ਗੋਤਮ (ਇਕ ਪ੍ਰਸਿੱਧ) ਤਪੀ (ਸੀ), ਅਹਿੱਲਿਆ (ਉਸ ਦੀ) ਇਸਤ੍ਰੀ (ਸੀ), ਉਸ ਦਾ ਰੂਪ ਵੇਖ ਕੇ (ਦੇਵਤਿਆਂ ਦਾ ਰਾਜਾ ਅਖਵਾਂਦਾ) ਇੰਦ੍ਰ ਮਸਤ ਹੋ ਗਿਆ।
(ਗੋਤਮ ਦੇ ਸਰਾਪ ਨਾਲ) (ਉਸ ਦੇ ਇੰਦਰ ਦੇ) ਸਰੀਰ ਉਤੇ ਹਜ਼ਾਰ ਭਗਾਂ ਦੇ ਨਿਸ਼ਾਨ ਬਣ ਗਏ, ਤਦੋਂ ਇੰਦ੍ਰ ਆਪਣੇ ਮਨ ਵਿਚ (ਉਸ ਕੁਕਰਮ ਤੇ) ਪਛੁਤਾਇਆ ॥੧॥
ਕੋਈ ਭੀ ਜੀਵ ਜਾਣ ਬੁੱਝ ਕੇ ਕੁਰਾਹੇ ਨਹੀਂ ਪੈਂਦਾ (ਜੀਵ ਦੇ ਵੱਸ ਦੀ ਗੱਲ ਨਹੀਂ)।
ਉਹੀ ਮਨੁੱਖ ਕੁਰਾਹੇ ਪੈਂਦਾ ਹੈ ਜਿਸ ਨੂੰ ਪਰਮਾਤਮਾ ਆਪ ਕੁਰਾਹੇ ਪਾਂਦਾ ਹੈ। ਉਹੀ ਮਨੁੱਖ (ਸਹੀ ਜੀਵਨ-ਰਾਹ) ਸਮਝਦਾ ਹੈ, ਜਿਸ ਨੂੰ ਪਰਮਾਤਮਾ ਆਪ ਸਮਝ ਬਖ਼ਸ਼ਦਾ ਹੈ ॥੧॥ ਰਹਾਉ ॥
ਧਰਤੀ ਦੇ ਰਾਜੇ ਉਸ ਰਾਜਾ ਹਰੀ ਚੰਦ ਨੇ (ਇਤਨੇ ਦਾਨ-ਪੁੰਨ ਕੀਤੇ ਕਿ ਉਹਨਾਂ ਦਾ) ਮੁੱਲ ਕਾਗਜ਼ ਉਤੇ ਨਹੀਂ ਪੈ ਸਕਦਾ।
ਜੇ (ਰਾਜਾ ਹਰੀ ਚੰਦ ਉਹਨਾਂ ਦਾਨ-ਪੁੰਨਾਂ ਨੂੰ) ਮਾੜਾ ਕੰਮ ਸਮਝਦਾ ਤਾਂ ਦਾਨ ਪੁੰਨ ਕਰਦਾ ਹੀ ਕਿਉਂ? (ਨਾਹ ਉਹ ਦਾਨ-ਪੁੰਨ ਕਰਦਾ) ਤੇ ਨਾਹ ਹੀ ਮੰਡੀ ਵਿਚ ਵਿਕਦਾ ॥੨॥
(ਵਿਸ਼ਨੂੰ ਨੇ) ਵਉਣੇ ਰੂਪ ਵਿਚ (ਆ ਕੇ) ਬਹਾਨੇ ਨਾਲ ਰਾਜਾ ਬਲਿ ਪਾਸੋਂ ਢਾਈ ਕਰਮ ਧਰਤੀ (ਦਾ ਦਾਨ ਆਪਣੀ ਕੁਟੀਆ ਬਣਾਣ ਲਈ) ਮੰਗਿਆ।
ਜੇ ਬਲਿ ਰਾਜਾ ਵਉਣੇ ਰੂਪ ਨੂੰ ਪਛਾਣ ਲੈਂਦਾ, ਤਾਂ ਨਾਹ ਹੀ ਠੱਗਿਆ ਜਾਂਦਾ ਤੇ ਨਾਹ ਹੀ ਪਾਤਾਲ ਵਿਚ ਜਾਂਦਾ ॥੩॥
ਬਿਆਸ ਰਿਸ਼ੀ ਨੇ ਮੱਤਾਂ ਦੇ ਕੇ ਰਾਜਾ ਜਨਮੇਜੈ ਨੂੰ ਸਮਝਾਇਆ ਤੇ ਵਰਜਿਆ (ਕਿ ਉਸ ਅਪੱਛਰਾਂ ਨੂੰ ਆਪਣੇ ਘਰ ਵਿਚ ਨਾਹ ਲਿਆਈਂ। ਪਰ ਪਰਮਾਤਮਾ ਨੇ ਉਸ ਦੀ ਮੱਤ ਮਾਰੀ ਹੋਈ ਸੀ। ਉਹ ਰਿਸ਼ੀ ਦੇ ਆਖੇ ਨਾਹ ਲੱਗਾ। ਅਪੱਛਰਾਂ ਨੂੰ ਲੈ ਕੇ ਆਇਆ। ਫਿਰ)
ਉਸ ਨੇ ਅਠਾਰਾਂ ਜੱਗ ਕਰ ਕੇ ਅਠਾਰਾਂ ਬ੍ਰਾਹਮਣ ਮਾਰ ਦਿੱਤੇ (ਕਿਉਂਕਿ ਉਹ ਅੱਤ ਬਰੀਕ ਕਪੜਿਆਂ ਵਿਚ ਆਈ ਅੱਧ-ਨਗਨ ਅਪੱਛਰਾ ਵੇਖ ਕੇ ਹੱਸ ਪਏ ਸਨ)। ਕੀਤੇ ਕਰਮਾਂ ਦੇ ਫਲ ਨੂੰ ਕੋਈ ਮਿਟਾ ਨਹੀਂ ਸਕਦਾ ॥੪॥
ਹੇ ਪ੍ਰਭੂ! ਮੈਂ ਹੋਰ ਕੋਈ ਸੋਚਾਂ ਨਹੀਂ ਸੋਚਦਾ, ਮੈਂ ਤਾਂ ਤੇਰੀ ਰਜ਼ਾ ਨੂੰ ਸਮਝਣ ਦਾ ਜਤਨ ਕਰਦਾ ਹਾਂ, ਤੇ ਤੇਰੇ ਪ੍ਰੇਮ ਵਿਚ (ਮਗਨ ਹੋ ਕੇ) ਤੇਰੇ ਗੁਣ ਉਚਾਰਦਾ ਹਾਂ।
ਮੈਂ ਤਾਂ ਤੇਰੀ ਹੀ ਸਿਫ਼ਤ-ਸਾਲਾਹ ਕਰਦਾ ਹਾਂ। ਜੋ ਕੁਝ ਜਗਤ ਵਿਚ ਹੋ ਰਿਹਾ ਹੈ ਤੇਰੀ ਤਾਕਤ ਦਾ ਜ਼ਹੂਰ ਹੋ ਰਿਹਾ ਹੈ ॥੫॥
ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ ਜਗਤ ਵਿਚ ਨਿਰਲੇਪ ਰਹਿੰਦਾ ਹੈ, ਉਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈਂਦਾ, ਉਹ ਸਦਾ ਪਰਮਾਤਮਾ ਦੀ ਓਟ ਫੜਦਾ ਹੈ।
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ (ਜ਼ਿੰਦਗੀ ਵਿਚ) ਵੇਲੇ ਸਿਰ ਪਰਮਾਤਮਾ ਨੂੰ ਯਾਦ ਨਹੀਂ ਕਰਦਾ, ਜਦੋਂ (ਆਪਣੀ ਇਸ ਮੂਰਖਤਾ ਦੇ ਕਾਰਨ) ਦੁੱਖ ਵਿਚ ਫਸਦਾ ਹੈ ਤਾਂ ਹੱਥ ਮਲਦਾ ਹੈ ॥੬॥
ਜਿਸ ਪਰਮਾਤਮਾ ਨੇ ਇਹ ਜਗਤ-ਰਚਨਾ ਰਚੀ ਹੈ ਉਹ ਆਪ ਹੀ ਸਭ ਕੁਝ ਕਰਦਾ ਹੈ ਉਹ ਆਪ ਹੀ ਜੀਵਾਂ ਪਾਸੋਂ ਸਭ ਕੁਝ ਕਰਾਂਦਾ ਹੈ।
ਹੇ ਪ੍ਰਭੂ! (ਅਸੀਂ ਜੀਵ ਮੂਰਖ ਹਾਂ, ਅਸੀਂ ਇਹ ਮਾਣ ਕਰਦੇ ਹਾਂ ਕਿ ਅਸੀਂ ਹੀ ਸਭ ਕੁਝ ਕਰਦੇ ਹਾਂ ਤੇ ਕਰ ਸਕਦੇ ਹਾਂ) ਸਾਡੇ ਦਿਲਾਂ ਵਿਚੋਂ ਅਹੰਕਾਰ ਦੂਰ ਨਹੀਂ ਹੁੰਦਾ। ਅਹੰਕਾਰ ਵਿਚ ਪੈ ਕੇ ਖ਼ੁਆਰ ਹੁੰਦੇ ਹਾਂ ॥੭॥
ਕਰਤਾਰ ਆਪ ਕਦੇ ਗ਼ਲਤੀ ਨਹੀਂ ਖਾਂਦਾ ਪਰ ਹਰੇਕ ਜੀਵ ਜੋ ਉਸ ਨੇ ਪੈਦਾ ਕੀਤਾ ਹੈ ਭੁੱਲਾਂ ਵਿਚ ਫਸਦਾ ਰਹਿੰਦਾ ਹੈ।
ਹੇ ਨਾਨਕ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਇਹਨਾਂ ਭੁੱਲਾਂ ਤੋਂ ਬਚ ਸਕੀਦਾ ਹੈ। ਗੁਰੂ ਦੀ ਕਿਰਪਾ ਨਾਲ ਹੀ ਕੋਈ ਵਿਰਲਾ ਜੀਵ ਕੁਰਾਹੇ ਪੈਣ ਤੋਂ ਬਚਦਾ ਹੈ ॥੮॥੪॥
ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸੁਣਨ ਸੁਣਾਨ ਨੂੰ ਆਪਣੇ ਆਤਮਕ ਜੀਵਨ ਦਾ ਸਹਾਰਾ ਬਣਾ ਲਿਆ ਹੈ,
ਉਸ ਦੀ ਮਾਇਆ ਦੀ ਖ਼ਾਤਰ ਹਰ ਵੇਲੇ ਦੀ ਵਿਅਰਥ ਦੌੜ-ਭੱਜ ਮੁੱਕ ਜਾਂਦੀ ਹੈ।
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ ਪਰਮਾਤਮਾ ਤੋਂ ਬਿਨਾ ਹੋਰ ਹੋਰ ਆਸਰੇ ਦੀ ਝਾਕ ਵਿਚ (ਦੌੜ-ਭੱਜ ਕਰਦਾ) ਹੈ ਤੇ ਇੱਜ਼ਤ ਗਵਾ ਲੈਂਦਾ ਹੈ।
(ਹੇ ਮੇਰੇ ਮਨ!) ਮੈਨੂੰ ਤਾਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਹੋਰ ਆਸਰਾ ਨਹੀਂ ਸੁੱਝਦਾ ॥੧॥
ਹੇ (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਮਨ! ਹੇ ਮੂਰਖ ਮਨ! ਹੇ ਅਮੋੜ ਮਨ! ਸੁਣ,
(ਜੇਹੜਾ ਬੰਦਾ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਜਾਂਦਾ ਹੈ, ਤੇ ਮੁੜ ਮੁੜ ਮਾਇਆ ਦੇ ਮੋਹ ਵਿਚ ਫਸਣੋਂ ਮੁੜਦਾ ਨਹੀਂ, ਉਸ ਨੂੰ ਨਿਰੀ) ਮਾਇਆ ਦੀ ਖ਼ਾਤਰ ਦੌੜ-ਭੱਜ ਕਰਨ ਵਿਚ ਕੋਈ ਸ਼ਰਮ ਮਹਿਸੂਸ ਨਹੀਂ ਹੁੰਦੀ। ਗੁਰੂ ਦੀ ਸਰਨ ਤੋਂ ਵਾਂਜਿਆਂ ਰਹਿ ਕੇ ਉਹ ਮੁੜ ਮੁੜ ਮਾਇਆ ਦੇ ਮੋਹ ਵਿਚ ਹੀ ਡੁੱਬਦਾ ਹੈ (ਹੇ ਮਨ! ਚੇਤਾ ਰੱਖ ਤੂੰ ਭੀ ਐਸਾ ਹੀ ਨਿਲੱਜ ਹੋ ਜਾਵੇਂਗਾ) ॥੧॥ ਰਹਾਉ ॥
ਮਾਇਆ ਦੇ ਮੋਹ ਵਿਚ (ਫਸ ਕੇ) ਇਸ ਮਨ ਦੀ ਆਤਮਕ ਮੌਤ ਹੋ ਜਾਂਦੀ ਹੈ।
(ਪਰ ਜੀਵ ਦੇ ਕੀਹ ਵੱਸ?) ਜਦੋਂ ਧੁਰੋਂ ਹੀ ਇਹ ਹੁਕਮ ਚਲਿਆ ਆ ਰਿਹਾ ਹੈ ਤਾਂ ਕਿਸੇ ਹੋਰ ਅੱਗੇ ਪੁਕਾਰ ਭੀ ਨਹੀਂ ਕੀਤੀ ਜਾ ਸਕਦੀ (ਭਾਵ, ਮਾਇਆ ਦਾ ਮੋਹ ਆਤਮਕ ਮੌਤ ਦਾ ਕਾਰਨ ਬਣਦਾ ਹੈ-ਇਹ ਨਿਯਮ ਅਟੱਲ ਹੈ, ਇਸ ਨੂੰ ਕੋਈ ਉਲੰਘ ਨਹੀਂ ਸਕਦਾ)।
ਕੋਈ ਵਿਰਲਾ ਬੰਦਾ ਗੁਰੂ ਦੀ ਸਰਨ ਪੈ ਕੇ ਸਮਝਦਾ ਹੈ,
ਕਿ ਪ੍ਰਭੂ ਦੇ ਨਾਮ ਤੋਂ ਬਿਨਾ ਮਾਇਆ ਦੇ ਮੋਹ ਤੋਂ ਖ਼ਲਾਸੀ ਨਹੀਂ ਹੋ ਸਕਦੀ ॥੨॥
ਮਾਇਆ ਦੇ ਮੋਹ ਵਿਚ ਭਟਕ ਭਟਕ ਕੇ ਜੀਵ ਚੌਰਾਸੀ ਲੱਖ ਜੂਨਾਂ ਦੇ ਗੇੜ ਵਿਚ ਧੱਕੇ ਖਾਂਦਾ ਫਿਰਦਾ ਹੈ।
ਗੁਰੂ ਤੋਂ ਬਿਨਾ ਸਹੀ ਜੀਵਨ-ਰਾਹ ਨਹੀਂ ਸਮਝਦਾ ਤੇ ਜਮ ਦੀ ਫਾਹੀ (ਇਸ ਦੇ ਗਲ ਵਿਚ ਪਈ ਰਹਿੰਦੀ ਹੈ)।
(ਮਾਇਆ ਦੇ ਅਸਰ ਵਿਚ) ਇਹ ਮਨ ਕਦੇ ਆਕਾਸ਼ ਵਿਚ ਜਾ ਚੜ੍ਹਦਾ ਹੈ ਕਦੇ ਪਾਤਾਲ ਵਿਚ ਡਿੱਗ ਪੈਂਦਾ ਹੈ।
ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ ਉਹ ਪਰਮਾਤਮਾ ਦਾ ਨਾਮ ਸਿਮਰ ਕੇ ਇਸ ਗੇੜ ਵਿਚੋਂ ਬਚ ਨਿਕਲਦਾ ਹੈ ॥੩॥
ਜਿਸ ਮਨੁੱਖ ਨੂੰ ਪ੍ਰਭੂ ਆਪ ਹੀ (ਆਪਣੇ ਚਰਨਾਂ ਵਿਚ ਜੁੜਨ ਲਈ) ਸੱਦਦਾ ਹੈ ਉਸ ਨੂੰ ਮਿਲਦਿਆਂ ਚਿਰ ਨਹੀਂ ਲੱਗਦਾ,
ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਮਾਇਆ ਦੇ ਮੋਹ ਵਲੋਂ ਮਰ ਜਾਂਦਾ ਹੈ (ਭਾਵ, ਮਾਇਆ ਉਸ ਉਤੇ ਪ੍ਰਭਾਵ ਨਹੀਂ ਪਾ ਸਕਦੀ) ਤੇ ਉਹ ਬੜਾ ਸੌਖਾ ਜੀਵਨ ਗੁਜ਼ਾਰਦਾ ਹੈ।
ਗੁਰੂ ਦੀ ਸਰਨ ਪੈਣ ਤੋਂ ਬਿਨਾ ਕਿਸੇ ਨੂੰ ਆਤਮਕ ਜੀਵਨ ਦੀ ਸਮਝ ਨਹੀਂ ਪੈਂਦੀ।
(ਗੁਰੂ ਨਾਲ ਭੀ ਪ੍ਰਭੂ ਆਪ ਹੀ ਮਿਲਾਂਦਾ ਹੈ) ਪ੍ਰਭੂ ਆਪ ਹੀ ਇਹ ਸਭ ਕੁਝ ਕਰਦਾ ਹੈ ਤੇ ਜੀਵਾਂ ਪਾਸੋਂ ਕਰਾਂਦਾ ਹੈ ॥੪॥
ਜਿਸ ਮਨੁੱਖ ਦਾ ਮਾਇਆ ਦੇ ਮੋਹ ਦਾ ਲੰਮਾ ਗੇੜ ਪ੍ਰਭੂ ਮੁਕਾਂਦਾ ਹੈ ਉਹ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ,
ਪੂਰਾ ਗੁਰੂ ਉਸ ਦੇ ਸਿਰ ਉਤੇ ਰਾਖਾ ਬਣਦਾ ਹੈ ਤੇ ਉਹ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ।
ਤਦੋਂ ਮਨੁੱਖ ਦਾ ਇਹ ਮਨ ਮਾਇਆ ਪਿੱਛੇ ਭਟਕਣੋਂ ਹਟ ਜਾਂਦਾ ਹੈ,
ਤਦੋਂ ਮਨੁੱਖ ਸਦਾ-ਥਿਰ ਨਾਮ ਦੇ ਸਿਮਰਨ ਨੂੰ ਆਪਣਾ ਕਰਤੱਬ ਜਾਣ ਕੇ ਸਿਮਰਨ ਦੀ ਕਾਰ ਕਰਦਾ ਹੈ ॥੫॥
ਪਰ ਜਿਸ ਮਨੁੱਖ ਦਾ ਮਨ (ਵਿਕਾਰਾਂ ਨਾਲ) ਮੈਲਾ ਹੋ ਚੁਕਾ ਹੋਵੇ ਉਸ ਦੇ ਅੰਦਰ (ਬਾਹਰਲੇ ਇਸ਼ਨਾਨ ਆਦਿਕ ਨਾਲ) ਪਵਿਤ੍ਰਤਾ ਨਹੀਂ ਆ ਸਕਦੀ।
ਕੋਈ ਵਿਰਲਾ ਮਨੁੱਖ ਗੁਰੂ ਦੇ ਸ਼ਬਦ ਨਾਲ ਹੀ (ਮਨ ਨੂੰ) ਸਾਫ਼ ਕਰਦਾ ਹੈ।
ਕੋਈ ਵਿਰਲਾ ਹੀ ਗੁਰੂ ਦੀ ਸਰਨ ਪੈ ਕੇ ਸਦਾ-ਥਿਰ ਨਾਮ ਨੂੰ ਸਿਮਰਨ ਦੀ ਕਾਰ ਕਰਦਾ ਹੈ,
ਤੇ ਆਪਣੇ ਮਨ ਦੀ ਭਟਕਣਾ ਨੂੰ ਰੋਕ ਰੱਖਦਾ ਹੈ ॥੬॥