ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 479


ਨਾਰਦ ਸਾਰਦ ਕਰਹਿ ਖਵਾਸੀ ॥

ਨਾਰਦੁ ਭਗਤ ਤੇ ਸਾਰਦਾ ਦੇਵੀ ਭੀ ਉਸ ਸ੍ਰੀ ਪ੍ਰਭੂ ਜੀ ਦੀ ਟਹਿਲ ਕਰ ਰਹੇ ਹਨ (ਜੋ ਮੇਰੇ ਮਨ-ਤੀਰਥ ਤੇ ਵੱਸ ਰਿਹਾ ਹੈ)

ਪਾਸਿ ਬੈਠੀ ਬੀਬੀ ਕਵਲਾ ਦਾਸੀ ॥੨॥

ਅਤੇ ਲੱਛਮੀ ਉਸ ਦੇ ਕੋਲ ਟਹਿਲਣ ਬਣ ਕੇ ਬੈਠੀ ਹੋਈ ਹੈ ॥੨॥

ਕੰਠੇ ਮਾਲਾ ਜਿਹਵਾ ਰਾਮੁ ॥

ਜੀਭ ਉੱਤੇ ਰਾਮ ਦਾ ਸਿਮਰਨ ਹੀ ਮੇਰੇ ਗਲ ਵਿਚ ਮਾਲਾ (ਸਿਮਰਨੀ) ਹੈ,

ਸਹੰਸ ਨਾਮੁ ਲੈ ਲੈ ਕਰਉ ਸਲਾਮੁ ॥੩॥

ਉਸ ਰਾਮ ਨੂੰ (ਜੋ ਮੇਰੇ ਮਨ-ਤੀਰਥ ਅਤੇ ਜੀਭ ਉੱਤੇ ਵੱਸ ਰਿਹਾ ਹੈ) ਮੈਂ ਹਜ਼ਾਰ ਨਾਮ ਲੈ ਲੈ ਕੇ ਪ੍ਰਣਾਮ ਕਰਦਾ ਹਾਂ ॥੩॥

ਕਹਤ ਕਬੀਰ ਰਾਮ ਗੁਨ ਗਾਵਉ ॥

ਕਬੀਰ ਆਖਦਾ ਹੈ ਕਿ ਮੈਂ ਹਰੀ ਦੇ ਗੁਣ ਗਾਂਦਾ ਹਾਂ,

ਹਿੰਦੂ ਤੁਰਕ ਦੋਊ ਸਮਝਾਵਉ ॥੪॥੪॥੧੩॥

ਅਤੇ ਹਿੰਦੂ ਤੇ ਮੁਸਲਮਾਨ ਦੋਹਾਂ ਨੂੰ ਸਮਝਾਂਦਾ ਹਾਂ (ਕਿ ਮਨ ਹੀ ਤੀਰਥ ਤੇ ਹੱਜ ਹੈ, ਜਿੱਥੇ ਰੱਬ ਵੱਸਦਾ ਹੈ ਅਤੇ ਉਸ ਦੇ ਅਨੇਕਾਂ ਨਾਮ ਹਨ) ॥੪॥੪॥੧੩॥

ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫ ॥

ਰਾਗ ਆਸਾ ਵਿੱਚ ਭਗਤ ਕਬੀਰ ਜੀ ਦੀ ਪੰਜ-ਬੰਦਾਂ-ਦੋ-ਤੁਕਿਆਂ ਵਾਲੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ ॥

(ਮੂਰਤੀ ਅੱਗੇ ਭੇਟ ਧਰਨ ਲਈ) ਮਾਲਣ ਪੱਤਰ ਤੋੜਦੀ ਹੈ, (ਪਰ ਇਹ ਨਹੀਂ ਜਾਣਦੀ ਕਿ) ਹਰੇਕ ਪੱਤਰ ਵਿਚ ਜਿੰਦ ਹੈ।

ਜਿਸੁ ਪਾਹਨ ਕਉ ਪਾਤੀ ਤੋਰੈ ਸੋ ਪਾਹਨ ਨਿਰਜੀਉ ॥੧॥

ਜਿਸ ਪੱਥਰ (ਦੀ ਮੂਰਤੀ) ਦੇ ਖ਼ਾਤਰ (ਮਾਲਣ) ਪੱਤਰ ਤੋੜਦੀ ਹੈ, ਉਹ ਪੱਥਰ (ਦੀ ਮੂਰਤੀ) ਨਿਰਜਿੰਦ ਹੈ ॥੧॥

ਭੂਲੀ ਮਾਲਨੀ ਹੈ ਏਉ ॥

(ਇਕ ਨਿਰਜਿੰਦ ਮੂਰਤੀ ਦੀ ਸੇਵਾ ਕਰ ਕੇ) ਇਸ ਤਰ੍ਹਾਂ (ਇਹ) ਮਾਲਣ ਭੁੱਲ ਰਹੀ ਹੈ,

ਸਤਿਗੁਰੁ ਜਾਗਤਾ ਹੈ ਦੇਉ ॥੧॥ ਰਹਾਉ ॥

(ਅਸਲੀ ਇਸ਼ਟ) ਸਤਿਗੁਰੂ ਤਾਂ (ਜੀਉਂਦਾ) ਜਾਗਦਾ ਦੇਵਤਾ ਹੈ ॥੧॥ ਰਹਾਉ ॥

ਬ੍ਰਹਮੁ ਪਾਤੀ ਬਿਸਨੁ ਡਾਰੀ ਫੂਲ ਸੰਕਰਦੇਉ ॥

(ਹੇ ਮਾਲਣ!) ਪੱਤਰ ਬ੍ਰਹਮਾ-ਰੂਪ ਹਨ, ਡਾਲੀ ਵਿਸ਼ਨੂ-ਰੂਪ ਅਤੇ ਫੁੱਲ ਸ਼ਿਵ-ਰੂਪ;

ਤੀਨਿ ਦੇਵ ਪ੍ਰਤਖਿ ਤੋਰਹਿ ਕਰਹਿ ਕਿਸ ਕੀ ਸੇਉ ॥੨॥

ਇਹਨਾਂ ਤਿੰਨ ਦੇਵਤਿਆਂ ਨੂੰ ਤਾਂ ਤੂੰ ਆਪਣੇ ਸਾਹਮਣੇ ਨਾਸ ਕਰ ਰਹੀ ਹੈਂ, (ਫਿਰ) ਸੇਵਾ ਕਿਸ ਦੀ ਕਰਦੀ ਹੈਂ? ॥੨॥

ਪਾਖਾਨ ਗਢਿ ਕੈ ਮੂਰਤਿ ਕੀਨੑੀ ਦੇ ਕੈ ਛਾਤੀ ਪਾਉ ॥

(ਮੂਰਤੀ ਘੜਨ ਵਾਲੇ ਨੇ) ਪੱਥਰ ਘੜ ਕੇ, ਤੇ (ਘੜਨ ਵੇਲੇ ਮੂਰਤੀ ਦੀ) ਛਾਤੀ ਉੱਤੇ ਪੈਰ ਰੱਖ ਕੇ ਮੂਰਤੀ ਤਿਆਰ ਕੀਤੀ ਹੈ।

ਜੇ ਏਹ ਮੂਰਤਿ ਸਾਚੀ ਹੈ ਤਉ ਗੜ੍ਹਣਹਾਰੇ ਖਾਉ ॥੩॥

ਜੇ ਇਹ ਮੂਰਤੀ ਹੀ ਅਸਲੀ ਦੇਵਤਾ ਹੈ ਤਾਂ (ਇਸ ਨਿਰਾਦਰੀ ਦੇ ਕਾਰਨ) ਘੜਨ ਵਾਲੇ ਨੂੰ ਹੀ ਖਾ ਜਾਂਦੀ ॥੩॥

ਭਾਤੁ ਪਹਿਤਿ ਅਰੁ ਲਾਪਸੀ ਕਰਕਰਾ ਕਾਸਾਰੁ ॥

ਭੱਤ, ਦਾਲ, ਲੱਪੀ ਅਤੇ ਮੁਰਕਣੀ ਪੰਜੀਰੀ ਤਾਂ-

ਭੋਗਨਹਾਰੇ ਭੋਗਿਆ ਇਸੁ ਮੂਰਤਿ ਕੇ ਮੁਖ ਛਾਰੁ ॥੪॥

ਛਕਣ ਵਾਲਾ (ਪੁਜਾਰੀ ਹੀ) ਛਕ ਜਾਂਦਾ ਹੈ, ਇਸ ਮੂਰਤੀ ਦੇ ਮੂੰਹ ਵਿਚ ਕੁਝ ਭੀ ਨਹੀਂ ਪੈਂਦਾ (ਕਿਉਂਕਿ ਇਹ ਤਾਂ ਨਿਰਜਿੰਦ ਹੈ, ਖਾਵੇ ਕਿਵੇਂ?) ॥੪॥

ਮਾਲਿਨਿ ਭੂਲੀ ਜਗੁ ਭੁਲਾਨਾ ਹਮ ਭੁਲਾਨੇ ਨਾਹਿ ॥

ਮਾਲਣ (ਮੂਰਤੀ ਪੂਜਣ ਦੇ) ਭੁਲੇਖੇ ਵਿਚ ਪਈ ਹੈ, ਜਗਤ ਭੀ ਇਹੀ ਟਪਲਾ ਖਾ ਰਿਹਾ ਹੈ, ਪਰ ਅਸਾਂ ਇਹ ਗ਼ਲਤੀ ਨਹੀਂ ਖਾਧੀ,

ਕਹੁ ਕਬੀਰ ਹਮ ਰਾਮ ਰਾਖੇ ਕ੍ਰਿਪਾ ਕਰਿ ਹਰਿ ਰਾਇ ॥੫॥੧॥੧੪॥

ਕਬੀਰ ਆਖਦਾ ਹੈ- ਕਿਉਂਕਿ ਪਰਮਾਤਮਾ ਨੇ ਆਪਣੀ ਮਿਹਰ ਕਰ ਕੇ ਸਾਨੂੰ ਇਸ ਭੁਲੇਖੇ ਤੋਂ ਬਚਾ ਲਿਆ ਹੈ ॥੫॥੧॥੧੪॥

ਆਸਾ ॥

ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥

(ਉਮਰ ਦੇ ਪਹਿਲੇ) ਬਾਰ੍ਹਾਂ ਸਾਲ ਅੰਞਾਣਪੁਣੇ ਵਿਚ ਲੰਘ ਗਏ, (ਹੋਰ) ਵੀਹ ਵਰ੍ਹੇ (ਲੰਘ ਗਏ, ਭਾਵ, ਵੀਹ ਸਾਲਾਂ ਤੋਂ ਟੱਪ ਗਿਆ, ਤਦ ਤਕ ਭੀ) ਕੋਈ ਤਪ ਨਾ ਕੀਤਾ;

ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥

ਤੀਹ ਸਾਲ (ਹੋਰ ਬੀਤ ਗਏ, ਉਮਰ ਸੱਠ ਤੋਂ ਟੱਪ ਗਈ, ਤਾਂ ਭੀ) ਕੋਈ ਭਜਨ-ਬੰਦਗੀ ਨਾਹ ਕੀਤੀ, ਹੁਣ ਹੱਥ ਮਲਣ ਲੱਗਾ (ਕਿਉਂਕਿ) ਬੁੱਢਾ ਹੋ ਗਿਆ ॥੧॥

ਮੇਰੀ ਮੇਰੀ ਕਰਤੇ ਜਨਮੁ ਗਇਓ ॥

'ਮਮਤਾ' ਵਿਚ ਹੀ (ਜੁਆਨੀ ਦੀ) ਉਮਰ ਬੀਤ ਗਈ,

ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥

ਸਰੀਰ-ਰੂਪ ਸਮੁੰਦਰ ਸੁੱਕ ਗਿਆ, ਤੇ ਬਾਹਾਂ ਦੀ ਤਾਕਤ (ਭੀ ਮੁੱਕ ਗਈ) ॥੧॥ ਰਹਾਉ ॥

ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥

(ਹੁਣ ਬੁਢੇਪਾ ਆਉਣ ਤੇ ਭੀ ਮੌਤ ਤੋਂ ਬਚਣ ਲਈ ਆਹਰ ਕਰਦਾ ਹੈ, ਪਰ ਇਸ ਦੇ ਉੱਦਮ ਇਉਂ ਹਨ ਜਿਵੇਂ) ਸੁੱਕੇ ਹੋਏ ਤਲਾ ਵਿਚ ਵੱਟ ਬੰਨ੍ਹ ਰਿਹਾ ਹੈ (ਤਾਂ ਕਿ ਪਾਣੀ ਤਲਾ ਵਿਚੋਂ ਬਾਹਰ ਨਾ ਨਿਕਲ ਜਾਏ), ਅਤੇ ਕੱਟੇ ਹੋਏ ਖੇਤ ਦੇ ਦੁਆਲੇ ਵਾੜ ਦੇ ਰਿਹਾ ਹੈ।

ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥

ਮੂਰਖ ਮਨੁੱਖ ਜਿਸ ਸਰੀਰ ਨੂੰ ਆਪਣਾ ਬਣਾਈ ਰੱਖਣ ਦੇ ਜਤਨ ਕਰਦਾ ਫਿਰਦਾ ਹੈ, ਪਰ (ਜਦੋਂ ਜਮ ਰੂਪ) ਚੋਰ (ਭਾਵ, ਚੁਪ ਕੀਤੇ ਹੀ ਜਮ) ਆਉਂਦਾ ਹੈ ਤੇ (ਜਿੰਦ ਨੂੰ) ਲੈ ਤੁਰਦਾ ਹੈ ॥੨॥

ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥

ਪੈਰ, ਸਿਰ, ਹੱਥ ਕੰਬਣ ਲੱਗ ਜਾਂਦੇ ਹਨ, ਅੱਖਾਂ ਵਿਚੋਂ ਆਪ-ਮੁਹਾਰੇ ਪਾਣੀ ਵਗੀ ਜਾਂਦਾ ਹੈ।

ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥

ਜੀਭ ਵਿਚੋਂ ਕੋਈ ਸਾਫ਼ ਲਫ਼ਜ਼ ਨਹੀਂ ਨਿਕਲਦਾ। ਹੇ ਮੂਰਖ! (ਕੀ) ਉਸ ਵੇਲੇ ਤੂੰ ਧਰਮ ਕਮਾਣ ਦੀ ਆਸ ਕਰਦਾ ਹੈਂ? ॥੩॥

ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥

ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਕਰਦਾ ਹੈ, ਉਸ ਦੀ ਸੁਰਤਿ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹ ਮਨੁੱਖ ਪਰਮਾਤਮਾ ਦਾ ਨਾਮ-ਰੂਪ ਲਾਭ ਖੱਟਦਾ ਹੈ।

ਗੁਰਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥

ਜਗਤ ਤੋਂ ਤੁਰਨ ਵੇਲੇ ਭੀ ਇਹੀ ਨਾਮ-ਧਨ (ਮਨੁੱਖ ਦੇ) ਨਾਲ ਜਾਂਦਾ ਹੈ (ਪਰ) ਇਹ ਧਨ ਮਿਲਦਾ ਹੈ ਸਤਿਗੁਰੂ ਦੀ ਕਿਰਪਾ ਨਾਲ ॥੪॥

ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥

ਕਬੀਰ ਕਹਿੰਦਾ ਹੈ-ਹੇ ਸੰਤ ਜਨੋ! ਸੁਣੋ, (ਕੋਈ ਜੀਵ ਭੀ ਮਰਨ ਵੇਲੇ) ਕੋਈ ਹੋਰ ਧਨ-ਪਦਾਰਥ ਆਪਣੇ ਨਾਲ ਨਹੀਂ ਲੈ ਜਾਂਦਾ,

ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥

ਕਿਉਂਕਿ ਜਦੋਂ ਪਰਮਾਤਮਾ ਵਲੋਂ ਸੱਦਾ ਆਉਂਦਾ ਹੈ ਤਾਂ ਮਨੁੱਖ ਦੌਲਤ ਤੇ ਘਰ (ਸਭ ਕੁਝ ਇਥੇ ਹੀ) ਛੱਡ ਕੇ ਤੁਰ ਪੈਂਦਾ ਹੈ ॥੫॥੨॥੧੫॥

ਆਸਾ ॥

ਕਾਹੂ ਦੀਨੑੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥

(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ);

ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥

ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ ॥੧॥

ਅਹਿਰਖ ਵਾਦੁ ਨ ਕੀਜੈ ਰੇ ਮਨ ॥

(ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ?

ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥

ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ ॥੧॥ ਰਹਾਉ ॥

ਕੁਮੑਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥

ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)।

ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥

ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ ॥੨॥

ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥

ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ੂਮ) ਆਖਦਾ ਹੈ-ਇਹ ਧਨ ਮੇਰਾ ਹੈ।


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430