ਗਉੜੀ ਮਹਲਾ ੫ ਮਾਂਝ ॥

ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ ਨਾਮੁ ॥

ਹੇ ਪ੍ਰਭੂ! ਤੇਰਾ ਨਾਮ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਤੇਰਾ ਨਾਮ ਦੁੱਖਾਂ ਦਾ ਨਾਸ ਕਰਨ ਵਾਲਾ ਹੈ।

ਆਠ ਪਹਰ ਆਰਾਧੀਐ ਪੂਰਨ ਸਤਿਗੁਰ ਗਿਆਨੁ ॥੧॥ ਰਹਾਉ ॥

(ਹੇ ਭਾਈ!) ਇਹ ਨਾਮ ਅੱਠੇ ਪਹਰ ਸਿਮਰਨਾ ਚਾਹੀਦਾ ਹੈ-ਪੂਰੇ ਸਤਿਗੁਰੂ ਦਾ ਇਹੀ ਉਪਦੇਸ਼ ਹੈ ਜੋ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਸਕਦਾ ਹੈ ॥੧॥ ਰਹਾਉ ॥

ਜਿਤੁ ਘਟਿ ਵਸੈ ਪਾਰਬ੍ਰਹਮੁ ਸੋਈ ਸੁਹਾਵਾ ਥਾਉ ॥

(ਹੇ ਭਾਈ!) ਜਿਸ ਹਿਰਦੇ ਵਿਚ ਪਰਮਾਤਮਾ ਆ ਵੱਸਦਾ ਹੈ, ਉਹੀ ਹਿਰਦਾ-ਥਾਂ ਸੋਹਣਾ ਬਣ ਜਾਂਦਾ ਹੈ।

ਜਮ ਕੰਕਰੁ ਨੇੜਿ ਨ ਆਵਈ ਰਸਨਾ ਹਰਿ ਗੁਣ ਗਾਉ ॥੧॥

ਜੇਹੜਾ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦੇ ਗੁਣ ਗਾਂਦਾ ਹੈ, ਜਮਦੂਤ ਉਸ ਦੇ ਨੇੜੇ ਨਹੀਂ ਢੁੱਕਦਾ (ਉਸ ਨੂੰ ਮੌਤ ਦਾ ਡਰ ਪੋਹ ਨਹੀਂ ਸਕਦਾ ॥੧॥

ਸੇਵਾ ਸੁਰਤਿ ਨ ਜਾਣੀਆ ਨਾ ਜਾਪੈ ਆਰਾਧਿ ॥

ਮੈਂ (ਹੁਣ ਤਕ) ਤੇਰੀ ਸੇਵਾ-ਭਗਤੀ ਦੀ ਸੂਝ ਦੀ ਕਦਰ ਨਾ ਜਾਣੀ, ਮੈਨੂੰ ਤੇਰੇ ਨਾਮ ਦਾ ਆਰਾਧਨ ਕਰਨਾ ਨਹੀਂ ਸੁਝਿਆ,

ਓਟ ਤੇਰੀ ਜਗਜੀਵਨਾ ਮੇਰੇ ਠਾਕੁਰ ਅਗਮ ਅਗਾਧਿ ॥੨॥

ਹੇ ਜਗਤ ਦੀ ਜ਼ਿੰਦਗੀ ਦੇ ਆਸਰੇ! ਹੇ ਮੇਰੇ ਪਾਲਣਹਾਰ ਮਾਲਕ! ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! (ਪਰ ਹੁਣ) ਮੈਂ ਤੇਰਾ ਆਸਰਾ ਲਿਆ ਹੈ ॥੨॥

ਭਏ ਕ੍ਰਿਪਾਲ ਗੁਸਾਈਆ ਨਠੇ ਸੋਗ ਸੰਤਾਪ ॥

(ਹੇ ਭਾਈ!) ਸ੍ਰਿਸ਼ਟੀ ਦੇ ਮਾਲਕ-ਪ੍ਰਭੂ ਜਿਸ ਮਨੁੱਖ ਉਤੇ ਦਇਆਵਾਨ ਹੁੰਦੇ ਹਨ, ਉਸ ਦੇ ਸਾਰੇ ਫ਼ਿਕਰ ਤੇ ਕਲੇਸ਼ ਮਿਟ ਜਾਂਦੇ ਹਨ।

ਤਤੀ ਵਾਉ ਨ ਲਗਈ ਸਤਿਗੁਰਿ ਰਖੇ ਆਪਿ ॥੩॥

ਜਿਸ ਮਨੁੱਖ ਦੀ ਗੁਰੂ ਨੇ ਆਪ ਰੱਖਿਆ ਕੀਤੀ, ਉਸ ਨੂੰ (ਸੋਗ-ਸੰਤਾਪ ਆਦਿਕ ਦਾ) ਸੇਕ ਨਹੀਂ ਪੋਹ ਸਕਦਾ ॥੩॥

ਗੁਰੁ ਨਾਰਾਇਣੁ ਦਯੁ ਗੁਰੁ ਗੁਰੁ ਸਚਾ ਸਿਰਜਣਹਾਰੁ ॥

(ਹੇ ਭਾਈ!) ਗੁਰੂ ਨਾਰਾਇਣ ਦਾ ਰੂਪ ਹੈ, ਗੁਰੂ ਸਭ ਉਤੇ ਦਇਆ ਕਰਨ ਵਾਲੇ ਪ੍ਰਭੂ ਦਾ ਸਰੂਪ ਹੈ, ਗੁਰੂ ਉਸ ਕਰਤਾਰ ਦਾ ਰੂਪ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ।

ਗੁਰਿ ਤੁਠੈ ਸਭ ਕਿਛੁ ਪਾਇਆ ਜਨ ਨਾਨਕ ਸਦ ਬਲਿਹਾਰ ॥੪॥੨॥੧੭੦॥

ਜੇ ਗੁਰੂ ਪ੍ਰਸੰਨ ਹੋ ਜਾਏ ਤਾਂ ਸਭ ਕੁਝ ਪ੍ਰਾਪਤ ਹੋ ਜਾਂਦਾ ਹੈ। ਹੇ ਦਾਸ ਨਾਨਕ! (ਆਖ-) ਮੈਂ ਗੁਰੂ ਤੋਂ ਸਦਕੇ ਹਾਂ ॥੪॥੨॥੧੭੦॥

Sri Guru Granth Sahib
ਸ਼ਬਦ ਬਾਰੇ

ਸਿਰਲੇਖ: ਰਾਗੁ ਗਉੜੀ
ਲਿਖਾਰੀ: ਗੁਰੂ ਅਰਜਨ ਦੇਵ ਜੀ
ਅੰਗ: 218
ਲੜੀ ਸੰਃ: 4 - 8

ਰਾਗੁ ਗਉੜੀ

ਰਾਗੁ ਗਉੜੀ ਸੁਣਨ ਵਾਲੇ ਨੂੰ ਇੱਕ ਉਦੇਸ਼ ਪ੍ਰਾਪਤੀ ਦੀ ਸਖਤ ਕੋਸ਼ਿਸ਼ ਕਰਨ ਲਈ ਉਤਸ਼ਾਹਤ ਕਰਦਾ ਹੈ। ਹਾਲਾਂਕਿ, ਰਾਗ ਦੁਆਰਾ ਦਿੱਤਾ ਉਤਸ਼ਾਹ ਹਉਮੈ ਨੂੰ ਵਧਣ ਨਹੀਂ ਦਿੰਦਾ। ਇਹ, ਇਸ ਲਈ, ਇੱਕ ਮਾਹੌਲ ਪੈਦਾ ਕਰਦਾ ਹੈ ਜਿੱਥੇ ਸੁਣਨ ਵਾਲੇ ਨੂੰ ਉਤਸ਼ਾਹਤ ਕੀਤਾ ਜਾਂਦਾ ਹੈ, ਪਰ ਫਿਰ ਵੀ ਹੰਕਾਰੀ ਅਤੇ ਸਵੈ-ਮਹੱਤਵਪੂਰਣ ਬਣਨ ਤੋਂ ਰੋਕ ਦਿੰਦਾ ਹੈ।