ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 1


ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

॥ ਜਪੁ ॥

'ਜਪੁ' ਬਾਣੀ ਦਾ ਨਾਮ ਹੈ।

ਆਦਿ ਸਚੁ ਜੁਗਾਦਿ ਸਚੁ ॥

ਅਕਾਲ ਪੁਰਖ ਮੁੱਢ ਤੋਂ ਹੋਂਦ ਵਾਲਾ ਹੈ, ਜੁਗਾਂ ਦੇ ਮੁੱਢ ਤੋਂ ਮੌਜੂਦ ਹੈ।

ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥

ਹੇ ਨਾਨਕ! ਇਸ ਵੇਲੇ ਭੀ ਮੌਜੂਦ ਹੈ ਤੇ ਅਗਾਂਹ ਨੂੰ ਭੀ ਹੋਂਦ ਵਾਲਾ ਰਹੇਗਾ ॥੧॥

ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥

ਜੇ ਮੈਂ ਲੱਖ ਵਾਰੀ (ਭੀ) (ਇਸ਼ਨਾਨ ਆਦਿਕ ਨਾਲ ਸਰੀਰ ਦੀ) ਸੁੱਚ ਰੱਖਾਂ, (ਤਾਂ ਭੀ ਇਸ ਤਰ੍ਹਾਂ) ਸੁੱਚ ਰੱਖਣ ਨਾਲ (ਮਨ ਦੀ) ਸੁੱਚ ਨਹੀਂ ਰਹਿ ਸਕਦੀ।

ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥

ਜੇ ਮੈਂ (ਸਰੀਰ ਦੀ) ਇਕ-ਤਾਰ ਸਮਾਧੀ ਲਾਈ ਰੱਖਾਂ; (ਤਾਂ ਭੀ ਇਸ ਤਰ੍ਹਾਂ) ਚੁੱਪ ਕਰ ਰਹਿਣ ਨਾਲ ਮਨ ਦੀ ਸ਼ਾਂਤੀ ਨਹੀਂ ਹੋ ਸਕਦੀ।

ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥

ਜੇ ਮੈਂ ਸਾਰੇ ਭਵਣਾਂ ਦੇ ਪਦਾਰਥਾਂ ਦੇ ਢੇਰ (ਭੀ) ਸਾਂਭ ਲਵਾਂ, ਤਾਂ ਭੀ ਤ੍ਰਿਸ਼ਨਾ ਦੇ ਅਧੀਨ ਰਿਹਾਂ ਤ੍ਰਿਸ਼ਨਾ ਦੂਰ ਨਹੀਂ ਹੋ ਸਕਦੀ।

ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥

ਜੇ (ਮੇਰੇ ਵਿਚ) ਹਜ਼ਾਰਾਂ ਤੇ ਲੱਖਾਂ ਚਤੁਰਾਈਆਂ ਹੋਵਣ, (ਤਾਂ ਭੀ ਉਹਨਾਂ ਵਿਚੋਂ) ਇਕ ਭੀ ਚਤੁਰਾਈ ਸਾਥ ਨਹੀਂ ਦੇਂਦੀ।

ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥

(ਤਾਂ ਫਿਰ) ਅਕਾਲ ਪੁਰਖ ਦਾ ਪਰਕਾਸ਼ ਹੋਣ ਲਈ ਯੋਗ ਕਿਵੇਂ ਬਣ ਸਕੀਦਾ ਹੈ (ਅਤੇ ਸਾਡੇ ਅੰਦਰ ਦਾ) ਕੂੜ ਦਾ ਪਰਦਾ ਕਿਵੇਂ ਟੁੱਟ ਸਕਦਾ ਹੈ?

ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥

ਰਜ਼ਾ ਦੇ ਮਾਲਕ ਅਕਾਲ ਪੁਰਖ ਦੇ ਹੁਕਮ ਵਿਚ ਤੁਰਨਾ-(ਇਹੀ ਇਕ ਵਿਧੀ ਹੈ)। ਹੇ ਨਾਨਕ! (ਇਹ ਵਿਧੀ) ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ, ਲਿਖੀ ਚਲੀ ਆ ਰਹੀ ਹੈ ॥੧॥

ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥

ਅਕਾਲ ਪੁਰਖ ਦੇ ਹੁਕਮ ਅਨੁਸਾਰ ਸਾਰੇ ਸਰੀਰ ਬਣਦੇ ਹਨ, (ਪਰ ਇਹ) ਹੁਕਮ ਦੱਸਿਆ ਨਹੀਂ ਜਾ ਸਕਦਾ ਕਿ ਕਿਹੋ ਜਿਹਾ ਹੈ।

ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥

ਰੱਬ ਦੇ ਹੁਕਮ ਅਨੁਸਾਰ ਹੀ ਸਾਰੇ ਜੀਵ ਜੰਮ ਪੈਂਦੇ ਹਨ ਅਤੇ ਹੁਕਮ ਅਨੁਸਾਰ ਹੀ (ਰੱਬ ਦੇ ਦਰ 'ਤੇ) ਸ਼ੋਭਾ ਮਿਲਦੀ ਹੈ।

ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥

ਰੱਬ ਦੇ ਹੁਕਮ ਵਿਚ ਕੋਈ ਮਨੁੱਖ ਚੰਗਾ (ਬਣ ਜਾਂਦਾ) ਹੈ, ਕੋਈ ਭੈੜਾ। ਉਸ ਦੇ ਹੁਕਮ ਵਿਚ ਹੀ (ਆਪਣੇ ਕੀਤੇ ਹੋਏ ਕਰਮਾਂ ਦੇ) ਲਿਖੇ ਅਨੁਸਾਰ ਦੁੱਖ ਤੇ ਸੁਖ ਭੋਗੀਦੇ ਹਨ।

ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥

ਹੁਕਮ ਵਿਚ ਹੀ ਕਦੀ ਮਨੁੱਖਾਂ ਉੱਤੇ (ਅਕਾਲ ਪੁਰਖ ਦੇ ਦਰ ਤੋਂ) ਬਖ਼ਸ਼ਸ਼ ਹੁੰਦੀ ਹੈ, ਅਤੇ ਉਸ ਦੇ ਹੁਕਮ ਵਿਚ ਹੀ ਕਈ ਮਨੁੱਖ ਨਿੱਤ ਜਨਮ ਮਰਨ ਦੇ ਗੇੜ ਵਿਚ ਭਵਾਈਦੇ ਹਨ।

ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥

ਹਰੇਕ ਜੀਵ ਰੱਬ ਦੇ ਹੁਕਮ ਵਿਚ ਹੀ ਹੈ, ਕੋਈ ਜੀਵ ਹੁਕਮ ਤੋਂ ਬਾਹਰ (ਭਾਵ, ਹੁਕਮ ਤੋ ਆਕੀ) ਨਹੀਂ ਹੋ ਸਕਦਾ।

ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥

ਹੇ ਨਾਨਕ! ਜੇ ਕੋਈ ਮਨੁੱਖ ਅਕਾਲ ਪੁਰਖ ਦੇ ਹੁਕਮ ਨੂੰ ਸਮਝ ਲਏ ਤਾਂ ਫਿਰ ਉਹ ਸੁਆਰਥ ਦੀਆਂ ਗੱਲਾਂ ਨਹੀਂ ਕਰਦਾ (ਭਾਵ, ਫਿਰ ਉਹ ਸੁਆਰਥੀ ਜੀਵਨ ਛੱਡ ਦੇਂਦਾ ਹੈ) ॥੨॥

ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥

ਜਿਸ ਕਿਸੇ ਮਨੁੱਖ ਨੂੰ ਸਮਰਥਾ ਹੁੰਦੀ ਹੈ, ਉਹ ਰੱਬ ਦੇ ਤਾਣ ਨੂੰ ਗਾਉਂਦਾ ਹੈ, (ਭਾਵ, ਉਸ ਦੀ ਸਿਫ਼ਤ-ਸਾਲਾਹ ਕਰਦਾ ਹੈ ਤੇ ਉਸ ਦੇ ਉਹ ਕੰਮ ਕਥਨ ਕਰਦਾ ਹੈ, ਜਿਨ੍ਹਾਂ ਤੋਂ ਉਸ ਦੀ ਵੱਡੀ ਤਾਕਤ ਪਰਗਟ ਹੋਵੇ)।

ਗਾਵੈ ਕੋ ਦਾਤਿ ਜਾਣੈ ਨੀਸਾਣੁ ॥

ਕੋਈ ਮਨੁੱਖ ਉਸ ਦੀਆਂ ਦਾਤਾਂ ਨੂੰ ਹੀ ਗਾਉਂਦਾ ਹੈ, (ਕਿਉਂਕਿ ਇਹਨਾਂ ਦਾਤਾਂ ਨੂੰ ਉਹ ਰੱਬ ਦੀ ਰਹਿਮਤ ਦਾ) ਨਿਸ਼ਾਨ ਸਮਝਦਾ ਹੈ।

ਗਾਵੈ ਕੋ ਗੁਣ ਵਡਿਆਈਆ ਚਾਰ ॥

ਕੋਈ ਮਨੁੱਖ ਰੱਬ ਦੇ ਸੋਹਣੇ ਗੁਣ ਤੇ ਸੋਹਣੀਆਂ ਵਡਿਆਈਆਂ ਵਰਣਨ ਕਰਦਾ ਹੈ।

ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥

ਕੋਈ ਮਨੁੱਖ ਵਿੱਦਿਆ ਦੇ ਬਲ ਨਾਲ ਅਕਾਲ ਪੁਰਖ ਦੇ ਕਠਨ ਗਿਆਨ ਨੂੰ ਗਾਉਂਦਾ ਹੈ (ਭਾਵ, ਸ਼ਾਸਤਰ ਆਦਿਕ ਦੁਆਰਾ ਆਤਮਕ ਫ਼ਿਲਾਸਫ਼ੀ ਦੇ ਔਖੇ ਵਿਸ਼ਿਆਂ 'ਤੇ ਵਿਚਾਰ ਕਰਦਾ ਹੈ)।

ਗਾਵੈ ਕੋ ਸਾਜਿ ਕਰੇ ਤਨੁ ਖੇਹ ॥

ਕੋਈ ਮਨੁੱਖ ਇਉਂ ਗਾਉਂਦਾ ਹੈ, 'ਅਕਾਲ ਪੁਰਖ ਸਰੀਰ ਨੂੰ ਬਣਾ ਕੇ (ਫਿਰ) ਸੁਆਹ ਕਰ ਦੇਂਦਾ ਹੈ'।

ਗਾਵੈ ਕੋ ਜੀਅ ਲੈ ਫਿਰਿ ਦੇਹ ॥

ਕੋਈ ਇਉਂ ਗਾਉਂਦਾ ਹੈ, 'ਹਰੀ (ਸਰੀਰਾਂ ਵਿਚੋਂ) ਜਿੰਦਾਂ ਕੱਢ ਕੇ ਫਿਰ (ਦੂਜੇ ਸਰੀਰਾਂ ਵਿਚ) ਪਾ ਦੇਂਦਾ ਹੈ'।

ਗਾਵੈ ਕੋ ਜਾਪੈ ਦਿਸੈ ਦੂਰਿ ॥

ਕੋਈ ਮਨੁੱਖ ਆਖਦਾ ਹੈ, 'ਅਕਾਲ ਪੁਰਖ ਦੂਰ ਜਾਪਦਾ ਹੈ, ਦੂਰ ਦਿੱਸਦਾ ਹੈ';


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1363
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430