ਸੋਹਿਲਾ ਸਾਹਿਬ

(ਅੰਗ: 3)


ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥

ਉਹਨਾਂ ਨੂੰ ਕਦੇ ਨਾਸ਼ ਨਾਹ ਹੋਣ ਵਾਲਾ ਸਰਬ-ਵਿਆਪਕ ਪਰਮੇਸਰ ਮਿਲ ਪੈਂਦਾ ਹੈ। ਉਹਨਾਂ ਦੀ ਸੋਭਾ ਸਾਰੇ ਖੰਡਾਂ ਬ੍ਰਹਮੰਡਾਂ ਵਿਚ ਹੋ ਜਾਂਦੀ ਹੈ ॥੩॥

ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥

ਹੇ ਪ੍ਰਭੂ! ਅਸੀਂ ਜੀਵ ਤੇਰੇ ਦਰ ਦੇ ਗਰੀਬ ਮੰਗਦੇ ਹਾਂ। ਤੂੰ ਸਭ ਤੋਂ ਵੱਡਾ ਸਹਾਈ ਹੈਂ। ਸਾਨੂੰ (ਇਹਨਾਂ ਕਾਮਾਦਿਕਾਂ ਤੋਂ) ਬਚਾ ਲੈ।

ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੪॥

ਹੇ ਪ੍ਰਭੂ! ਤੇਰੇ ਦਾਸ ਨਾਨਕ ਨੂੰ ਤੇਰਾ ਨਾਮ ਹੀ ਆਸਰਾ ਹੈ, ਤੇਰਾ ਨਾਮ ਹੀ ਸਹਾਰਾ ਹੈ। ਤੇਰੇ ਨਾਮ ਵਿਚ ਜੁੜਿਆਂ ਹੀ ਸੁਖ ਮਿਲਦਾ ਹੈ ॥੪॥੪॥

ਰਾਗੁ ਗਉੜੀ ਪੂਰਬੀ ਮਹਲਾ ੫ ॥

ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥

ਹੇ ਮੇਰੇ ਮਿੱਤਰੋ! ਸੁਣੋ! ਮੈਂ ਬੇਨਤੀ ਕਰਦਾ ਹਾਂ-(ਹੁਣ) ਗੁਰਮੁਖਾਂ ਦੀ ਸੇਵਾ ਕਰਨ ਦਾ ਵੇਲਾ ਹੈ।

ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥

(ਜੇ ਸੇਵਾ ਕਰੋਗੇ, ਤਾਂ) ਇਸ ਜਨਮ ਵਿਚ ਪ੍ਰਭੂ ਦੇ ਨਾਮ ਦੀ ਖੱਟੀ ਖੱਟ ਕੇ ਜਾਵੋਗੇ, ਅਤੇ ਪਰਲੋਕ ਵਿਚ ਰਹਿਣਾ ਸੌਖਾ ਹੋ ਜਾਇਗਾ ॥੧॥

ਅਉਧ ਘਟੈ ਦਿਨਸੁ ਰੈਣਾਰੇ ॥

ਹੇ ਮਨ! ਦਿਨ ਰਾਤ (ਬੀਤ ਬੀਤ ਕੇ) ਉਮਰ ਘਟਦੀ ਜਾ ਰਹੀ ਹੈ।

ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥

ਹੇ (ਮੇਰੇ) ਮਨ! ਗੁਰੂ ਨੂੰ ਮਿਲ ਕੇ (ਮਨੁੱਖਾ ਜੀਵਨ ਦਾ) ਕੰਮ ਸਿਰੇ ਚਾੜ੍ਹ ॥੧॥ ਰਹਾਉ ॥

ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ॥

ਇਹ ਜਗਤ ਵਿਕਾਰਾਂ ਨਾਲ ਭਰਪੂਰ ਹੈ। (ਜਗਤ ਦੇ ਜੀਵ) ਤੌਖ਼ਲਿਆਂ ਵਿਚ (ਡੁੱਬ ਰਹੇ ਹਨ। ਇਹਨਾਂ ਵਿਚੋਂ) ਉਹੀ ਮਨੁੱਖ ਨਿਕਲਦਾ ਹੈ ਜਿਸ ਨੇ ਪਰਮਾਤਮਾ ਨਾਲ ਜਾਣ-ਪਛਾਣ ਪਾ ਲਈ ਹੈ।

ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥੨॥

(ਵਿਕਾਰਾਂ ਵਿਚ ਸੁੱਤੇ ਹੋਏ) ਜਿਸ ਮਨੁੱਖ ਨੂੰ ਪ੍ਰਭੂ ਆਪ ਜਗਾ ਕੇ ਇਹ ਨਾਮ-ਅੰਮ੍ਰਿਤ ਪਿਲਾਂਦਾ ਹੈ, ਉਸ ਮਨੁੱਖ ਨੇ ਅਕੱਥ ਪ੍ਰਭੂ ਦੀਆਂ ਗੱਲਾਂ (ਬੇਅੰਤ ਗੁਣਾਂ ਵਾਲੇ ਪ੍ਰਭੂ ਦੀ ਸਿਫ਼ਤ-ਸਾਲਾਹ) ਕਰਨ ਦੀ ਜਾਚ ਸਿੱਖ ਲਈ ਹੈ ॥੨॥

ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥

(ਹੇ ਭਾਈ!) ਜਿਸ ਕੰਮ ਵਾਸਤੇ (ਇੱਥੇ) ਆਏ ਹੋ, ਉਸ ਦਾ ਵਣਜ ਕਰੋ। ਉਹ ਹਰਿ-ਨਾਮ ਗੁਰੂ ਦੀ ਰਾਹੀਂ (ਹੀ) ਮਨ ਵਿਚ ਵੱਸ ਸਕਦਾ ਹੈ।

ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥

(ਜੇ ਗੁਰੂ ਦੀ ਸਰਨ ਪਵੋਗੇ, ਤਾਂ) ਆਤਮਕ ਆਨੰਦ ਅਤੇ ਅਡੋਲਤਾ ਵਿਚ ਟਿਕ ਕੇ ਆਪਣੇ ਅੰਦਰ ਹੀ ਪਰਮਾਤਮਾ ਦਾ ਟਿਕਾਣਾ ਲੱਭ ਲਵੋਗੇ। ਫਿਰ ਮੁੜ ਜਨਮ ਮਰਨ ਦਾ ਗੇੜ ਨਹੀਂ ਹੋਵੇਗਾ ॥੩॥

ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥

ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸਰਬ-ਵਿਆਪਕ ਸਿਰਜਨਹਾਰ! ਮੇਰੇ ਮਨ ਦੀ ਇੱਛਾ ਪੂਰੀ ਕਰ।

ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫॥

ਦਾਸ ਨਾਨਕ ਤੈਥੋਂ ਇਹੀ ਸੁਖ ਮੰਗਦਾ ਹੈ ਕਿ ਮੈਨੂੰ ਸੰਤਾਂ ਦੇ ਚਰਨਾਂ ਦੀ ਧੂੜ ਬਣਾ ਦੇਹ ॥੪॥੫॥