(ਪਰ) ਜਦੋਂ ਤਕ ਮਨੁੱਖ ਦੇ ਮਨ ਵਿਚ ਦੁਨੀਆਵੀ ਇੱਜ਼ਤ ਆਦਿਕ ਦੀ ਵਾਸ਼ਨਾ ਹੈ,
ਤਦ ਤਕ ਉਹ ਪ੍ਰਭੂ ਦੇ ਚਰਨਾਂ ਵਿਚ ਜੁੜ ਨਹੀਂ ਸਕਦਾ।
ਪਰਮਾਤਮਾ ਦਾ ਸਿਮਰਨ ਕਰਦਿਆਂ ਕਰਦਿਆਂ ਪਰਮਾਤਮਾ ਨਾਲ ਪਿਆਰ ਬਣ ਜਾਂਦਾ ਹੈ
ਅਤੇ ਕਬੀਰ ਆਖਦਾ ਹੈ-ਤਦੋਂ ਸਰੀਰ ਪਵਿੱਤਰ ਹੋ ਜਾਂਦਾ ਹੈ ॥੮॥੧॥
ਰਾਗ ਗਉੜੀ-ਚੇਤੀ ਵਿੱਚ ਭਗਤ ਨਾਮਦੇਵ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਪ੍ਰਭੂ! (ਉਹ) ਪੱਥਰ (ਭੀ ਸਮੁੰਦਰ ਉੱਤੇ) ਤੂੰ ਤਰਾ ਦਿੱਤੇ (ਜਿਨ੍ਹਾਂ ਉੱਤੇ ਤੇਰਾ 'ਰਾਮ' ਨਾਮ ਲਿਖਿਆ ਗਿਆ ਸੀ)
(ਭਲਾ) ਉਹ ਮਨੁੱਖ (ਸੰਸਾਰ-ਸਮੁੰਦਰ ਤੋਂ) ਕਿਉਂ ਨਹੀਂ ਤਰਨਗੇ, ਜੋ ਤੇਰਾ ਨਾਮ ਸਿਮਰਦੇ ਹਨ? ॥੧॥ ਰਹਾਉ ॥
ਹੇ ਪ੍ਰਭੂ! ਤੂੰ (ਮੰਦ-ਕਰਮਣ) ਵੇਸਵਾ (ਵਿਕਾਰਾਂ ਤੋਂ) ਬਚਾ ਲਈ, ਤੂੰ ਕੁਰੂਪ ਕੁਬਿਜਾ ਦਾ ਕੋਝ ਦੂਰ ਕੀਤਾ, ਤੂੰ ਵਿਕਾਰਾਂ ਵਿਚ ਗਲੇ ਹੋਏ ਅਜਾਮਲ ਨੂੰ ਤਾਰ ਦਿੱਤਾ।
(ਕ੍ਰਿਸ਼ਨ ਜੀ ਦੇ) ਪੈਰਾਂ ਵਿਚ ਨਿਸ਼ਾਨਾ ਮਾਰਨ ਵਾਲਾ ਸ਼ਿਕਾਰੀ (ਅਤੇ) ਅਜਿਹੇ ਕਈ (ਵਿਕਾਰੀ) ਬੰਦੇ (ਤੇਰੀ ਮਿਹਰ ਨਾਲ) ਮੁਕਤ ਹੋ ਗਏ।
ਮੈਂ ਸਦਕੇ ਹਾਂ ਉਹਨਾਂ ਤੋਂ ਜਿਨ੍ਹਾਂ ਪ੍ਰਭੂ ਦਾ ਨਾਮ ਸਿਮਰਿਆ ॥੧॥
ਹੇ ਪ੍ਰਭੂ! ਗੋੱਲੀ ਦਾ ਪੁੱਤਰ ਬਿਦਰ ਤੇਰਾ ਭਗਤ (ਪ੍ਰਸਿੱਧ ਹੋਇਆ); ਸੁਦਾਮਾ (ਇਸ ਦਾ ਤੂੰ ਦਲਿੱਦਰ ਕੱਟਿਆ), ਉਗਰਸੈਨ ਨੂੰ ਤੂੰ ਰਾਜ ਦਿੱਤਾ।
ਹੇ ਨਾਮਦੇਵ ਦੇ ਸੁਆਮੀ! ਤੇਰੀ ਕਿਰਪਾ ਨਾਲ ਉਹ ਉਹ ਤਰ ਗਏ ਹਨ ਜਿਨ੍ਹਾਂ ਕੋਈ ਜਪ ਨਹੀਂ ਕੀਤੇ, ਕੋਈ ਤਪ ਨਹੀਂ ਸਾਧੇ, ਜਿਨ੍ਹਾਂ ਦੀ ਕੋਈ ਉੱਚੀ ਕੁਲ ਨਹੀਂ ਸੀ, ਕੋਈ ਚੰਗੇ ਅਮਲ ਨਹੀਂ ਸਨ ॥੨॥੧॥
ਰਾਗ ਗਉੜੀ ਵਿੱਚ ਭਗਤ ਰਵਿਦਾਸ ਜੀ ਦੀ ਬੰਦਾਂ ਵਾਲੀ ਬਾਣੀ। ਰਾਗ ਗਉੜੀ-ਗੁਆਰੇਰੀ
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ, ਜੋ ਸ੍ਰਿਸ਼ਟੀ ਦਾ ਰਚਨਹਾਰ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਹੇ ਪ੍ਰਭੂ!) ਦਿਨ ਰਾਤ ਮੈਨੂੰ ਇਹ ਸੋਚ ਰਹਿੰਦੀ ਹੈ (ਮੇਰਾ ਕੀਹ ਬਣੇਗਾ?) ਮਾੜਿਆਂ ਨਾਲ ਮੇਰਾ ਬਹਿਣ-ਖਲੋਣ ਹੈ,
ਖੋਟ ਮੇਰਾ (ਨਿੱਤ-ਕਰਮ) ਹੈ; ਮੇਰਾ ਜਨਮ (ਭੀ) ਨੀਵੀਂ ਜਾਤਿ ਵਿਚੋਂ ਹੈ ॥੧॥
ਹੇ ਮੇਰੇ ਰਾਮ! ਹੇ ਮੇਰੇ ਰਾਮ! ਹੇ ਧਰਤੀ ਦੇ ਸਾਈਂ! ਹੇ ਮੇਰੀ ਜਿੰਦ ਦੇ ਆਸਰੇ!
ਮੈਨੂੰ ਨਾਹ ਵਿਸਾਰੀਂ, ਮੈਂ ਤੇਰਾ ਦਾਸ ਹਾਂ ॥੧॥ ਰਹਾਉ ॥
(ਹੇ ਪ੍ਰਭੂ!) ਮੇਰੀ ਇਹ ਬਿਪਤਾ ਕੱਟ; ਮੈਨੂੰ ਸੇਵਕ ਨੂੰ ਚੰਗੀ ਭਾਵਨਾ ਵਾਲਾ ਬਣਾ ਲੈ;
ਚਾਹੇ ਮੇਰੇ ਸਰੀਰ ਦੀ ਸੱਤਿਆ ਭੀ ਚਲੀ ਜਾਵੇ, (ਹੇ ਰਾਮ!) ਮੈਂ ਤੇਰੇ ਚਰਨ ਨਹੀਂ ਛੱਡਾਂਗਾ ॥੨॥
ਰਵਿਦਾਸ ਆਖਦਾ ਹੈ- (ਹੇ ਪ੍ਰਭੂ!) ਮੈਂ ਤੇਰੀ ਸ਼ਰਨ ਪਿਆ ਹਾਂ,
ਮੈਨੂੰ ਸੇਵਕ ਨੂੰ ਛੇਤੀ ਮਿਲੋ, ਢਿੱਲ ਨਾਹ ਕਰ ॥੩॥੧॥
(ਜਿਸ ਆਤਮਕ ਅਵਸਥਾ-ਰੂਪ ਸ਼ਹਿਰ ਵਿਚ ਮੈਂ ਵੱਸਦਾ ਹਾਂ) ਉਸ ਸ਼ਹਿਰ ਦਾ ਨਾਮ ਹੈ ਬੇ-ਗ਼ਮਪੁਰਾ (ਭਾਵ, ਉਸ ਅਵਸਥਾ ਵਿਚ ਕੋਈ ਗ਼ਮ ਨਹੀਂ ਪੋਹ ਸਕਦਾ);
ਉਸ ਥਾਂ ਨਾਹ ਕੋਈ ਦੁੱਖ ਹੈ, ਨਾਹ ਚਿੰਤਾ ਅਤੇ ਨਾਹ ਕੋਈ ਘਬਰਾਹਟ,
ਉਥੇ ਦੁਨੀਆ ਵਾਲੀ ਜਾਇਦਾਦ ਨਹੀਂ ਅਤੇ ਨਾਹ ਹੀ ਉਸ ਜਾਇਦਾਦ ਨੂੰ ਮਸੂਲ ਹੈ;
ਉਸ ਅਵਸਥਾ ਵਿਚ ਕਿਸੇ ਪਾਪ ਕਰਮ ਕਰਨ ਦਾ ਖ਼ਤਰਾ ਨਹੀਂ; ਕੋਈ ਡਰ ਨਹੀਂ; ਕੋਈ ਗਿਰਾਵਟ ਨਹੀਂ ॥੧॥
ਹੇ ਮੇਰੇ ਵੀਰ! ਹੁਣ ਮੈਂ ਵੱਸਣ ਲਈ ਸੋਹਣੀ ਥਾਂ ਲੱਭ ਲਈ ਹੈ,
ਉਥੇ ਸਦਾ ਸੁਖ ਹੀ ਸੁਖ ਹੈ ॥੧॥ ਰਹਾਉ ॥
ਉਹ (ਆਤਮਕ ਅਵਸਥਾ ਇਕ ਐਸੀ) ਪਾਤਸ਼ਾਹੀ (ਹੈ ਜੋ) ਸਦਾ ਹੀ ਟਿਕੀ ਰਹਿਣ ਵਾਲੀ ਹੈ,
ਉਥੇ ਕਿਸੇ ਦਾ ਦੂਜਾ ਤੀਜਾ ਦਰਜਾ ਨਹੀਂ, ਸਭ ਇਕੋ ਜਿਹੇ ਹਨ।
ਉਹ ਸ਼ਹਿਰ ਸਦਾ ਉੱਘਾ ਹੈ ਤੇ ਵੱਸਦਾ ਹੈ,
ਉਥੇ ਧਨੀ ਤੇ ਰੱਜੇ ਹੋਏ ਬੰਦੇ ਵੱਸਦੇ ਹਨ (ਭਾਵ, ਉਸ ਆਤਮਕ ਦਰਜੇ ਤੇ ਜੋ ਜੋ ਅੱਪੜਦੇ ਹਨ ਉਹਨਾਂ ਦੇ ਅੰਦਰ ਕੋਈ ਵਿਤਕਰਾ ਨਹੀਂ ਰਹਿੰਦਾ ਤੇ ਉਹਨਾਂ ਨੂੰ ਦੁਨੀਆ ਦੀ ਭੁੱਖ ਨਹੀਂ ਰਹਿੰਦੀ) ॥੨॥
(ਉਸ ਆਤਮਕ ਸ਼ਹਿਰ ਵਿਚ ਅੱਪੜੇ ਹੋਏ ਬੰਦੇ ਉਸ ਅਵਸਥਾ ਵਿਚ) ਅਨੰਦ ਨਾਲ ਵਿਚਰਦੇ ਹਨ;
ਉਹ ਉਸ (ਰੱਬੀ) ਮਹਲ ਦੇ ਭੇਤੀ ਹੁੰਦੇ ਹਨ; (ਇਸ ਵਾਸਤੇ) ਕੋਈ (ਉਹਨਾਂ ਦੇ ਰਾਹ ਵਿਚ) ਰੋਕ ਨਹੀਂ ਪਾ ਸਕਦਾ।
ਚਮਿਆਰ ਰਵਿਦਾਸ ਆਖਦਾ ਹੈ-
ਅਸਾਡਾ ਮਿੱਤਰ ਉਹ ਹੈ ਜੋ ਅਸਾਡਾ ਸਤਸੰਗੀ ਹੈ, ਜਿਸ ਨੇ (ਦੁਖ-ਅੰਦੋਹ ਤਸ਼ਵੀਸ਼ ਆਦਿਕ ਤੋਂ) ਖ਼ਲਾਸੀ ਪਾ ਲਈ ਹੈ ॥੩॥੨॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਰਾਗ ਗਉੜੀ-ਬੈਰਾਗਣਿ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ।
(ਜਿਨਹੀਂ ਰਾਹੀਂ ਪ੍ਰਭੂ ਦੇ ਨਾਮ ਦਾ ਸੌਦਾ ਲੱਦ ਕੇ ਲੈ ਜਾਣ ਵਾਲਾ ਮੇਰਾ ਟਾਂਡਾ ਲੰਘਣਾ ਹੈ, ਉਹ) ਰਸਤੇ ਬੜੇ ਔਖੇ ਪਹਾੜੀ ਰਸਤੇ ਹਨ, ਤੇ ਮੇਰਾ (ਮਨ-) ਬਲਦ ਮਾੜਾ ਜਿਹਾ ਹੈ;
ਪਿਆਰੇ ਪ੍ਰਭੂ ਅੱਗੇ ਹੀ ਮੇਰੀ ਅਰਜ਼ੋਈ ਹੈ-ਹੇ ਪ੍ਰਭੂ! ਮੇਰੀ ਰਾਸਿ-ਪੂੰਜੀ ਦੀ ਤੂੰ ਆਪ ਰੱਖਿਆ ਕਰੀਂ ॥੧॥
ਹੇ ਭਾਈ! (ਜੇ ਸੋਹਣੇ ਪ੍ਰਭੂ ਦੀ ਕਿਰਪਾ ਨਾਲ) ਪ੍ਰਭੂ ਦੇ ਨਾਮ ਦਾ ਵਣਜ ਕਰਨ ਵਾਲਾ ਕੋਈ ਬੰਦਾ ਮੈਨੂੰ ਮਿਲ ਪਏ ਤਾਂ ਮੇਰਾ ਮਾਲ ਭੀ ਲੱਦਿਆ ਜਾ ਸਕੇ (ਭਾਵ, ਤਾਂ ਉਸ ਗੁਰਮੁਖਿ ਦੀ ਸਹਾਇਤਾ ਨਾਲ ਮੈਂ ਭੀ ਹਰਿ-ਨਾਮ-ਰੂਪ ਦਾ ਵਣਜ ਕਰ ਸਕਾਂ) ॥੧॥ ਰਹਾਉ ॥