ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥

(ਹੇ ਜੋਗੀ! ਜੇ) ਅਕਾਲ ਪੁਰਖ ਦੀ ਸਰਬ-ਵਿਆਪਕਤਾ ਦਾ ਗਿਆਨ ਤੇਰੇ ਲਈ ਭੰਡਾਰਾ (ਚੂਰਮਾ) ਹੋਵੇ, ਦਇਆ ਇਸ (ਗਿਆਨ-ਰੂਪ) ਭੰਡਾਰੇ ਦੀ ਵਰਤਾਵੀ ਹੋਵੇ, ਹਰੇਕ ਜੀਵ ਦੇ ਅੰਦਰ ਜਿਹੜੀ (ਜ਼ਿੰਦਗੀ ਦੀ ਰੌ ਚੱਲ ਰਹੀ ਹੈ, (ਭੰਡਾਰਾ ਛਕਣ ਵੇਲੇ ਜੇ ਤੇਰੇ ਅੰਦਰ) ਇਹ ਨਾਦੀ ਵੱਜ ਰਹੀ ਹੋਵੇ,

ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥

ਤੇਰਾ ਨਾਥ ਆਪ ਅਕਾਲ ਪੁਰਖ ਹੋਵੇ, ਜਿਸ ਦੇ ਵੱਸ ਵਿਚ ਸਾਰੀ ਸ੍ਰਿਸ਼ਟੀ ਹੈ, (ਤਾਂ ਕੂੜ ਦੀ ਕੰਧ ਤੇਰੇ ਅੰਦਰੋਂ ਟੁੱਟ ਕੇ ਪਰਮਾਤਮਾ ਨਾਲੋਂ ਤੇਰੀ ਵਿੱਥ ਮਿਟ ਸਕਦੀ ਹੈ। ਜੋਗ ਸਾਧਨਾਂ ਦੀ ਰਾਹੀਂ ਪ੍ਰਾਪਤ ਹੋਈਆਂ ਰਿੱਧੀਆਂ ਵਿਅਰਥ ਹਨ, ਇਹ) ਰਿੱਧੀਆਂ ਤੇ ਸਿੱਧੀਆਂ (ਤਾਂ) ਕਿਸੇ ਹੋਰ ਪਾਸੇ ਖੜਨ ਵਾਲੇ ਸੁਆਦ ਹਨ।

ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥

ਅਕਾਲ ਪੁਰਖ ਦੀ "ਸੰਜੋਗ" ਸੱਤਾ ਤੇ "ਵਿਜੋਗ" ਸੱਤਾ ਦੋਵੇਂ (ਮਿਲ ਕੇ ਇਸ ਸੰਸਾਰ ਦੀ) ਕਾਰ ਨੂੰ ਚਲਾ ਰਹੀਆਂ ਹਨ (ਭਾਵ, ਪਿਛਲੇ ਸੰਜੋਗਾਂ ਕਰ ਕੇ ਟੱਬਰ ਆਦਿਕਾਂ ਦੇ ਜੀਵ ਇੱਥੇ ਆ ਇਕੱਠੇ ਹੁੰਦੇ ਹਨ। ਰਜ਼ਾ ਵਿਚ ਫਿਰ ਵਿਛੜ ਵਿਛੜ ਕੇ ਆਪੋ-ਆਪਣੀ ਵਾਰੀ ਇੱਥੋਂ ਤੁਰ ਜਾਂਦੇ ਹਨ) ਅਤੇ (ਸਭ ਜੀਵਾਂ ਦੇ ਕੀਤੇ ਕਰਮਾਂ ਦੇ) ਲੇਖ ਅਨੁਸਾਰ (ਦਰਜਾ-ਬ-ਦਰਜਾ ਸੁਖ ਦੁਖ ਦੇ) ਛਾਂਦੇ ਮਿਲ ਰਹੇ ਹਨ (ਜੇ ਇਹ ਯਕੀਨ ਬਣ ਜਾਏ ਤਾਂ ਅੰਦਰੋਂ ਕੂੜ ਦੀ ਕੰਧ ਟੁੱਟ ਜਾਂਦੀ ਹੈ।)

ਆਦੇਸੁ ਤਿਸੈ ਆਦੇਸੁ ॥

(ਸੋ, ਕੂੜ ਦੀ ਕੰਧ ਦੂਰ ਕਰਨ ਲਈ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ,

ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੯॥

ਜੋ (ਸਭ ਦਾ) ਮੁੱਢ ਹੈ, ਜੋ ਸੁੱਧ ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ), ਜੋ ਨਾਸ ਰਹਿਤ ਹੈ ਅਤੇ ਜੋ ਸਦਾ ਇਕੋ ਜਿਹਾ ਰਹਿੰਦਾ ਹੈ ॥੨੯॥

Sri Guru Granth Sahib
ਸ਼ਬਦ ਬਾਰੇ

ਸਿਰਲੇਖ: ਜਪੁ
ਲਿਖਾਰੀ: ਗੁਰੂ ਨਾਨਕ ਦੇਵ ਜੀ
ਅੰਗ: 6 - 7
ਲੜੀ ਸੰਃ: 18 - 1

ਜਪੁ

ਗੁਰੂ ਨਾਨਕ ਦੇਵ ਜੀ ਦੁਆਰਾ 15 ਵੀਂ ਸਦੀ ਵਿੱਚ ਉਚਾਰਣ ਕੀਤੀ ਬਾਣੀ, ਜਪੁਜੀ ਸਾਹਿਬ ਪ੍ਰਮਾਤਮਾ ਦੀ ਸਭ ਤੋਂ ਡੂੰਘੀ ਵਿਆਖਿਆ ਹੈ। ਇਕ ਸਰਬ ਵਿਆਪੀ ਬਾਣੀ ਜੋ ਮੂਲ ਮੰਤਰ ਨਾਲ ਸ਼ੁਰੂ ਹੁੰਦੀ ਹੈ। ਇਸ ਵਿਚ 38 ਪਉੜੀਆਂ ਅਤੇ 1 ਸ਼ਲੋਕ ਹਨ, ਇਹ ਪ੍ਰਮਾਤਮਾ ਨੂੰ ਸਭ ਤੋਂ ਸ਼ੁੱਧ ਰੂਪ ਵਿਚ ਬਿਆਨ ਕਰਦੀ ਹੈ।