ਹੇ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਜਪ ਕੇ ਸੁਖ ਮਿਲ ਜਾਂਦਾ ਹੈ, ਹਰਿ-ਨਾਮ ਸਾਰੇ ਦੁੱਖ ਦੂਰ ਕਰਨ ਦੀ ਸਮਰੱਥਾ ਵਾਲਾ ਹੈ ॥੧॥
ਹੇ ਮੇਰੀ ਸੋਹਣੀ ਜਿੰਦੇ! ਉਹ ਜੀਭ ਭਾਗਾਂ ਵਾਲੀ ਹੈ ਮੁਬਾਰਿਕ ਹੈ, ਜੇਹੜੀ (ਸਦਾ) ਪਰਾਮਤਮਾ ਦੇ ਗੁਣ ਗਾਂਦੀ ਰਹਿੰਦੀ ਹੈ।
ਹੇ ਮੇਰੀ ਸੋਹਣੀ ਜਿੰਦੇ! ਹੇ ਪ੍ਰਭੂ! ਉਹ ਕੰਨ ਸੋਹਣੇ ਹਨ ਚੰਗੇ ਹਨ ਜੇਹੜੇ ਤੇਰੇ ਕੀਰਤਨ ਸੁਣਦੇ ਰਹਿੰਦੇ ਹਨ।
ਹੇ ਮੇਰੀ ਸੋਹਣੀ ਜਿੰਦੇ! ਉਹ ਸਿਰ ਭਾਗਾਂ ਵਾਲਾ ਹੈ ਪਵਿਤ੍ਰ ਹੈ, ਜੇਹੜਾ ਗੁਰੂ ਦੇ ਚਰਨਾਂ ਵਿਚ ਜਾ ਲੱਗਦਾ ਹੈ।
ਹੇ ਮੇਰੀ ਸੋਹਣੀ ਜਿੰਦੇ! ਨਾਨਕ (ਉਸ) ਗੁਰੂ ਤੋਂ ਕੁਰਬਾਨ ਜਾਂਦਾ ਹੈ ਜਿਸ ਨੇ ਪਰਮਾਤਮਾ ਦਾ ਨਾਮ ਚੇਤੇ ਕਰਾਇਆ ਹੈ ॥੨॥
ਹੇ ਮੇਰੀ ਸੋਹਣੀ ਜਿੰਦੇ! ਉਹ ਅੱਖਾਂ ਭਲੀਆਂ ਹਨ ਸਫਲ ਹਨ ਜੋ ਗੁਰੂ ਦਾ ਦਰਸਨ ਕਰਦੀਆਂ ਰਹਿੰਦੀਆਂ ਹਨ।
ਹੇ ਮੇਰੀ ਸੋਹਣੀ ਜਿੰਦੇ! ਉਹ ਹੱਥ ਪਵਿਤ੍ਰ ਹਨ ਜੇਹੜੇ ਪਰਮਾਤਮਾ ਦੀ ਸਿਫ਼ਤ-ਸਾਲਾਹ ਲਿਖਦੇ ਰਹਿੰਦੇ ਹਨ।
ਹੇ ਮੇਰੀ ਸੋਹਣੀ ਜਿੰਦੇ! ਉਸ ਮਨੁੱਖ ਦੇ (ਉਹ) ਪੈਰ ਸਦਾ ਪੂਜੇ ਜਾਂਦੇ ਹਨ ਜੇਹੜੇ (ਪੈਰ) ਧਰਮ ਦੇ ਰਾਹ ਉਤੇ ਤੁਰਦੇ ਰਹਿੰਦੇ ਹਨ।
ਹੇ ਮੇਰੀ ਸੋਹਣੀ ਜਿੰਦੇ! ਨਾਨਕ ਉਹਨਾਂ (ਵਡ-ਭਾਗੀ) ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ ਜੇਹੜੇ ਪਰਮਾਤਮਾ ਦਾ ਨਾਮ ਸੁਣ ਕੇ ਨਾਮ ਨੂੰ ਮੰਨਦੇ ਹਨ (ਜੀਵਨ-ਅਧਾਰ ਬਣਾ ਲੈਂਦੇ ਹਨ) ॥੩॥
ਹੇ ਮੇਰੀ ਸੋਹਣੀ ਜਿੰਦੇ! ਧਰਤੀ, ਪਾਤਾਲ, ਆਕਾਸ਼-ਹਰੇਕ ਹੀ ਪਰਮਾਤਮਾ ਦਾ ਨਾਮ ਸਿਮਰ ਰਿਹਾ ਹੈ।
ਹੇ ਮੇਰੀ ਸੋਹਣੀ ਜਿੰਦੇ! ਹਵਾ ਪਾਣੀ, ਅੱਗ-ਹਰੇਕ ਤੱਤ ਭੀ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾ ਰਿਹਾ ਹੈ।
ਹੇ ਮੇਰੀ ਸੋਹਣੀ ਜਿੰਦੇ! ਜੰਗਲ, ਘਾਹ, ਇਹ ਸਾਰਾ ਦਿੱਸਦਾ ਸੰਸਾਰ-ਆਪਣੇ ਮੂੰਹ ਨਾਲ ਹਰੇਕ ਹੀ ਪਰਮਾਤਮਾ ਦਾ ਨਾਮ ਜਪ ਰਿਹਾ ਹੈ।
ਹੇ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਜੇਹੜਾ ਜੇਹੜਾ ਜੀਵ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਵਿਚ ਆਪਣਾ ਮਨ ਜੋੜਦਾ ਹੈ, ਉਹ ਸਾਰੇ ਪਰਾਮਤਮਾ ਦੇ ਦਰ ਤੇ ਸਤਕਾਰੇ ਜਾਂਦੇ ਹਨ ॥੪॥੪॥
ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ (ਕਦੇ) ਪਰਮਾਤਮਾ ਦਾ ਨਾਮ ਚੇਤੇ ਨਹੀਂ ਕੀਤਾ, ਉਹ ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮੂਰਖ ਹਨ ਅੰਞਾਣ ਹਨ।
ਹੇ ਮੇਰੀ ਸੋਹਣੀ ਜਿੰਦੇ! ਜੇਹੜੇ ਮਨੁੱਖ ਮਾਇਆ ਦੇ ਮੋਹ ਵਿਚ ਆਪਣਾ ਮਨ ਜੋੜੀ ਰੱਖਦੇ ਹਨ ਉਹ ਅਖ਼ੀਰ ਵੇਲੇ (ਇਥੋਂ) ਹੱਥ ਮਲਦੇ ਜਾਂਦੇ ਹਨ।
ਹੇ ਮੇਰੀ ਸੋਹਣੀ ਜਿੰਦੇ! ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੇ ਜੇਹੜੇ ਮਨੁੱਖ (ਸਦਾ) ਪਾਪ-ਕਰਮ ਵਿਚ ਫਸੇ ਰਹਿੰਦੇ ਹਨ ਉਹ ਪਰਮਾਤਮਾ ਦੀ ਦਰਗਾਹ ਵਿਚ ਆਸਰਾ ਪ੍ਰਾਪਤ ਨਹੀਂ ਕਰ ਸਕਦੇ।
ਹੇ ਦਾਸ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਗੁਰੂ ਨੂੰ ਮਿਲ ਕੇ (ਵਡ-ਭਾਗੀ ਮਨੁੱਖ ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦੇ ਹਨ (ਕਿਉਂਕਿ ਉਹ) ਪਰਮਾਤਮਾ ਦਾ ਨਾਮ ਜਪ ਕੇ ਪਰਮਾਤਮਾ ਦੇ ਨਾਮ ਵਿਚ ਮਗਨ ਰਹਿੰਦੇ ਹਨ ॥੧॥
ਹੇ ਮੇਰੀ ਸੋਹਣੀ ਜਿੰਦੇ! ਸਾਰੇ ਗੁਰੂ ਨੂੰ ਜਾ ਮਿਲੋ ਕਿਉਂਕਿ ਉਹ (ਗੁਰੂ) ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕਰ ਦੇਂਦਾ ਹੈ।
ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਜਪਦਿਆਂ ਰਤਾ ਭਰ ਭੀ ਦੇਰ ਨਹੀਂ ਕਰਨੀ ਚਾਹੀਦੀ। ਕੀਹ ਪਤਾ ਹੈ! ਮਤਾਂ ਅਗਲਾ ਸਾਹ ਲਿਆ ਜਾਏ ਜਾਂ ਨਾਹ ਲਿਆ ਜਾਏ।
ਹੇ ਮੇਰੀ ਸੋਹਣੀ ਜਿੰਦੇ! ਉਹ ਵੇਲਾ ਭਾਗਾਂ ਵਾਲਾ ਹੈ, ਉਹ ਘੜੀ ਭਾਗਾਂ ਵਾਲੀ ਹੈ, ਉਹ ਸਮਾ ਭਾਗਾਂ ਵਾਲਾ ਹੈ, ਜਿਸ ਵੇਲੇ ਪਿਆਰਾ ਪਰਮਾਤਮਾ ਚਿੱਤ ਵਿਚ ਆ ਵੱਸਦਾ ਹੈ।
ਹੇ ਦਾਸ ਨਾਨਕ! ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ (ਹਰ ਵੇਲੇ) ਸਿਮਰਿਆ ਹੈ, ਜਮ ਦੂਤ ਉਸ ਦੇ ਨੇੜੇ ਨਹੀਂ ਢੁੱਕਦਾ (ਮੌਤ ਦਾ ਡਰ ਉਸ ਨੂੰ ਪੋਹ ਨਹੀਂ ਸਕਦਾ, ਉਸ ਨੂੰ ਆਤਮਕ ਮੌਤ ਨਹੀਂ ਆਉਂਦੀ) ॥੨॥
ਹੇ ਮੇਰੀ ਸੋਹਣੀ ਜਿੰਦੇ! (ਜੇਹੜੇ ਕੰਮ ਅਸੀਂ ਕਰਦੇ ਹਾਂ, ਜੇਹੜੇ ਬੋਲ ਅਸੀਂ ਬੋਲਦੇ ਹਾਂ) ਪਰਮਾਤਮਾ ਉਹ ਸਭ ਕੁਝ ਸਦਾ ਵੇਖਦਾ ਰਹਿੰਦਾ ਹੈ, ਤੇ, ਸੁਣਦਾ ਰਹਿੰਦਾ ਹੈ।
ਹੇ ਮੇਰੀ ਸੋਹਣੀ ਜਿੰਦੇ! ਜਿਸ (ਮਨੁੱਖ) ਦਾ ਅੰਦਰਲਾ ਹਿਰਦਾ ਪਵਿਤ੍ਰ ਹੈ, ਉਸ ਮਨੁੱਖ ਨੇ ਸਾਰੇ ਡਰ ਲਾਹ ਦਿੱਤੇ ਹੁੰਦੇ ਹਨ। ਜਿਸ ਮਨੁੱਖ ਨੇ (ਸਾਰੀ ਉਮਰ) ਪਾਪ ਕਮਾਏ ਹੁੰਦੇ ਹਨ, ਉਹ ਡਰਦਾ ਹੈ।
ਜੇਹੜਾ ਮਨੁੱਖ ਨਿਰਭਉ ਪਰਮਾਤਮਾ ਦੇ ਨਾਮ ਵਿਚ ਗਿੱਝ ਜਾਂਦਾ ਹੈ, (ਕਾਮਾਦਿਕ) ਸਾਰੇ ਕੁਪੱਤੇ ਵੈਰੀ ਬੇਸ਼ਕ ਪਏ ਝਖਾਂ ਮਾਰਨ (ਉਸ ਮਨੁੱਖ ਦਾ ਕੁਝ ਵਿਗਾੜ ਨਹੀਂ ਸਕਦੇ)।