(ਵਿਦਿਆ ਪ੍ਰਾਪਤ ਕਰ ਕੇ) ਜੋ ਮਨੁੱਖ ਦੂਜਿਆਂ ਨਾਲ ਭਲਾਈ ਕਰਨ ਵਾਲਾ ਹੋ ਗਿਆ ਹੈ ਤਾਂ ਹੀ ਸਮਝੋ ਕਿ ਉਹ ਵਿੱਦਿਆ ਪਾ ਕੇ ਵਿਚਾਰਵਾਨ ਬਣਿਆ ਹੈ।
ਤੀਰਥਾਂ ਤੇ ਨਿਵਾਸ ਰੱਖਣ ਵਾਲਾ ਤਦੋਂ ਹੀ ਸਫਲ ਹੈ, ਜੇ ਉਸ ਨੇ ਪੰਜੇ ਕਾਮਾਦਿਕ ਵੱਸ ਕਰ ਲਏ ਹਨ ॥੧॥
ਜੇ ਮੇਰਾ ਮਨ ਪ੍ਰਭੂ-ਚਰਨਾਂ ਵਿਚ ਜੁੜਨਾ ਸਿੱਖ ਗਿਆ ਹੈ ਤਦੋਂ ਹੀ (ਭਗਤੀਆ ਬਣ ਕੇ) ਘੁੰਘਰੂ ਵਜਾਣੇ ਸਫਲ ਹਨ।
ਫਿਰ ਪਰਲੋਕ ਵਿਚ ਜਮ ਮੇਰਾ ਕੁਝ ਭੀ ਨਹੀਂ ਵਿਗਾੜ ਸਕਦਾ ॥੧॥ ਰਹਾਉ ॥
ਜੇ ਸਭ ਮਾਇਕ-ਆਸਾਂ ਵਲੋਂ ਉਪਰਾਮ ਹੈ ਤਾਂ ਸਮਝੋ ਇਹ ਸੰਨਿਆਸੀ ਹੈ।
ਜੇ (ਗ੍ਰਿਹਸਤੀ ਹੁੰਦਿਆਂ) ਜੋਗੀ ਵਾਲਾ ਜਤ (ਕਾਇਮ) ਹੈ ਤਾਂ ਉਸ ਨੂੰ ਅਸਲ ਗ੍ਰਿਹਸਤੀ ਜਾਣੋ ॥੨॥
ਜੇ (ਹਿਰਦੇ ਵਿਚ) ਦਇਆ ਹੈ, ਜੇ ਸਰੀਰ ਨੂੰ (ਵਿਕਾਰਾਂ ਵਲੋਂ ਪਵਿੱਤ੍ਰ ਰੱਖਣ ਦੀ) ਵਿਚਾਰ ਵਾਲਾ ਭੀ ਹੈ, ਤਾਂ ਉਹ ਅਸਲ ਦਿਗੰਬਰ (ਨਾਂਗਾ ਜੈਨੀ);
ਜੋ ਮਨੁੱਖ ਆਪ (ਵਿਕਾਰਾਂ ਵਲੋਂ) ਮਰਿਆ ਹੋਇਆ ਹੈ ਉਹੀ ਹੈ (ਅਸਲ ਅਹਿੰਸਾ-ਵਾਦੀ) ਜੋ ਹੋਰਨਾਂ ਨੂੰ ਨਹੀਂ ਮਾਰਦਾ ॥੩॥
(ਪਰ ਕਿਸੇ ਨੂੰ ਮੰਦਾ ਨਹੀਂ ਕਿਹਾ ਜਾ ਸਕਦਾ, ਹੇ ਪ੍ਰਭੂ!) ਇਹ ਸਾਰੇ ਤੇਰੇ ਹੀ ਅਨੇਕਾਂ ਵੇਸ ਹਨ, ਹਰੇਕ ਵੇਸ ਵਿਚ ਤੂੰ ਆਪ ਮੌਜੂਦ ਹੈਂ।
ਨਾਨਕ (ਵਿਚਾਰਾ) ਤੇਰੇ ਕੌਤਕ-ਤਮਾਸ਼ੇ ਸਮਝ ਨਹੀਂ ਸਕਦਾ ॥੪॥੨੫॥
ਰਾਗ ਆਸਾ ਸੰਪੂਰਨ ਸੁਰਾਂ ਵਾਲਾ ਪੰਜਾਬ ਦਾ ਪ੍ਰਸਿੱਧ ਲੋਕ ਰਾਗ ਹੈ। ਇਹ ਬਿਲਾਵਲ ਥਾਟ ਦਾ ਰਾਗ ਹੈ ਜਿਸ ਵਿੱਚ ਮੱਧਮ (ਮਾ) ਵਾਦੀ ਅਤੇ ਸ਼ੜਜ (ਸਾ) ਸੰਵਾਦੀ ਹੈ। ਆਰੋਹੀ ਵਿੱਚ ਗੰਧਾਰ ਅਤੇ ਨਿਸ਼ਾਧ ਸਵਰ ਵਰਜਿਤ ਹਨ। ਇਸ ਕਰਕੇ ਇਸ ਦੀ ਜਾਤੀ ਔੜਵ-ਸੰਪੂਰਨ ਹੀ ਮੰਨੀ ਜਾਂਦੀ ਹੈ ਭਾਵ ਆਰੋਹੀ ਕ੍ਰਮ ਵਿਚ ਸਪਤਕ ਦੇ ਪੰਜ ਸਵਰ ਤੇ ਅਵਰੋਹੀ ਕ੍ਰਮ ਵਿਚ ਸੱਤ ਸਵਰ ਪ੍ਰਯੋਗ ਕੀਤੇ ਜਾਂਦੇ ਹਨ। ਇਸ ਰਾਗ ਦੇ ਗਾਇਨ ਦਾ ਸਮਾਂ ਸਵੇਰ ਅਤੇ ਸ਼ਾਮ ਦਾ ਸੰਧੀ ਪ੍ਰਕਾਸ਼ ਦਾ ਸਮਾਂ ਹੈ।