(ਨਿਰੰਕਾਰ ਦੀ ਰਚੀ ਹੋਈ ਸ੍ਰਿਸ਼ਟੀ ਵਿਚ) ਅਨੇਕਾਂ ਹੀ ਮਹਾਂ ਮੂਰਖ ਹਨ,
ਅਨੇਕਾਂ ਹੀ ਚੋਰ ਹਨ, ਜੋ ਪਰਾਇਆ ਮਾਲ (ਚੁਰਾ ਚੁਰਾ ਕੇ) ਵਰਤ ਰਹੇ ਹਨ
ਅਤੇ ਅਨੇਕਾਂ ਹੀ ਇਹੋ ਜਿਹੇ ਮਨੁੱਖ ਹਨ, ਜੋ (ਦੂਜਿਆਂ ਉੱਤੇ) ਹੁਕਮ ਤੇ ਵਧੀਕੀਆਂ ਕਰ ਕਰ ਕੇ (ਅੰਤ ਨੂੰ ਇਸ ਸੰਸਾਰ ਤੋਂ) ਚਲੇ ਜਾਂਦੇ ਹਨ।
ਅਨੇਕਾਂ ਹੀ ਖ਼ੂਨੀ ਮਨੁੱਖ ਲੋਕਾਂ ਦੇ ਗਲ ਵੱਢ ਰਹੇ ਹਨ
ਅਤੇ ਅਨੇਕਾਂ ਹੀ ਪਾਪੀ ਮਨੁੱਖ ਪਾਪ ਕਮਾ ਕੇ (ਆਖ਼ਰ) ਇਸ ਦੁਨੀਆ ਤੋਂ ਤੁਰ ਜਾਂਦੇ ਹਨ।
ਅਨੇਕਾਂ ਹੀ ਝੂਠ ਬੋਲਣ ਦੇ ਸੁਭਾਉ ਵਾਲੇ ਮਨੁੱਖ ਝੂਠ ਵਿਚ ਹੀ ਰੁੱਝੇ ਪਏ ਹਨ
ਅਤੇ ਅਨੇਕਾਂ ਹੀ ਖੋਟੀ ਬੁੱਧੀ ਵਾਲੇ ਮਨੁੱਖ ਮਲ (ਭਾਵ, ਅਖਾਜ) ਹੀ ਖਾਈ ਜਾ ਰਹੇ ਹਨ।
ਅਨੇਕਾਂ ਹੀ ਨਿਦੰਕ (ਨਿੰਦਾ ਕਰ ਕੇ) ਆਪਣੇ ਸਿਰ ਉੱਤੇ (ਨਿੰਦਿਆ ਦਾ) ਭਾਰ ਚੁੱਕ ਰਹੇ ਹਨ।
(ਹੇ ਨਿਰੰਕਾਰ! ਅਨੇਕਾਂ ਹੋਰ ਜੀਵ ਕਈ ਹੋਰ ਕੁਕਰਮਾਂ ਵਿਚ ਫਸੇ ਹੋਣਗੇ, ਮੇਰੀ ਕੀਹ ਤਾਕਤ ਹੈ ਕਿ ਤੇਰੀ ਕੁਦਰਤਿ ਦੀ ਪੂਰਨ ਵਿਚਾਰ ਕਰ ਸਕਾਂ?ਨਾਨਕ ਵਿਚਾਰਾ (ਤਾਂ) ਇਹ (ਉਪਰਲੀ ਤੁੱਛ ਜਿਹੀ) ਵਿਚਾਰ ਪੇਸ਼ ਕਰਦਾ ਹੈ।
(ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੇਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੈਂ ਤੇਰੀ ਬੇਅੰਤ ਕੁਦਰਤਿ ਦੀ ਪੂਰਨ ਵਿਚਾਰ ਕਰਨ ਜੋਗਾ ਨਹੀਂ ਹਾਂ)।
ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿਚ ਹੀ ਰਹਿਣਾ ਠੀਕ ਹੈ। ਤੇਰੀ ਸਿਫ਼ਤ-ਸਾਲਾਹ ਕਰ ਕੇ ਅਸਾਂ ਜੀਵਾਂ ਲਈ ਇਹੀ ਭਲੀ ਗੱਲ ਹੈ ਕਿ ਤੇਰੀ ਰਜ਼ਾ ਵਿਚ ਰਹੀਏ)।
ਹੇ ਨਿਰੰਕਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ॥੧੮॥
ਗੁਰੂ ਨਾਨਕ ਦੇਵ ਜੀ ਦੁਆਰਾ 15 ਵੀਂ ਸਦੀ ਵਿੱਚ ਉਚਾਰਣ ਕੀਤੀ ਬਾਣੀ, ਜਪੁਜੀ ਸਾਹਿਬ ਪ੍ਰਮਾਤਮਾ ਦੀ ਸਭ ਤੋਂ ਡੂੰਘੀ ਵਿਆਖਿਆ ਹੈ। ਇਕ ਸਰਬ ਵਿਆਪੀ ਬਾਣੀ ਜੋ ਮੂਲ ਮੰਤਰ ਨਾਲ ਸ਼ੁਰੂ ਹੁੰਦੀ ਹੈ। ਇਸ ਵਿਚ 38 ਪਉੜੀਆਂ ਅਤੇ 1 ਸ਼ਲੋਕ ਹਨ, ਇਹ ਪ੍ਰਮਾਤਮਾ ਨੂੰ ਸਭ ਤੋਂ ਸ਼ੁੱਧ ਰੂਪ ਵਿਚ ਬਿਆਨ ਕਰਦੀ ਹੈ।