ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਰਾਗ ਬਿਹਾਗੜਾ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ਕਾਮਾਦਿਕ ਵੈਰੀਆਂ ਦੀ ਸੰਗਤ,
ਸੱਪਾਂ ਨਾਲ ਵਾਸ (ਦੇ ਬਰਾਬਰ) ਹੈ,
(ਇਹਨਾਂ ਦੂਤਾਂ ਨੇ) ਅਨੇਕਾਂ (ਦੇ ਜੀਵਨ) ਨੂੰ ਤਬਾਹ ਕੀਤਾ ਹੈ ॥੧॥
ਤਾਹੀਏਂ ਮੈਂ ਸਦਾ ਪਰਮਾਤਮਾ ਦਾ ਨਾਮ ਜਪਦਾ ਹਾਂ,
ਤਦੋਂ (ਤੋਂ) ਮੈਨੂੰ ਆਤਮਕ ਅਡੋਲਤਾ ਦੇ ਸੁਖ ਆਨੰਦ ਪ੍ਰਾਪਤ ਹਨ ॥੧॥ ਰਹਾਉ ॥
ਜੀਵ ਨੂੰ ਝੂਠਾ ਮੋਹ ਚੰਬੜਿਆ ਹੋਇਆ ਹੈ,
(ਪਰਮਾਤਮਾ ਤੋਂ ਬਿਨਾ) ਹੋਰ ਹੋਰ ਪਦਾਰਥਾਂ ਨੂੰ 'ਮੇਰੇ, ਮੇਰੇ' ਰਟਦਾ ਰਹਿੰਦਾ ਹੈ,
(ਸਾਰੀ ਉਮਰ) ਮੋਹ ਦੀ ਘੁੰਮਣਘੇਰੀ ਵਿਚ ਫਸਿਆ ਰਹਿੰਦਾ ਹੈ ॥੨॥
ਸਾਰੇ ਜੀਵ (ਇਥੇ) ਰਾਹੀ ਹੀ ਹਨ,
(ਸੰਸਾਰ-) ਰੁੱਖ ਦੇ ਹੇਠ ਇਕੱਠੇ ਹੋਏ ਹੋਏ ਹਨ,
ਪਰ (ਮਾਇਆ ਦੇ) ਬਹੁਤ ਬੰਧਨਾਂ ਵਿਚ ਫਸੇ ਹੋਏ ਹਨ ॥੩॥
ਸਿਰਫ਼ ਗੁਰੂ ਦੀ ਸੰਗਤ ਹੀ ਸਦਾ-ਥਿਰ ਰਹਿਣ ਵਾਲਾ ਟਿਕਾਣਾ ਹੈ,
ਕਿਉਂਕਿ ਉਥੇ ਪਰਮਾਤਮਾ ਦੀ ਸਿਫ਼ਤ-ਸਾਲਾਹ ਹੁੰਦੀ ਰਹਿੰਦੀ ਹੈ।
ਹੇ ਨਾਨਕ! (ਮੈਂ ਸਾਧ ਸੰਗਤ ਦੀ) ਸਰਨ ਆਇਆ ਹਾਂ ॥੪॥੧॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਰਾਗ ਬੇਹਾਗੜਾ ਵਿੱਚ ਗੁਰੂ ਤੇਗਬਹਾਦਰ ਜੀ ਦੀ ਬਾਣੀ।
ਕੋਈ ਭੀ ਮਨੁੱਖ ਇਹ ਨਹੀਂ ਜਾਣ ਸਕਦਾ ਕਿ ਪਰਮਾਤਮਾ ਕਿਹੋ ਜਿਹਾ ਹੈ,
ਅਨੇਕਾਂ ਜੋਗੀ, ਅਨੇਕਾਂ ਤਪੀ, ਅਤੇ ਹੋਰ ਬਥੇਰੇ ਸਿਆਣੇ ਮਨੁੱਖ ਖਪ ਖਪ ਕੇ ਹਾਰ ਗਏ ਹਨ ॥੧॥ ਰਹਾਉ ॥
ਉਹ ਪਰਮਾਤਮਾ ਇਕ ਛਿਨ ਵਿਚ ਕੰਗਾਲ ਨੂੰ ਰਾਜਾ ਬਣਾ ਦੇਂਦਾ ਹੈ, ਤੇ, ਰਾਜੇ ਨੂੰ ਕੰਗਾਲ ਕਰ ਦੇਂਦਾ ਹੈ,
ਖ਼ਾਲੀ ਭਾਂਡਿਆਂ ਨੂੰ ਭਰ ਦੇਂਦਾ ਹੈ ਤੇ ਭਰਿਆਂ ਨੂੰ ਖ਼ਾਲੀ ਕਰ ਦੇਂਦਾ ਹੈ (ਭਾਵ, ਗ਼ਰੀਬਾਂ ਨੂੰ ਅਮੀਰ ਤੇ ਅਮੀਰਾਂ ਨੂੰ ਗ਼ਰੀਬ ਬਣਾ ਦੇਂਦਾ ਹੈ) ਇਹ ਉਸ ਦਾ ਨਿੱਤ ਦਾ ਕੰਮ ਹੈ ॥੧॥
(ਇਸ ਦਿੱਸਦੇ ਜਗਤ-ਰੂਪ ਤਮਾਸ਼ੇ ਵਿਚ) ਪਰਮਾਤਮਾ ਨੇ ਆਪਣੀ ਮਾਇਆ ਆਪ ਖਿਲਾਰੀ ਹੋਈ ਹੈ, ਉਹ ਆਪ ਹੀ ਇਸ ਦੀ ਸੰਭਾਲ ਕਰ ਰਿਹਾ ਹੈ।
ਉਹ ਅਨੇਕਾਂ ਰੰਗਾਂ ਦਾ ਮਾਲਕ ਪ੍ਰਭੂ ਕਈ ਤਰ੍ਹਾਂ ਦੇ ਰੂਪ ਧਾਰ ਲੈਂਦਾ ਹੈ, ਤੇ ਸਾਰਿਆਂ ਰੂਪਾਂ ਤੋਂ ਵੱਖਰਾ ਭੀ ਰਹਿੰਦਾ ਹੈ ॥੨॥
ਉਸ ਪਰਮਾਤਮਾ ਦੇ ਗੁਣ ਗਿਣੇ ਨਹੀਂ ਜਾ ਸਕਦੇ, ਉਹ ਬੇਅੰਤ ਹੈ, ਉਹ ਅਦ੍ਰਿਸ਼ਟ ਹੈ, ਉਹ ਨਿਰਲੇਪ ਹੈ, ਉਸ ਪਰਮਾਤਮਾ ਨੇ ਹੀ ਸਾਰੇ ਜਗਤ ਨੂੰ (ਮਾਇਆ ਦੀ) ਭਟਕਣਾ ਵਿਚ ਪਾਇਆ ਹੋਇਆ ਹੈ।
ਹੇ ਨਾਨਕ! ਜਿਸ ਮਨੁੱਖ ਨੇ ਉਸ ਦੇ ਚਰਨਾਂ ਵਿਚ ਮਨ ਜੋੜਿਆ ਹੈ, ਇਹ ਮਾਇਆ ਦੀਆਂ ਸਾਰੀਆਂ ਭਟਕਣਾਂ ਤਿਆਗ ਕੇ ਹੀ ਜੋੜਿਆ ਹੈ ॥੩॥੧॥੨॥
ਰਾਗ ਬੇਹਾਗੜਾ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ'।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ।
ਜੇਹੜਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ।