(ਹੇ ਭਾਈ!) ਮਾਇਆ ਦੇ ਪ੍ਰਭਾਵ ਤੋਂ ਪੈਦਾ ਹੋਏ ਆਤਮਕ ਹਨੇਰੇ ਵਿਚੋਂ ਤੇਰੀ ਖ਼ਲਾਸੀ ਤਾਂ ਹੋਇਗੀ,
ਜੇ ਤੂੰ ਗੁਰੂ ਦੀ ਕਿਰਪਾ ਨਾਲ ਇਹ ਗੱਲ ਸਮਝ ਲਏਂ ਕਿ ਮਾਇਆ-ਰਹਿਤ ਪ੍ਰਭੂ ਦਾ ਨਾਮ ਹਰੇਕ ਹਿਰਦੇ-ਘਰ ਵਿਚ ਵੱਸਦਾ ਹੈ ਤੇ ਉਹੀ ਨਿਰੰਜਨ ਮੇਰਾ ਭੀ ਪਾਲਣ-ਹਾਰ ਮਾਲਕ ਹੈ ॥੧॥
(ਮਾਇਆ ਦੇ ਮੋਹ ਨੇ ਜੀਵਾਂ ਦੀਆਂ ਆਤਮਕ ਅੱਖਾਂ ਅੱਗੇ ਹਨੇਰਾ ਖੜਾ ਕਰ ਦਿੱਤਾ ਹੈ, ਹੇ ਭਾਈ!) ਵਿਚਾਰ ਕੇ ਵੇਖ ਲਵੋ, ਗੁਰੂ ਦੇ ਸ਼ਬਦ ਤੋਂ ਬਿਨਾ (ਇਸ ਆਤਮਕ ਹਨੇਰੇ ਤੋਂ) ਖ਼ਲਾਸੀ ਨਹੀਂ ਹੋ ਸਕਦੀ।
(ਹੇ ਭਾਈ!) ਜੇ ਤੂੰ ਲੱਖਾਂ ਹੀ ਧਰਮ-ਕਰਮ ਕਰਦਾ ਰਹੇਂ, ਤਾਂ ਭੀ ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਆਤਮਕ ਹਨੇਰਾ (ਟਿਕਿਆ ਹੀ ਰਹੇਗਾ) ॥੧॥ ਰਹਾਉ ॥
ਜਿਨ੍ਹਾਂ ਬੰਦਿਆਂ ਨੂੰ ਮਾਇਆ ਦੇ ਮੋਹ ਨੇ ਅੰਨ੍ਹਾ ਕਰ ਦਿੱਤਾ ਹੈ ਤੇ ਅਕਲ-ਹੀਣ ਕਰ ਦਿੱਤਾ ਹੈ, ਉਹਨਾਂ ਨੂੰ ਇਹ ਸਮਝਾਣ ਦਾ ਕੋਈ ਲਾਭ ਨਹੀਂ।
ਗੁਰੂ ਦੀ ਸਰਨ ਤੋਂ ਬਿਨਾ ਉਹਨਾਂ ਨੂੰ ਜੀਵਨ ਦਾ ਸਹੀ ਰਸਤਾ ਲੱਭ ਨਹੀਂ ਸਕਦਾ, ਸਹੀ ਜੀਵਨ-ਰਾਹ ਦੇ ਰਾਹੀ ਦਾ ਉਹਨਾਂ ਨਾਲ ਕਿਸੇ ਤਰ੍ਹਾਂ ਭੀ ਸਾਥ ਨਹੀਂ ਨਿਭ ਸਕਦਾ ॥੨॥
ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ ਉਸ ਧਨ ਨੂੰ ਜੋ ਪ੍ਰਭੂ ਦੀ ਦਰਗਾਹ ਵਿਚ ਮੁੱਲ ਨਹੀਂ ਪਾਂਦਾ ਅਸਲ ਧਨ ਆਖਦਾ ਹੈ, ਪਰ (ਜੇਹੜਾ ਨਾਮ-ਧਨ) ਅਸਲ ਧਨ (ਹੈ ਉਸ) ਦੀ ਕਦਰ ਹੀ ਨਹੀਂ ਸਮਝਦਾ।
ਮਾਇਆ ਵਿਚ ਅੰਨ੍ਹੇ ਹੋਏ ਮਨੁੱਖ ਨੂੰ ਸਿਆਣਾ ਆਖਿਆ ਜਾ ਰਿਹਾ ਹੈ-ਇਹ ਅਸਚਰਜ ਚਾਲ ਹੈ ਦੁਨੀਆ ਦੀ ਸਮੇ ਦੀ ॥੩॥
ਮਾਇਆ ਦੇ ਮੋਹ ਦੀ ਨੀਂਦ ਵਿਚ ਸੁੱਤੇ ਪਏ ਨੂੰ ਜਗਤ ਆਖਦਾ ਹੈ ਕਿ ਇਹ ਜਾਗਦਾ ਹੈ ਸੁਚੇਤ ਹੈ, ਪਰ ਜੇਹੜਾ ਮਨੁੱਖ (ਪਰਮਾਤਮਾ ਦੀ ਯਾਦ ਵਿਚ) ਜਾਗਦਾ ਹੈ ਸੁਚੇਤ ਹੈ, ਉਸ ਨੂੰ ਆਖਦਾ ਹੈ ਕਿ ਸੁੱਤਾ ਪਿਆ ਹੈ।
ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ ਜੀਊਂਦੇ ਆਤਮਕ ਜੀਵਨ ਵਾਲੇ ਨੂੰ ਜਗਤ ਆਖਦਾ ਹੈ ਕਿ ਇਹ ਸਾਡੇ ਭਾ ਦਾ ਮੋਇਆ ਹੋਇਆ ਹੈ। ਪਰ ਆਤਮਕ ਮੌਤੇ ਮਰੇ ਹੋਏ ਨੂੰ ਵੇਖ ਕੇ ਕੋਈ ਅਫ਼ਸੋਸ ਨਹੀਂ ਕਰਦਾ ॥੪॥
ਪਰਮਾਤਮਾ ਦੇ ਰਸਤੇ ਉਤੇ ਆਉਣ ਵਾਲੇ ਨੂੰ ਜਗਤ ਆਖਦਾ ਹੈ ਕਿ ਇਹ ਗਿਆ-ਗੁਜ਼ਰਿਆ ਹੈ, ਪਰ ਪ੍ਰਭੂ ਵਲੋਂ ਗਏ-ਗੁਜ਼ਰੇ ਨੂੰ ਜਗਤ ਸਮਝਦਾ ਹੈ ਕਿ ਇਸੇ ਦਾ ਜਗਤ ਵਿਚ ਆਉਣਾ ਸਫਲ ਹੋਇਆ ਹੈ।
ਜਿਸ ਮਾਇਆ ਨੇ ਦੂਜੇ ਦੀ ਬਣ ਜਾਣਾ ਹੈ ਉਸ ਨੂੰ ਜਗਤ ਆਪਣੀ ਆਖਦਾ ਹੈ, ਪਰ ਜੇਹੜਾ ਨਾਮ-ਧਨ ਅਸਲ ਵਿਚ ਆਪਣਾ ਹੈ ਉਹ ਚੰਗਾ ਨਹੀਂ ਲੱਗਦਾ ॥੫॥
ਨਾਮ-ਰਸ ਹੋਰ ਸਾਰੇ ਰਸਾਂ ਨਾਲੋਂ ਮਿੱਠਾ ਹੈ, ਇਸ ਨੂੰ ਜਗਤ ਕੌੜਾ ਆਖਦਾ ਹੈ। ਵਿਸ਼ਿਆਂ ਦਾ ਰਸ (ਅੰਤ ਨੂੰ) ਕੌੜਾ (ਦੁਖਦਾਈ ਸਾਬਤ ਹੁੰਦਾ) ਹੈ, ਇਸ ਨੂੰ ਜਗਤ ਸੁਆਦਲਾ ਕਹਿ ਰਿਹਾ ਹੈ।
ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਦੀ ਲੋਕ-ਨਿੰਦਾ ਕਰਦੇ ਹਨ। ਜਗਤ ਵਿਚ ਇਹ ਅਚਰਜ ਤਮਾਸ਼ਾ ਵੇਖਣ ਵਿਚ ਆ ਰਿਹਾ ਹੈ ॥੬॥
ਲੋਕ ਪਰਮਾਤਮਾ ਦੀ ਦਾਸੀ (ਮਾਇਆ) ਦੀ ਤਾਂ ਸੇਵਾ-ਖ਼ੁਸ਼ਾਮਦ ਕਰ ਰਹੇ ਹਨ, ਪਰ (ਮਾਇਆ ਦਾ) ਮਾਲਕ ਕਿਸੇ ਨੂੰ ਦਿੱਸਦਾ ਹੀ ਨਹੀ।
(ਮਾਇਆ ਵਿਚੋਂ ਸੁਖ ਲੱਭਣਾ ਇਉਂ ਹੈ ਜਿਵੇਂ ਪਾਣੀ ਰਿੜਕ ਕੇ ਉਸ ਵਿਚੋਂ ਮੱਖਣ ਲੱਭਣਾ)। ਜੇ ਛੱਪੜ ਨੂੰ ਰਿੜਕੀਏ, ਜੇ ਪਾਣੀ ਰਿੜਕੀਏ, ਉਸ ਵਿਚੋਂ ਮੱਖਣ ਨਹੀਂ ਨਿਕਲ ਸਕਦਾ ॥੭॥
ਆਪਾ ਪਛਾਣਨ ਦੇ ਆਤਮਕ ਦਰਜੇ ਨੂੰ ਜੇਹੜਾ ਮਨੁੱਖ ਪ੍ਰਾਪਤ ਕਰ ਲੈਂਦਾ ਹੈ, ਮੈਂ ਉਸ ਅੱਗੇ ਆਪਣਾ ਸਿਰ ਨਿਵਾਂਦਾ ਹਾਂ।
ਹੇ ਨਾਨਕ! ਜੇਹੜਾ ਮਨੁੱਖ ਆਪਣੇ ਅਸਲੇ ਨੂੰ ਪਛਾਣ ਲੈਂਦਾ ਹੈ, ਉਹ ਉਸ ਪਰਮਾਤਮਾ ਦਾ ਰੂਪ ਬਣ ਜਾਂਦਾ ਹੈ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ਅਤੇ ਜਿਸ ਦੇ ਗੁਣਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ ॥੮॥
(ਪਰ ਮਾਇਆ ਵਿਚ ਤੇ ਜੀਵਾਂ ਵਿਚ) ਸਭ ਥਾਂ ਪਰਮਾਤਮਾ ਆਪ ਹੀ ਆਪ ਵਿਆਪਕ ਹੈ, ਆਪ ਹੀ ਜੀਵਾਂ ਨੂੰ ਕੁਰਾਹੇ ਪਾਂਦਾ ਹੈ।
ਗੁਰੂ ਦੀ ਮਿਹਰ ਨਾਲ ਹੀ ਇਹ ਸਮਝ ਪੈਂਦੀ ਹੈ ਕਿ ਪਰਮਾਤਮਾ ਹਰੇਕ ਥਾਂ ਮੌਜੂਦ ਹੈ ॥੯॥੨॥੧੮॥
ਰਾਗ ਗਉੜੀ-ਗੁਆਰੇਰੀ ਵਿੱਚ ਗੁਰੂ ਅਮਰਦਾਸ ਜੀ ਦੀ ਅੱਠ-ਪਦਿਆਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਹੇ ਭਾਈ! ਪਰਮਾਤਮਾ ਨੂੰ ਵਿਸਾਰ ਕੇ ਮਾਇਆ ਆਦਿਕ) ਹੋਰ ਹੋਰ ਨਾਲ ਪਾਇਆ ਹੋਇਆ ਪਿਆਰ ਮਨ ਦੀ ਅਪਵਿਤ੍ਰਤਾ (ਦਾ ਕਾਰਣ ਬਣਦਾ) ਹੈ।
(ਇਸ ਅਪਵਿਤ੍ਰਤਾ ਦੇ ਕਾਰਨ ਮਾਇਆ ਦੀ) ਭਟਕਣਾ ਵਿਚ ਕੁਰਾਹੇ ਪਏ ਹੋਏ ਮਨੁੱਖ ਨੂੰ ਜਨਮ ਮਰਨ ਦਾ ਗੇੜ ਬਣਿਆ ਰਹਿੰਦਾ ਹੈ ॥੧॥
(ਹੇ ਭਾਈ!) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਦੇ ਮਨ) ਦੀ ਅਪਵਿਤ੍ਰਤਾ ਉਤਨਾ ਚਿਰ ਕਦੇ ਦੂਰ ਨਹੀਂ ਹੁੰਦੀ,
ਜਿਤਨਾ ਚਿਰ (ਮਨੁੱਖ ਗੁਰੂ ਦੇ) ਸ਼ਬਦ ਵਿਚ ਨਹੀਂ ਪਤੀਜਦਾ ਅਤੇ ਪਰਮਾਤਮਾ ਦੇ ਨਾਮ ਵਿਚ ਨਹੀਂ ਜੁੜਦਾ ॥੧॥ ਰਹਾਉ ॥
(ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਲਈ) ਇਹ ਜਿਤਨਾ ਹੀ ਜਗਤ ਹੈ ਜਿਤਨਾ ਹੀ ਜਗਤ ਦਾ ਮੋਹ ਹੈ ਇਹ ਸਾਰਾ ਅਪਵਿਤ੍ਰਤਾ (ਦਾ ਮੂਲ) ਹੈ,
ਉਹ ਮਨੁੱਖ (ਇਸ ਆਤਮਕ ਮੌਤ ਵਿਚ) ਮਰ ਮਰ ਕੇ ਮੁੜ ਮੁੜ ਜੰਮਦਾ ਰਹਿੰਦਾ ਹੈ ॥੨॥
(ਮਨਮੁਖਾਂ ਵਾਸਤੇ) ਅੱਗ ਵਿਚ ਹਵਾ ਵਿਚ ਪਾਣੀ ਵਿਚ ਭੀ ਅਪਵਿਤ੍ਰਤਾ ਹੀ ਹੈ,
ਜਿਤਨਾ ਕੁਝ ਭੋਜਨ ਆਦਿਕ ਉਹ ਖਾਂਦੇ ਹਨ ਉਹ ਭੀ (ਉਹਨਾਂ ਦੇ ਮਨ ਵਾਸਤੇ) ਅਪਵਿਤ੍ਰਤਾ (ਦਾ ਕਾਰਨ ਹੀ ਬਣਦਾ) ਹੈ ॥੩॥
(ਹੇ ਭਾਈ!) ਸੂਤਕ (ਦੇ ਭਰਮ ਵਿਚ ਗ੍ਰਸੇ ਹੋਏ ਮਨ ਨੂੰ) ਕੋਈ ਕਰਮ-ਕਾਂਡ ਪਵਿਤ੍ਰ ਨਹੀਂ ਕਰ ਸਕਦੇ, ਕੋਈ ਦੇਵ-ਪੂਜਾ ਪਵਿਤ੍ਰ ਨਹੀਂ ਕਰ ਸਕਦੀ।
ਪਰਮਾਤਮਾ ਦੇ ਨਾਮ ਵਿਚ ਰੰਗੀਜ ਕੇ ਹੀ ਮਨ ਪਵਿਤ੍ਰ ਹੁੰਦਾ ਹੈ ॥੪॥
(ਹੇ ਭਾਈ!) ਜੇ ਸਤਿਗੁਰੂ ਦਾ ਆਸਰਾ ਲਿਆ ਜਾਏ ਤਾਂ ਮਨ ਦੀ ਅਪਵਿਤ੍ਰਤਾ ਦੂਰ ਹੋ ਜਾਂਦੀ ਹੈ,
(ਗੁਰੂ ਦੀ ਸਰਨ ਰਹਿਣ ਵਾਲਾ ਮਨੁੱਖ) ਨਾਹ ਮਰਦਾ ਹੈ ਨਾਹ ਜੰਮਦਾ ਹੈ ਨਾਹ ਉਸ ਨੂੰ ਆਤਮਕ ਮੌਤ ਖਾਂਦੀ ਹੈ ॥੫॥
(ਹੇ ਭਾਈ! ਬੇ-ਸ਼ੱਕ) ਕੋਈ ਧਿਰ ਸਿਮ੍ਰਿਤੀਆਂ ਸ਼ਾਸਤ੍ਰਾਂ ਨੂੰ ਭੀ ਵਿਚਾਰ ਕੇ ਵੇਖ ਲਵੋ।
ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਮਨੁੱਖ ਮਾਨਸਕ ਅਪਵਿਤ੍ਰਤਾ ਤੋਂ ਖ਼ਲਾਸੀ ਨਹੀਂ ਪਾ ਸਕਦਾ ॥੬॥
(ਹੇ ਭਾਈ!) ਚੌਹਾਂ ਹੀ ਜੁਗਾਂ ਵਿਚ ਗੁਰੂ ਦੇ ਸ਼ਬਦ ਨੂੰ ਵਿਚਾਰ ਕੇ (ਪਰਮਾਤਮਾ ਦਾ) ਨਾਮ (ਜਪ ਕੇ ਹੀ ਮਨੁੱਖ) ਉੱਤਮ ਬਣ ਸਕਦਾ ਹੈ।
ਇਸ ਜੁਗ ਵਿਚ ਭੀ ਜਿਸ ਨੂੰ ਕਲਿਜੁਗ ਕਿਹਾ ਜਾ ਰਿਹਾ ਹੈ ਉਹੀ ਮਨੁੱਖ (ਵਿਕਾਰਾਂ ਦੇ ਸਮੁੰਦਰਾਂ ਤੋਂ) ਪਾਰ ਲੰਘਦਾ ਹੈ ਜੋ ਗੁਰੂ ਦੀ ਸਰਨ ਪੈਂਦਾ ਹੈ ॥੭॥
(ਪਰਮਾਤਮਾ) ਜੋ ਸਦਾ ਕਾਇਮ ਰਹਿਣ ਵਾਲਾ ਹੈ ਤੇ ਜੋ ਕਦੇ ਜੰਮਦਾ ਮਰਦਾ ਨਹੀਂ
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਉਸ ਪਰਮਾਤਮਾ ਵਿਚ ਸਦਾ ਲੀਨ ਰਹਿੰਦਾ ਹੈ। (ਇਸ ਤਰ੍ਹਾਂ ਉਸ ਮਨੁੱਖ ਦੇ ਮਨ ਨੂੰ ਕੋਈ ਅਪਵਿਤ੍ਰਤਾ ਛੁਹ ਨਹੀਂ ਸਕਦੀ) ॥੮॥੧॥
(ਹੇ ਪੰਡਿਤ!) ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੀ ਸੇਵਾ-ਭਗਤੀ ਨੂੰ ਆਪਣੇ ਜੀਵਨ ਦਾ ਆਸਰਾ ਬਣਾ,
ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਆਪਣੇ ਮਨ ਵਿਚ ਟਿਕਾ ਕੇ ਰੱਖ।
(ਹੇ ਪੰਡਿਤ!) ਗੁਰੂ ਦੀ ਸਰਨ ਪੈ ਕੇ ਤੂੰ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਵਡਿਆਈ ਹਾਸਲ ਕਰੇਂਗਾ ॥੧॥
ਹੇ ਪੰਡਿਤ! ਪਰਮਾਤਮਾ ਦੀ ਸਿਫ਼ਤ-ਸਾਲਾਹ ਪੜ੍ਹ (ਅਤੇ ਇਸ ਦੀ ਬਰਕਤਿ ਨਾਲ ਆਪਣੇ ਅੰਦਰੋਂ) ਵਿਕਾਰ ਛੱਡ।
(ਹੇ ਪੰਡਿਤ!) ਗੁਰੂ ਦੀ ਸਰਨ ਪੈ ਕੇ ਤੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਏਂਗਾ ॥੧॥ ਰਹਾਉ ॥