ਹੇ ਨਾਨਕ! ਜੇਹੜੀ ਜੀਵ-ਇਸਤ੍ਰੀ (ਗੁਰੂ ਦੀ ਕਿਰਪਾ ਨਾਲ) ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਉਹ (ਗੁਰੂ ਦੀ) ਮਿਲਾਈ ਹੋਈ ਪ੍ਰਭੂ ਨੂੰ ਮਿਲ ਪੈਂਦੀ ਹੈ।
ਕਈ ਜੀਵ-ਇਸਤ੍ਰੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖ ਪਾਂਦੀਆਂ ਹਨ। ਮਾਇਆ ਦੇ ਮੋਹ ਵਿਚ ਅੰਨ੍ਹੀ ਹੋ ਚੁਕੀ ਜੀਵ-ਇਸਤ੍ਰੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ ॥੪॥੨॥
ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਜੀਵ-ਇਸਤ੍ਰੀਆਂ ਸਦਾ ਦੁਖੀ ਰਹਿੰਦੀਆਂ ਹਨ (ਉਹ ਨਹੀਂ ਜਾਣਦੀਆਂ ਕਿ) ਮੇਰਾ ਪ੍ਰਭੂ-ਪਤੀ ਸਦਾ ਜੀਊਂਦਾ-ਜਾਗਦਾ ਹੈ ਤੇ ਸਦਾ (ਸਾਡੇ) ਨਾਲ ਵੱਸਦਾ ਹੈ।
ਜਿਨ੍ਹਾਂ ਜੀਵਾਂ ਨੇ (ਜਗਤ ਤੋਂ ਆਖ਼ਰ) ਚਲੇ ਜਾਣ ਨੂੰ ਠੀਕ ਮੰਨ ਲਿਆ ਹੈ, ਉਹ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾ ਕੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ।
ਜੇਹੜਾ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਸਦਾ ਵਸਾਈ ਰੱਖਦਾ ਹੈ, ਗੁਰੂ ਉਸ ਦੇ ਅੰਗ-ਸੰਗ ਵੱਸਦਾ ਹੈ, ਉਹ ਗੁਰੂ ਦੀ ਦੱਸੀ ਸੇਵਾ ਕਰ ਕੇ ਸੁਖ ਮਾਣਦਾ ਹੈ।
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੌਤ ਦੇ ਡਰ ਨੂੰ ਦੂਰ ਕਰ ਕੇ ਉਹ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, ਉਸ ਨੂੰ ਮੁੜ ਜਨਮ ਮਰਨ ਦਾ ਗੇੜ ਨਹੀਂ ਵਿਆਪਦਾ।
ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ, ਉਹ ਮੇਹਰ ਦੀ ਨਿਗਾਹ ਕਰ ਕੇ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ।
ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਜੀਵ-ਇਸਤ੍ਰੀਆਂ ਸਦਾ ਦੁਖੀ ਰਹਿੰਦੀਆਂ ਹਨ (ਉਹ ਨਹੀਂ ਜਾਣਦੀਆਂ ਕਿ) ਮੇਰਾ ਪ੍ਰਭੂ-ਪਤੀ ਸਦਾ ਜੀਊਂਦਾ-ਜਾਗਦਾ ਹੈ ਤੇ ਸਦਾ (ਸਾਡੇ) ਨਾਲ ਵੱਸਦਾ ਹੈ ॥੧॥
ਮੇਰਾ ਮਾਲਕ-ਪ੍ਰਭੂ ਸਭਨਾਂ ਨਾਲੋਂ ਉੱਚਾ ਹੈ, ਮੈਂ (ਜੀਵ-ਇਸਤ੍ਰੀ) ਉਸ ਪਿਆਰੇ ਪ੍ਰੀਤਮ ਨੂੰ ਕਿਵੇਂ ਮਿਲ ਸਕਦੀ ਹਾਂ?
ਜਦੋਂ ਗੁਰੂ ਨੇ (ਜੀਵ-ਇਸਤ੍ਰੀ ਨੂੰ ਪ੍ਰਭੂ ਵਿਚ) ਮਿਲਾਇਆ, ਤਾਂ ਆਤਮਕ ਅਡੋਲਤਾ ਵਿਚ ਪ੍ਰਭੂ ਨਾਲ ਮਿਲ ਗਈ ਤੇ ਫਿਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ।
ਫਿਰ ਜੀਵ-ਇਸਤ੍ਰੀ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ ਉਹ ਸਦਾ ਪਿਆਰੇ ਪ੍ਰਭੂ ਨਾਲ ਪਿਆਰ ਬਣਾਈ ਰੱਖਦੀ ਹੈ। ਗੁਰੂ ਦੀ ਰਾਹੀਂ ਹੀ ਪ੍ਰਭੂ-ਪਤੀ ਦਾ ਦਰਸਨ ਹੁੰਦਾ ਹੈ।
ਮਾਇਆ ਦਾ ਮੋਹ, ਮਾਨੋ ਕੱਚੇ ਰੰਗ ਵਾਲਾ ਚੋਲਾ ਹੈ, ਜੇ ਇਹ ਚੋਲਾ ਪਹਿਨੀ ਰੱਖੀਏ, (ਆਤਮਕ ਜੀਵਨ ਦੇ ਪੈਂਡੇ ਵਿਚ ਮਨੁੱਖ ਦਾ) ਪੈਰ ਡੋਲਦਾ ਹੀ ਰਹਿੰਦਾ ਹੈ।
ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ ਚੋਲਾ ਪੱਕੇ ਰੰਗ ਵਾਲਾ ਹੈ, ਜੇ ਇਹ ਚੋਲਾ ਪਹਿਨ ਲਈਏ, ਤਾਂ (ਪ੍ਰਭੂ ਦਾ ਪਿਆਰ ਮਨੁੱਖ ਦੇ ਹਿਰਦੇ ਵਿਚੋਂ ਮਾਇਆ ਦੀ) ਤ੍ਰਿਸ਼ਨਾ ਦੂਰ ਕਰ ਦੇਂਦਾ ਹੈ।
ਮੇਰਾ ਮਾਲਕ-ਪ੍ਰਭੂ ਸਭਨਾਂ ਨਾਲੋਂ ਉੱਚਾ ਹੈ ਮੈਂ (ਜੀਵ-ਇਸਤ੍ਰੀ) ਉਸ ਪਿਆਰੇ ਪ੍ਰੀਤਮ ਨੂੰ ਕਿਵੇਂ ਮਿਲ ਸਕਦੀ ਹਾਂ? ॥੨॥
(ਗੁਰੂ ਦੀ ਮੇਹਰ ਨਾਲ) ਮੈਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ। ਹੋਰ ਔਗੁਣਾਂ ਕਾਰਨ ਪ੍ਰਭੂ-ਚਰਨਾਂ ਤੋਂ ਖੁੰਝੀਆਂ ਰਹੀਆਂ।
ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰਨ ਕਰਕੇ ਮੇਰਾ ਪ੍ਰਭੂ-ਪਤੀ ਮੈਨੂੰ ਸਦਾ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ।
ਜੇਹੜੀ (ਜੀਵ-ਇਸਤ੍ਰੀ) ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ ਆਪਣੇ ਮਨ ਵਿਚ ਵਸਾਂਦੀ ਹੈ ਤੇ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਹ ਪ੍ਰੀਤਮ-ਪ੍ਰਭੂ ਨੂੰ (ਆਪਣੇ ਅੰਦਰ ਹੀ) ਲੱਭ ਲੈਂਦੀ ਹੈ,
ਉਹ ਆਪਣੇ ਅੰਤਰ ਆਤਮੇ ਪਰਮਾਤਮਾ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, (ਵਿਕਾਰ ਆਦਿਕ ਉਸ ਦਾ) ਹਰੇਕ ਵੈਰੀ ਤੇ ਦੁੱਖ ਦੂਰ ਹੋ ਜਾਂਦਾ ਹੈ।
ਜੇ ਸਰੀਰ ਤੇ ਮਨ ਆਪਣੇ ਗੁਰੂ ਦੇ ਹਵਾਲੇ ਕਰ ਦੇਈਏ ਤਾਂ ਮਨ (ਹਰਿ-ਨਾਮ-ਰਸ ਨਾਲ) ਰਸ ਜਾਂਦਾ ਹੈ ਤੇ ਤ੍ਰਿਸ਼ਨਾ ਆਦਿਕ ਦੇ ਦੁੱਖ ਦੂਰ ਹੋ ਜਾਂਦੇ ਹਨ।
(ਗੁਰੂ ਦੀ ਮੇਹਰ ਨਾਲ) ਮੈਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ। ਹੋਰ ਔਗੁਣਾਂ ਕਾਰਨ ਪ੍ਰਭੂ-ਚਰਨਾਂ ਤੋਂ ਖੁੰਝੀਆਂ ਰਹੀਆਂ ॥੩॥
ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ ਆਪ ਇਹ ਜਗਤ ਪੈਦਾ ਕੀਤਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਜੀਵ ਨੂੰ (ਆਤਮਕ ਜੀਵਨ ਵਲੋਂ) ਘੁੱਪ ਹਨੇਰਾ ਰਹਿੰਦਾ ਹੈ।
(ਗੁਰੂ ਦੀ ਸਰਨ ਪਾ ਕੇ) ਪਰਮਾਤਮਾ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ, ਆਪ (ਹੀ ਜੀਵ ਨੂੰ) ਮਿਲਦਾ ਹੈ, ਆਪ ਹੀ (ਆਪਣੇ ਚਰਨਾਂ ਦਾ) ਪਿਆਰ ਬਖ਼ਸ਼ਦਾ ਹੈ।
ਪ੍ਰਭੂ ਆਪ ਹੀ (ਆਪਣਾ) ਪਿਆਰ ਦੇਂਦਾ ਹੈ, (ਜੀਵ ਨੂੰ) ਆਤਮਕ ਅਡੋਲਤਾ ਵਿਚ ਟਿਕਾ ਕੇ (ਆਪਣੇ ਨਾਮ ਦਾ) ਵਪਾਰ ਕਰਾਂਦਾ ਹੈ, ਤੇ ਗੁਰੂ ਦੀ ਸਰਨ ਪਾ ਕੇ (ਜੀਵ ਦਾ) ਜਨਮ ਸੰਵਾਰਦਾ ਹੈ।
ਉਹ ਧੰਨ ਹੈ ਜੋ ਇਸ ਜਗਤ ਵਿਚ ਆ ਕੇ (ਪ੍ਰਭੂ ਨਾਲੋਂ) ਆਪਾ-ਭਾਵ ਦੂਰ ਕਰਦਾ ਹੈ, ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ, ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦਾ ਹੈ।
ਹੇ ਨਾਨਕ! (ਗੁਰੂ ਤੋਂ ਮਿਲੇ) ਗਿਆਨ-ਰਤਨ ਦੀ ਬਰਕਤਿ ਨਾਲ ਜੀਵ ਦੇ ਹਿਰਦੇ ਵਿਚ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ ਤੇ ਹਰਿ-ਨਾਮ ਪਿਆਰਾ ਲਗਣ ਲਗ ਪੈਂਦਾ ਹੈ।
ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ ਆਪ ਇਹ ਜਗਤ ਪੈਦਾ ਕੀਤਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਜੀਵ ਨੂੰ (ਆਤਮਕ ਜੀਵਨ ਵਲੋਂ) ਘੁੱਪ ਹਨੇਰਾ ਰਹਿੰਦਾ ਹੈ ॥੪॥੩॥
ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ।
ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ।
ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨ ਦਾ ਸੁੱਖ ਨਹੀਂ ਮਿਲਦਾ।
ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ-ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ।
(ਉਨ੍ਹਾਂ ਲਈ) ਜਮ ਰਾਜ ਦੀ ਪੁਰੀ ਵਿਚ ਵੀ ਘੁੱਪ ਹਨੇਰਾ, ਬਹੁਤ ਹਨੇਰਾ ਹੀ ਬਣਿਆ ਰਹਿੰਦਾ ਹੈ, ਉਥੇ ਭੈਣ ਜਾਂ ਭਰਾ ਕੋਈ ਸਹਾਇਤਾ ਨਹੀਂ ਕਰ ਸਕਦਾ।
ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ ॥੧॥
ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ।