ਧਨਾਸਰੀ ਮਹਲਾ ੩ ॥

ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥

ਹੇ ਭਾਈ! ਮੂਰਖ ਅੰਞਾਣ ਲੋਕ (ਸਿਰਫ਼ ਦੁਨੀਆ ਵਾਲਾ) ਨਾਸਵੰਤ ਧਨ (ਹੀ) ਜੋੜਦੇ ਰਹਿੰਦੇ ਹਨ।

ਮਨਮੁਖ ਭੂਲੇ ਅੰਧ ਗਾਵਾਰ ॥

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਮਨੁੱਖ ਕੁਰਾਹੇ ਪਏ ਰਹਿੰਦੇ ਹਨ।

ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥

ਹੇ ਭਾਈ! ਮਾਇਆ ਦੇ ਧਨ ਨਾਲ ਸਦਾ ਦੁੱਖ (ਹੀ) ਮਿਲਦਾ ਹੈ।

ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥

ਇਹ ਧਨ ਨਾਹ ਹੀ ਮਨੁੱਖ ਦੇ ਨਾਲ ਜਾਂਦਾ ਹੈ, ਅਤੇ, ਨਾਹ ਹੀ (ਇਸ ਨੂੰ ਜੋੜ ਜੋੜ ਕੇ) ਸੰਤੋਖ ਪ੍ਰਾਪਤ ਹੁੰਦਾ ਹੈ ॥੧॥

ਸਾਚਾ ਧਨੁ ਗੁਰਮਤੀ ਪਾਏ ॥

ਜੇਹੜਾ ਮਨੁੱਖ ਗੁਰੂ ਦੀ ਮਤਿ ਉਤੇ ਤੁਰਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ-ਧਨ ਹਾਸਲ ਕਰ ਲੈਂਦਾ ਹੈ।

ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥

(ਪਰ ਦੁਨੀਆ ਵਾਲਾ) ਨਾਸਵੰਤ ਧਨ ਕਦੇ ਮਨੁੱਖ ਨੂੰ ਮਿਲ ਜਾਂਦਾ ਹੈ ਕਦੇ ਹੱਥੋਂ ਨਿਕਲ ਜਾਂਦਾ ਹੈ ਰਹਾਉ॥

ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪੈ ਕੇ ਸਭ ਆਤਮਕ ਮੌਤ ਸਹੇੜ ਲੈਂਦੇ ਹਨ,

ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥

ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ, ਨਾਹ ਉਰਲੇ ਬੰਨੇ ਰਹਿੰਦੇ ਹਨ, ਨਾਹ ਪਾਰਲੇ ਬੰਨੇ (ਨਾਹ ਇਹ ਮਾਇਆ ਸਾਥ ਤੋੜ ਨਿਬਾਹੁੰਦੀ ਹੈ, ਨਾਹ ਨਾਮ-ਧਨ ਜੋੜਿਆ ਹੁੰਦਾ ਹੈ)।

ਸਤਿਗੁਰੁ ਭੇਟੇ ਪੂਰੈ ਭਾਗਿ ॥

ਜਿਨ੍ਹਾਂ ਮਨੁੱਖਾਂ ਨੂੰ ਪੂਰੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ,

ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥

ਉਹ ਦਿਨ ਰਾਤ (ਹਰ ਵੇਲੇ) ਸਦਾ-ਥਿਰ ਹਰਿ-ਨਾਮ ਵਿਚ ਮਗਨ ਰਹਿੰਦੇ ਹਨ (ਨਾਮ ਦੀ ਬਰਕਤਿ ਨਾਲ ਮਾਇਆ ਵਲੋਂ) ਉਪਰਾਮਤਾ ਵਿਚ ਟਿਕੇ ਰਹਿੰਦੇ ਹਨ ॥੨॥

ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥

ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਗੁਰਬਾਣੀ ਸਦਾ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਵੰਡਦੀ ਹੈ),

ਪੂਰੈ ਭਾਗਿ ਹਰਿ ਨਾਮਿ ਸਮਾਣੀ ॥

ਪੂਰੀ ਕਿਸਮਤ ਨਾਲ (ਮਨੁੱਖ ਇਸ ਬਾਣੀ ਦੀ ਬਰਕਤਿ ਨਾਲ) ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ।

ਸਿਧ ਸਾਧਿਕ ਤਰਸਹਿ ਸਭਿ ਲੋਇ ॥

ਹੇ ਭਾਈ! ਕਰਾਮਾਤੀ ਜੋਗੀ ਤੇ ਸਾਧਨਾਂ ਕਰਨ ਵਾਲੇ ਜੋਗੀ ਸਾਰੇ ਹੀ ਜਗਤ ਵਿਚ (ਇਸ ਬਾਣੀ ਦੀ ਖ਼ਾਤਰ) ਤਰਲੇ ਲੈਂਦੇ ਹਨ,

ਪੂਰੈ ਭਾਗਿ ਪਰਾਪਤਿ ਹੋਇ ॥੩॥

ਪਰ (ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਗੁਰਬਾਣੀ) ਪੂਰੀ ਕਿਸਮਤ ਨਾਲ ਹੀ ਮਿਲਦੀ ਹੈ ॥੩॥

ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥

ਹੇ ਭਾਈ! ਜੇਹੜਾ ਕੋਈ ਵਿਰਲਾ ਮਨੁੱਖ ਪਵਿੱਤ੍ਰ-ਸਰੂਪ ਪਰਮਾਤਮਾ ਨਾਲ ਸਾਂਝ ਪਾਂਦਾ ਹੈ ਉਸ ਨੂੰ ਹਰੇਕ ਸ਼ੈ ਉਸ ਸਦਾ-ਥਿਰ ਪ੍ਰਭੂ ਦਾ ਰੂਪ ਦਿੱਸਦੀ ਹੈ,

ਊਤਮ ਬ੍ਰਹਮੁ ਪਛਾਣੈ ਕੋਇ ॥

ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਵੱਸਦਾ ਦਿੱਸਦਾ ਹੈ।

ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥

ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆਪਣਾ ਸਦਾ-ਥਿਰ ਨਾਮ ਆਪ ਹੀ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਦਾ ਹੈ।

ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥

ਹੇ ਨਾਨਕ! ਉਹ ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਤੇ, ਆਪ ਹੀ (ਜੀਵਾਂ ਨੂੰ) ਆਪਣੇ ਸਦਾ-ਥਿਰ ਨਾਮ ਵਿਚ ਜੋੜਦਾ ਹੈ ॥੪॥੭॥

Sri Guru Granth Sahib
ਸ਼ਬਦ ਬਾਰੇ

ਸਿਰਲੇਖ: ਰਾਗੁ ਧਨਾਸਰੀ
ਲਿਖਾਰੀ: ਗੁਰੂ ਅਮਰਦਾਸ ਜੀ
ਅੰਗ: 665 - 666
ਲੜੀ ਸੰਃ: 14 - 1

ਰਾਗੁ ਧਨਾਸਰੀ

ਰਾਗੁ ਧਨਾਸਰੀ ਉੱਤਰ ਭਾਰਤੀ ਰਾਗ ਹੈ। ਇਹ ਪੂਰਨਤਾ ਅਤੇ ਬੇਪਰਵਾਹੀ ਨੂੰ ਪੈਦਾ ਕਰਦਾ ਹੈ।