਅੱਖਾਂ ਨਹੀਂ। ਹਜ਼ਾਰਾਂ ਤੇਰੀਆਂ ਸ਼ਕਲਾਂ ਹਨ, ਪਰ ਤੇਰੀ ਕੋਈ ਭੀ ਸ਼ਕਲ ਨਹੀਂ ਹੈ।
ਹਜ਼ਾਰਾਂ ਤੇਰੇ ਸੋਹਣੇ ਪੈਰ ਹਨ, ਪਰ (ਨਿਰਾਕਾਰ ਹੋਣ ਕਰ ਕੇ) ਤੇਰਾ ਇੱਕ ਭੀ ਪੈਰ ਨਹੀਂ। ਹਜ਼ਾਰਾਂ ਤੇਰੇ ਨੱਕ ਹਨ, ਪਰ ਤੂੰ ਨੱਕ ਤੋਂ ਬਿਨਾ ਹੀ ਹੈਂ। ਤੇਰੇ ਅਜੇਹੇ ਕੌਤਕਾਂ ਨੇ ਮੈਨੂੰ ਹੈਰਾਨ ਕੀਤਾ ਹੋਇਆ ਹੈ ॥੨॥
ਸਾਰੇ ਜੀਵਾਂ ਵਿਚ ਇਕੋ ਉਹੀ ਪਰਮਾਤਮਾ ਦੀ ਜੋਤਿ ਵਰਤ ਰਹੀ ਹੈ।
ਉਸ ਜੋਤਿ ਦੇ ਪਰਕਾਸ਼ ਨਾਲ ਸਾਰੇ ਜੀਵਾਂ ਵਿਚ ਚਾਨਣ (ਸੂਝ-ਬੂਝ) ਹੈ।
ਪਰ ਇਸ ਜੋਤਿ ਦਾ ਗਿਆਨ ਗੁਰੂ ਦੀ ਸਿੱਖਿਆ ਨਾਲ ਹੀ ਹੁੰਦਾ ਹੈ (ਗੁਰੂ ਦੀ ਰਾਹੀਂ ਇਹ ਸਮਝ ਪੈਂਦੀ ਹੈ ਕਿ ਹਰੇਕ ਦੇ ਅੰਦਰ ਪਰਮਾਤਮਾ ਦੀ ਜੋਤਿ ਹੈ)।
(ਇਸ ਸਰਬ-ਵਿਆਪਕ ਜੋਤਿ ਦੀ) ਆਰਤੀ ਇਹ ਹੈ ਕਿ ਜੋ ਕੁਝ ਉਸ ਦੀ ਰਜ਼ਾ ਵਿਚ ਹੋ ਰਿਹਾ ਹੈ ਉਹ ਜੀਵ ਨੂੰ ਚੰਗਾ ਲੱਗੇ (ਪ੍ਰਭੂ ਦੀ ਰਜ਼ਾ ਵਿਚ ਤੁਰਨਾ ਪ੍ਰਭੂ ਦੀ ਆਰਤੀ ਕਰਨੀ ਹੈ) ॥੩॥
ਹੇ ਹਰੀ! ਤੇਰੇ ਚਰਨ-ਰੂਪ ਕੌਲ ਫੁੱਲਾਂ ਦੇ ਰਸ ਲਈ ਮੇਰਾ ਮਨ ਲਲਚਾਂਦਾ ਹੈ, ਹਰ ਰੋਜ਼ ਮੈਨੂੰ ਇਸੇ ਰਸ ਦੀ ਪਿਆਸ ਲੱਗੀ ਹੋਈ ਹੈ।
ਮੈਨੂੰ ਨਾਨਕ ਪਪੀਹੇ ਨੂੰ ਆਪਣੀ ਮੇਹਰ ਦਾ ਜਲ ਦੇਹ, ਜਿਸ (ਦੀ ਬਰਕਤਿ) ਨਾਲ ਮੈਂ ਤੇਰੇ ਨਾਮ ਵਿਚ ਟਿਕਿਆ ਰਹਾਂ ॥੪॥੧॥੭॥੯॥
ਹੇ ਪ੍ਰਭੂ! (ਅੰਞਾਣ ਲੋਕ ਮੂਰਤੀਆਂ ਦੀ ਆਰਤੀ ਕਰਦੇ ਹਨ, ਪਰ ਮੇਰੇ ਲਈ) ਤੇਰਾ ਨਾਮ (ਤੇਰੀ) ਆਰਤੀ ਹੈ, ਤੇ ਤੀਰਥਾਂ ਦਾ ਇਸ਼ਨਾਨ ਹੈ।
(ਹੇ ਭਾਈ!) ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਹੋਰ ਸਾਰੇ ਅਡੰਬਰ ਕੂੜੇ ਹਨ ॥੧॥ ਰਹਾਉ ॥
ਤੇਰਾ ਨਾਮ (ਮੇਰੇ ਲਈ ਪੰਡਿਤ ਵਾਲਾ) ਆਸਨ ਹੈ (ਜਿਸ ਉੱਤੇ ਬੈਠ ਕੇ ਉਹ ਮੂਰਤੀ ਦੀ ਪੂਜਾ ਕਰਦਾ ਹੈ), ਤੇਰਾ ਨਾਮ ਹੀ (ਚੰਦਨ ਘਸਾਉਣ ਲਈ) ਸਿਲ ਹੈ, (ਮੂਰਤੀ ਪੂਜਣ ਵਾਲਾ ਮਨੁੱਖ ਸਿਰ ਉੱਤੇ ਕੇਸਰ ਘੋਲ ਕੇ ਮੂਰਤੀ ਉੱਤੇ) ਕੇਸਰ ਛਿੜਕਦਾ ਹੈ, ਪਰ ਮੇਰੇ ਲਈ ਤੇਰਾ ਨਾਮ ਹੀ ਕੇਸਰ ਹੈ।
ਹੇ ਮੁਰਾਰਿ! ਤੇਰਾ ਨਾਮ ਹੀ ਪਾਣੀ ਹੈ, ਨਾਮ ਹੀ ਚੰਦਨ ਹੈ, (ਇਸ ਨਾਮ-ਚੰਦਨ ਨੂੰ ਨਾਮ-ਪਾਣੀ ਨਾਲ) ਘਸਾ ਕੇ, ਤੇਰੇ ਨਾਮ ਦਾ ਸਿਮਰਨ-ਰੂਪ ਚੰਦਨ ਹੀ ਮੈਂ ਤੇਰੇ ਉੱਤੇ ਲਾਉਂਦਾ ਹਾਂ ॥੧॥
ਹੇ ਪ੍ਰਭੂ! ਤੇਰਾ ਨਾਮ ਦੀਵਾ ਹੈ, ਨਾਮ ਹੀ (ਦੀਵੇ ਦੀ) ਵੱਟੀ ਹੈ, ਨਾਮ ਹੀ ਤੇਲ ਹੈ, ਜੋ ਲੈ ਕੇ ਮੈਂ (ਨਾਮ-ਦੀਵੇ ਵਿਚ) ਪਾਇਆ ਹੈ;
ਮੈਂ ਤੇਰੇ ਨਾਮ ਦੀ ਹੀ ਜੋਤਿ ਜਗਾਈ ਹੈ (ਜਿਸ ਦੀ ਬਰਕਤਿ ਨਾਲ) ਸਾਰੇ ਭਵਨਾਂ ਵਿਚ ਚਾਨਣ ਹੋ ਗਿਆ ਹੈ ॥੨॥