ਜੋ ਮਨੁੱਖ ਪੱਥਰ (ਦੀ ਮੂਰਤੀ) ਨੂੰ ਰੱਬ ਆਖਦੇ ਹਨ,
ਉਹਨਾਂ ਦੀ ਕੀਤੀ ਸੇਵਾ ਵਿਅਰਥ ਜਾਂਦੀ ਹੈ।
ਜੋ ਮਨੁੱਖ ਪੱਥਰ (ਦੀ ਮੂਰਤੀ) ਦੇ ਪੈਰੀਂ ਪੈਂਦੇ ਹਨ,
ਉਹਨਾਂ ਦੀ ਮਿਹਨਤ ਅਜਾਈਂ ਚਲੀ ਜਾਂਦੀ ਹੈ ॥੧॥
ਸਾਡਾ ਠਾਕੁਰ ਸਦਾ ਬੋਲਦਾ ਹੈ,
ਉਹ ਪ੍ਰਭੂ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ ॥੧॥ ਰਹਾਉ ॥
ਅੰਨ੍ਹਾ ਮੂਰਖ ਆਪਣੇ ਅੰਦਰ-ਵੱਸਦੇ ਰੱਬ ਨੂੰ ਨਹੀਂ ਪਛਾਣਦਾ,
ਭਰਮ ਦਾ ਮਾਰਿਆ ਹੋਇਆ ਹੋਰ ਹੋਰ ਜਾਲ ਵਿਛਾਉਂਦਾ ਹੈ।
ਇਹ ਪੱਥਰ ਨਾਹ ਬੋਲਦਾ ਹੈ, ਨਾਹ ਕੁਝ ਦੇ ਸਕਦਾ ਹੈ,
(ਇਸ ਨੂੰ ਇਸ਼ਨਾਨ ਕਰਾਣ ਤੇ ਭੋਗ ਆਦਿਕ ਲਵਾਣ ਦੇ) ਸਾਰੇ ਕੰਮ ਵਿਅਰਥ ਹਨ, (ਇਸ ਦੀ ਸੇਵਾ ਵਿਚੋਂ ਕੋਈ ਫਲ ਨਹੀਂ ਮਿਲਦਾ ॥੨॥
ਜੇ ਕੋਈ ਮਨੁੱਖ ਮੁਰਦੇ ਨੂੰ ਚੰਦਨ (ਰਗੜ ਕੇ) ਲਾ ਦੇਵੇ,
ਉਸ ਮੁਰਦੇ ਨੂੰ ਕੋਈ (ਇਸ ਸੇਵਾ ਦਾ) ਫਲ ਨਹੀਂ ਮਿਲ ਸਕਦਾ।
ਤੇ, ਜੇ ਕੋਈ ਮੁਰਦੇ ਨੂੰ ਗੰਦ ਵਿਚ ਰੋਲ ਦੇਵੇ,
ਤਾਂ ਭੀ ਉਸ ਮੁਰਦੇ ਦਾ ਕੋਈ ਵਿਗਾੜ ਨਹੀਂ ਹੋ ਸਕਦਾ ॥੩॥
ਕਬੀਰ ਆਖਦਾ ਹੈ ਕਿ ਮੈਂ ਪੁਕਾਰ ਪੁਕਾਰ ਕੇ ਆਖਦਾ ਹਾਂ
ਹੇ ਰੱਬ ਨਾਲੋਂ ਟੁੱਟੇ ਹੋਏ ਮੂਰਖ! ਸਮਝ ਕੇ ਵੇਖ,
ਰੱਬ ਨੂੰ ਛੱਡ ਕੇ ਹੋਰ ਹੋਰ ਵਿਚ ਪਿਆਰ ਪਾ ਕੇ ਬਥੇਰੇ ਜੀਵ ਤਬਾਹ ਹੋ ਗਏ।
ਸਦਾ ਸੁਖੀ ਜੀਵਨ ਵਾਲੇ ਸਿਰਫ਼ ਉਹੀ ਹਨ ਜੋ ਪ੍ਰਭੂ ਦੇ ਭਗਤ ਹਨ' ॥੪॥੪॥੧੨॥
ਭੈਰਉ ਆਤਮਾ ਦੀ ਆਸਥਾ ਅਤੇ ਸਿਰਜਣਹਾਰ ਪ੍ਰਤੀ ਦਿਲੀ ਸ਼ਰਧਾ ਦਾ ਪ੍ਰਤੀਕ ਹੈ।