ਮਃ ੧ ॥

ਵੇਖੁ ਜਿ ਮਿਠਾ ਕਟਿਆ ਕਟਿ ਕੁਟਿ ਬਧਾ ਪਾਇ ॥

(ਹੇ ਭਾਈ!) ਵੇਖ ਕਿ ਗੰਨਾ ਵੱਢੀਦਾ ਹੈ, ਛਿੱਲ ਛਿੱਲ ਕੇ, ਰੱਸੀ ਪਾ ਕੇ ਬੰਨ੍ਹ ਲਈਦਾ ਹੈ (ਭਾਵ, ਭਰੀਆਂ ਬੰਨ੍ਹ ਲਈਦੀਆਂ ਹਨ)।

ਖੁੰਢਾ ਅੰਦਰਿ ਰਖਿ ਕੈ ਦੇਨਿ ਸੁ ਮਲ ਸਜਾਇ ॥

ਫਿਰ ਵੇਲਣੇ ਦੀਆਂ ਲੱਠਾਂ ਵਿਚ ਰੱਖ ਕੇ ਭਲਵਾਨ (ਭਾਵ, ਜ਼ਿਮੀਦਾਰ) ਇਸ ਨੂੰ (ਮਾਨੋ) ਸਜ਼ਾ ਦੇਂਦੇ ਹਨ (ਭਾਵ, ਪੀੜਦੇ ਹਨ)।

ਰਸੁ ਕਸੁ ਟਟਰਿ ਪਾਈਐ ਤਪੈ ਤੈ ਵਿਲਲਾਇ ॥

ਸਾਰੀ ਰਹੁ ਕੜਾਹੇ ਵਿਚ ਪਾ ਲਈਦੀ ਹੈ, (ਅੱਗ ਦੇ ਸੇਕ ਨਾਲ ਇਹ ਰਹੁ) ਕੜ੍ਹਦੀ ਹੈ ਤੇ (ਮਾਨੋ) ਵਿਲਕਦੀ ਹੈ।

ਭੀ ਸੋ ਫੋਗੁ ਸਮਾਲੀਐ ਦਿਚੈ ਅਗਿ ਜਾਲਾਇ ॥

(ਗੰਨੇ ਦਾ) ਉਹ ਫੋਗ (ਚੂਰਾ) ਭੀ ਸਾਂਭ ਲਈਦਾ ਹੈ ਤੇ (ਸੁਕਾ ਕੇ ਕੜਾਹੇ ਹੇਠ) ਅੱਗ ਵਿਚ ਸਾੜ ਦੇਈਦਾ ਹੈ।

ਨਾਨਕ ਮਿਠੈ ਪਤਰੀਐ ਵੇਖਹੁ ਲੋਕਾ ਆਇ ॥੨॥

ਹੇ ਨਾਨਕ! (ਆਖ-) ਹੇ ਲੋਕੋ! ਆ ਕੇ (ਗੰਨੇ ਦਾ ਹਾਲ) ਵੇਖੋ, ਮਿੱਠੇ ਦੇ ਕਾਰਣ (ਮਾਇਆ ਦੀ ਮਿਠਾਸ ਦੇ ਮੋਹ ਦੇ ਕਾਰਨ ਗੰਨੇ ਵਾਂਗ ਇਉਂ ਹੀ) ਖ਼ੁਆਰ ਹੋਈਦਾ ਹੈ ॥੨॥

Sri Guru Granth Sahib
ਸ਼ਬਦ ਬਾਰੇ

ਸਿਰਲੇਖ: ਰਾਗੁ ਮਾਝ
ਲਿਖਾਰੀ: ਗੁਰੂ ਨਾਨਕ ਦੇਵ ਜੀ
ਅੰਗ: 142 - 143
ਲੜੀ ਸੰਃ: 19 - 2

ਰਾਗੁ ਮਾਝ

ਰਾਗ ਮਾਝ ਨੂੰ ਪੰਜਵੇਂ ਸਿੱਖ ਗੁਰੂ (ਸ਼੍ਰੀ ਗੁਰੂ ਅਰਜਨ ਦੇਵ ਜੀ) ਦੁਆਰਾ ਰਚਨਾ ਕੀਤੀ। ਇਹ ਰਾਗ ਗੁਰੂ ਗ੍ਰੰਥ ਸਾਹਿਬ ਵਿੱਚ ਕ੍ਰਮ ਅਨੁਸਾਰ ਦੂਸਰਾ ਰਾਗ ਹੈ। ਇਸ ਰਾਗ ਦੇ ਸਿਰਲੇਖ ਹੇਠ 183 ਰਚਨਾਵਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਨਾ 94 ਤੋਂ ਪੰਨਾ 150 ਤੱਕ, ਰਾਗ ਮਾਝ ਵਿੱਚ ਦਰਜ ਹਨ। ਇਸ ਨੂੰ ਗਾਉਣ ਦਾ ਸਮਾਂ ਸ਼ਾਮ 3 ਵਜੇ ਤੋਂ ਸ਼ਾਮ 6 ਵਜੇ ਤੱਕ (ਚੌਥਾ ਪਹਿਰ) ਹੈ।