ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 1104


ਕਹੁ ਕਬੀਰ ਜੋ ਨਾਮਿ ਸਮਾਨੇ ਸੁੰਨ ਰਹਿਆ ਲਿਵ ਸੋਈ ॥੪॥੪॥

ਕਬੀਰ ਆਖਦਾ ਹੈ- ਜੋ ਜੋ ਮਨੁੱਖ ਪ੍ਰਭੂ ਦੇ ਨਾਮ ਵਿਚ ਲੀਨ ਹੁੰਦਾ ਹੈ, ਉਹ ਅਫੁਰ ਪ੍ਰਭੂ ਵਿਚ ਸੁਰਤ ਜੋੜੀ ਰੱਖਦਾ ਹੈ ॥੪॥੪॥

ਜਉ ਤੁਮੑ ਮੋ ਕਉ ਦੂਰਿ ਕਰਤ ਹਉ ਤਉ ਤੁਮ ਮੁਕਤਿ ਬਤਾਵਹੁ ॥

ਹੇ ਰਾਮ! ਜੇ ਤੂੰ ਮੈਨੂੰ ਆਪਣੇ ਚਰਨਾਂ ਤੋਂ ਵਿਛੋੜ ਦੇਵੇਂ, ਤਾਂ ਦੱਸ ਹੋਰ ਮੁਕਤੀ ਕੀਹ ਹੈ?

ਏਕ ਅਨੇਕ ਹੋਇ ਰਹਿਓ ਸਗਲ ਮਹਿ ਅਬ ਕੈਸੇ ਭਰਮਾਵਹੁ ॥੧॥

ਤੂੰ ਇਕ ਪ੍ਰਭੂ ਅਨੇਕਾਂ ਰੂਪ ਧਾਰ ਕੇ ਸਾਰੇ ਜੀਵਾਂ ਵਿਚ ਵਿਆਪਕ ਹੈਂ (ਮੇਰੇ ਅੰਦਰ ਭੀ ਬੈਠ ਕੇ ਮੈਨੂੰ ਮਿਲਿਆ ਹੋਇਆ ਹੈਂ)। ਹੁਣ ਮੈਨੂੰ ਕਿਸੇ ਹੋਰ ਭੁਲੇਖੇ ਵਿਚ ਕਿਉਂ ਪਾਂਦਾ ਹੈਂ (ਕਿ ਮੁਕਤੀ ਕਿਸੇ ਹੋਰ ਥਾਂ ਕਿਸੇ ਹੋਰ ਕਿਸਮ ਦੀ ਮਿਲੇਗੀ)? ॥੧॥

ਰਾਮ ਮੋ ਕਉ ਤਾਰਿ ਕਹਾਂ ਲੈ ਜਈ ਹੈ ॥

ਹੇ ਰਾਮ! (ਮੈਂ ਤਾਂ ਅੱਗੇ ਹੀ ਤੇਰੇ ਚਰਨਾਂ ਵਿਚ ਜੁੜਿਆ ਬੈਠਾ ਹਾਂ। ਲੋਕ ਆਖਦੇ ਹਨ ਕਿ ਮਰਨ ਪਿਛੋਂ ਮੁਕਤੀ ਮਿਲਦੀ ਹੈ) ਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਕੇ ਹੋਰ ਕਿੱਥੇ ਲੈ ਜਾਏਂਗਾ? (ਤੇਰੇ ਚਰਨਾਂ ਵਿਚ ਟਿਕੇ ਰਹਿਣਾ ਹੀ ਮੇਰੇ ਲਈ ਮੁਕਤੀ ਹੈ।

ਸੋਧਉ ਮੁਕਤਿ ਕਹਾ ਦੇਉ ਕੈਸੀ ਕਰਿ ਪ੍ਰਸਾਦੁ ਮੋਹਿ ਪਾਈ ਹੈ ॥੧॥ ਰਹਾਉ ॥

ਜੇ ਤੇਰੇ ਚਰਨਾਂ ਵਿਚ ਜੁੜੇ ਰਹਿਣਾ ਮੁਕਤੀ ਨਹੀਂ ਹੈ, ਤਾਂ) ਮੈਂ ਪੁੱਛਦਾ ਹਾਂ-ਉਹ ਮੁਕਤੀ ਕਿਹੋ ਜਿਹੀ ਹੋਵੇਗੀ, ਤੇ ਮੈਨੂੰ ਹੋਰ ਕਿਥੇ ਲੈ ਜਾ ਕੇ ਤੂੰ ਦੇਵੇਂਗਾ? (ਤੇਰੇ ਚਰਨਾਂ ਵਿਚ ਜੁੜੇ ਰਹਿਣ ਵਾਲੀ ਮੁਕਤੀ ਤਾਂ) ਤੇਰੀ ਕਿਰਪਾ ਨਾਲ ਮੈਂ ਅੱਗੇ ਹੀ ਪ੍ਰਾਪਤ ਕੀਤੀ ਹੋਈ ਹੈ ॥੧॥ ਰਹਾਉ ॥

ਤਾਰਨ ਤਰਨੁ ਤਬੈ ਲਗੁ ਕਹੀਐ ਜਬ ਲਗੁ ਤਤੁ ਨ ਜਾਨਿਆ ॥

ਸੰਸਾਰ-ਸਮੁੰਦਰ ਤੋਂ ਪਾਰ ਲੰਘਾਣਾ ਤੇ ਪਾਰ ਲੰਘਣਾ-ਇਹ ਗੱਲ ਤਦ ਤਕ ਹੀ ਕਹੀਦੀ ਹੈ, ਜਦ ਤਕ ਜਗਤ ਦੇ ਮੂਲ-ਪ੍ਰਭੂ ਨਾਲ ਸਾਂਝ ਨਹੀਂ ਪਾਈ ਜਾਂਦੀ।

ਅਬ ਤਉ ਬਿਮਲ ਭਏ ਘਟ ਹੀ ਮਹਿ ਕਹਿ ਕਬੀਰ ਮਨੁ ਮਾਨਿਆ ॥੨॥੫॥

ਕਬੀਰ ਆਖਦਾ ਹੈ ਕਿ ਮੈਂ ਤਾਂ ਹੁਣ ਹਿਰਦੇ ਵਿਚ ਹੀ (ਤੇਰੇ ਮਿਲਾਪ ਦੀ ਬਰਕਤਿ ਨਾਲ) ਪਵਿੱਤਰ ਹੋ ਚੁਕਾ ਹਾਂ ਮੇਰਾ ਮਨ (ਤੇਰੇ ਨਾਲ ਹੀ) ਪਰਚ ਗਿਆ ਹੈ (ਕਿਸੇ ਹੋਰ ਮੁਕਤੀ ਦੀ ਮੈਨੂੰ ਲੋੜ ਨਹੀਂ ਹੈ) ॥੨॥੫॥

ਜਿਨਿ ਗੜ ਕੋਟ ਕੀਏ ਕੰਚਨ ਕੇ ਛੋਡਿ ਗਇਆ ਸੋ ਰਾਵਨੁ ॥੧॥

ਜਿਸ ਰਾਵਣ ਨੇ ਸੋਨੇ ਦੇ ਕਿਲ੍ਹੇ ਬਣਾਏ (ਦੱਸੀਏ ਹਨ), ਉਹ ਭੀ (ਉਹ ਕਿਲ੍ਹੇ ਇਥੇ ਹੀ) ਛੱਡ ਗਿਆ ॥੧॥

ਕਾਹੇ ਕੀਜਤੁ ਹੈ ਮਨਿ ਭਾਵਨੁ ॥

ਕਿਉਂ ਆਪਣੀ ਮਨ-ਮਰਜ਼ੀ ਕਰਦਾ ਹੈਂ?

ਜਬ ਜਮੁ ਆਇ ਕੇਸ ਤੇ ਪਕਰੈ ਤਹ ਹਰਿ ਕੋ ਨਾਮੁ ਛਡਾਵਨ ॥੧॥ ਰਹਾਉ ॥

ਜਦੋਂ ਜਮਦੂਤ ਆ ਕੇ ਕੇਸਾਂ ਤੋਂ ਫੜ ਲੈਂਦਾ ਹੈ (ਭਾਵ, ਜਦੋਂ ਮੌਤ ਸਿਰ ਤੇ ਆ ਜਾਂਦੀ ਹੈ) ਉਸ ਵੇਲੇ ਪਰਮਾਤਮਾ ਦਾ ਨਾਮ ਹੀ (ਉਸ ਮੌਤ ਦੇ ਸਹਿਮ ਤੋਂ) ਬਚਾਂਦਾ ਹੈ ॥੧॥ ਰਹਾਉ ॥

ਕਾਲੁ ਅਕਾਲੁ ਖਸਮ ਕਾ ਕੀਨੑਾ ਇਹੁ ਪਰਪੰਚੁ ਬਧਾਵਨੁ ॥

ਕਬੀਰ ਆਖਦਾ ਹੈ ਕਿ ਇਹ ਅਮੋੜ ਮੌਤ ਅਤੇ ਬੰਧਨ-ਰੂਪ ਇਹ ਜਗਤ ਪਰਮਾਤਮਾ ਦੇ ਹੀ ਬਣਾਏ ਹੋਏ ਹਨ।

ਕਹਿ ਕਬੀਰ ਤੇ ਅੰਤੇ ਮੁਕਤੇ ਜਿਨੑ ਹਿਰਦੈ ਰਾਮ ਰਸਾਇਨੁ ॥੨॥੬॥

ਇਹਨਾਂ ਤੋਂ ਬਚਦੇ ਉਹੀ ਹਨ ਜਿਨ੍ਹਾਂ ਦੇ ਹਿਰਦੇ ਵਿਚ ਸਭ ਰਸਾਂ ਦਾ ਘਰ ਪਰਮਾਤਮਾ ਦਾ ਨਾਮ ਮੌਜੂਦ ਹੈ ॥੨॥੬॥

ਦੇਹੀ ਗਾਵਾ ਜੀਉ ਧਰ ਮਹਤਉ ਬਸਹਿ ਪੰਚ ਕਿਰਸਾਨਾ ॥

ਇਹ ਮਨੁੱਖਾ ਸਰੀਰ (ਮਾਨੋ ਇਕ) ਨਗਰ ਹੈ, ਜੀਵ ਇਸ (ਨਗਰ ਦੀ) ਧਰਤੀ ਦਾ ਚੌਧਰੀ ਹੈ, ਇਸ ਵਿਚ ਪੰਜ ਕਿਸਾਨ ਵੱਸਦੇ ਹਨ-

ਨੈਨੂ ਨਕਟੂ ਸ੍ਰਵਨੂ ਰਸਪਤਿ ਇੰਦ੍ਰੀ ਕਹਿਆ ਨ ਮਾਨਾ ॥੧॥

ਅੱਖਾਂ, ਨੱਕ, ਕੰਨ, ਜੀਭ ਤੇ (ਕਾਮ-ਵਾਸ਼ਨਾ ਵਾਲੀ) ਇੰਦ੍ਰੀ। ਇਹ ਪੰਜੇ ਹੀ ਜੀਵ-ਚੌਧਰੀ ਦਾ ਕਿਹਾ ਨਹੀਂ ਮੰਨਦੇ (ਅਮੋੜ ਹਨ) ॥੧॥

ਬਾਬਾ ਅਬ ਨ ਬਸਉ ਇਹ ਗਾਉ ॥

ਹੇ ਬਾਬਾ! ਹੁਣ ਮੈਂ ਇਸ ਪਿੰਡ ਵਿਚ ਨਹੀਂ ਵੱਸਣਾ,

ਘਰੀ ਘਰੀ ਕਾ ਲੇਖਾ ਮਾਗੈ ਕਾਇਥੁ ਚੇਤੂ ਨਾਉ ॥੧॥ ਰਹਾਉ ॥

ਜਿੱਥੇ ਰਿਹਾਂ ਉਹ ਪਟਵਾਰੀ ਜਿਸ ਦਾ ਨਾਮ ਚਿਤ੍ਰਗੁਪਤ ਹੈ, ਹਰੇਕ ਘੜੀ ਦਾ ਲੇਖਾ ਮੰਗਦਾ ਹੈ ॥੧॥ ਰਹਾਉ ॥

ਧਰਮ ਰਾਇ ਜਬ ਲੇਖਾ ਮਾਗੈ ਬਾਕੀ ਨਿਕਸੀ ਭਾਰੀ ॥

(ਜੋ ਜੀਵ ਇਹਨਾਂ ਪੰਜਾਂ ਦੇ ਅਧੀਨ ਹੋ ਕੇ ਰਹਿੰਦਾ ਹੈ) ਜਦੋਂ ਧਰਮਰਾਜ (ਇਸ ਜੀਵਨ ਵਿਚ ਕੀਤੇ ਕੰਮਾਂ ਦਾ) ਹਿਸਾਬ ਮੰਗਦਾ ਹੈ (ਉਸ ਦੇ ਜ਼ਿੰਮੇ) ਬਹੁਤ ਕੁਝ ਦੇਣਾ ਨਿਕਲਦਾ ਹੈ।

ਪੰਚ ਕ੍ਰਿਸਾਨਵਾ ਭਾਗਿ ਗਏ ਲੈ ਬਾਧਿਓ ਜੀਉ ਦਰਬਾਰੀ ॥੨॥

(ਸਰੀਰ ਢਹਿ ਜਾਣ ਤੇ) ਉਹ ਪੰਜ ਮੁਜ਼ਾਰੇ ਤਾਂ ਭੱਜ ਜਾਂਦੇ ਹਨ ਪਰ ਜੀਵ ਨੂੰ (ਲੇਖਾ ਮੰਗਣ ਵਾਲੇ) ਦਰਬਾਰੀ ਬੰਨ੍ਹ ਲੈਂਦੇ ਹਨ ॥੨॥

ਕਹੈ ਕਬੀਰੁ ਸੁਨਹੁ ਰੇ ਸੰਤਹੁ ਖੇਤ ਹੀ ਕਰਹੁ ਨਿਬੇਰਾ ॥

ਕਬੀਰ ਆਖਦਾ ਹੈ ਕਿ ਹੇ ਸੰਤ ਜਨੋ! ਸੁਣੋ, ਇਸੇ ਹੀ ਮਨੁੱਖਾ ਜਨਮ ਵਿਚ (ਇਹਨਾਂ ਇੰਦ੍ਰਿਆਂ ਦਾ) ਹਿਸਾਬ ਮੁਕਾਉ,

ਅਬ ਕੀ ਬਾਰ ਬਖਸਿ ਬੰਦੇ ਕਉ ਬਹੁਰਿ ਨ ਭਉਜਲਿ ਫੇਰਾ ॥੩॥੭॥

(ਤੇ ਪ੍ਰਭੂ ਅੱਗੇ ਨਿੱਤ ਅਰਦਾਸ ਕਰੋ-ਹੇ ਪ੍ਰਭੂ! ਇਸੇ ਹੀ ਵਾਰੀ (ਭਾਵ, ਇਸੇ ਹੀ ਜਨਮ ਵਿਚ) ਮੈਨੂੰ ਆਪਣੇ ਸੇਵਕ ਨੂੰ ਬਖ਼ਸ਼ ਲੈ, ਇਸ ਸੰਸਾਰ-ਸਮੁੰਦਰ ਵਿਚ ਮੇਰਾ ਮੁੜ ਫੇਰ ਨਾਹ ਹੋਵੇ ॥੩॥੭॥

ਰਾਗੁ ਮਾਰੂ ਬਾਣੀ ਕਬੀਰ ਜੀਉ ਕੀ ॥

ਰਾਗ ਮਾਰੂ ਵਿੱਚ ਭਗਤ ਕਬੀਰ ਜੀ ਦੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਅਨਭਉ ਕਿਨੈ ਨ ਦੇਖਿਆ ਬੈਰਾਗੀਅੜੇ ॥

ਹੇ ਅੰਞਾਣ ਵੈਰਾਗੀ! (ਪਰਮਾਤਮਾ ਨੂੰ ਇਹਨਾਂ ਅੱਖਾਂ ਨਾਲ ਕਦੇ) ਕਿਸੇ ਨੇ ਨਹੀਂ ਵੇਖਿਆ, ਉਸ ਦਾ ਤਾਂ ਆਤਮਕ ਝਲਕਾਰਾ ਹੀ ਵੱਜਦਾ ਹੈ।

ਬਿਨੁ ਭੈ ਅਨਭਉ ਹੋਇ ਵਣਾਹੰਬੈ ॥੧॥

ਤੇ, ਇਹ ਆਤਮਕ ਝਲਕਾਰਾ ਤਦੋਂ ਵੱਜਦਾ ਹੈ, ਜਦੋਂ ਮਨੁੱਖ ਦੁਨੀਆ ਦੇ ਡਰਾਂ ਤੋਂ ਰਹਿਤ ਹੋ ਜਾਂਦਾ ਹੈ ॥੧॥

ਸਹੁ ਹਦੂਰਿ ਦੇਖੈ ਤਾਂ ਭਉ ਪਵੈ ਬੈਰਾਗੀਅੜੇ ॥

ਹੇ ਅੰਞਾਣ ਬੈਰਾਗੀ! ਜੋ ਮਨੁੱਖ ਪਰਮਾਤਮਾ-ਖਸਮ ਨੂੰ ਹਰ ਵੇਲੇ ਅੰਗ-ਸੰਗ ਸਮਝਦਾ ਹੈ, ਉਸ ਦੇ ਅੰਦਰ ਉਸ ਦਾ ਡਰ ਪੈਦਾ ਹੁੰਦਾ ਹੈ (ਕਿ ਪ੍ਰਭੂ ਸਾਡੇ ਸਾਰੇ ਕੀਤੇ ਕਰਮਾਂ ਨੂੰ ਵੇਖ ਰਿਹਾ ਹੈ)।

ਹੁਕਮੈ ਬੂਝੈ ਤ ਨਿਰਭਉ ਹੋਇ ਵਣਾਹੰਬੈ ॥੨॥

ਇਸ ਡਰ ਦੀ ਬਰਕਤਿ ਨਾਲ ਮਨੁੱਖ ਉਸ ਪ੍ਰਭੂ ਦਾ) ਹੁਕਮ ਸਮਝਦਾ ਹੈ (ਭਾਵ, ਇਹ ਸਮਝਣ ਦੀ ਕੋਸ਼ਸ਼ ਕਰਦਾ ਹੈ ਕਿ ਸਾਨੂੰ ਜੀਵਾਂ ਨੂੰ ਕਿਵੇਂ ਜੀਊਣਾ ਚਾਹੀਦਾ ਹੈ) ਤਾਂ ਸੰਸਾਰਕ ਡਰਾਂ ਤੋਂ ਰਹਿਤ ਹੋ ਜਾਂਦਾ ਹੈ (ਕਿਉਂਕਿ ਰਜ਼ਾ ਨੂੰ ਸਮਝ ਕੇ ਸੰਸਾਰਕ ਡਰਾਂ ਵਾਲੇ ਕੰਮ ਕਰਨੇ ਛੱਡ ਦੇਂਦਾ ਹੈ) ॥੨॥

ਹਰਿ ਪਾਖੰਡੁ ਨ ਕੀਜਈ ਬੈਰਾਗੀਅੜੇ ॥

ਹੇ ਅੰਞਾਣ ਬੈਰਾਗੀ! (ਇਹ ਤੀਰਥ ਆਦਿਕ ਕਰ ਕੇ) ਪਰਮਾਤਮਾ ਨਾਲ ਠੱਗੀ ਨਾਹ ਕਰੀਏ,

ਪਾਖੰਡਿ ਰਤਾ ਸਭੁ ਲੋਕੁ ਵਣਾਹੰਬੈ ॥੩॥

ਸਾਰਾ ਜਗਤ (ਤੀਰਥ ਆਦਿਕ ਕਰਨ ਦੇ ਵਹਿਣ ਵਿਚ ਪੈ ਕੇ) ਪਖੰਡ ਵਿਚ ਰੁੱਝਾ ਪਿਆ ਹੈ ॥੩॥

ਤ੍ਰਿਸਨਾ ਪਾਸੁ ਨ ਛੋਡਈ ਬੈਰਾਗੀਅੜੇ ॥

ਹੇ ਅੰਞਾਣ ਬੈਰਾਗੀ! (ਪਖੰਡ-ਕਰਮ ਕੀਤਿਆਂ) ਤ੍ਰਿਸ਼ਨਾ ਖ਼ਲਾਸੀ ਨਹੀਂ ਕਰਦੀ,

ਮਮਤਾ ਜਾਲਿਆ ਪਿੰਡੁ ਵਣਾਹੰਬੈ ॥੪॥

ਸਗੋਂ ਮਾਇਆ ਦੀ ਮਮਤਾ ਸਰੀਰ ਨੂੰ ਸਾੜ ਦੇਂਦੀ ਹੈ ॥੪॥

ਚਿੰਤਾ ਜਾਲਿ ਤਨੁ ਜਾਲਿਆ ਬੈਰਾਗੀਅੜੇ ॥

ਹੇ ਅੰਞਾਣ ਬੈਰਾਗੀ! ਜੇ ਮਨੁੱਖ ਦਾ ਮਨ (ਤ੍ਰਿਸ਼ਨਾ ਮਮਤਾ ਵਲੋਂ) ਮਰ ਜਾਏ,

ਜੇ ਮਨੁ ਮਿਰਤਕੁ ਹੋਇ ਵਣਾਹੰਬੈ ॥੫॥

(ਤਾਂ ਉਹ ਸੱਚਾ ਬੈਰਾਗੀ ਬਣ ਜਾਂਦਾ ਹੈ, ਉਸ ਅਜਿਹੇ ਬੈਰਾਗੀ ਨੇ) ਚਿੰਤਾ ਸਾੜ ਕੇ ਸਰੀਰ (ਦਾ ਮੋਹ) ਸਾੜ ਲਿਆ ਹੈ ॥੫॥

ਸਤਿਗੁਰ ਬਿਨੁ ਬੈਰਾਗੁ ਨ ਹੋਵਈ ਬੈਰਾਗੀਅੜੇ ॥

(ਪਰ) ਹੇ ਅੰਞਾਣ ਬੈਰਾਗੀ! ਸਤਿਗੁਰੂ (ਦੀ ਸ਼ਰਨ ਆਉਣ) ਤੋਂ ਬਿਨਾ (ਹਿਰਦੇ ਵਿਚ) ਵੈਰਾਗ ਪੈਦਾ ਨਹੀਂ ਹੋ ਸਕਦਾ,

ਜੇ ਲੋਚੈ ਸਭੁ ਕੋਇ ਵਣਾਹੰਬੈ ॥੬॥

ਭਾਵੇਂ ਕੋਈ ਕਿਤਨੀ ਹੀ ਤਾਂਘ ਕਰੇ ॥੬॥

ਕਰਮੁ ਹੋਵੈ ਸਤਿਗੁਰੁ ਮਿਲੈ ਬੈਰਾਗੀਅੜੇ ॥

ਹੇ ਅੰਞਾਣ ਬੈਰਾਗੀ! ਸਤਿਗੁਰੂ ਤਦੋਂ ਮਿਲਦਾ ਹੈ ਜੇ (ਪ੍ਰਭੂ ਦੀ) ਕਿਰਪਾ ਹੋਵੇ,

ਸਹਜੇ ਪਾਵੈ ਸੋਇ ਵਣਾਹੰਬੈ ॥੭॥

ਉਹ ਮਨੁੱਖ (ਫਿਰ) ਸਹਿਜੇ ਹੀ (ਵੈਰਾਗ) ਪ੍ਰਾਪਤ ਕਰ ਲੈਂਦਾ ਹੈ ॥੭॥

ਕਹੁ ਕਬੀਰ ਇਕ ਬੇਨਤੀ ਬੈਰਾਗੀਅੜੇ ॥

ਕਬੀਰ ਆਖਦਾ ਹੈ- ਹੇ ਅੰਞਾਣ ਬੈਰਾਗੀ! (ਪਖੰਡ ਨਾਲ ਕੁਝ ਨਹੀਂ ਸੌਰਨਾ, ਪ੍ਰਭੂ ਅੱਗੇ) ਇਉਂ ਅਰਦਾਸ ਕਰ,

ਮੋ ਕਉ ਭਉਜਲੁ ਪਾਰਿ ਉਤਾਰਿ ਵਣਾਹੰਬੈ ॥੮॥੧॥੮॥

'ਹੇ ਪ੍ਰਭੂ! ਮੈਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ' ॥੮॥੧॥੮॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430