ਅਜੇਹਾ ਜੀਵ (ਕਿਸੇ ਬਾਹਰਲੇ ਸੁੱਚ ਆਦਿਕ ਕਰਮ ਨਾਲ ਅੰਦਰੋਂ) ਸੁੱਚਾ ਕਦੇ ਭੀ ਨਹੀਂ ਹੋ ਸਕਦਾ।
ਗੁਰੂ ਦੇ ਸ਼ਬਦ-ਜਲ ਤੋਂ ਬਿਨਾ (ਮਨ) ਮਾਂਜਿਆ ਨਹੀਂ ਜਾ ਸਕਦਾ, (ਤੇ) ਇਹ ਸੱਚ (ਸਿਮਰਨ) ਸਦਾ-ਥਿਰ ਪ੍ਰਭੂ ਤੋਂ ਹੀ ਮਿਲਦਾ ਹੈ ॥੧॥
ਹੇ ਭੋਲੀ ਜੀਵ-ਇਸਤ੍ਰੀਏ! ਜੋ (ਆਪਣੇ ਅੰਦਰ, ਆਤਮਕ ਸੁਖ ਦੇਣ ਵਾਲੇ) ਗੁਣਾਂ ਤੋਂ ਸੱਖਣੀ ਹੈ ਉਸ ਨੂੰ (ਬਾਹਰੋਂ) ਕਿਸੇ ਹੋਰ ਤਰੀਕੇ ਨਾਲ ਆਤਮਕ ਸੁਖ ਨਹੀਂ ਮਿਲ ਸਕਦਾ।
ਆਤਮਕ ਸੁਖ ਉਸ ਨੂੰ ਹੈ ਜੋ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ (ਲੀਨ ਰਹਿੰਦੀ ਹੈ) ਜੋ ਗੁਰੂ ਦੇ ਸ਼ਬਦ ਵਿਚ (ਜੁੜੀ ਹੋਈ) ਹੈ, ਜੋ ਪ੍ਰਭੂ ਦੇ ਪਿਆਰ ਵਿਚ (ਮਸਤ) ਹੈ। ਪਤੀ-ਪ੍ਰਭੂ ਦੇ ਮਿਲਾਪ ਦੇ ਸੁਖ (ਉਹੀ ਜੀਵ-ਇਸਤ੍ਰੀ) ਆਨੰਦ ਨਾਲ ਮਾਣਦੀ ਹੈ ॥੧॥ ਰਹਾਉ ॥
ਜੇ ਪਤੀ-ਪ੍ਰਭੂ (ਜੀਵ-ਇਸਤ੍ਰੀ ਦੇ ਹਿਰਦੇ-ਦੇਸ ਵਿਚ ਪਰਗਟ ਨਹੀਂ, ਉਸ ਦੇ ਹਿਰਦੇ ਨੂੰ ਛੱਡ ਕੇ) ਹੋਰ ਹੋਰ ਹਿਰਦੇ-ਦੇਸ ਦਾ ਨਿਵਾਸੀ ਹੈ, ਤਾਂ ਪਤੀ ਤੋਂ ਵਿੱਛੁੜੀ ਹੋਈ ਉਹ ਜੀਵ-ਇਸਤ੍ਰੀ ਝੂਰਦੀ ਰਹਿੰਦੀ ਹੈ (ਅੰਦਰੇ ਅੰਦਰ ਚਿੰਤਾ ਨਾਲ ਖਾਧੀ ਜਾਂਦੀ ਹੈ)।
ਜਿਵੇਂ ਥੋੜ੍ਹੇ ਪਾਣੀ ਵਿਚ ਮੱਛੀ ਤੜਫਦੀ ਹੈ, ਤਿਵੇਂ ਉਹ ਤਰਲੇ ਲੈਂਦੀ ਰਹਿੰਦੀ ਹੈ।
ਆਤਮਕ ਸੁਖ ਤਦੋਂ ਹੀ ਮਿਲਦਾ ਹੈ, ਜਦੋਂ ਪ੍ਰਭੂ-ਪਤੀ ਨੂੰ (ਜੀਵ-ਇਸਤ੍ਰੀ) ਚੰਗੇ ਲੱਗੇ, ਜਦੋਂ ਉਹ ਆਪ (ਉਸ ਉਤੇ) ਮਿਹਰ ਦੀ ਨਜ਼ਰ ਕਰੇ ॥੨॥
(ਹੇ ਜੀਵ-ਇਸਤ੍ਰੀ!) ਤੂੰ ਸਖੀਆਂ ਸਹੇਲੀਆਂ ਨਾਲ ਮਿਲ ਕੇ (ਭਾਵ, ਸਾਧ-ਸੰਗਤਿ ਵਿਚ ਬੈਠ ਕੇ) ਆਪਣੇ ਪਤੀ-ਪ੍ਰਭੂ ਦੀ ਸਿਫ਼ਤ-ਸਾਲਾਹ ਕਰ।
(ਜੇਹੜੀ ਜੀਵ-ਇਸਤ੍ਰੀ ਸਿਫ਼ਤ-ਸਾਲਾਹ ਕਰਦੀ ਹੈ, ਉਸ ਦੇ) ਹਿਰਦੇ ਵਿਚ ਪ੍ਰਭੂ ਪ੍ਰਗਟ ਹੋ ਜਾਂਦਾ ਹੈ, ਉਸ ਦਾ ਮਨ (ਪ੍ਰਭੂ ਦੇ ਪ੍ਰੇਮ ਵਿਚ) ਮੋਹਿਆ ਜਾਂਦਾ ਹੈ, ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਉਸ ਦਾ ਦਰਸ਼ਨ ਕਰਦੀ ਹੈ।
ਗੁਰੂ ਦੇ ਸ਼ਬਦ (ਦੀ ਬਰਕਤਿ) ਨਾਲ ਉਸ ਦਾ ਜੀਵਨ ਸੰਵਰ ਜਾਂਦਾ ਹੈ, ਗੁਣਾਂ ਨਾਲ ਉਹ ਸੋਹਣੀ ਬਣ ਜਾਂਦੀ ਹੈ, ਤੇ ਪਤੀ ਪ੍ਰਭੂ ਉਸ ਨੂੰ ਪਿਆਰ ਕਰਦਾ ਹੈ ॥੩॥
(ਗੁਣ ਤੋਂ ਸੱਖਣੀ ਹੋਣ ਕਰਕੇ) ਜੇਹੜੀ ਜੀਵ-ਇਸਤ੍ਰੀ (ਅੰਦਰੋਂ) ਖੋਟੀ ਹੈ ਤੇ ਔਗੁਣਾਂ ਨਾਲ ਭਰੀ ਹੋਈ ਹੈ ਉਸ ਦਾ ਜੀਵਨ ਵਿਅਰਥ ਚਲਾ ਜਾਂਦਾ ਹੈ।
ਨਾਹ ਇਸ ਲੋਕ ਵਿਚ ਨਾਹ ਪਰਲੋਕ ਵਿਚ ਕਿਤੇ ਭੀ ਉਸ ਨੂੰ ਆਤਮਕ ਸੁਖ ਨਹੀਂ ਮਿਲਦਾ; ਝੂਠ ਵਿਚ ਵਿਕਾਰ ਵਿਚ ਉਹ ਸੜ ਜਾਂਦੀ ਹੈ (ਉਸ ਦਾ ਆਤਮਕ ਜੀਵਨ ਸੜ ਜਾਂਦਾ ਹੈ)।
(ਉਸ ਦੇ ਵਾਸਤੇ) ਜਨਮ ਮਰਨ ਦਾ ਔਖਾ ਗੇੜ ਬਣਿਆ ਰਹਿੰਦਾ ਹੈ ਕਿਉਂਕਿ) ਕੰਤ-ਪ੍ਰਭੂ ਨੇ ਉਸ ਨੂੰ ਭੁਲਾ ਦਿੱਤਾ ਹੁੰਦਾ ਹੈ ॥੪॥
ਪਰ ਉਹ ਪਤੀ-ਪ੍ਰਭੂ ਦੀ ਸੋਹਣੀ ਨਾਰ ਸੀ, ਉਹ ਕਿਸ ਸੁਆਦ ਵਿਚ (ਫਸਣ ਕਰਕੇ) ਛੁੱਟੜ ਹੋ ਗਈ?
ਉਹ ਕਿਉਂ ਵਿਅਰਥ ਫ਼ਜ਼ੂਲ ਬੋਲ ਬੋਲਦੀ ਹੈ ਜੋ ਪਤੀ-ਪ੍ਰਭੂ ਨਾਲ ਮਿਲਾਪ ਵਾਸਤੇ ਕੰਮ ਨਹੀਂ ਦੇ ਸਕਦਾ?
ਉਹ ਜੀਵ-ਇਸਤ੍ਰੀ (ਪ੍ਰਭੂ ਨੂੰ ਭੁਲਾ ਕੇ) ਮਾਇਆ ਦੇ ਸੁਆਦ ਵਿਚ (ਫਸਣ ਕਰਕੇ) ਛੁੱਟੜ ਹੋਈ ਹੈ, (ਤਾਹੀਏਂ ਉਸ ਨੂੰ) ਪ੍ਰਭੂ ਦੇ ਮਹਲ ਵਿਚ (ਟਿਕਣ ਲਈ) ਆਸਰਾ ਨਹੀਂ ਮਿਲਦਾ (ਮਾਇਆ ਦਾ ਮੋਹ ਉਸ ਨੂੰ ਭਟਕਣਾ ਵਿਚ ਪਾਈ ਰੱਖਦਾ ਹੈ) ॥੫॥
ਪੰਡਿਤ ਲੋਕ ਧਾਰਮਿਕ ਪੁਸਤਕਾਂ ਪੜ੍ਹਦੇ ਹਨ (ਪਰ ਅੰਦਰੋਂ ਗੁਣ-ਹੀਨ ਹੋਣ ਕਰਕੇ ਉਹਨਾਂ ਪੁਸਤਕਾਂ ਦੀ) ਵਿਚਾਰ ਨਹੀਂ ਸਮਝਦੇ।
ਹੋਰਨਾਂ ਨੂੰ ਹੀ ਮੱਤਾਂ ਦੇ ਕੇ (ਜਗਤ ਤੋਂ) ਚਲੇ ਜਾਂਦੇ ਹਨ (ਉਹਨਾਂ ਦਾ ਇਹ ਸਾਰਾ ਉੱਦਮ) ਮਾਇਆ ਕਮਾਣ ਲਈ ਵਪਾਰ ਹੀ ਬਣਿਆ ਰਹਿ ਜਾਂਦਾ ਹੈ।
ਸਾਰਾ ਜਗਤ ਝੂਠੀ ਕਥਨੀ ਵਿਚ ਹੀ ਭਟਕਦਾ ਰਹਿੰਦਾ ਹੈ (ਭਾਵ, ਆਮ ਤੌਰ ਤੇ ਜੀਵਾਂ ਦੇ ਅੰਦਰ ਝੂਠ-ਫਰੇਬ ਹੈ, ਤੇ ਬਾਹਰ ਗਿਆਨ ਦੀਆਂ ਗੱਲਾਂ ਹਨ)। ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਸ਼ਬਦ (ਹਿਰਦੇ ਵਿਚ ਟਿਕਾਈ ਰੱਖਣਾ) ਹੀ ਸ੍ਰੇਸ਼ਟ ਰਹਿਣੀ ਹੈ ॥੬॥
ਅਨੇਕਾਂ ਹੀ ਪੰਡਿਤ ਜੋਤਸ਼ੀ (ਆਦਿਕ) ਵੇਦਾਂ (ਦੇ ਮੰਤ੍ਰਾਂ) ਨੂੰ ਵਿਚਾਰਦੇ ਹਨ।
ਆਪੋ ਵਿਚ ਮਤ-ਭੇਦ ਹੋਣ ਦੇ ਕਾਰਨ (ਚਰਚਾ ਕਰਦੇ ਹਨ ਤੇ ਵਿਦਵਤਾ ਦੇ ਕਾਰਨ) ਵਾਹ ਵਾਹ ਅਖਵਾਂਦੇ ਹਨ, ਪਰ ਨਿਰੇ ਇਸ ਮਤ-ਭੇਦ ਵਿਚ ਰਹਿ ਕੇ ਹੀ ਉਹਨਾਂ ਦਾ ਜਨਮ ਮਰਨ ਬਣਿਆ ਰਹਿੰਦਾ ਹੈ।
ਕੋਈ ਭੀ ਮਨੁੱਖ (ਨਿਰਾ ਚੰਗਾ) ਵਖਿਆਨ ਕਰ ਕੇ ਜਾਂ ਸੁਣ ਕੇ (ਆਤਮਕ ਆਨੰਦ ਨਹੀਂ ਲੈ ਸਕਦਾ, ਤੇ ਜਨਮ ਮਰਨ ਦੇ ਗੇੜ ਵਿਚੋਂ) ਖ਼ਲਾਸੀ ਹਾਸਲ ਨਹੀਂ ਕਰ ਸਕਦਾ। (ਹਉਮੈ ਅਹੰਕਾਰ ਛੱਡ ਕੇ ਗੁਰੂ ਦੀ ਸਰਨ ਪੈਣ ਦੀ ਲੋੜ ਹੈ) ਗੁਰੂ ਦੀ ਬਖ਼ਸ਼ਸ਼ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੁੰਦੀ ॥੭॥
(ਜੇਹੜੀਆਂ ਜੀਵ-ਇਸਤ੍ਰੀਆਂ ਪ੍ਰਭੂ-ਪਤੀ ਨੂੰ ਪਿਆਰੀਆਂ ਲੱਗਦੀਆਂ ਹਨ, ਉਹੀ) ਸਾਰੀਆਂ ਗੁਣਾਂ ਵਾਲੀਆਂ ਆਖੀਆਂ ਜਾਂਦੀਆਂ ਹਨ। ਪਰ ਮੇਰੇ ਅੰਦਰ ਕੋਈ ਐਸਾ ਗੁਣ ਨਹੀਂ ਹੈ (ਜਿਸ ਦੀ ਬਰਕਤਿ ਨਾਲ ਮੈਂ ਪ੍ਰਭੂ-ਪਿਆਰ ਨੂੰ ਆਪਣੇ ਹਿਰਦੇ ਵਿਚ ਵਸਾ ਸਕਾਂ)।
ਜੇ ਉਹ ਹਰੀ-ਪਤੀ ਪ੍ਰਭੂ ਮੈਨੂੰ ਪਿਆਰਾ ਲੱਗਣ ਲੱਗ ਪਏ, ਤਾਂ ਮੈਂ ਭੀ ਉਸ ਦੀ ਸੋਹਣੀ ਨਾਰ ਬਣ ਜਾਵਾਂ।
ਹੇ ਨਾਨਕ! ਗੁਰੂ ਦੇ ਸ਼ਬਦ ਵਿਚ (ਜੁੜ ਕੇ ਜਿਸ ਨੇ ਪ੍ਰਭੂ-ਚਰਨਾਂ ਨਾਲ) ਸੋਹਣਾ ਮਿਲਾਪ ਹਾਸਲ ਕਰ ਲਿਆ ਹੈ ਉਸ ਦਾ ਉਸ ਤੋਂ ਫਿਰ ਵਿਛੋੜਾ ਨਹੀਂ ਹੁੰਦਾ ॥੮॥੫॥
ਜੇ (ਕਿਸੇ ਸਿੱਧੀ ਆਦਿਕ ਵਾਸਤੇ ਮੰਤ੍ਰਾਂ ਦਾ) ਪਾਠ ਕੀਤਾ ਜਾਏ, (ਧੂਣੀਆਂ ਆਦਿਕ ਤਪਾ ਕੇ) ਸਰੀਰ ਨੂੰ ਕਸ਼ਟ ਦਿੱਤਾ ਜਾਏ, ਇੰਦ੍ਰਿਆਂ ਨੂੰ ਵੱਸ ਵਿਚ ਕਰਨ ਦਾ ਕੋਈ ਸਾਧਨ ਕੀਤਾ ਜਾਏ, ਕਿਸੇ ਤੀਰਥ ਉੱਤੇ ਨਿਵਾਸ ਕੀਤਾ ਜਾਏ,
(ਜੇ ਖ਼ਲਕਤ ਦੇ ਭਲੇ ਵਾਸਤੇ) ਦਾਨ-ਪੁੰਨ ਆਦਿਕ ਚੰਗੇ ਕੰਮ ਕੀਤੇ ਜਾਣ (ਪਰ ਪਰਮਾਤਮਾ ਦਾ ਸਿਮਰਨ ਨਾਹ ਕੀਤਾ ਜਾਏ, ਤਾਂ) ਪ੍ਰਭੂ-ਸਿਮਰਨ ਤੋਂ ਬਿਨਾ ਉਪਰਲੇ ਸਾਰੇ ਹੀ ਉੱਦਮਾਂ ਦਾ ਕੋਈ ਲਾਭ ਨਹੀਂ।
ਮਨੁੱਖ ਜਿਹਾ ਬੀ ਬੀਜਦਾ ਹੈ, ਉਹੋ ਜਿਹਾ ਫਲ ਵੱਢਦਾ ਹੈ (ਜੇ ਸਿਮਰਨ ਨਹੀਂ ਕੀਤਾ, ਤਾਂ ਆਤਮਕ ਗੁਣ ਕਿੱਥੋਂ ਆ ਜਾਣ? ਤੇ) ਆਤਮਕ ਗੁਣਾਂ ਤੋਂ ਬਿਨਾ ਜ਼ਿੰਦਗੀ ਵਿਅਰਥ ਹੈ ॥੧॥
ਹੇ ਭੋਲੀ ਜੀਵ-ਇਸਤ੍ਰੀ! (ਆਤਮਕ ਗੁਣਾਂ ਤੋਂ ਬਿਨਾ ਆਤਮਕ ਸੁਖ ਨਹੀਂ ਹੋ ਸਕਦਾ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ ਗੁਣ ਪੈਦਾ ਨਹੀਂ ਹੋ ਸਕਦੇ) ਗੁਣਾਂ ਦੀ ਖ਼ਾਤਰ ਪਰਮਾਤਮਾ ਦੇ ਗੁਣਾਂ ਦੀ ਦਾਸੀ ਬਣ, ਤਦੋਂ ਹੀ ਆਤਮਕ ਸੁਖ ਸੁਖ ਹੋਵੇਗਾ।
ਔਗੁਣਾਂ ਨੂੰ ਛੱਡ ਕੇ ਹੀ ਪ੍ਰਭੂ-ਚਰਨਾਂ ਵਿਚ ਲੀਨ ਹੋ ਸਕੀਦਾ ਹੈ, ਗੁਰੂ ਦੀ ਮਤਿ ਉੱਤੇ ਤੁਰਿਆਂ ਹੀ ਉਹ ਪੂਰਾ ਪ੍ਰਭੂ ਮਿਲਦਾ ਹੈ ॥੧॥ ਰਹਾਉ ॥
ਸਰਮਾਏ ਤੋਂ ਬਿਨਾ ਵਪਾਰੀ (ਨਫ਼ੇ ਵਾਸਤੇ ਵਿਅਰਥ ਹੀ) ਚੌਹੀਂ ਪਾਸੀਂ ਤੱਕਦਾ ਹੈ।
ਜੇਹੜਾ ਮਨੁੱਖ (ਆਪਣੀ ਜ਼ਿੰਦਗੀ ਦੇ) ਮੂਲ-ਪ੍ਰਭੂ ਨੂੰ ਨਹੀਂ ਸਮਝਦਾ, ਉਸ ਦਾ ਅਸਲ ਸਰਮਾਇਆ ਉਸ ਦੇ ਹਿਰਦੇ-ਘਰ ਅੰਦਰ ਹੀ (ਅਣਪਛਾਤਾ) ਪਿਆ ਰਹਿੰਦਾ ਹੈ।
ਨਾਸਵੰਤ ਪਦਾਰਥਾਂ ਦੀ ਵਪਾਰਨ (ਜੀਵ-ਇਸਤ੍ਰੀ) ਕੂੜ ਵਿਚ ਲੱਗ ਕੇ (ਆਤਮਕ ਗੁਣਾਂ ਵਲੋਂ) ਲੁੱਟੀ ਜਾ ਰਹੀ ਹੈ, ਨਾਮ-ਵੱਖਰ ਤੋਂ ਵਾਂਜੇ ਰਹਿ ਕੇ ਉਸ ਨੂੰ ਬਹੁਤ ਆਤਮਕ ਕਲੇਸ਼ ਵਿਆਪਦਾ ਹੈ ॥੨॥
ਜੇਹੜਾ ਮਨੁੱਖ ਸੋਚ ਸਮਝ ਕੇ ਨਾਮ-ਰਤਨ ਨੂੰ ਪਰਖਦਾ ਹੈ (ਨਾਮ ਦੀ ਕੀਮਤ ਪਾਂਦਾ ਹੈ) ਉਸ ਨੂੰ ਦਿਨ ਰਾਤਿ (ਆਤਮਕ ਗੁਣਾਂ ਦਾ ਨਿੱਤ) ਨਵਾਂ ਨਫ਼ਾ ਪੈਂਦਾ ਹੈ।
ਉਹ ਮਨੁੱਖ ਆਪਣੇ ਹਿਰਦੇ ਵਿਚ ਹੀ ਆਪਣਾ ਅਸਲ ਸਰਮਾਇਆ ਲੱਭ ਲੈਂਦਾ ਹੈ, ਤੇ ਆਪਣੀ ਜ਼ਿੰਦਗੀ ਦਾ ਮਨੋਰਥ ਸਿਰੇ ਚਾੜ੍ਹ ਕੇ ਇਥੋਂ ਜਾਂਦਾ ਹੈ,
ਜੇਹੜਾ ਮਨੁੱਖ ਨਾਮ ਦੇ ਵਪਾਰੀ ਸਤਸੰਗੀਆਂ ਨਾਲ ਮਿਲ ਕੇ ਨਾਮ ਦਾ ਵਣਜ ਕਰਦਾ ਹੈ, ਜੋ ਗੁਰੂ ਦੀ ਸਰਨ ਪੈ ਕੇ ਪਰਮਾਤਮਾ (ਦੇ ਗੁਣਾਂ) ਨੂੰ ਆਪਣੇ ਸੋਚ-ਮੰਡਲ ਵਿਚ ਲਿਆਉਂਦਾ ਹੈ ॥੩॥
(ਪਰਮਾਤਮਾ ਆਪ ਹੀ ਆਤਮਕ ਗੁਣਾਂ ਦਾ ਖ਼ਜ਼ਾਨਾ ਲਭਾ ਸਕਦਾ ਹੈ) ਜੇ ਉਸ ਖ਼ਜ਼ਾਨੇ ਨਾਲ ਮਿਲਾਪ-ਕਰਾਣ-ਦੇ-ਸਮਰੱਥ ਪ੍ਰਭੂ ਆਪ ਮਿਲਾਪ ਕਰਾ ਦੇਵੇ, ਤਾਂ ਉਹ ਖ਼ਜ਼ਾਨਾ ਸੰਤਾਂ ਦੀ ਸੰਗਤਿ ਵਿਚ ਰਿਹਾਂ ਲੱਭ ਸਕਦਾ ਹੈ।
ਤੇ ਜਿਸ ਮਨੁੱਖ ਦੇ ਅੰਦਰ ਬੇਅੰਤ ਪ੍ਰਭੂ ਦੀ ਜੋਤਿ (ਇਕ ਵਾਰੀ ਜਗ ਪਏ) ਉਹ ਪ੍ਰਭੂ-ਚਰਨਾਂ ਵਿਚ ਮਿਲਿਆ ਹੋਇਆ ਮੁੜ ਵਿੱਛੁੜਦਾ ਨਹੀਂ,
ਕਿਉਂਕਿ ਉਹ ਅਡੋਲ (ਆਤਮਕ) ਆਸਣ ਉੱਤੇ ਬੈਠ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਲਿਵ ਲਾ ਲੈਂਦਾ ਹੈ, ਉਹ ਆਪਣਾ ਪ੍ਰੇਮ-ਪਿਆਰ ਸਦਾ-ਥਿਰ ਪ੍ਰਭੂ ਵਿਚ ਪਾ ਲੈਂਦਾ ਹੈ ॥੪॥
(ਗੁਰੂ ਦੀ ਮਤਿ ਉਤੇ ਤੁਰ ਕੇ) ਜਿਨ੍ਹਾਂ ਨੇ ਆਪਣੇ ਆਪ ਨੂੰ ਪਛਾਣ ਲਿਆ ਹੈ, ਉਹਨਾਂ ਨੂੰ ਆਪਣੇ ਹਿਰਦੇ-ਰੂਪ ਸੋਹਣੇ ਥਾਂ ਵਿਚ ਹੀ ਪਰਮਾਤਮਾ ਦਾ ਨਿਵਾਸ-ਥਾਂ ਲੱਭ ਪੈਂਦਾ ਹੈ।
ਸਦਾ-ਥਿਰ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੇ ਰਹਿਣ ਦੇ ਕਾਰਨ ਉਹਨਾਂ ਨੂੰ ਉਹ ਸਦਾ ਕਾਇਮ ਰਹਿਣ ਵਾਲਾ ਮਿਲ ਪੈਂਦਾ ਹੈ।