ਹੇ ਮਨ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਯਾਦ ਕਰਦਾ ਰਹੁ।
ਇਹ ਨਾਮ ਹੀ ਤੇਰੇ ਨਾਲ ਜਾਣ ਵਾਲਾ ਹੈ ਤੇ ਸਾਥ ਨਿਬਾਹੁਣ ਵਾਲਾ ਹੈ। ਰਹਾਉ॥
ਗੁਰੂ ਦੀ ਸਰਨ ਪੈ ਕੇ ਉਸ ਸਦਾ-ਥਿਰ ਹਰੀ ਦਾ ਨਾਮ-ਸਿਮਰਨਾ ਉੱਚੀ ਜਾਤਿ ਤੇ ਉੱਚੀ ਕੁਲ (ਦਾ ਮੂਲ) ਹੈ।
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਪਰਮਾਤਮਾ ਆ ਵੱਸਦਾ ਹੈ ਤੇ ਉਸ ਦਾ (ਸਦਾ ਦਾ) ਸਾਥੀ ਬਣ ਜਾਂਦਾ ਹੈ ॥੨॥
ਪਰ ਉਹੀ ਮਨੁੱਖ ਗੁਰੂ ਦੇ ਸਨਮੁਖ ਹੋ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ (ਇਸ ਜੋਗ) ਬਣਾਂਦਾ ਹੈ।
ਉਹ ਪਰਮਾਤਮਾ ਆਪ ਮਨੁੱਖ ਨੂੰ ਗੁਰੂ ਦੇ ਸਨਮੁਖ ਕਰ ਕੇ ਇੱਜ਼ਤ ਬਖ਼ਸ਼ਦਾ ਹੈ ॥੩॥
ਗੁਰੂ ਦੀ ਸਰਨ ਪੈ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ (ਹਿਰਦੇ ਵਿਚ) ਸੰਭਾਲ, ਇਹੀ ਕਰਨ-ਜੋਗ ਕੰਮ ਹੈ।
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਪਣੇ ਪਰਵਾਰ ਵਾਸਤੇ ਭੀ ਆਸਰਾ ਦੇਣ ਜੋਗਾ ਹੋ ਜਾਂਦਾ ਹੈ ॥੪॥੬॥
ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ।
ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੧॥
ਜਿਸ ਦੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ ਤੇ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ,
ਮੈਂ ਆਪਣੇ ਉਸ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥
ਇਕ ਪਰਮਾਤਮਾ ਵਿਚ ਸੁਰਤ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ,
ਤੇ ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੨॥
ਸ਼ਬਦ ਦੀ ਬਰਕਤ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ,
ਤੇ ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ॥੩॥
ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤ ਜਾਗਦੀ ਹੈ,
ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ ਜਿਸ ਨਾਲ ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ॥੪॥੭॥
ਹੇ ਮੇਰੇ ਮਨ! ਤੂੰ ਗੁਰੂ ਪਾਸੋਂ ਨਾਮ ਹਾਸਲ ਕਰ,
ਜਿਸ ਸਚੇ ਸ਼ਬਦ ਦੀ ਰਾਹੀਂ ਤੂੰ ਸਦਾ-ਥਿਰ ਪ੍ਰਭੂ ਵਿੱਚ ਸਮਾ ਜਾਏਂ ॥੧॥
ਹੇ ਮੇਰੇ ਮਨ! ਤੂੰ ਨਾਮ-ਖ਼ਜ਼ਾਨਾ ਹਾਸਲ ਕਰ (ਗੁਰੂ ਕੋਲੋਂ),
ਆਪਣੇ ਗੁਰੂ ਦੇ ਹੁਕਮ ਨੂੰ ਮਨ ਕਿ ॥੧॥ ਰਹਾਉ ॥
ਗੁਰ ਦੇ ਸ਼ਬਦ ਵਿਚ ਜੁੜਨ ਨਾਲ ਅੰਦਰੋਂ (ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ,
ਤੇ ਪਰਮਾਤਮਾ ਦਾ ਪਵਿਤ੍ਰ ਨਾਮ ਮਨ ਵਿਚ ਵੱਸਾ ਜਾਂਦਾ ਹੈ ॥੨॥
ਜਗਤ ਭਟਕਣਾ ਦੇ ਕਾਰਨ (ਜੀਵਨ ਦੇ ਸਹੀ ਰਸਤੇ ਤੋਂ) ਭੁੱਲਿਆ ਫਿਰਦਾ ਹੈ,
ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ਤੇ ਜਮ-ਰਾਜ ਸਦਾ ਇਸ ਨੂੰ ਖ਼ੁਆਰ ਕਰਦਾ ਹੈ ॥੩॥
ਹੇ ਨਾਨਕ! ਉਹ ਭਾਗਾਂ ਵਾਲੇ ਹਨ ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਸਿਮਰਨ ਕੀਤਾ,
ਅਤੇ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਇਆ ॥੪॥੮॥
ਹਉਮੈ ਦਾ ਪਰਮਾਤਮਾ ਦੇ ਨਾਮ ਨਾਲ ਵੈਰ ਹੈ, ਇਹ ਦੋਵੇਂ ਇਕੱਠੇ (ਹਿਰਦੇ ਵਿਚ) ਨਹੀਂ ਵੱਸ ਸਕਦੇ।
ਹਉਮੈ ਵਿਚ ਟਿਕੇ ਰਿਹਾਂ ਪਰਮਾਤਮਾ ਦੀ ਸੇਵਾ-ਭਗਤੀ ਨਹੀਂ ਹੋ ਸਕਦੀ ਤੇ ਮਨ ਖ਼ਾਲੀ ਹੋ ਜਾਂਦਾ ਹੈ ॥੧॥
ਹੇ ਮੇਰੇ ਮਨ! ਤੂੰ (ਆਪਣੇ ਅੰਦਰ) ਗੁਰੂ ਦਾ ਸ਼ਬਦ ਵਸਾਣ ਦੀ ਕਮਾਈ ਕਰ ਅਤੇ ਪਰਮਾਤਮਾ ਦਾ ਨਾਮ ਸਿਮਰਦਾ ਰਹੁ।
ਜੇ ਤੂੰ (ਗੁਰੂ ਦਾ) ਹੁਕਮ ਮੰਨੇਂਗਾ, ਤਾਂ ਤੈਨੂੰ ਪਰਮਾਤਮਾ ਮਿਲ ਪਵੇਗਾ, ਤਾਂ ਤੇਰੇ ਅੰਦਰੋਂ ਹਉਮੈ ਦੂਰ ਹੋ ਜਾਇਗੀ। ਰਹਾਉ॥
ਸਰੀਰ (ਧਾਰਨ ਦਾ ਇਹ) ਸਾਰਾ (ਸਿਲਸਿਲਾ) ਹਉਮੈ ਦੇ ਕਾਰਨ ਹੀ ਹੈ, ਹਉਮੈ ਦੇ ਕਾਰਨ ਜਨਮ-ਮਰਨ ਦਾ ਗੇੜ ਬਣਿਆ ਰਹਿੰਦਾ ਹੈ।
ਹਉਮੈ ਬੜਾ ਘੁੱਪ ਹਨੇਰਾ ਹੈ, ਹਉਮੈ ਦੇ ਕਾਰਨ ਮਨੁੱਖ (ਆਤਮਕ ਜੀਵਨ ਦਾ ਰਸਤਾ) ਸਮਝ ਨਹੀਂ ਸਕਦਾ ॥੨॥
ਹਉਮੈ ਵਿਚ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ ਤੇ ਪਰਮਾਤਮਾ ਦੀ ਰਜ਼ਾ ਸਮਝੀ ਨਹੀਂ ਜਾ ਸਕਦੀ।
ਹਉਮੈ ਕਾਰਨ ਜੀਵਾਤਮਾ ਵਾਸਤੇ (ਆਤਮਕ ਜੀਵਨ ਦੇ ਰਾਹ ਦੀ) ਰੋਕ ਬਣੀ ਰਹਿੰਦੀ ਹੈ ਤੇ ਪਰਮਾਤਮਾ ਦਾ ਨਾਮ ਮਨੁੱਖ ਦੇ ਮਨ ਵਿਚ ਆ ਕੇ ਨਹੀਂ ਵੱਸ ਸਕਦਾ ॥੩॥
ਹੇ ਨਾਨਕ! ਜੇ ਗੁਰੂ ਮਿਲ ਪਏ ਤਾਂ (ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਸਦਾ-ਥਿਰ ਪ੍ਰਭੂ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ,
ਤੇ ਮਨੁੱਖ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦਾ ਹੈ ਤੇ ਹਰਿ-ਨਾਮ ਵਿਚ ਟਿਕਿਆ ਰਹਿੰਦਾ ਹੈ ਤੇ ਸੇਵਾ-ਭਗਤੀ ਕਰ ਕੇ ਸਦਾ-ਥਿਰ ਹਰੀ ਵਿਚ ਲੀਨ ਹੋ ਜਾਂਦਾ ਹੈ ॥੪॥੯॥੧੨॥
ਰਾਗ ਵਡਹੰਸ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਹਿਰਦਾ) ਇਕ ਪਲੰਘ ਹੈ ਜਿਸ ਉੱਤੇ ਮਾਲਕ ਪ੍ਰਭੂ ਬਿਰਾਜਮਾਨ ਹੈ।
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਸੁਖਾਂ ਦੇ ਸਮੁੰਦਰ ਹਰੀ ਨੂੰ (ਸਦਾ) ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ ॥੧॥
ਮੇਰੇ ਮਨ ਵਿਚ ਪ੍ਰਭੂ ਨੂੰ ਮਿਲਣ ਲਈ ਖਿੱਚ ਹੈ, ਆਸ ਹੈ।