ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਪ੍ਰਭੂ! ਅਸੀਂ ਆਪਣੇ ਕਰਮਾਂ ਦੀ ਕਮਾਈ ਅਨੁਸਾਰ (ਤੈਥੋਂ) ਵਿੱਛੁੜੇ ਹੋਏ ਹਾਂ (ਤੈਨੂੰ ਵਿਸਾਰੀ ਬੈਠੇ ਹਾਂ), ਮਿਹਰ ਕਰ ਕੇ ਸਾਨੂੰ ਆਪਣੇ ਨਾਲ ਮਿਲਾਵੋ।
(ਮਾਇਆ ਦੇ ਮੋਹ ਵਿਚ ਫਸ ਕੇ) ਚੁਫੇਰੇ ਹਰ ਪਾਸੇ (ਸੁਖਾਂ ਦੀ ਖ਼ਾਤਰ) ਭਟਕਦੇ ਰਹੇ ਹਾਂ, ਹੁਣ, ਹੇ ਪ੍ਰਭੂ! ਥੱਕ ਕੇ ਤੇਰੀ ਸਰਨ ਆਏ ਹਾਂ।
(ਜਿਵੇਂ) ਦੁੱਧ ਤੋਂ ਸੱਖਣੀ ਗਾਂ ਕਿਸੇ ਕੰਮ ਨਹੀਂ ਆਉਂਦੀ,
(ਜਿਵੇਂ) ਪਾਣੀ ਤੋਂ ਬਿਨਾ ਖੇਤੀ ਸੁੱਕ ਜਾਂਦੀ ਹੈ (ਫ਼ਸਲ ਨਹੀਂ ਪੱਕਦੀ, ਤੇ ਉਸ ਖੇਤੀ ਵਿਚੋਂ) ਧਨ ਦੀ ਕਮਾਈ ਨਹੀਂ ਹੋ ਸਕਦੀ, (ਤਿਵੇਂ ਪ੍ਰਭੂ ਦੇ ਨਾਮ ਤੋਂ ਬਿਨਾ ਸਾਡਾ ਜੀਵਨ ਵਿਅਰਥ ਚਲਾ ਜਾਂਦਾ ਹੈ)।
ਸੱਜਣ ਖਸਮ-ਪ੍ਰਭੂ ਨੂੰ ਮਿਲਣ ਤੋਂ ਬਿਨਾ ਕਿਸੇ ਹੋਰ ਥਾਂ ਸੁਖ ਭੀ ਨਹੀਂ ਮਿਲਦਾ।
(ਸੁਖ ਮਿਲੇ ਭੀ ਕਿਵੇਂ?) ਜਿਸ ਹਿਰਦੇ-ਘਰ ਵਿਚ ਪਤੀ ਪ੍ਰਭੂ ਨਾ ਆ ਵੱਸੇ, ਉਸ ਦੇ ਭਾ ਦੇ (ਵੱਸਦੇ) ਪਿੰਡ ਤੇ ਸ਼ਹਰ ਤੱਪਦੀ ਭੱਠੀ ਵਰਗੇ ਹੁੰਦੇ ਹਨ।
(ਇਸਤ੍ਰੀ ਨੂੰ ਪਤੀ ਤੋਂ ਬਿਨਾ) ਸਰੀਰ ਦੇ ਸਾਰੇ ਸ਼ਿੰਗਾਰ ਪਾਨਾਂ ਦੇ ਬੀੜੇ ਤੇ ਹੋਰ ਰਸ (ਆਪਣੇ) ਸਰੀਰ ਸਮੇਤ ਹੀ ਵਿਅਰਥ ਦਿੱਸਦੇ ਹਨ,
(ਤਿਵੇਂ) ਮਾਲਕ ਖਸਮ-ਪ੍ਰਭੂ (ਦੀ ਯਾਦ) ਤੋਂ ਬਿਨਾ ਸਾਰੇ ਸੱਜਣ ਮਿਤ੍ਰ ਜਿੰਦ ਦੇ ਵੈਰੀ ਹੋ ਢੁਕਦੇ ਹਨ।
(ਤਾਹੀਏਂ) ਨਾਨਕ ਦੀ ਬੇਨਤੀ ਹੈ ਕਿ (ਹੇ ਪ੍ਰਭੂ!) ਕਿਰਪਾ ਕਰ ਕੇ ਆਪਣੇ ਨਾਮ ਦੀ ਦਾਤ ਬਖ਼ਸ਼।
ਹੇ ਹਰੀ! ਆਪਣੇ ਚਰਨਾਂ ਵਿਚ (ਮੈਨੂੰ) ਜੋੜੀ ਰੱਖ, (ਹੋਰ ਸਾਰੇ ਆਸਰੇ-ਪਰਨੇ ਨਾਸਵੰਤ ਹਨ) ਇਕ ਤੇਰਾ ਘਰ ਸਦਾ ਅਟੱਲ ਰਹਿਣ ਵਾਲਾ ਹੈ ॥੧॥
ਚੇਤ ਵਿਚ (ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਆਨੰਦ ਦੇਂਦੀ ਹੈ, ਜੇ) ਪਰਮਾਤਮਾ ਨੂੰ ਸਿਮਰੀਏ (ਤਾਂ ਸਿਮਰਨ ਦੀ ਬਰਕਤਿ ਨਾਲ) ਬਹੁਤ ਆਤਮਕ ਆਨੰਦ ਹੋ ਸਕਦਾ ਹੈ।
ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ।
ਉਸੇ ਬੰਦੇ ਨੂੰ ਜਗਤ ਵਿਚ ਜੰਮਿਆ ਜਾਣੋ (ਉਸੇ ਦਾ ਜਨਮ ਸਫਲਾ ਸਮਝੋ) ਜਿਸ ਨੇ (ਸਿਮਰਨ ਦੀ ਸਹਾਇਤਾ ਨਾਲ) ਆਪਣੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ।
(ਕਿਉਂਕਿ) ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਖਿਨ ਮਾਤ੍ਰ ਸਮਾ ਗੁਜ਼ਾਰਿਆਂ ਭੀ ਜ਼ਿੰਦਗੀ ਵਿਅਰਥ ਬੀਤਦੀ ਜਾਣੋ।
ਜੇਹੜਾ ਪ੍ਰਭੂ ਪਾਣੀ ਵਿਚ ਧਰਤੀ ਵਿਚ ਅਕਾਸ਼ ਵਿਚ ਜੰਗਲਾਂ ਵਿਚ ਹਰ ਥਾਂ ਵਿਅਪਕ ਹੈ,
ਜੇ ਐਸਾ ਪ੍ਰਭੂ ਕਿਸੇ ਮਨੁੱਖ ਦੇ ਹਿਰਦੇ ਵਿਚ ਨਾਹ ਵੱਸੇ, ਤਾਂ ਉਸ ਮਨੁੱਖ ਦਾ (ਮਾਨਸਕ) ਦੁੱਖ ਬਿਆਨ ਨਹੀਂ ਹੋ ਸਕਦਾ।
(ਪਰ) ਜਿਨ੍ਹਾਂ ਬੰਦਿਆਂ ਨੇ ਉਸ (ਸਰਬ ਵਿਆਪਕ) ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਉਹਨਾਂ ਦਾ ਬੜਾ ਭਾਗ ਜਾਗ ਪੈਂਦਾ ਹੈ।
ਨਾਨਕ ਦਾ ਮਨ (ਭੀ ਹਰੀ ਦੇ ਦੀਦਾਰ ਨੂੰ ਤਾਂਘਦਾ ਹੈ, ਨਾਨਕ ਦੇ ਮਨ ਵਿਚ ਹਰੀ-ਦਰਸਨ ਦੀ ਪਿਆਸ ਹੈ।
ਜੇਹੜਾ ਮਨੁੱਖ ਮੈਨੂੰ ਹਰੀ ਦਾ ਮਿਲਾਪ ਕਰਾ ਦੇਵੇ ਮੈਂ ਉਸ ਦੀ ਚਰਨੀਂ ਲੱਗਾਂਗਾ ॥੨॥
(ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ,
(ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ?
ਨਾਹ ਪੁਤ੍ਰ, ਨਾਹ ਇਸਤ੍ਰੀ, ਨਾਹ ਧਨ, ਕੋਈ ਭੀ ਮਨੁੱਖ ਦੇ ਨਾਲ ਨਹੀਂ ਨਿਭਦਾ ਇਕ ਅਬਿਨਾਸੀ ਪਰਮਾਤਮਾ ਹੀ ਅਸਲ ਸਾਥੀ ਹੈ।
ਨਾਸਵੰਤ ਧੰਧੇ ਦਾ ਮੋਹ (ਸਾਰੀ ਲੁਕਾਈ ਨੂੰ ਹੀ) ਵਿਆਪ ਰਿਹਾ ਹੈ, (ਮਾਇਆ ਦੇ ਮੋਹ ਵਿਚ) ਮੁੜ ਮੁੜ ਫਸ ਕੇ ਸਾਰੀ ਲੁਕਾਈ ਹੀ (ਆਤਮਕ ਮੌਤੇ) ਮਰ ਰਹੀ ਹੈ।
ਇਕ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਜਿਤਨੇ ਭੀ ਕਰਮ ਇਥੇ ਕਰੀਦੇ ਹਨ, ਉਹ ਸਾਰੇ ਮਰਨ ਤੋਂ ਪਹਿਲਾਂ ਹੀ ਖੋਹ ਲਏ ਜਾਂਦੇ ਹਨ (ਭਾਵ, ਉਹ ਉੱਚੇ ਆਤਮਕ ਜੀਵਨ ਦਾ ਅੰਗ ਨਹੀਂ ਬਣ ਸਕਦੇ)।
ਪਿਆਰ-ਸਰੂਪ ਪ੍ਰਭੂ ਨੂੰ ਵਿਸਾਰ ਕੇ ਖ਼ੁਆਰੀ ਹੀ ਹੁੰਦੀ ਹੈ, ਪਰਮਾਤਮਾ ਤੋਂ ਬਿਨਾ ਜਿੰਦ ਦਾ ਹੋਰ ਕੋਈ ਸਾਥੀ ਹੀ ਨਹੀਂ ਹੁੰਦਾ।
ਪ੍ਰਭੂ ਪ੍ਰੀਤਮ ਦੀ ਚਰਨੀਂ ਜੇਹੜੇ ਬੰਦੇ ਲਗਦੇ ਹਨ, ਉਹਨਾਂ ਦੀ (ਲੋਕ ਪਰਲੋਕ ਵਿਚ) ਭਲੀ ਸੋਭਾ ਹੁੰਦੀ ਹੈ।
ਹੇ ਪ੍ਰਭੂ! (ਤੇਰੇ ਦਰ ਤੇ) ਮੇਰੀ ਬੇਨਤੀ ਹੈ ਕਿ ਮੈਨੂੰ ਤੇਰਾ ਦਿਲ-ਰੱਜਵਾਂ ਮਿਲਾਪ ਨਸੀਬ ਹੋਵੇ।
(ਰੁੱਤ ਫਿਰਨ ਨਾਲ ਚੁਫੇਰੇ ਬਨਸਪਤੀ ਪਈ ਸੁਹਾਵਣੀ ਹੋ ਜਾਏ, ਪਰ) ਜਿੰਦ ਨੂੰ ਵੈਸਾਖ ਦਾ ਮਹੀਨਾ ਤਦੋਂ ਹੀ ਸੋਹਣਾ ਲੱਗ ਸਕਦਾ ਹੈ ਜੇ ਹਰੀ ਸੰਤ-ਪ੍ਰਭੂ ਮਿਲ ਪਏ ॥੩॥
ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ।
ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ)।
(ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ।
ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ।
(ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ।
ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਨੇ (ਆਪਣੀ ਸਿਫ਼ਤ-ਸਾਲਾਹ ਦੀ ਦਾਤ ਦੇ ਕੇ) ਆਪਣਾ ਬਣਾ ਲਿਆ ਹੈ, ਉਹਨਾਂ ਨੂੰ ਹੀ (ਜਗਤ ਵਿਚ) ਸ਼ਾਬਾਸ਼ੇ ਮਿਲਦੀ ਹੈ।
(ਪਰ ਪਰਮਾਤਮਾ ਜੀਵਾਂ ਦੇ ਆਪਣੇ ਉੱਦਮ ਨਾਲ ਨਹੀਂ ਮਿਲ ਸਕਦਾ) ਜੇ ਜੀਵਾਂ ਦੇ ਆਪਣੇ ਉੱਦਮ ਨਾਲ ਮਿਲ ਸਕਦਾ ਹੋਵੇ, ਤਾਂ ਜੀਵ ਉਸ ਤੋਂ ਵਿੱਛੁੜ ਕੇ ਦੁਖੀ ਕਿਉਂ ਹੋਣ?
ਹੇ ਨਾਨਕ! (ਪ੍ਰਭੂ ਦੇ ਮਿਲਾਪ ਦੇ) ਆਨੰਦ (ਉਹੀ ਬੰਦੇ) ਮਾਣਦੇ ਹਨ, ਜਿਨ੍ਹਾਂ ਨੂੰ ਗੁਰੂ ਦਾ ਸਾਥ ਮਿਲ ਜਾਏ।
ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗੇ, ਉਸ ਨੂੰ ਜੇਠ ਮਹੀਨਾ ਸੁਹਾਵਣਾ ਲੱਗਦਾ ਹੈ, ਉਸੇ ਨੂੰ ਪ੍ਰਭੂ-ਮਾਲਕ ਮਿਲਦਾ ਹੈ ॥੪॥
ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ,`
ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ।
(ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ)।
(ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ।
(ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ।
ਜਿਨ੍ਹਾਂ ਬੰਦਿਆਂ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ (ਆਦਰ-ਮਾਣ ਪਾਂਦੇ ਹਨ)।
ਹੇ ਪ੍ਰਭੂ! (ਤੇਰੇ ਅੱਗੇ) ਨਾਨਕ ਦੀ ਬੇਨਤੀ ਹੈ-ਆਪਣੀ ਮਿਹਰ ਕਰ, (ਮੇਰੇ ਮਨ ਵਿਚ) ਤੇਰੇ ਦਰਸਨ ਦੀ ਤਾਂਘ ਬਣੀ ਰਹੇ,
(ਕਿਉਂਕਿ) ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ-ਪਰਨਾ ਨਹੀਂ ਹੈ।
ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਚਰਨਾਂ ਦਾ ਨਿਵਾਸ ਬਣਿਆ ਰਹੇ, ਉਸ ਨੂੰ (ਤਪਦਾ) ਹਾੜ (ਭੀ) ਸੁਹਾਵਣਾ ਜਾਪਦਾ ਹੈ (ਉਸ ਨੂੰ ਦੁਨੀਆ ਦੇ ਦੁੱਖ-ਕਲੇਸ਼ ਭੀ ਦੁਖੀ ਨਹੀਂ ਕਰ ਸਕਦੇ) ॥੫॥
ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ।
ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ।
ਰਾਗ ਮਾਝ ਨੂੰ ਪੰਜਵੇਂ ਸਿੱਖ ਗੁਰੂ (ਸ਼੍ਰੀ ਗੁਰੂ ਅਰਜਨ ਦੇਵ ਜੀ) ਦੁਆਰਾ ਰਚਨਾ ਕੀਤੀ। ਇਹ ਰਾਗ ਗੁਰੂ ਗ੍ਰੰਥ ਸਾਹਿਬ ਵਿੱਚ ਕ੍ਰਮ ਅਨੁਸਾਰ ਦੂਸਰਾ ਰਾਗ ਹੈ। ਇਸ ਰਾਗ ਦੇ ਸਿਰਲੇਖ ਹੇਠ 183 ਰਚਨਾਵਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਨਾ 94 ਤੋਂ ਪੰਨਾ 150 ਤੱਕ, ਰਾਗ ਮਾਝ ਵਿੱਚ ਦਰਜ ਹਨ। ਇਸ ਨੂੰ ਗਾਉਣ ਦਾ ਸਮਾਂ ਸ਼ਾਮ 3 ਵਜੇ ਤੋਂ ਸ਼ਾਮ 6 ਵਜੇ ਤੱਕ (ਚੌਥਾ ਪਹਿਰ) ਹੈ।