ਸੋਰਠਿ ਮਹਲਾ ੯ ॥

ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥

ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ,

ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥

ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ॥੧॥ ਰਹਾਉ ॥

ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈ;

ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥

ਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ॥੧॥

ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥

ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈ,

ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥

ਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ ॥੨॥

ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥

(ਪਰ) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ।

ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥

ਹੇ ਨਾਨਕ! (ਆਖ-) ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ ॥੩॥੧੧॥

Sri Guru Granth Sahib
ਸ਼ਬਦ ਬਾਰੇ

ਸਿਰਲੇਖ: ਰਾਗੁ ਸੋਰਠਿ
ਲਿਖਾਰੀ: ਗੁਰੂ ਤੇਗ਼ ਬਹਾਦਰ ਜੀ
ਅੰਗ: 633
ਲੜੀ ਸੰਃ: 15 - 19

ਰਾਗੁ ਸੋਰਠਿ

ਰਾਗ ਸੋਰਠਿ ਪੁਰਾਣਾ ਅਤੇ ਭਗਤੀ ਸ਼ਬਦ ਜਾਂ ਭਜਨ ਗਾਉਣ ਲਈ ਵਰਤਿਆ ਜਾਂਦਾ ਹੈ। ਇਸ ਨੂੰ ਨਾਮ ਸਿਮਰਨ ਲਈ ਉੱਤਮ ਮੰਨਿਆ ਜਾਂਦਾ ਹੈ।