ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 232


ਨਾਮੁ ਨ ਚੇਤਹਿ ਉਪਾਵਣਹਾਰਾ ॥

ਉਹ ਸਿਰਜਣਹਾਰ ਪਰਮਾਤਮਾ ਦਾ ਨਾਮ ਕਦੇ ਯਾਦ ਨਹੀਂ ਕਰਦੇ।

ਮਰਿ ਜੰਮਹਿ ਫਿਰਿ ਵਾਰੋ ਵਾਰਾ ॥੨॥

ਉਹ ਮੁੜ ਮੁੜ (ਜਗਤ ਵਿਚ) ਜੰਮਦੇ ਹਨ, ਮਰਦੇ ਹਨ, ਜੰਮਦੇ ਹਨ ਮਰਦੇ ਹਨ ॥੨॥

ਅੰਧੇ ਗੁਰੂ ਤੇ ਭਰਮੁ ਨ ਜਾਈ ॥

(ਪਰ, ਹੇ ਭਾਈ! ਮਾਇਆ ਦੇ ਮੋਹ ਵਿਚ ਆਪ) ਅੰਨ੍ਹੇ ਹੋਏ ਹੋਏ ਗੁਰੂ ਪਾਸੋਂ (ਸਰਨ ਆਏ ਸੇਵਕ ਦੇ ਮਨ ਦੀ) ਭਟਕਣਾ ਦੂਰ ਨਹੀਂ ਹੋ ਸਕਦੀ।

ਮੂਲੁ ਛੋਡਿ ਲਾਗੇ ਦੂਜੈ ਭਾਈ ॥

(ਅਜੇਹੇ ਗੁਰੂ ਦੀ ਸਰਨ ਪੈ ਕੇ ਤਾਂ ਮਨੁੱਖ ਸਗੋਂ) ਜਗਤ ਦੇ ਮੂਲ-ਕਰਤਾਰ ਨੂੰ ਛੱਡ ਕੇ ਮਾਇਆ ਦੇ ਮੋਹ ਵਿਚ ਫਸਦੇ ਹਨ।

ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥੩॥

(ਆਤਮਕ ਮੌਤ ਪੈਦਾ ਕਰਨ ਵਾਲੀ ਮਾਇਆ ਦੇ) ਜ਼ਹਰ ਵਿਚ ਮਸਤ ਹੋਇਆ ਮਨੁੱਖ ਉਸ ਜ਼ਹਰ ਵਿਚ ਹੀ ਮਗਨ ਰਹਿੰਦਾ ਹੈ ॥੩॥

ਮਾਇਆ ਕਰਿ ਮੂਲੁ ਜੰਤ੍ਰ ਭਰਮਾਏ ॥

(ਅਭਾਗੀ) ਮਨੁੱਖ ਮਾਇਆ ਨੂੰ (ਜ਼ਿੰਦਗੀ ਦਾ) ਆਸਰਾ ਬਣਾ ਕੇ (ਮਾਇਆ ਦੀ ਖ਼ਾਤਰ ਹੀ) ਭਟਕਦੇ ਰਹਿੰਦੇ ਹਨ,

ਹਰਿ ਜੀਉ ਵਿਸਰਿਆ ਦੂਜੈ ਭਾਏ ॥

ਮਾਇਆ ਦੇ ਪਿਆਰ ਦੇ ਕਾਰਨ ਉਹਨਾਂ ਨੂੰ ਪਰਮਾਤਮਾ ਭੁਲਿਆ ਰਹਿੰਦਾ ਹੈ।

ਜਿਸੁ ਨਦਰਿ ਕਰੇ ਸੋ ਪਰਮ ਗਤਿ ਪਾਏ ॥੪॥

(ਪਰ, ਹੇ ਭਾਈ!) ਜਿਸ ਮਨੁੱਖ ਉੱਤੇ ਪਰਮਾਤਮਾ ਰਹਿਮ ਦੀ ਨਿਗਾਹ ਕਰਦਾ ਹੈ, ਉਹ ਮਨੁੱਖ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ (ਜਿੱਥੇ ਮਾਇਆ ਦਾ ਮੋਹ ਪੋਹ ਨਹੀਂ ਸਕਦਾ) ॥੪॥

ਅੰਤਰਿ ਸਾਚੁ ਬਾਹਰਿ ਸਾਚੁ ਵਰਤਾਏ ॥

(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਗੁਰੂ ਉਸ ਦੇ) ਹਿਰਦੇ ਵਿਚ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਪਰਕਾਸ਼ ਕਰ ਦੇਂਦਾ ਹੈ, ਜਗਤ ਨਾਲ ਵਰਤਣ-ਵਰਤਾਵ ਕਰਦਿਆਂ ਭੀ ਸਾਰੇ ਜਗਤ ਵਿਚ ਉਸ ਨੂੰ ਸਦਾ-ਥਿਰ ਪ੍ਰਭੂ ਵਿਖਾ ਦੇਂਦਾ ਹੈ।

ਸਾਚੁ ਨ ਛਪੈ ਜੇ ਕੋ ਰਖੈ ਛਪਾਏ ॥

(ਜਿਸ ਮਨੁੱਖ ਦੇ ਅੰਦਰ ਬਾਹਰ ਪ੍ਰਭੂ ਦਾ ਪਰਕਾਸ਼ ਹੋ ਜਾਏ), ਉਹ ਜੇ ਇਸ (ਮਿਲੀ ਦਾਤਿ) ਨੂੰ ਲੁਕਾ ਕੇ ਰੱਖਣ ਦਾ ਜਤਨ ਭੀ ਕਰੇ ਤਾਂ ਭੀ ਸਦ-ਥਿਰ ਪ੍ਰਭੂ (ਦਾ ਪਰਕਾਸ਼) ਲੁਕਦਾ ਨਹੀਂ।

ਗਿਆਨੀ ਬੂਝਹਿ ਸਹਜਿ ਸੁਭਾਏ ॥੫॥

ਪਰਮਾਤਮਾ ਨਾਲ ਡੂੰਘੀ ਸਾਂਝ ਰੱਖਣ ਵਾਲੇ ਮਨੁੱਖ ਆਤਮਕ ਅਡੋਲਤਾ ਵਿਚ (ਟਿਕ ਕੇ) ਪ੍ਰਭੂ-ਪ੍ਰੇਮ ਵਿਚ ਜੁੜ ਕੇ (ਇਸ ਅਸਲੀਅਤ ਨੂੰ) ਸਮਝ ਲੈਂਦੇ ਹਨ ॥੫॥

ਗੁਰਮੁਖਿ ਸਾਚਿ ਰਹਿਆ ਲਿਵ ਲਾਏ ॥

(ਹੇ ਭਾਈ!) ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਆਪਣੀ ਸੁਰਤ ਜੋੜੀ ਰੱਖਦਾ ਹੈ,

ਹਉਮੈ ਮਾਇਆ ਸਬਦਿ ਜਲਾਏ ॥

ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ (ਆਪਣੇ ਅੰਦਰੋਂ) ਹਉਮੈ ਤੇ ਮਾਇਆ (ਦਾ ਮੋਹ) ਸਾੜ ਲੈਂਦਾ ਹੈ।

ਮੇਰਾ ਪ੍ਰਭੁ ਸਾਚਾ ਮੇਲਿ ਮਿਲਾਏ ॥੬॥

(ਇਸ ਤਰ੍ਹਾਂ) ਸਦਾ-ਥਿਰ ਰਹਿਣ ਵਾਲਾ ਪਿਆਰਾ ਪ੍ਰਭੂ ਉਸ ਨੂੰ ਆਪਣੇ ਚਰਨਾਂ ਵਿਚ ਮਿਲਾਈ ਰੱਖਦਾ ਹੈ ॥੬॥

ਸਤਿਗੁਰੁ ਦਾਤਾ ਸਬਦੁ ਸੁਣਾਏ ॥

(ਹੇ ਭਾਈ! ਪਰਮਾਤਮਾ ਦੇ ਨਾਮ ਦੀ) ਦਾਤ ਦੇਣ ਵਾਲਾ ਸਤਿਗੁਰੂ ਜਿਸ ਮਨੁੱਖ ਨੂੰ ਆਪਣਾ ਸ਼ਬਦ ਸੁਣਾਂਦਾ ਹੈ,

ਧਾਵਤੁ ਰਾਖੈ ਠਾਕਿ ਰਹਾਏ ॥

ਉਹ ਮਾਇਆ ਦੇ ਪਿੱਛੇ ਭਟਕਦੇ ਆਪਣੇ ਮਨ ਨੂੰ (ਮਾਇਆ ਦੇ ਮੋਹ ਵਲੋਂ) ਬਚਾ ਲੈਂਦਾ ਹੈ, ਰੋਕ ਕੇ ਕਾਬੂ ਕਰ ਲੈਂਦਾ ਹੈ।

ਪੂਰੇ ਗੁਰ ਤੇ ਸੋਝੀ ਪਾਏ ॥੭॥

ਪੂਰੇ ਗੁਰੂ ਪਾਸੋਂ ਉਹ ਮਨੁੱਖ (ਜੀਵਨ-ਜੁਗਤਿ ਦੀ ਸਹੀ) ਸਮਝ ਹਾਸਲ ਕਰ ਲੈਂਦਾ ਹੈ ॥੭॥

ਆਪੇ ਕਰਤਾ ਸ੍ਰਿਸਟਿ ਸਿਰਜਿ ਜਿਨਿ ਗੋਈ ॥

ਪਰਮਾਤਮਾ ਆਪ ਹੀ ਸਿਰਜਣਹਾਰ ਹੈ ਜਿਸ ਨੇ ਆਪ ਇਹ ਸ੍ਰਿਸ਼ਟੀ ਪੈਦਾ ਕਰ ਕੇ ਆਪ ਹੀ (ਅਨੇਕਾਂ ਵਾਰੀ) ਨਾਸ ਕੀਤੀ।

ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥

ਉਸ ਪਰਮਾਤਮਾ ਤੋਂ ਬਿਨਾ ਕੋਈ ਹੋਰ (ਸਦਾ-ਥਿਰ ਰਹਿਣ ਵਾਲਾ) ਨਹੀਂ ਹੈ।

ਨਾਨਕ ਗੁਰਮੁਖਿ ਬੂਝੈ ਕੋਈ ॥੮॥੬॥

ਹੇ ਨਾਨਕ! (ਆਖ-ਹੇ ਭਾਈ!) ਗੁਰੂ ਦੀ ਸਰਨ ਪੈਣ ਵਾਲਾ ਕੋਈ (ਵਿਰਲਾ ਵਡਭਾਗੀ) ਮਨੁੱਖ ਇਹ ਭੇਦ ਸਮਝਦਾ ਹੈ ॥੮॥੬॥

ਗਉੜੀ ਮਹਲਾ ੩ ॥

ਨਾਮੁ ਅਮੋਲਕੁ ਗੁਰਮੁਖਿ ਪਾਵੈ ॥

(ਹੇ ਭਾਈ!) ਪਰਮਾਤਮਾ ਦਾ ਨਾਮ ਕਿਸੇ ਭੀ ਮੁੱਲ ਤੋਂ ਨਹੀਂ ਮਿਲ ਸਕਦਾ।

ਨਾਮੋ ਸੇਵੇ ਨਾਮਿ ਸਹਜਿ ਸਮਾਵੈ ॥

ਉਹੀ ਮਨੁੱਖ ਹਾਸਲ ਕਰਦਾ ਹੈ ਜੋ ਗੁਰੂ ਦੀ ਸਰਨ ਪੈਂਦਾ ਹੈ।

ਅੰਮ੍ਰਿਤੁ ਨਾਮੁ ਰਸਨਾ ਨਿਤ ਗਾਵੈ ॥

ਉਹ (ਹਰ ਵੇਲੇ) ਨਾਮ ਹੀ ਸਿਮਰਦਾ ਹੈ ਤੇ ਨਾਮ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ।

ਜਿਸ ਨੋ ਕ੍ਰਿਪਾ ਕਰੇ ਸੋ ਹਰਿ ਰਸੁ ਪਾਵੈ ॥੧॥

ਪਰ ਉਹੀ ਮਨੁੱਖ ਹਰਿ-ਨਾਮ ਦਾ ਰਸ ਮਾਣਦਾ ਹੈ ਜਿਸ ਉਤੇ ਪਰਮਾਤਮਾ ਆਪ ਕਿਰਪਾ ਕਰਦਾ ਹੈ ॥੧॥

ਅਨਦਿਨੁ ਹਿਰਦੈ ਜਪਉ ਜਗਦੀਸਾ ॥

(ਹੇ ਭਾਈ!) ਮੈਂ ਹਰ ਵੇਲੇ ਆਪਣੇ ਹਿਰਦੇ ਵਿਚ ਜਗਤ ਦੇ ਮਾਲਕ ਪਰਮਾਤਮਾ ਦਾ ਨਾਮ ਜਪਦਾ ਹਾਂ।

ਗੁਰਮੁਖਿ ਪਾਵਉ ਪਰਮ ਪਦੁ ਸੂਖਾ ॥੧॥ ਰਹਾਉ ॥

ਗੁਰੂ ਦੀ ਸਰਨ ਪੈ ਕੇ ਮੈਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ ਹੈ, ਮੈਂ ਆਤਮਕ ਆਨੰਦ ਮਾਣ ਰਿਹਾ ਹਾਂ ॥੧॥ ਰਹਾਉ ॥

ਹਿਰਦੈ ਸੂਖੁ ਭਇਆ ਪਰਗਾਸੁ ॥

ਉਹਨਾਂ ਦੇ ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਉਹਨਾਂ ਦੇ ਅੰਦਰ ਚਾਨਣ ਪੈਦਾ ਹੋ ਜਾਂਦਾ ਹੈ,

ਗੁਰਮੁਖਿ ਗਾਵਹਿ ਸਚੁ ਗੁਣਤਾਸੁ ॥

ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ ਗੁਣਾਂ ਦੇ ਖ਼ਜ਼ਾਨੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਹਨ।

ਦਾਸਨਿ ਦਾਸ ਨਿਤ ਹੋਵਹਿ ਦਾਸੁ ॥

ਉਹ ਸਦਾ ਪਰਮਾਤਮਾ ਦੇ ਸੇਵਕਾਂ ਦੇ ਸੇਵਕ ਬਣੇ ਰਹਿੰਦੇ ਹਨ।

ਗ੍ਰਿਹ ਕੁਟੰਬ ਮਹਿ ਸਦਾ ਉਦਾਸੁ ॥੨॥

ਉਹ ਮਨੁੱਖ ਗ੍ਰਿਹਸਤ ਜੀਵਨ ਵਿਚ ਰਹਿੰਦੇ ਹੋਏ ਪਰਵਾਰ ਵਿਚ ਰਹਿੰਦੇ ਹੋਏ ਭੀ (ਮਾਇਆ ਦੇ ਮੋਹ ਵਲੋਂ) ਉਪਰਾਮ ਰਹਿੰਦੇ ਹਨ ॥੨॥

ਜੀਵਨ ਮੁਕਤੁ ਗੁਰਮੁਖਿ ਕੋ ਹੋਈ ॥

(ਹੇ ਭਾਈ!) ਕੋਈ ਵਿਰਲਾ ਮਨੁੱਖ ਜੇਹੜਾ ਗੁਰੂ ਦੀ ਸਰਨ ਪੈਂਦਾ ਹੈ ਦੁਨੀਆ ਦਾ ਕਾਰ-ਵਿਹਾਰ ਕਰਦਾ ਹੋਇਆ ਭੀ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੁੰਦਾ ਹੈ।

ਪਰਮ ਪਦਾਰਥੁ ਪਾਵੈ ਸੋਈ ॥

ਉਹੀ ਮਨੁੱਖ ਸਾਰੇ ਪਦਾਰਥਾਂ ਤੋਂ ਸ੍ਰੇਸ਼ਟ ਨਾਮ-ਪਦਾਰਥ ਹਾਸਲ ਕਰਦਾ ਹੈ।

ਤ੍ਰੈ ਗੁਣ ਮੇਟੇ ਨਿਰਮਲੁ ਹੋਈ ॥

ਉਹ ਮਨੁੱਖ (ਆਪਣੇ ਅੰਦਰੋਂ ਮਾਇਆ ਦੇ) ਤਿੰਨਾਂ ਗੁਣਾਂ ਦਾ ਪ੍ਰਭਾਵ ਮਿਟਾ ਲੈਂਦਾ ਹੈ ਤੇ ਪਵਿਤ੍ਰ-ਆਤਮਾ ਬਣ ਜਾਂਦਾ ਹੈ।

ਸਹਜੇ ਸਾਚਿ ਮਿਲੈ ਪ੍ਰਭੁ ਸੋਈ ॥੩॥

ਆਤਮਕ ਅਡੋਲਤਾ ਵਿਚ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜੇ ਰਹਿਣ ਕਰਕੇ ਉਸ ਨੂੰ ਉਹ ਪ੍ਰਭੂ ਮਿਲ ਪੈਂਦਾ ਹੈ ॥੩॥

ਮੋਹ ਕੁਟੰਬ ਸਿਉ ਪ੍ਰੀਤਿ ਨ ਹੋਇ ॥

(ਹੇ ਭਾਈ!) ਉਸ ਮਨੁੱਖ ਦਾ ਆਪਣੇ ਪਰਵਾਰ ਨਾਲ (ਉਹ) ਮੋਹ-ਪਿਆਰ ਨਹੀਂ ਰਹਿੰਦਾ (ਜੋ ਤ੍ਰੈਗੁਣੀ ਮਾਇਆ ਵਿਚ ਫਸਾਂਦਾ ਹੈ),

ਜਾ ਹਿਰਦੈ ਵਸਿਆ ਸਚੁ ਸੋਇ ॥

ਜਿਸ ਦੇ ਹਿਰਦੇ ਵਿਚ ਉਹ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆ ਵੱਸਦਾ ਹੈ।

ਗੁਰਮੁਖਿ ਮਨੁ ਬੇਧਿਆ ਅਸਥਿਰੁ ਹੋਇ ॥

ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਵਿੱਝ ਜਾਂਦਾ ਹੈ ਤੇ ਅਡੋਲ ਹੋ ਜਾਂਦਾ ਹੈ,

ਹੁਕਮੁ ਪਛਾਣੈ ਬੂਝੈ ਸਚੁ ਸੋਇ ॥੪॥

ਉਹ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਪਛਾਣਦਾ ਹੈ (ਪਰਮਾਤਮਾ ਦੇ ਸੁਭਾਵ ਨਾਲ ਆਪਣਾ ਸੁਭਾਉ ਮਿਲਾ ਲੈਂਦਾ ਹੈ) ਉਹ ਮਨੁੱਖ ਉਸ ਸਦਾ-ਥਿਰ ਪ੍ਰਭੂ ਨੂੰ ਸਮਝ ਲੈਂਦਾ ਹੈ ॥੪॥

ਤੂੰ ਕਰਤਾ ਮੈ ਅਵਰੁ ਨ ਕੋਇ ॥

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦਾ ਮਨ ਪਰਮਾਤਮਾ ਦੀ ਯਾਦ ਵਿਚ ਵਿੱਝ ਜਾਂਦਾ ਹੈ, ਉਹ ਇਉਂ ਅਰਦਾਸ ਕਰਦਾ ਹੈ-ਹੇ ਪ੍ਰਭੂ!) ਤੂੰ ਹੀ ਜਗਤ ਦਾ ਪੈਦਾ ਕਰਨ ਵਾਲਾ ਹੈਂ, ਮੈਨੂੰ ਤੈਥੋਂ ਬਿਨਾ ਕੋਈ ਆਸਰਾ ਨਹੀਂ ਦਿੱਸਦਾ,

ਤੁਝੁ ਸੇਵੀ ਤੁਝ ਤੇ ਪਤਿ ਹੋਇ ॥

ਮੈਂ ਸਦਾ ਤੇਰਾ ਹੀ ਸਿਮਰਨ ਕਰਦਾ ਹਾਂ, ਮੈਨੂੰ ਤੇਰੇ ਦਰ ਤੋਂ ਹੀ ਇੱਜ਼ਤ ਮਿਲਦੀ ਹੈ।

ਕਿਰਪਾ ਕਰਹਿ ਗਾਵਾ ਪ੍ਰਭੁ ਸੋਇ ॥

ਜੇ ਤੂੰ ਆਪ ਮਿਹਰ ਕਰੇਂ, ਤਾਂ ਹੀ ਮੈਂ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ।

ਨਾਮ ਰਤਨੁ ਸਭ ਜਗ ਮਹਿ ਲੋਇ ॥੫॥

ਤੇਰਾ ਨਾਮ ਹੀ ਮੇਰੇ ਵਾਸਤੇ ਸਭ ਤੋਂ ਸ੍ਰੇਸ਼ਟ ਪਦਾਰਥ ਹੈ, ਤੇਰਾ ਨਾਮ ਹੀ ਜਗਤ ਵਿਚ (ਆਤਮਕ ਜੀਵਨ ਲਈ) ਚਾਨਣ (ਪੈਦਾ ਕਰਨ ਵਾਲਾ) ਹੈ ॥੫॥

ਗੁਰਮੁਖਿ ਬਾਣੀ ਮੀਠੀ ਲਾਗੀ ॥

(ਹੇ ਭਾਈ!) ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਮਿੱਠੀ ਲੱਗਣ ਲੱਗ ਪੈਂਦੀ ਹੈ,

ਅੰਤਰੁ ਬਿਗਸੈ ਅਨਦਿਨੁ ਲਿਵ ਲਾਗੀ ॥

ਉਸ ਦਾ ਹਿਰਦਾ ਖਿੜ ਆਉਂਦਾ ਹੈ, ਉਸ ਦੀ ਸੁਰਤ ਹਰ ਵੇਲੇ (ਪ੍ਰਭੂ-ਚਰਨਾਂ ਵਿਚ) ਜੁੜੀ ਰਹਿੰਦੀ ਹੈ।

ਸਹਜੇ ਸਚੁ ਮਿਲਿਆ ਪਰਸਾਦੀ ॥

ਗੁਰੂ ਦੀ ਕਿਰਪਾ ਨਾਲ ਆਤਮਕ ਅਡੋਲਤਾ ਦੀ ਰਾਹੀਂ ਉਸ ਨੂੰ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ।

ਸਤਿਗੁਰੁ ਪਾਇਆ ਪੂਰੈ ਵਡਭਾਗੀ ॥੬॥

(ਪਰ ਹੇ ਭਾਈ!) ਗੁਰੂ ਪੂਰੇ ਭਾਗ ਨਾਲ ਵੱਡੇ ਭਾਗ ਨਾਲ ਹੀ ਮਿਲਦਾ ਹੈ ॥੬॥

ਹਉਮੈ ਮਮਤਾ ਦੁਰਮਤਿ ਦੁਖ ਨਾਸੁ ॥

(ਹੇ ਭਾਈ!) ਅੰਦਰੋਂ ਹਉਮੈ ਦਾ, ਅਪਣੱਤ ਦਾ, ਖੋਟੀ ਬੁੱਧੀ ਦਾ, ਦੁੱਖਾਂ ਦਾ ਨਾਸ ਹੋ ਜਾਂਦਾ ਹੈ,

ਜਬ ਹਿਰਦੈ ਰਾਮ ਨਾਮ ਗੁਣਤਾਸੁ ॥

ਜਦੋਂ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਆ ਵੱਸਦਾ ਹੈ।

ਗੁਰਮੁਖਿ ਬੁਧਿ ਪ੍ਰਗਟੀ ਪ੍ਰਭ ਜਾਸੁ ॥

(ਹੇ ਭਾਈ!) ਗੁਰੂ ਦੀ ਸਰਨ ਪੈ ਕੇ ਪ੍ਰਭੂ ਦੀ ਸਿਫ਼ਤ-ਸਾਲਾਹ ਸੁਣਨ ਨਾਲ ਉਦੋਂ ਮਨੁੱਖ ਦੀ ਬੁੱਧੀ ਉੱਜਲ ਹੋ ਜਾਂਦੀ ਹੈ,

ਜਬ ਹਿਰਦੈ ਰਵਿਆ ਚਰਣ ਨਿਵਾਸੁ ॥੭॥

ਜਦੋਂ ਉਹ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਿਮਰਦਾ ਹੈ ਅਤੇ ਸੁਰਤ ਪ੍ਰਭੂ-ਚਰਨਾਂ ਵਿਚ ਟਿਕਾਂਦਾ ਹੈ ॥੭॥

ਜਿਸੁ ਨਾਮੁ ਦੇਇ ਸੋਈ ਜਨੁ ਪਾਏ ॥

ਉਹੀ ਮਨੁੱਖ ਪਰਮਾਤਮਾ ਦਾ ਨਾਮ ਹਾਸਲ ਕਰਦਾ ਹੈ, ਜਿਸ ਨੂੰ ਪਰਮਾਤਮਾ ਆਪ ਆਪਣਾ ਨਾਮ ਬਖ਼ਸ਼ਦਾ ਹੈ।

ਗੁਰਮੁਖਿ ਮੇਲੇ ਆਪੁ ਗਵਾਏ ॥

ਜਿਸ ਮਨੁੱਖ ਨੂੰ ਗੁਰੂ ਦੀ ਸਰਨ ਪਾ ਕੇ ਪ੍ਰਭੂ ਆਪਣੇ ਨਾਲ ਮਿਲਾਂਦਾ ਹੈ, ਉਹ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਦੇਂਦਾ ਹੈ।

ਹਿਰਦੈ ਸਾਚਾ ਨਾਮੁ ਵਸਾਏ ॥

ਉਹ ਮਨੁੱਖ ਆਪਣੇ ਹਿਰਦੇ ਵਿਚ ਸਦਾ-ਥਿਰ ਰਹਿਣ ਵਾਲਾ ਹਰਿ-ਨਾਮ ਵਸਾਂਦਾ ਹੈ।

ਨਾਨਕ ਸਹਜੇ ਸਾਚਿ ਸਮਾਏ ॥੮॥੭॥

ਹੇ ਨਾਨਕ! ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆ ਰਹਿੰਦਾ ਹੈ ॥੮॥੭॥

ਗਉੜੀ ਮਹਲਾ ੩ ॥

ਮਨ ਹੀ ਮਨੁ ਸਵਾਰਿਆ ਭੈ ਸਹਜਿ ਸੁਭਾਇ ॥

(ਹੇ ਭਾਈ!) ਜਿਸ ਮਨੁੱਖ ਨੇ ਪ੍ਰਭੂ ਦੇ ਡਰ-ਅਦਬ ਵਿਚ ਟਿਕ ਕੇ, ਆਤਮਕ ਅਡੋਲਤਾ ਵਿਚ ਟਿਕ ਕੇ, ਪ੍ਰਭੂ-ਪ੍ਰੇਮ ਵਿਚ ਜੁੜ ਕੇ ਆਪਣੇ ਮਨ ਨੂੰ ਅੰਤਰ ਆਤਮੇ ਹੀ ਸੋਹਣਾ ਬਣਾ ਲਿਆ ਹੈ, (ਗ੍ਰਿਹਸਤ ਛੱਡ ਕੇ ਕਿਤੇ ਬਾਹਰ ਜਾਣ ਦੀ ਲੋੜ ਨਹੀਂ ਪਈ)


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430