ਜੇ ਹੀਰੇ ਤੇ ਲਾਲਾਂ ਨਾਲ ਜੜਿਆ ਹੋਇਆ ਸੋਨੇ ਤੇ ਚਾਂਦੀ ਦਾ ਪਹਾੜ ਬਣ ਜਾਏ,
ਤਾਂ ਭੀ (ਹੇ ਪ੍ਰਭੂ! ਮੈਂ ਇਹਨਾਂ ਪਦਾਰਥਾਂ ਵਿਚ ਨਾਹ ਫਸਾਂ ਤੇ) ਤੇਰੀ ਹੀ ਸਿਫ਼ਤ-ਸਾਲਾਹ ਕਰਾਂ, ਤੇਰੀ ਵਡਿਆਈ ਕਰਨ ਦਾ ਮੇਰਾ ਚਾਉ ਮੁੱਕ ਨਾਹ ਜਾਏ ॥੧॥
ਜੇ ਸਾਰੀ ਬਨਸਪਤੀ ਮੇਵਾ ਬਣ ਜਾਏ, ਜਿਸ ਦਾ ਸੁਆਦ ਬਹੁਤ ਰਸੀਲਾ ਹੋਵੇ,
ਜੇ ਮੇਰੀ ਰਹਿਣ ਦੀ ਥਾਂ ਅਟੱਲ ਹੋ ਜਾਏ ਤੇ ਚੰਦ ਅਤੇ ਸੂਰਜ ਦੋਵੇਂ (ਮੇਰੀ ਰਿਹੈਸ਼ ਦੀ ਸੇਵਾ ਕਰਨ ਲਈ) ਸੇਵਾ ਤੇ ਲਾਏ ਜਾਣ,
(ਤਾਂ ਭੀ ਹੇ ਪ੍ਰਭੂ! ਮੈਂ ਇਹਨਾਂ ਵਿਚ ਨਾਹ ਫਸਾਂ ਤੇ) ਤੇਰੀ ਹੀ ਸਿਫ਼ਤ-ਸਾਲਾਹ ਕਰਾਂ, ਤੇਰੀ ਵਡਿਆਈ ਕਰਨ ਦਾ ਮੇਰਾ ਚਾਉ ਮੁੱਕ ਨਾਹ ਜਾਏ ॥੨॥
ਜੇ (ਮੇਰੇ) ਸਰੀਰ ਨੂੰ ਦੁੱਖ ਲੱਗ ਜਾਏ, ਦੋਵੇਂ ਮਨਹੂਸ ਤਾਰੇ ਰਾਹੂ ਤੇ ਕੇਤੂ (ਮੇਰੇ ਲਾਗੂ ਹੋ ਜਾਣ),
ਜ਼ਾਲਮ ਰਾਜੇ ਮੇਰੇ ਸਿਰ ਤੇ ਹੋਣ, ਜੇ ਤੇਰਾ ਪਿਆਰ ਇਸੇ ਤਰ੍ਹਾਂ (ਭਾਵ, ਇਹਨਾਂ ਦੁੱਖਾਂ ਦੀ ਸ਼ਕਲ ਵਿਚ ਹੀ ਮੇਰੇ ਉੱਤੇ) ਪਰਗਟ ਹੋਵੇ,
ਤਾਂ ਭੀ (ਹੇ ਪ੍ਰਭੂ! ਮੈਂ ਇਸ ਤੋਂ ਘਾਬਰ ਕੇ ਤੈਨੂੰ ਵਿਸਾਰ ਨਾ ਦਿਆਂ) ਤੇਰੀ ਹੀ ਸਿਫ਼ਤ-ਸਾਲਾਹ ਕਰਾਂ, ਤੇਰੀ ਵਡਿਆਈ ਕਰਨ ਦਾ ਮੇਰਾ ਚਾਉ ਨਾਹ ਮੁੱਕ ਜਾਏ ॥੩॥
(ਜੇ ਗਰਮੀਆਂ ਦੀ) ਧੁੱਪ ਤੇ (ਸਿਆਲ ਦਾ) ਪਾਲਾ ਮੇਰੇ (ਪਹਿਨਣ ਦਾ) ਕੱਪੜਾ ਹੋਣ (ਭਾਵ, ਜੇ ਮੈਂ ਨੰਗਾ ਰਹਿ ਕੇ ਧੁੱਪ ਤੇ ਪਾਲਾ ਭੀ ਸਹਾਰਾਂ), ਜੇ ਹਵਾ ਮੇਰੀ ਖ਼ੁਰਾਕ ਹੋਵੇ (ਭਾਵ, ਜੇ ਮੈਂ ਪਉਣ-ਅਹਾਰੀ ਹੋ ਜਾਵਾਂ, ਤਾਂ ਭੀ, ਹੇ ਪ੍ਰਭੂ! ਤੇਰੀ ਸਿਫ਼ਤ-ਸਾਲਾਹ ਦੇ ਸਾਹਮਣੇ ਇਹ ਤੁੱਛ ਹਨ)।
ਜੇ ਸੁਰਗ ਦੀਆਂ ਅਪੱਛਰਾਂ ਭੀ ਮੇਰੇ ਘਰ ਵਿਚ ਹੋਣ ਤਾਂ ਭੀ, ਹੇ ਨਾਨਕ! ਇਹ ਤਾਂ ਨਾਸਵੰਤ ਹਨ।
(ਇਹਨਾਂ ਦੇ ਮੋਹ ਵਿਚ ਫਸ ਕੇ ਮੈਂ ਤੈਨੂੰ ਨਾਹ ਵਿਸਾਰਾਂ) ਤੇਰੀ ਹੀ ਸਿਫ਼ਤ-ਸਾਲਾਹ ਕਰਦਾ ਰਹਾਂ, ਤੇਰੀ ਵਡਿਆਈ ਕਰਨ ਦਾ ਮੇਰਾ ਚਾਉ ਨਾ ਮੁੱਕੇ ॥੪॥
(ਜੋ ਮਨੁੱਖ) ਲੁਕ ਕੇ ਪਾਪ ਕਮਾਂਦਾ ਹੈ ਤੇ ਮਾਲਕ ਨੂੰ (ਹਰ ਥਾਂ ਹਾਜ਼ਰ ਨਾਜ਼ਰ) ਨਹੀਂ ਸਮਝਦਾ,
ਉਸ ਨੂੰ ਪਾਗਲ ਕਹਣਾ ਚਾਹੀਦਾ ਹੈ, ਉਹ ਆਪਣੇ ਅਸਲੇ ਨੂੰ ਪਛਾਣਦਾ ਨਹੀਂ।
ਜਗਤ ਵਿਚ (ਵਿਕਾਰਾਂ ਦੀ) ਬਿਖਾਂਧ (ਐਸੀ) ਚੰਦਰੀ ਹੈ (ਵਿਕਾਰਾਂ ਵਿਚ ਪਿਆ ਮਨੁੱਖ ਵਿਕਾਰਾਂ ਦੇ) ਝੰਬੇਲੇ ਵਿਚ ਹੀ ਖਪਦਾ ਰਹਿੰਦਾ ਹੈ।
ਪ੍ਰਭੂ ਦਾ ਨਾਮ ਛੱਡ ਕੇ ਮੰਦ ਕਰਮ ਤੇ ਭਟਕਣਾ ਵਿਚ ਖ਼ੁਆਰ ਹੁੰਦਾ ਹੈ।
(ਮਨੁੱਖਾ ਜੀਵਨ ਦੇ) ਦੋ ਰਸਤੇ ਹਨ (ਮਾਇਆ ਤੇ ਨਾਮ), ਇਸ (ਜੀਵਨ ਵਿਚ) ਉਹੀ ਕਾਮਯਾਬ ਹੁੰਦਾ ਹੈ ਜੋ (ਦੋਹਾਂ ਰਸਤਿਆਂ ਵਿਚੋਂ) ਇਕ ਪਰਮਾਤਮਾ ਨੂੰ ਚੇਤੇ ਰੱਖਦਾ ਹੈ,
(ਨਹੀਂ ਤਾਂ) ਝੂਠ ਵਿਚ ਗ਼ਲਤਾਨ ਹੋਇਆ ਹੋਇਆ ਹੀ ਸੜਦਾ ਹੈ।
ਜੋ ਮਨੁੱਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਜੁੜਿਆ ਹੋਇਆ ਹੈ, ਉਸ ਲਈ ਸਾਰਾ ਜਗਤ ਸੋਹਣਾ ਹੈ।
ਉਹ ਖ਼ੁਦੀ ਮਿਟਾ ਕੇ ਪ੍ਰਭੂ ਦੇ ਦਰ ਤੇ ਪ੍ਰਭੂ ਦੀ ਦਰਗਾਹ ਵਿਚ ਸੁਰਖ਼ਰੂ ਹੁੰਦਾ ਹੈ ॥੯॥
(ਅਸਲ ਵਿਚ) ਉਹ ਮਨੁੱਖ ਜੀਊਂਦਾ ਹੈ, ਜਿਸ ਦੇ ਮਨ ਵਿਚ ਪਰਮਾਤਮਾ ਵੱਸ ਰਿਹਾ ਹੈ।
ਹੇ ਨਾਨਕ! (ਬੰਦਗੀ ਵਾਲੇ ਤੋਂ ਬਿਨਾ) ਕੋਈ ਹੋਰ ਜੀਊਂਦਾ ਨਹੀਂ ਹੈ।
ਜੇ ਨਾਮ-ਵਿਹੂਣਾ (ਵੇਖਣ ਨੂੰ) ਜੀਊਂਦਾ (ਭੀ) ਹੈ ਤਾਂ ਉਹ ਇੱਜ਼ਤ ਗਵਾ ਕੇ (ਏਥੋਂ) ਜਾਂਦਾ ਹੈ,
ਜੋ ਕੁਝ (ਏਥੇ) ਖਾਂਦਾ ਪੀਂਦਾ ਹੈ, ਹਰਾਮ ਹੀ ਖਾਂਦਾ ਹੈ।
ਜਿਸ ਮਨੁੱਖ ਦਾ ਰਾਜ ਵਿਚ ਪਿਆਰ ਹੈ, ਮਾਲ ਵਿਚ ਮੋਹ ਹੈ,
ਉਹ ਇਸ ਮੋਹ ਵਿਚ ਮਸਤਿਆ ਹੋਇਆ ਬੇ-ਸ਼ਰਮ ਹੋ ਕੇ ਨੱਚਦਾ ਹੈ (ਭਾਵ, ਮੱਚਦਾ ਹੈ, ਆਕੜਦਾ ਹੈ)।
ਹੇ ਨਾਨਕ! (ਉਹ) ਮਨੁੱਖ ਠੱਗਿਆ ਜਾ ਰਿਹਾ ਹੈ, ਲੁੱਟਿਆ ਜਾ ਰਿਹਾ ਹੈ,
ਪ੍ਰਭੂ ਦੇ ਨਾਮ ਤੋਂ ਸੱਖਣਾ ਇੱਜ਼ਤ ਗਵਾ ਕੇ (ਇਥੋਂ) ਜਾਂਦਾ ਹੈ ॥੧॥
(ਸੋਹਣੇ ਭੋਜਨ) ਖਾਣ ਤੇ (ਸੋਹਣੇ ਕਪੜੇ) ਹੰਢਾਣ ਦਾ ਕੀਹ ਸੁਆਦ?
ਜੇ ਉਹ ਸੱਚਾ ਪ੍ਰਭੂ ਹਿਰਦੇ ਵਿਚ ਨਹੀਂ ਵੱਸਦਾ, (ਜਿਸ ਪ੍ਰਭੂ ਨੇ ਸਾਰੇ ਸੋਹਣੇ ਪਦਾਰਥ ਦਿੱਤੇ ਹਨ)।
ਕੀਹ ਹੋਇਆ ਜੇ ਮੇਵੇ, ਘਿਉ, ਮਿੱਠਾ ਗੁੜ ਮੈਦਾ ਤੇ ਮਾਸ ਆਦਿਕ ਪਦਾਰਥ ਵਰਤੇ?
ਕੀ ਹੋਇਆ ਜੇ (ਸੋਹਣੇ) ਕੱਪੜੇ ਤੇ ਸੌਖੀ ਸੇਜ ਮਿਲ ਗਈ ਤੇ ਜੇ ਮੌਜਾਂ ਮਾਣ ਲਈਆਂ?
ਤਾਂ ਕੀਹ ਬਣ ਗਿਆ ਜੇ ਫ਼ੌਜ, ਚੋਬਦਾਰ, ਚੋਰੀ-ਬਰਦਾਰ ਮਿਲ ਗਏ ਤੇ ਮਹਲਾਂ ਵਿਚ ਵੱਸਣਾ ਨਸੀਬ ਹੋਇਆ?
ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਸਾਰੇ ਪਦਾਰਥ ਨਾਸਵੰਤ ਹਨ ॥੨॥
(ਪ੍ਰਭੂ ਦੇ ਦਰ ਤੇ ਤਾਂ) ਸੱਚਾ ਨਾਮ (-ਰੂਪ ਸਉਦਾ) ਪਰਖਿਆ ਜਾਂਦਾ ਹੈ, ਜਾਤਿ ਦੇ ਹੱਥ ਵਿਚ ਕੁਝ ਨਹੀਂ ਹੈ (ਭਾਵ, ਕਿਸੇ ਜਾਤਿ ਵਰਣ ਦਾ ਕੋਈ ਲਿਹਾਜ਼ ਨਹੀਂ ਹੁੰਦਾ)।
(ਜਾਤਿ ਦਾ ਅਹੰਕਾਰ ਮਹੁਰੇ ਸਮਾਨ ਹੈ) ਜੇ ਕਿਸੇ ਪਾਸ ਮਹੁਰਾ ਹੋਵੇ (ਭਾਵੇਂ ਕਿਸੇ ਜਾਤਿ ਦਾ ਹੋਵੇ) ਜੇ ਮਹੁਰਾ ਖਾਇਗਾ ਤਾਂ ਮਰੇਗਾ।
ਅਕਾਲ ਪੁਰਖ ਦਾ ਇਹ ਨਿਆਂ ਹਰੇਕ ਜੁਗ ਵਿਚ ਵਰਤਦਾ ਸਮਝ ਲਵੋ (ਭਾਵ, ਕਿਸੇ ਭੀ ਜੁਗ ਵਿਚ ਜਾਤਿ ਦਾ ਲਿਹਾਜ਼ ਨਹੀਂ ਹੋਇਆ)।
ਪ੍ਰਭੂ ਦੇ ਦਰ ਤੇ, ਪ੍ਰਭੂ ਦੀ ਦਰਗਾਹ ਵਿਚ ਉਹੀ ਇੱਜ਼ਤ ਵਾਲਾ ਹੈ ਜੋ ਪ੍ਰਭੂ ਦਾ ਹੁਕਮ ਮੰਨਦਾ ਹੈ।
ਖਸਮ (ਪ੍ਰਭੂ) ਨੇ (ਜੀਵ ਨੂੰ) ਹੁਕਮ ਮੰਨਣ-ਰੂਪ ਕਾਰ ਦੇ ਕੇ (ਜਗਤ ਵਿਚ) ਭੇਜਿਆ ਹੈ।
ਨਗਾਚਰੀ ਗੁਰੂ ਨੇ ਸ਼ਬਦ ਦੀ ਰਾਹੀਂ ਇਹੀ ਗੱਲ ਸੁਣਾਈ ਹੈ (ਭਾਵ, ਗੁਰੂ ਨੇ ਸ਼ਬਦ ਦੀ ਰਾਹੀਂ ਇਸੇ ਗੱਲ ਦਾ ਢੰਡੋਰਾ ਦੇ ਦਿੱਤਾ ਹੈ)।
(ਇਹ ਢੰਡੋਰਾ ਸੁਣ ਕੇ) ਕਈ (ਗੁਰਮੁਖ) ਤਾਂ ਅਸਵਾਰ ਹੋ ਗਏ ਹਨ (ਭਾਵ, ਇਸ ਰਾਹ ਤੇ ਤੁਰ ਪਏ ਹਨ), ਕਈ ਬੰਦੇ ਤਿਆਰ ਹੋ ਪਏ ਹਨ,
ਕਈਆਂ ਨੇ ਅਸਬਾਬ ਲੱਦ ਲਏ ਹਨ, ਤੇ ਕਈ ਛੇਤੀ ਦੌੜ ਪਏ ਹਨ ॥੧੦॥
ਜਦੋਂ (ਕਣਕ ਆਦਿਕ ਫ਼ਸਲ ਦਾ ਬੂਟਾ) ਪੱਕ ਜਾਂਦਾ ਹੈ ਤਾਂ (ਉਤੋਂ ਉਤੋਂ) ਵੱਢ ਲਈਦਾ ਹੈ, (ਕਣਕ ਦੀ) ਨਾੜ ਤੇ (ਪੈਲੀ ਦੀ) ਵਾੜ ਪਿੱਛੇ ਰਹਿ ਜਾਂਦੀ ਹੈ।
ਇਸ ਨੂੰ ਸਿੱਟਿਆਂ ਸਮੇਤ ਗਾਹ ਲਈਦਾ ਹੈ, ਤੇ ਬੋਹਲ ਉਡਾ ਕੇ ਦਾਣੇ ਕੱਢ ਲਈਦੇ ਹਨ।
ਚੱਕੀ ਦੇ ਦੋਵੇਂ ਪੁੜ ਰੱਖ ਕੇ (ਇਹਨਾਂ ਦਾਣਿਆਂ ਨੂੰ) ਪੀਹਣ ਲਈ (ਪ੍ਰਾਣੀ) ਆ ਬੈਠਦਾ ਹੈ,
(ਪਰ) ਹੇ ਨਾਨਕ! ਇਕ ਅਚਰਜ ਤਮਾਸ਼ਾ ਵੇਖਿਆ ਹੈ, ਜੋ ਦਾਣੇ (ਚੱਕੀ ਦੇ) ਦਰ ਤੇ (ਭਾਵ, ਕਿੱਲੀ ਦੇ ਨੇੜੇ) ਰਹਿੰਦੇ ਹਨ, ਉਹ ਪੀਸਣੋਂ ਬਚ ਜਾਂਦੇ ਹਨ (ਇਸੇ ਤਰ੍ਹਾਂ, ਜੋ ਮਨੁੱਖ ਪ੍ਰਭੂ ਦੇ ਦਰ ਤੇ ਰਹਿੰਦੇ ਹਨ ਉਹਨਾਂ ਨੂੰ ਜਗਤ ਦੇ ਵਿਕਾਰ ਪੋਹ ਨਹੀਂ ਸਕਦੇ) ॥੧॥
(ਹੇ ਭਾਈ!) ਵੇਖ ਕਿ ਗੰਨਾ ਵੱਢੀਦਾ ਹੈ, ਛਿੱਲ ਛਿੱਲ ਕੇ, ਰੱਸੀ ਪਾ ਕੇ ਬੰਨ੍ਹ ਲਈਦਾ ਹੈ (ਭਾਵ, ਭਰੀਆਂ ਬੰਨ੍ਹ ਲਈਦੀਆਂ ਹਨ)।