ਪਰਮਾਤਮਾ ਆਪ ਹੀ ਇਹ ਸਬੱਬ ਬਣਾਂਦਾ ਹੈ, (ਗੁਰੂ ਦੀ ਸਰਨ ਪਏ ਮਨੁੱਖ ਦੀ) ਆਤਮਾ ਪਰਮਾਤਮਾ ਦੀ ਜੋਤਿ ਵਿਚ ਲੀਨ ਹੋ ਜਾਂਦੀ ਹੈ ॥੪॥੩॥੫॥
(ਜੇ) ਹਰੇਕ ਮਨੁੱਖ (ਨਿਰੀ ਜੀਭ ਨਾਲ ਹੀ) ਪਰਮਾਤਮਾ ਦਾ ਨਾਮ ਆਖਦਾ ਰਹੇ, (ਤਾਂ ਨਿਰਾ ਜੀਭ ਨਾਲ) ਪਰਮਾਤਮਾ ਦਾ ਨਾਮ ਆਖਿਆਂ (ਸਫਲਤਾ) ਨਹੀਂ ਹੁੰਦੀ।
ਜਦੋਂ ਕਿਸੇ ਮਨੁੱਖ ਦੇ ਮਨ ਵਿਚ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਆ ਵੱਸੇ, ਤਦੋਂ ਉਸ ਨੂੰ ਉਸ ਸਿਮਰਨ ਦਾ ਫਲ ਮਿਲਦਾ ਹੈ ॥੧॥
ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਲਈ ਪਿਆਰ ਬਣਦਾ ਹੈ,
ਪਰਮਾਤਮਾ ਉਸ ਮਨੁੱਖ ਨੂੰ ਕਦੇ ਭੁੱਲਦਾ ਨਹੀਂ। (ਜਿਨ੍ਹਾਂ ਮਨੁੱਖਾਂ ਦੇ ਅੰਦਰ ਪਿਆਰ ਬਣਦਾ ਹੈ) ਉਹ ਸਦਾ ਆਪਣੇ ਮਨ ਵਿਚ ਚਿੱਤ ਵਿਚ ਪਰਮਾਤਮਾ ਨੂੰ ਯਾਦ ਕਰਦੇ ਰਹਿੰਦੇ ਹਨ ॥੧॥ ਰਹਾਉ ॥
ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਠੱਗੀ ਵੱਸਦੀ ਹੈ, ਪਰ ਬਾਹਰਲੇ ਭੇਖ ਨਾਲ (ਆਪਣੇ ਆਪ ਨੂੰ ਉਹ) ਸੰਤ ਅਖਵਾਂਦੇ ਹਨ,
ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ; ਆਖ਼ਰ ਜਦੋਂ ਉਹ ਜਗਤ ਤੋਂ ਤੁਰ ਪੈਂਦੇ ਹਨ ਤਦੋਂ ਹੱਥ ਮਲਦੇ ਹਨ ॥੨॥
ਜੇ ਕੋਈ ਮਨੁੱਖ ਅਨੇਕਾਂ ਤੀਰਥਾਂ ਦੇ ਇਸ਼ਨਾਨ ਦਾ ਜਤਨ ਕਰਦਾ ਰਹੇ, ਤਾਂ ਭੀ ਉਸ ਦੇ ਅੰਦਰ ਦੀ ਹਊਮੇ ਦੀ ਮੈਲ ਨਹੀਂ ਲਹਿੰਦੀ,
ਤੇ, ਜਿਸ ਮਨੁੱਖ ਦੇ ਮਨ ਦਾ ਖਿੰਡਾਉ ਦੂਰ ਨਹੀਂ ਹੁੰਦਾ (ਉਹ ਮਾਇਆ ਦੇ ਮੋਹ ਵਿਚ ਭਟਕਦਾ ਰਹਿੰਦਾ ਹੈ) ਉਸ ਨੂੰ ਧਰਮ ਰਾਜ ਸਜ਼ਾ ਦੇਂਦਾ ਹੈ ॥੩॥
(ਜਿਸ ਮਨੁੱਖ ਉਤੇ ਪਰਮਾਤਮਾ ਦੀ) ਬਖ਼ਸ਼ਸ਼ ਹੋਵੇ ਉਹੀ ਮਨੁੱਖ ਪਰਮਾਤਮਾ ਨੂੰ ਮਿਲਦਾ ਹੈ। (ਪਰ ਉਂਞ) ਕੋਈ ਵਿਰਲਾ ਮਨੁੱਖ ਹੀ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝਦਾ ਹੈ।
ਹੇ ਨਾਨਕ! (ਆਖ-) ਜਦੋਂ ਜੇਹੜਾ ਮਨੁੱਖ ਆਪਣੇ ਮਨ ਵਿਚੋਂ ਹਉਮੈ ਨੂੰ ਮਾਰ ਮੁਕਾਂਦਾ ਹੈ ਤਦੋਂ ਉਹੀ ਮਨੁੱਖ ਪਰਮਾਤਮਾ ਨੂੰ ਮਿਲਦਾ ਹੈ ॥੪॥੪॥੬॥
ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ।
ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ ॥੧॥
ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ।
(ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ ॥੧॥ ਰਹਾਉ ॥
ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ), ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ।
ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ। (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ ॥੨॥
(ਪਰ, ਹੇ ਭਾਈ!) ਪਾਰਸ ਬਣਨ ਤੋਂ ਬਿਨਾ (ਦੁਨੀਆ ਪਾਸੋਂ) ਆਦਰ-ਮਾਣ ਨਹੀਂ ਮਿਲਦਾ, (ਕਿਉਂਕਿ) ਆਪਣਾ ਮਨ ਸਿਮਰਨ ਵਿਚ ਪਤੀਜਣ ਤੋਂ ਬਿਨਾ ਹੀ ਉਹ ਮਨੁੱਖ ਹੋਰਨਾਂ ਨੂੰ (ਸਿਮਰਨ ਦੀ) ਸਿੱਖਿਆ ਦੇਂਦਾ ਹੈ।
ਜੇਹੜਾ ਮਨੁੱਖ ਆਪ ਤਾਂ ਗਿਆਨ ਤੋਂ ਸੱਖਣਾ ਹੈ, ਆਪ ਤਾਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਪਰ ਆਪਣੇ ਆਪ ਨੂੰ ਗੁਰੂ ਅਖਵਾਂਦਾ ਹੈ ਉਹ ਕਿਸੇ ਹੋਰ ਨੂੰ (ਸਹੀ ਜੀਵਨ ਦੇ) ਰਸਤੇ ਉਤੇ ਨਹੀਂ ਪਾ ਸਕਦਾ ॥੩॥
ਹੇ ਨਾਨਕ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਦੀ ਮੇਹਰ ਦੀ ਨਿਗਾਹ ਤੋਂ ਬਿਨਾ ਕੁਝ ਭੀ ਪ੍ਰਾਪਤ ਨਹੀਂ ਹੁੰਦਾ (ਆਤਮਕ ਜੀਵਨ ਦੀ ਦਾਤਿ ਨਹੀਂ ਮਿਲਦੀ)। ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਇਹ ਦਾਤਿ ਹਾਸਲ ਕਰ ਲੈਂਦਾ ਹੈ।
ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਪਰਮਾਤਮਾ (ਜਿਸ ਮਨੁੱਖ ਨੂੰ) ਵਡਿਆਈ ਬਖ਼ਸ਼ਦਾ ਹੈ ਉਸ ਦੇ ਹਿਰਦੇ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦਾ ਹੈ ॥੪॥੫॥੭॥
ਨਾਹ ਹੀ ਕਾਂਸ਼ੀ (ਆਦਿਕ ਤੀਰਥਾਂ ਤੇ ਗਿਆਂ) ਸੁਚੱਜੀ ਅਕਲ ਪੈਦਾ ਹੁੰਦੀ ਹੈ, ਨਾਹ ਹੀ ਕਾਂਸ਼ੀ (ਆਦਿਕ ਤੀਰਥਾਂ ਤੇ ਨਾਹ ਗਿਆਂ) ਚੰਗੀ ਅਕਲ ਦੂਰ ਹੋ ਜਾਂਦੀ ਹੈ;
ਗੁਰੂ ਨੂੰ ਮਿਲਿਆਂ (ਮਨੁੱਖ ਦੇ ਅੰਦਰ) ਚੰਗੀ ਅਕਲ ਪੈਦਾ ਹੁੰਦੀ ਹੈ, ਤਦੋਂ ਮਨੁੱਖ ਨੂੰ ਇਹ ਸਮਝ ਆਉਂਦੀ ਹੈ ॥੧॥
ਹੇ ਮੇਰੇ ਮਨ! ਤੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਿਆ ਕਰ। ਗੁਰੂ ਦੇ ਸ਼ਬਦ ਨੂੰ ਆਪਣੇ ਮਨ ਵਿਚ ਵਸਾਈ ਰੱਖ।
ਜਦੋਂ (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ, ਗੁਰ-ਸ਼ਬਦ ਦੀ ਬਰਕਤਿ ਨਾਲ) ਤੇਰੀ ਇਹ ਅਕਲ ਮਾਇਆ ਦੇ ਮੋਹ ਵਿਚ ਡੋਲਣੋਂ ਬਚੀ ਰਹੇਗੀ, ਤਦੋਂ ਤੇਰੇ ਅੰਦਰੋਂ ਭਟਕਣਾ ਦੂਰ ਹੋ ਜਾਇਗੀ ॥੧॥ ਰਹਾਉ ॥
ਤੂੰ ਪਰਮਾਤਮਾ ਦੇ ਚਰਨ ਆਪਣੇ ਹਿਰਦੇ ਵਿਚ ਸੰਭਾਲ, ਤੇਰੇ ਸਾਰੇ ਪਾਪ ਨਾਸ ਹੋ ਜਾਣਗੇ।
ਜੇ ਤੂੰ (ਪ੍ਰਭੂ-ਚਰਨਾਂ ਦੀ ਬਰਕਤਿ ਨਾਲ) ਕਾਮਾਦਿਕ ਪੰਜਾਂ ਦੇ ਵੱਸ ਵਿਚ ਆਏ ਹੋਏ ਮਨ ਨੂੰ ਆਪਣੇ ਵੱਸ ਵਿਚ ਕਰ ਲਏਂ, ਤਾਂ ਤੂੰ ਤੀਰਥਾਂ ਉਤੇ ਹੀ ਨਿਵਾਸ ਕਰ ਰਿਹਾ ਹੈਂ ॥੨॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਇਹ ਮਨ (ਸਦਾ) ਮੂਰਖ (ਹੀ ਟਿਕਿਆ ਰਹਿੰਦਾ) ਹੈ, ਉਸ ਨੂੰ (ਉੱਚੇ ਆਤਮਕ ਜੀਵਨ ਦੀ) ਰਤਾ ਭੀ ਸਮਝ ਨਹੀਂ ਪੈਂਦੀ।
ਉਹ ਪਰਮਾਤਮਾ ਦੇ ਨਾਮ (ਦੀ ਕਦਰ) ਨੂੰ ਨਹੀਂ ਸਮਝਦਾ, ਆਖ਼ਰ ਉਹ ਹੱਥ ਮਲਦਾ ਹੀ (ਜਗਤ ਤੋਂ) ਤੁਰ ਜਾਂਦਾ ਹੈ ॥੩॥
ਜਿਸ ਮਨੁੱਖ ਨੂੰ ਸਤਿਗੁਰੂ ਨੇ (ਆਤਮਕ ਜੀਵਨ ਦੀ) ਸੂਝ ਬਖ਼ਸ਼ ਦਿੱਤੀ (ਉਸ ਦੇ ਵਾਸਤੇ) ਇਹ ਮਨ ਹੀ ਕਾਂਸ਼ੀ ਹੈ, ਇਹ ਮਨ ਹੀ ਸਾਰੇ ਤੀਰਥ ਹੈ ਇਹ ਮਨ ਹੀ ਸਾਰੀਆਂ ਸਿਮ੍ਰਿਤੀਆਂ ਹੈ,
ਉਸ ਮਨੁੱਖ ਦੇ ਨਾਲ ਅਠਾਹਠ ਹੀ ਤੀਰਥ ਵੱਸਦੇ ਹਨ। ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਸਦਾ ਪਰਮਾਤਮਾ ਵੱਸਿਆ ਰਹਿੰਦਾ ਹੈ (ਉਹਨਾਂ ਵਾਸਤੇ ਇਹ ਮਨ ਹੀ ਕਾਂਸ਼ੀ ਹੈ) ॥੪॥
ਹੇ ਨਾਨਕ! ਜੇ ਮਨੁੱਖ ਗੁਰੂ ਨੂੰ ਮਿਲ ਪਏ ਤਾਂ ਉਹ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ, ਤਾਂ ਇਕ ਪਰਮਾਤਮਾ ਉਸ ਦੇ ਮਨ ਵਿਚ ਆ ਵੱਸਦਾ ਹੈ।
(ਉਹ ਮਨੁੱਖ ਸਦਾ ਇਉਂ ਯਕੀਨ ਰੱਖਦਾ ਹੈ ਤੇ ਆਖਦਾ ਹੈ-ਹੇ ਪ੍ਰਭੂ!) ਜੋ ਕੁਝ ਤੈਨੂੰ ਚੰਗਾ ਲੱਗਦਾ ਹੈ ਉਹ ਸਦਾ ਅਟੱਲ ਨਿਯਮ ਹੈ। (ਜੇ ਮਨੁੱਖ ਨੂੰ ਗੁਰੂ ਮਿਲ ਪਏ ਤਾਂ ਉਹ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦਾ ਹੈ ॥੫॥੬॥੮॥