ਸਲੋਕ ਮਃ ੫ ॥

ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥

ਹੇ ਕਿਰਪਾਲ (ਪ੍ਰਭੂ)! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ,

ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥

ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ।

ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥

(ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ।

ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥

ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ।

ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥

(ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ।

ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥

ਗੁਰਮੁਖਾਂ ਦੀ ਸੰਗਤ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ।

ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥

(ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ,

ਗੁਰਪਰਸਾਦੀ ਸਚੁ ਸਚੋ ਸਚੁ ਲਹਿਆ ॥

ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ।

ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥

ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤ-ਸਾਲਾਹ ਬਖ਼ਸ਼।

ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥

(ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿੜਿਆ ਰਹਾਂ ॥੧॥

Sri Guru Granth Sahib
ਸ਼ਬਦ ਬਾਰੇ

ਸਿਰਲੇਖ: ਰਾਗੁ ਰਾਮਕਲੀ
ਲਿਖਾਰੀ: ਗੁਰੂ ਅਰਜਨ ਦੇਵ ਜੀ
ਅੰਗ: 961
ਲੜੀ ਸੰਃ: 6 - 9

ਰਾਗੁ ਰਾਮਕਲੀ

ਰਾਮਕਲੀ ਦੀਆਂ ਭਾਵਨਾਵਾਂ ਉਨ੍ਹਾਂ ਬੁੱਧੀਮਾਨ ਅਧਿਆਪਕ ਵਰਗੀਆਂ ਹੁੰਦੀਆਂ ਹਨ ਜੋ ਆਪਣੇ ਵਿਦਿਆਰਥੀ ਨੂੰ ਅਨੁਸ਼ਾਸਤ ਕਰਦੀਆਂ ਹਨ।