ਹੇ ਨਾਨਕ! ਹਰੇਕ ਜੀਵ ਆਪਣੇ ਆਪ ਨੂੰ ਦੂਜੇ ਨਾਲੋਂ ਸਿਆਣਾ ਸਮਝ ਕੇ (ਅਕਾਲ ਪੁਰਖ ਦੀ ਵਡਿਆਈ) ਦੱਸਣ ਦਾ ਜਤਨ ਕਰਦਾ ਹੈ, (ਪਰ ਦੱਸ ਨਹੀਂ ਸਕਦਾ)।
ਅਕਾਲ ਪੁਰਖ (ਸਭ ਤੋਂ) ਵੱਡਾ ਹੈ, ਉਸ ਦੀ ਵਡਿਆਈ ਉੱਚੀ ਹੈ। ਜੋ ਕੁਝ ਜਗਤ ਵਿਚ ਹੋ ਰਿਹਾ ਹੈ, ਉਸੇ ਦਾ ਕੀਤਾ ਹੋ ਰਿਹਾ ਹੈ।
ਹੇ ਨਾਨਕ! ਜੇ ਕੋਈ ਮਨੁੱਖ ਆਪਣੀ ਅਕਲ ਦੇ ਆਸਰੇ (ਪ੍ਰਭੂ ਦੀ ਵਡਿਆਈ ਦਾ ਅੰਤ ਪਾਣ ਦਾ) ਜਤਨ ਕਰੇ, ਉਹ ਅਕਾਲ ਪੁਰਖ ਦੇ ਦਰ 'ਤੇ ਜਾ ਕੇ ਆਦਰ ਨਹੀਂ ਪਾਂਦਾ ॥੨੧॥
(ਸਾਰੇ ਵੇਦ ਇੱਕ-ਜ਼ਬਾਨ ਹੋ ਕੇ ਆਖਦੇ ਹਨ) "ਪਾਤਾਲਾਂ ਦੇ ਹੇਠ ਹੋਰ ਲੱਖਾਂ ਪਾਤਾਲ ਹਨ ਅਤੇ ਆਕਾਸ਼ਾਂ ਦੇ ਉੱਤੇ ਹੋਰ ਲੱਖਾਂ ਆਕਾਸ਼ ਹਨ,
(ਬੇਅੰਤ ਰਿਸ਼ੀ ਮੁਨੀ ਇਹਨਾਂ ਦੇ) ਅਖ਼ੀਰਲੇ ਬੰਨਿਆਂ ਦੀ ਭਾਲ ਕਰਕੇ ਥੱਕ ਗਏ ਹਨ, (ਪਰ ਲੱਭ ਨਹੀਂ ਸਕੇ)।"
(ਮੁਸਲਮਾਨ ਤੇ ਈਸਾਈ ਆਦਿਕ ਦੀਆਂ ਚਾਰੇ) ਕਤੇਬਾਂ ਆਖਦੀਆਂ ਹਨ, "ਕੁੱਲ ਅਠਾਰਹ ਹਜ਼ਾਰ ਆਲਮ ਹਨ, ਜਿਨ੍ਹਾਂ ਦਾ ਮੁੱਢ ਇਕ ਅਕਾਲ ਪੁਰਖ ਹੈ।" (ਪਰ ਸੱਚੀ ਗੱਲ ਤਾਂ ਇਹ ਹੈ ਕਿ ਸ਼ਬਦ) 'ਹਜ਼ਾਰਾਂ' ਤੇ 'ਲੱਖਾਂ' ਭੀ ਕੁਦਰਤ ਦੀ ਗਿਣਤੀ ਵਿਚ ਵਰਤੇ ਨਹੀਂ ਜਾ ਸਕਦੇ।
ਅਕਾਲ ਪੁਰਖ ਦੀ ਕੁਦਰਤ ਦਾ) ਲੇਖਾ ਤਦੋਂ ਹੀ ਲਿੱਖ ਸਕੀਦਾ ਹੈ, ਜੇ ਲੇਖਾ ਹੋ ਹੀ ਸਕੇ। (ਇਹ ਲੇਖਾ ਤਾਂ ਹੋ ਹੀ ਨਹੀਂ ਸਕਦਾ, ਲੇਖਾ ਕਰਦਿਆਂ ਕਰਦਿਆਂ) ਲੇਖੇ ਦਾ ਹੀ ਖ਼ਾਤਮਾ ਹੋ ਜਾਂਦਾ ਹੈ (ਗਿਣਤੀ ਦੇ ਹਿੰਦਸੇ ਹੀ ਮੁੱਕ ਜਾਂਦੇ ਹਨ)।
ਹੇ ਨਾਨਕ! ਜਿਸ ਅਕਾਲ ਪੁਰਖ ਨੂੰ (ਸਾਰੇ ਜਗਤ ਵਿਚ) ਵੱਡਾ ਆਖਿਆ ਜਾ ਰਿਹਾ ਹੈ, ਉਹ ਆਪ ਹੀ ਆਪਣੇ ਆਪ ਨੂੰ ਜਾਣਦਾ ਹੈ। (ਉਹ ਆਪਣੀ ਵਡਿਆਈ ਆਪ ਹੀ ਜਾਣਦਾ ਹੈ ॥੨੨॥
ਸਲਾਹੁਣ-ਜੋਗ ਅਕਾਲ ਪੁਰਖ ਦੀਆਂ ਵਡਿਆਈਆਂ ਆਖ ਆਖ ਕੇ ਕਿਸੇ ਮਨੁੱਖ ਨੇ ਇਤਨੀ ਸਮਝ ਨਹੀਂ ਪਾਈ ਕਿ ਅਕਾਲ ਪੁਰਖ ਕੇਡਾ ਵੱਡਾ ਹੈ। (ਸਿਫ਼ਤ-ਸਾਲਾਹ ਕਰਨ ਵਾਲੇ ਮਨੁੱਖ ਉਸ ਅਕਾਲ ਪੁਰਖ ਦੇ ਵਿਚੇ ਹੀ ਲੀਨ ਹੋ ਜਾਂਦੇ ਹਨ)।
ਨਦੀਆਂ ਤੇ ਨਾਲੇ ਸਮੁੰਦਰ ਵਿਚ ਪੈਂਦੇ ਹਨ, (ਪਰ ਫਿਰ ਵੱਖਰੇ) ਉਹ ਪਛਾਣੇ ਨਹੀਂ ਜਾ ਸਕਦੇ (ਵਿਚੇ ਹੀ ਲੀਨ ਹੋ ਜਾਂਦੇ ਹਨ, ਤੇ ਸਮੁੰਦਰ ਦੀ ਥਾਹ ਨਹੀਂ ਪਾ ਸਕਦੇ)।
ਸਮੁੰਦਰਾਂ ਦੇ ਪਾਤਸ਼ਾਹ ਤੇ ਸੁਲਤਾਨ (ਜਿਨ੍ਹਾਂ ਦੇ ਖ਼ਜ਼ਾਨਿਆਂ ਵਿੱਚ) ਪਹਾੜ ਜੇਡੇ ਧਨ ਪਦਾਰਥਾਂ (ਦੇ ਢੇਰ ਹੋਣ)
(ਪ੍ਰਭੂ ਦੀ ਸਿਫ਼ਤ-ਸਾਲਾਹ ਕਰਨ ਵਾਲੇ ਦੀਆਂ ਨਜ਼ਰਾਂ ਵਿਚ) ਇਕ ਕੀੜੀ ਦੇ ਭੀ ਬਰਾਬਰ ਨਹੀਂ ਹੁੰਦੇ, ਜੇ (ਹੇ ਅਕਾਲ ਪੁਰਖ!) ਉਸ ਕੀੜੀ ਦੇ ਮਨ ਵਿਚੋਂ ਤੂੰ ਨਾਹ ਵਿਸਰ ਜਾਏਂ ॥੨੩॥
(ਅਕਾਲ ਪੁਰਖ ਦੇ) ਗੁਣਾਂ ਦਾ ਕੋਈ ਹੱਦ-ਬੰਨਾ ਨਹੀਂ ਹੈ, ਗਿਣਨ ਨਾਲ ਭੀ (ਗੁਣਾਂ ਦਾ) ਅੰਤ ਨਹੀਂ ਪੈ ਸਕਦਾ। (ਗਿਣੇ ਨਹੀਂ ਜਾ ਸਕਦੇ)।
ਅਕਾਲ ਪੁਰਖ ਦੀ ਰਚਨਾ ਤੇ ਦਾਤਾਂ ਦਾ ਅੰਤ ਨਹੀਂ ਪੈ ਸਕਦਾ।
ਵੇਖਣ ਤੇ ਸੁਣਨ ਨਾਲ ਭੀ ਉਸ ਦੇ ਗੁਣਾਂ ਦਾ ਪਾਰ ਨਹੀਂ ਪਾ ਸਕੀਦਾ।
ਉਸ ਅਕਾਲ ਪੁਰਖ ਦੇ ਮਨ ਵਿਚ ਕਿਹੜੀ ਸਲਾਹ ਹੈ, ਇਸ ਗੱਲ ਦਾ ਭੀ ਅੰਤ ਨਹੀਂ ਪਾਇਆ ਜਾ ਸਕਦਾ।
ਅਕਾਲ ਪੁਰਖ ਨੇ ਇਹ ਜਗਤ (ਜੋ ਦਿੱਸ ਰਿਹਾ ਹੈ) ਬਣਾਇਆ ਹੈ, ਪਰ ਇਸ ਦਾ ਹੀ ਅੰਤ ਨਹੀਂ ਪਾਇਆ ਜਾਂਦਾ। ਅਖ਼ੀਰ
ਇਸ ਦਾ ਉਰਲਾ ਤੇ ਪਾਰਲਾ ਬੰਨਾ ਕੋਈ ਨਹੀਂ ਦਿੱਸਦਾ।
ਕਈ ਮਨੁੱਖ ਅਕਾਲ ਪੁਰਖ ਦਾ ਹੱਦ-ਬੰਨਾ ਲੱਭਣ ਲਈ ਤਰਲੈ ਲੈ ਰਹੇ ਸਨ,
ਪਰ ਉਸ ਦੇ ਹੱਦ-ਬੰਨੇ ਲੱਭੇ ਨਹੀਂ ਜਾ ਸਕਦੇ।
(ਅਕਾਲ ਪੁਰਖ ਦੇ ਗੁਣਾਂ ਦਾ) ਇਹ ਹੱਦ-ਬੰਨਾ (ਜਿਸ ਦੀ ਬੇਅੰਤ ਜੀਵ ਭਾਲ ਕਰ ਰਹੇ ਹਨ) ਕੋਈ ਮਨੁੱਖ ਨਹੀਂ ਪਾ ਸਕਦਾ।
ਜਿਉਂ ਜਿਉਂ ਇਹ ਗੱਲ ਆਖੀ ਜਾਵੀਏ ਕਿ ਉਹ ਵੱਡਾ ਹੈ, ਤਿਉਂ ਤਿਉਂ ਉਹ ਹੋਰ ਵੱਡਾ, ਹੋਰ ਵੱਡਾ ਪਰਤੀਤ ਹੋਣ ਲੱਗ ਪੈਂਦਾ ਹੈ।
ਅਕਾਲ ਪੁਰੱਖ ਵੱਡਾ ਹੈ, ਉਸ ਦਾ ਟਿਕਾਣਾ ਉੱਚਾ ਹੈ।
ਉਸ ਦਾ ਨਾਮਣਾ ਭੀ ਉੱਚਾ ਹੈ।
ਜੇ ਕੋਈ ਹੋਰ ਉਸ ਜੇਡਾ ਵੱਡਾ ਹੋਵੇ,
ਉਹ ਹੀ ਉਸ ਉੱਚੇ ਅਕਾਲ ਪੁਰਖ ਨੂੰ ਸਮਝ ਸਕਦਾ ਹੈ (ਕਿ ਉਹ ਕੇਡਾ ਵੱਡਾ ਹੈ)।
ਅਕਾਲ ਪੁਰਖ ਆਪ ਹੀ ਜਾਣਦਾ ਹੈ ਕਿ ਉਹ ਆਪ ਕੇਡਾ ਵੱਡਾ ਹੈ।
ਹੇ ਨਾਨਕ! (ਹਰੇਕ) ਦਾਤ ਮਿਹਰ ਦੀ ਨਜ਼ਰ ਕਰਨ ਵਾਲੇ ਅਕਾਲ ਪੁਰਖ ਦੀ ਬਖ਼ਸ਼ਸ਼ ਨਾਲ ਮਿਲਦੀ ਹੈ ॥੨੪॥
ਅਕਾਲ ਪੁਰਖ ਦੀ ਬਖ਼ਸ਼ਸ਼ ਏਡੀ ਵੱਡੀ ਹੈ ਕਿ ਲਿਖਣ ਵਿਚ ਲਿਆਂਦੀ ਨਹੀਂ ਜਾ ਸਕਦੀ।
ਉਹ ਬੜੀਆਂ ਦਾਤਾਂ ਦੇਣ ਵਾਲਾ ਹੈ, ਉਸ ਨੂੰ ਰਤਾ ਭੀ ਲਾਲਚ ਨਹੀਂ।
ਬੇਅੰਤ ਸੂਰਮੇ (ਅਕਾਲ ਪੁਰਖ ਦੇ ਦਰ 'ਤੇ) ਮੰਗ ਰਹੇ ਹਨ,
ਅਤੇ (ਮੰਗਣ ਵਾਲੇ) ਕਈ ਹੋਰ ਅਜਿਹੇ ਹਨ, ਜਿਨ੍ਹਾਂ ਦੀ ਗਿਣਤੀ 'ਤੇ ਵਿਚਾਰ ਨਹੀਂ ਹੋ ਸਕਦੀ।
ਕਈ ਜੀਵ (ਉਸ ਦੀਆਂ ਦਾਤਾਂ ਵਰਤ ਕੇ) ਵਿਕਾਰਾਂ ਵਿਚ (ਹੀ) ਖਪ ਖਪ ਕੇ ਨਾਸ ਹੁੰਦੇ ਹਨ।
ਬੇਅੰਤ ਜੀਵ (ਅਕਾਲ ਪੁਰਖ ਦੇ ਦਰ ਤੋਂ ਪਦਾਰਥ) ਪਰਾਪਤ ਕਰ ਕੇ ਮੁਕਰ ਪੈਂਦੇ ਹਨ (ਭਾਵ, ਕਦੇ ਸ਼ੁਕਰ ਵਿਚ ਆ ਕੇ ਇਹ ਨਹੀ ਆਖਦੇ ਕਿ ਸਭ ਪਦਾਰਥ ਪ੍ਰਭੂ ਆਪ ਦੇ ਰਿਹਾ ਹੈ)।
ਅਨੇਕਾਂ ਮੂਰਖ (ਪਦਾਰਥ ਲੈ ਕੇ) ਖਾਹੀ ਹੀ ਜਾਂਦੇ ਹਨ (ਪਰ ਦਾਤਾਰ ਨੂੰ ਚੇਤੇ ਨਹੀਂ ਰੱਖਦੇ)।
ਅਨੇਕਾਂ ਜੀਵਾਂ ਨੂੰ ਸਦਾ ਮਾਰ, ਕਲੇਸ਼ ਅਤੇ ਭੁਖ (ਹੀ ਭਾਗਾਂ ਵਿਚ ਲਿਖੇ ਹਨ)।
(ਪਰ) ਹੇ ਦੇਣਹਾਰ ਅਕਾਲ ਪੁਰਖ! ਇਹ ਭੀ ਤੇਰੀ ਬਖ਼ਸ਼ਸ਼ ਹੀ ਹੈ (ਕਿਉਂਕਿ ਇਹਨਾਂ ਦੁੱਖਾਂ ਕਲੇਸ਼ਾਂ ਦੇ ਕਾਰਨ ਹੀ ਮਨੁੱਖ ਨੂੰ ਰਜ਼ਾ ਵਿਚ ਤੁਰਨ ਦੀ ਸਮਝ ਪੈਂਦੀ ਹੈ)।
ਤੇ (ਮਾਇਆ ਦੇ ਮੋਹ ਰੂਪ) ਬੰਧਨ ਤੋਂ ਛੁਟਕਾਰਾ ਅਕਾਲ ਪੁਰਖ ਦੀ ਰਜ਼ਾ ਵਿਚ ਤੁਰਿਆਂ ਹੀ ਹੁੰਦਾ ਹੈ।
ਰਜ਼ਾ ਤੋਂ ਬਿਨਾ ਕੋਈ ਹੋਰ ਤਰੀਕਾ ਕੋਈ ਮਨੁੱਖ ਨਹੀਂ ਦੱਸ ਸਕਦਾ (ਭਾਵ, ਕੋਈ ਮਨੁੱਖ ਨਹੀਂ ਦੱਸ ਸਕਦਾ ਕਿ ਰਜ਼ਾ ਵਿਚ ਤੁਰਨ ਤੋਂ ਬਿਨਾ ਮੋਹ ਤੋਂ ਛੁਟਕਾਰੇ ਦਾ ਕੋਈ ਹੋਰ ਵਸੀਲਾ ਭੀ ਹੋ ਸਕਦਾ ਹੈ)।
(ਪਰ) ਜੇ ਕੋਈ ਮੂਰਖ (ਮਾਇਆ ਦੇ ਮੋਹ ਤੋਂ ਛੁਟਕਾਰੇ ਦਾ ਕੋਈ ਹੋਰ ਵਸੀਲਾ) ਦੱਸਣ ਦਾ ਜਤਨ ਕਰੇ,
ਤਾਂ ਉਹੀ ਜਾਣਦਾ ਹੈ ਜਿਤਨੀਆਂ ਚੋਟਾਂ ਉਹ (ਇਸ ਮੂਰਖਤਾ ਦੇ ਕਾਰਨ) ਆਪਣੇ ਮੂੰਹ ਉੱਤੇ ਖਾਂਦਾ ਹੈ (ਭਾਵ, 'ਕੂੜ' ਤੋਂ ਬਚਣ ਲਈ ਇਕੋ ਹੀ ਤਰੀਕਾ ਹੈ ਕਿ ਮਨੁੱਖ ਰਜ਼ਾ ਵਿਚ ਤੁਰੇ। ਪਰ ਜੇ ਕੋਈ ਮੂਰਖ ਕੋਈ ਹੋਰ ਤਰੀਕਾ ਭਾਲਦਾ ਹੈ ਤਾਂ ਇਸ 'ਕੂੜ' ਤੋਂ ਬਚਣ ਦੇ ਥਾਂ ਸਗੋਂ ਵਧੀਕ ਦੁਖੀ ਹੁੰਦਾ ਹੈ)।
'ਅਕਾਲ ਪੁਰਖ ਆਪ ਹੀ (ਜੀਵਾਂ ਦੀਆਂ ਲੋੜਾਂ) ਜਾਣਦਾ ਹੈ ਤੇ ਆਪ ਹੀ (ਦਾਤਾਂ) ਦੇਂਦਾ ਹੈ',
ਅਨੇਕਾਂ ਮਨੁੱਖ ਇਹ ਗੱਲ ਭੀ ਆਖਦੇ ਹਨ। (ਸਾਰੇ ਨ-ਸ਼ੁਕਰੇ ਹੀ ਨਹੀਂ ਹਨ)
ਹੇ ਨਾਨਕ! ਜਿਸ ਮਨੁੱਖ ਨੂੰ ਅਕਾਲ ਪੁਰਖ ਆਪਣੀ ਸਿਫ਼ਤ-ਸਾਲਾਹ ਬਖਸ਼ਦਾ ਹੈ,
ਉਹ ਪਾਤਸ਼ਾਹਾਂ ਦਾ ਪਾਤਸ਼ਾਹ (ਬਣ ਜਾਂਦਾ) ਹੈ (ਸਿਫ਼ਤ-ਸਾਲਾਹ ਹੀ ਸਭ ਤੋਂ ਉੱਚੀ ਦਾਤ ਹੈ) ॥੨੫॥
(ਅਕਾਲ ਪੁਰਖ ਦੇ) ਗੁਣ ਅਮੋਲਕ ਹਨ (ਭਾਵ, ਗੁਣਾਂ ਦਾ ਮੁੱਲ ਨਹੀਂ ਪੈ ਸਕਦਾ।) (ਇਹਨਾਂ ਗੁਣਾਂ ਦੇ) ਵਪਾਰ ਕਰਨੇ ਭੀ ਅਮੋਲਕ ਹਨ।
ਉਹਨਾਂ ਮਨੁੱਖਾਂ ਦਾ (ਭੀ) ਮੁੱਲ ਨਹੀਂ ਪੈ ਸਕਦਾ, ਜੋ (ਅਕਾਲ ਪੁਰਖ ਦੇ ਗੁਣਾਂ ਦੇ) ਵਪਾਰ ਕਰਦੇ ਹਨ, (ਗੁਣਾਂ ਦੇ) ਖ਼ਜ਼ਾਨੇ (ਭੀ) ਅਮੋਲਕ ਹਨ।
ਉਹਨਾਂ ਮਨੁੱਖਾਂ ਦਾ ਮੁੱਲ ਨਹੀਂ ਪੈ ਸਕਦਾ, ਜੋ (ਇਸ ਵਪਾਰ ਲਈ ਜਗਤ ਵਿਚ) ਆਉਂਦੇ ਹਨ। ਉਹ ਭੀ ਵੱਡੇ ਭਾਗਾਂ ਵਾਲੇ ਹਨ, ਜੋ (ਇਹ ਸੌਦਾ ਖ਼ਰੀਦ ਕੇ) ਲੈ ਜਾਂਦੇ ਹਨ।
ਜੋ ਮਨੁੱਖ ਅਕਾਲ ਪੁਰਖ ਦੇ ਪ੍ਰੇਮ ਵਿਚ ਹਨ ਅਤੇ ਜੋ ਮਨੁੱਖ ਉਸ ਅਕਾਲ ਪੁਰਖ ਵਿਚ ਲੀਨ ਹੋਏ ਹੋਏ ਹਨ, ਉਹ ਭੀ ਅਮੋਲਕ ਹਨ।
ਅਕਾਲ ਪੁਰਖ ਦੇ ਕਨੂੰਨ ਤੇ ਰਾਜ-ਦਰਬਾਰ ਅਮੋਲਕ ਹਨ।
ਉਹ ਤੱਕੜ ਅਮੋਲਕ ਹਨ ਤੇ ਉਹ ਵੱਟਾ ਅਮੋਲਕ ਹੈ (ਜਿਸ ਨਾਲ ਜੀਵਾਂ ਦੇ ਚੰਗੇ-ਮੰਦੇ ਕੰਮਾਂ ਨੂੰ ਤੋਲਦਾ ਹੈ)।
ਉਸ ਦੀ ਬਖ਼ਸ਼ਸ਼ ਤੇ ਬਖ਼ਸ਼ਸ਼ ਦੇ ਨਿਸ਼ਾਨ ਭੀ ਅਮੋਲਕ ਹਨ।
ਅਕਾਲ ਪੁਰਖ ਦੀ ਬਖਸ਼ਸ਼ ਤੇ ਹੁਕਮ ਭੀ ਮੁੱਲ ਤੋਂ ਪਰੇ ਹਨ (ਕਿਸੇ ਦਾ ਭੀ ਅੰਦਾਜ਼ਾ ਨਹੀਂ ਲੱਗ ਸਕਦਾ)।
ਅਕਾਲ ਪੁਰਖ ਸਭ ਅੰਦਾਜ਼ਿਆਂ ਤੋਂ ਪਰੇ ਹੈ, ਉਸ ਦਾ ਕੋਈ ਅੰਦਾਜ਼ਾ ਨਹੀਂ ਲੱਗ ਸਕਦਾ।
ਜੋ ਮਨੁੱਖ ਧਿਆਨ ਜੋੜ ਜੋੜ ਕੇ ਅਕਾਲ ਪੁਰਖ ਦਾ ਅੰਦਾਜ਼ਾ ਲਾਂਦੇ ਹਨ, ਉਹ (ਅੰਤ ਨੂੰ) ਰਹਿ ਜਾਂਦੇ ਹਨ।
ਵੇਦਾਂ ਦੇ ਮੰਤਰ ਤੇ ਪੁਰਾਣ ਅਕਾਲ ਪੁਰਖ ਦਾ ਅੰਦਾਜ਼ਾ ਲਾਂਦੇ ਹਨ।
ਵਿਦਵਾਨ ਮਨੁੱਖ ਭੀ, ਜੋ (ਹੋਰਨਾਂ ਨੂੰ) ਉਪਦੇਸ਼ ਕਰਦੇ ਹਨ, (ਅਕਾਲ ਪੁਰਖ ਦਾ) ਬਿਆਨ ਕਰਦੇ ਹਨ।
ਕਈ ਬ੍ਰਹਮਾ, ਕਈ ਇੰਦਰ ਅਕਾਲ ਪੁਰਖ ਦੀ ਵਡਿਆਈ ਆਖਦੇ ਹਨ।