(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ।
ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥
ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)।
ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ਰਹਾਉ॥
(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ।
ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥
(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ।
ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ॥੩॥
ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ।
ਹੇ ਨਾਨਕ! ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ॥੪॥੪॥੨੮॥
ਰਾਗੁ ਧਨਾਸਰੀ ਉੱਤਰ ਭਾਰਤੀ ਰਾਗ ਹੈ। ਇਹ ਪੂਰਨਤਾ ਅਤੇ ਬੇਪਰਵਾਹੀ ਨੂੰ ਪੈਦਾ ਕਰਦਾ ਹੈ।