(ਲੋਕਾਂ ਵਿਚ ਇਹ ਖ਼ਿਆਲ ਆਮ ਪ੍ਰਚੱਲਤ ਹੈ ਕਿ) ਇਕੱਲੀ ਮਾਇਆ (ਕਿਸੇ) ਜੁਗਤੀ ਨਾਲ ਪ੍ਰਸੂਤ ਹੋਈ ਤੇ ਪਰਤੱਖ ਤੌਰ 'ਤੇ ਉਸ ਦੇ ਤਿੰਨ ਪੁੱਤਰ ਜੰਮ ਪਏ।
ਉਹਨਾਂ ਵਿਚੋਂ ਇਕ (ਬ੍ਰਹਮਾ) ਘਰਬਾਰੀ ਬਣ ਗਿਆ (ਭਾਵ, ਜੀਵ-ਜੰਤਾਂ ਨੂੰ ਪੈਦਾ ਕਰਨ ਲੱਗ ਪਿਆ), ਇਕ (ਵਿਸ਼ਨੂੰ) ਭੰਡਾਰੇ ਦਾ ਮਾਲਕ ਬਣ ਗਿਆ (ਭਾਵ, ਜੀਵਾਂ ਨੂੰ ਰਿਜ਼ਕ ਅਪੜਾਣ ਦਾ ਕੰਮ ਕਰਨ ਲੱਗਾ), ਅਤੇ ਇੱਕ (ਸ਼ਿਵ) ਕਚਹਿਰੀ ਲਾਉਂਦਾ ਹੈ (ਭਾਵ, ਜੀਵਾਂ ਨੂੰ ਸੰਘਾਰਦਾ ਹੈ)।
(ਪਰ ਅਸਲ ਗੱਲ ਇਹ ਹੈ ਕਿ) ਜਿਵੇਂ ਉਸ ਅਕਾਲ ਪੁਰਖ ਨੂੰ ਭਾਉਂਦਾ ਹੈ ਅਤੇ ਜਿਵੇਂ ਉਸ ਦਾ ਹੁਕਮ ਹੁੰਦਾ ਹੈ, ਤਿਵੇਂ ਹੀ ਉਹ ਆਪ ਸੰਸਾਰ ਦੀ ਕਾਰ ਚਲਾ ਰਿਹਾ ਹੈ, (ਇਹਨਾਂ ਬ੍ਰਹਮਾ, ਵਿਸ਼ਨੂੰ ਅਤੇ ਸ਼ਿਵ ਦੇ ਕੁਝ ਹੱਥ ਨਹੀਂ)।
ਇਹ ਬੜਾ ਅਸਚਰਜ ਕੌਤਕ ਹੈ ਕਿ ਉਹ ਅਕਾਲ ਪੁਰਖ (ਸਭ ਜੀਵਾਂ ਨੂੰ) ਵੇਖ ਰਿਹਾ ਹੈ ਪਰ ਜੀਵਾਂ ਨੂੰ ਅਕਾਲ ਪੁਰਖ ਨਹੀਂ ਦਿੱਸਦਾ।
(ਸੋ ਬ੍ਰਹਮਾ, ਵਿਸ਼ਨੂੰ, ਸ਼ਿਵ ਆਦਿਕ ਦੇ ਥਾਂ) ਕੇਵਲ ਉਸ (ਅਕਾਲ ਪੁਰਖ) ਨੂੰ ਪ੍ਰਣਾਮ ਕਰੋ,
ਜੋ (ਸਭ ਦਾ) ਮੁੱਢ ਹੈ, ਜੋ ਸ਼ੁੱਧ ਸਰੂਪ ਹੈ, ਜਿਸ ਦਾ ਕੋਈ ਮੁੱਢ ਨਹੀਂ (ਲੱਭ ਸਕਦਾ), ਜੋ ਨਾਸ ਰਹਿਤ ਹੈ ਅਤੇ ਜੋ ਸਦਾ ਹੀ ਇਕੋ ਜਿਹਾ ਰਹਿੰਦਾ ਹੈ। (ਇਹੀ ਹੈ ਵਸੀਲਾ ਉਸ ਪ੍ਰਭੂ ਨਾਲੋਂ ਵਿੱਥ ਦੂਰ ਕਰਨ ਦਾ) ॥੩੦॥
ਗੁਰੂ ਨਾਨਕ ਦੇਵ ਜੀ ਦੁਆਰਾ 15 ਵੀਂ ਸਦੀ ਵਿੱਚ ਉਚਾਰਣ ਕੀਤੀ ਬਾਣੀ, ਜਪੁਜੀ ਸਾਹਿਬ ਪ੍ਰਮਾਤਮਾ ਦੀ ਸਭ ਤੋਂ ਡੂੰਘੀ ਵਿਆਖਿਆ ਹੈ। ਇਕ ਸਰਬ ਵਿਆਪੀ ਬਾਣੀ ਜੋ ਮੂਲ ਮੰਤਰ ਨਾਲ ਸ਼ੁਰੂ ਹੁੰਦੀ ਹੈ। ਇਸ ਵਿਚ 38 ਪਉੜੀਆਂ ਅਤੇ 1 ਸ਼ਲੋਕ ਹਨ, ਇਹ ਪ੍ਰਮਾਤਮਾ ਨੂੰ ਸਭ ਤੋਂ ਸ਼ੁੱਧ ਰੂਪ ਵਿਚ ਬਿਆਨ ਕਰਦੀ ਹੈ।